1. Home
  2. ਫਾਰਮ ਮਸ਼ੀਨਰੀ

Modern Machinery: ਇਨ੍ਹਾਂ ਮਸ਼ੀਨਾਂ ਨੇ ਕੀਤਾ ਕਿਸਾਨਾਂ ਦਾ ਕੰਮ ਸੁਖਾਲਾ, ਹੁਣ ਕਣਕ ਦੀ ਬਿਜਾਈ ਅਤੇ ਪਰਾਲੀ ਦੀ ਸੰਭਾਲ ਦੀ ਟੇਂਸ਼ਨ ਮੁੱਕੀ

ਜੇਕਰ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕੀਤਾ ਜਾਵੇ ਤਾਂ ਜ਼ਮੀਨ ਦੀ ਗੁਣਵੱਤਾ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲਾਂ ਦਾ ਝਾੜ ਵਧਦਾ ਹੈ। ਅਜਿਹੇ 'ਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਖੇਤ ਵਿੱਚ ਪਰਾਲੀ ਨੂੰ ਸੰਭਾਲਣ ਅਤੇ ਕਣਕ ਦੀ ਬਿਜਾਈ ਕਰਨ ਲਈ ਵੱਖ-ਵੱਖ ਕਿਸਮਾਂ ਦੀਆਂ ਮਸ਼ੀਨਾਂ ਦੀ ਕਾਢ ਕੱਢੀ ਗਈ ਹੈ।

Gurpreet Kaur Virk
Gurpreet Kaur Virk
ਆਓ ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰੀਏ

ਆਓ ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰੀਏ

Machines for Wheat Sowing: ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਦੇ ਵਿਚਕਾਰ ਸਮੇਂ ਦੀ ਘਾਟ ਕਾਰਨ ਪਰਾਲੀ ਨੂੰ ਲਗਾਈ ਜਾਂਦੀ ਅੱਗ ਪੰਜਾਬ ਅਤੇ ਇਸ ਦੇ ਨਾਲ ਲੱਗਦੇ ਸੂਬਿਆਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਜਾਂਦੀ ਹੈ। ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ ਮਿੱਟੀ ਵਿੱਚ ਮੌਜੂਦ ਕੀਮਤੀ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ, ਸਗੋਂ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ। ਇਸ ਦੇ ਨਾਲ ਹੀ ਧਰਤੀ ਵਿਚਲੇ ਸੂਖਮ ਜੀਵਾਂ ਦੇ ਨਸ਼ਟ ਹੋਣ ਦੇ ਨਾਲ-ਨਾਲ ਰੁੱਖਾਂ, ਜਾਨਵਰਾਂ ਅਤੇ ਪੰਛੀਆਂ ਦਾ ਵੀ ਨੁਕਸਾਨ ਹੁੰਦਾ ਹੈ।

ਪਰ ਜੇਕਰ ਇਸ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ ਕੀਤਾ ਜਾਵੇ ਤਾਂ ਜ਼ਮੀਨ ਦੀ ਗੁਣਵੱਤਾ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲਾਂ ਦਾ ਝਾੜ ਵਧਦਾ ਹੈ। ਅਜਿਹੇ 'ਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਖੇਤ ਵਿੱਚ ਪਰਾਲੀ ਨੂੰ ਸੰਭਾਲਣ ਅਤੇ ਕਣਕ ਦੀ ਬਿਜਾਈ ਕਰਨ ਲਈ ਵੱਖ-ਵੱਖ ਕਿਸਮਾਂ ਦੀਆਂ ਮਸ਼ੀਨਾਂ ਦੀ ਕਾਢ ਕੱਢੀ ਗਈ ਹੈ, ਜਿਨ੍ਹਾਂ ਦੇ ਵੇਰਵੇ ਅਤੇ ਵਰਤੋਂ ਦੀ ਵਿਧੀ ਹੇਠ ਲਿਖੇ ਅਨੁਸਾਰ ਹੈ:

ਕਣਕ ਦੀ ਬਿਜਾਈ ਲਈ ਵਧੀਆ ਮਸ਼ੀਨਾਂ

1. ਹੈਪੀਸੀਡਰ ਨਾਲ ਕਣਕ ਦੀ ਬਿਜਾਈ: ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਕਣਕ ਦੀ ਬਿਜਾਈ ‘ਹੈਪੀਸੀਡਰ’ ਨਾਲ ਕੀਤੀ ਜਾ ਸਕਦੀ ਹੈ। ਇਹ ਮਸ਼ੀਨ ਚਲਾਉਣ ਤੋਂ ਪਹਿਲਾਂ ਖੇਤ ਵਿੱਚ ਨਾੜ ਨੂੰ ਇਕਸਾਰ ਖਿਲਾਰਨ ਦੀ ਲੋੜ ਪੈਂਦੀ ਹੈ, ਜੋ ਕਿ ਕੰਬਾਈਨ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ ਐਮ ਐਸ) ਦੀ ਵਰਤੋਂ ਕਰਕੇ ਕੀਤਾ ਜਾ ਸਕਦਾ ਹੈ, ਜੋ ਝੋਨਾ ਵੱਢਦੇ ਸਮੇਂ ਪਰਾਲੀ ਨੂੰ ਕੁਤਰਾ ਕਰਕੇ ਇਕਸਾਰ ਖਿਲਾਰ ਦਿੰਦੀ ਹੈ। ਇਸ ਤਰ੍ਹਾਂ ਦੀ ਕੰਬਾਈਨ ਨਾਲ ਵਾਢੀ ਤੋਂ ਬਾਅਦ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਹੋ ਸਕਦੀ ਹੈ। ਹੈਪੀਸੀਡਰ ਨਾਲ ਬੀਜੇ ਖੇਤਾਂ ਵਿੱਚ ਪਈ ਪਰਾਲੀ ਮਲਚ ਦਾ ਕੰਮ ਕਰਦੀ ਹੈ ਅਤੇ ਨਦੀਨ ਵੀ ਘੱਟ ਉੱਗਦੇ ਹਨ। ਜੇਕਰ ਕੰਬਾਈਨ ਪਿੱਛੇ ਸੁਪਰ ਐਸ ਐਮ ਐਸ ਨਾ ਲੱਗਿਆ ਹੋਵੇ ਤਾਂ ਕੰਬਾਇਨ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਪੀ ਏ ਯੂ ਸਟਰਾਅ ਕਟਰ ਕੰਮ ਸਪਰੈਡਰ ਚਲਾਉਣ ਉਪਰੰਤ ਪੀ ਏ ਯੂ ਹੈਪੀਸੀਡਰ (ਪਹੀਆਂ ਵਾਲਾ) ਨਾਲ ਕਣਕ ਦੀ ਸਿੱਧੀ ਬਿਜਾਈ ਵੀ ਕੀਤੀ ਜਾ ਸਕਦੀ ਹੈ।

2. ਸੁਪਰ ਸੀਡਰ ਨਾਲ ਕਣਕ ਦੀ ਬਿਜਾਈ: ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਕਣਕ ਦੀ ਬਿਜਾਈ ‘ਸੁਪਰ ਸੀਡਰ’ ਨਾਲ ਬਿਨ੍ਹਾਂ ਅੱਗ ਲਗਾਏ ਕੀਤੀ ਜਾ ਸਕਦੀ ਹੈ। ਕਣਕ ਦੇ ਸਹੀ ਜੰਮ ਲਈ ਝੋਨਾ ਵੱਢਣ ਲਈ ਅਜਿਹੀ ਕੰਬਾਈਨ ਨੂੰ ਤਰਜ਼ੀਹ ਦਿਓ, ਜਿਸ ਦੇ ਪਿੱਛੇ ਪਰਾਲੀ ਖਿਲਾਰਣ ਵਾਲਾ ਯੰਤਰ (ਪੀ ਏ ਯੂ ਸੁਪਰ ਐਸ ਐਮ ਐਸ) ਲੱਗਾ ਹੋਵੇ। ਸੁਪਰ ਸੀਡਰ ਨਾਲ ਬਿਜਾਈ ਕਰਨ ਨਾਲ ਝੋਨੇ ਦੀ ਪਰਾਲੀ ਖੇਤ ਵਿੱਚ ਰਲਾ ਕੇ ਕਣਕ ਦੀ ਬਿਜਾਈ 45 ਕਿਲੋ ਬੀਜ ਪ੍ਰਤੀ ਏਕੜ੍ਹ ਵਰਤ ਕੇ ਕਰ ਸਕਦੇ ਹਾਂ।

3. ਪੀ.ਏ.ਯੂ. ਸਮਾਰਟ ਸੀਡਰ ਨਾਲ ਕਣਕ ਦੀ ਬਿਜਾਈ: ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਕਣਕ ਦੀ ਬਿਜਾਈ ‘ਪੀ ਏ ਯੂ ਸਮਾਰਟ ਸੀਡਰ’ ਨਾਲ ਬਿਨ੍ਹਾਂ ਅੱਗ ਲਗਾਏ ਕੀਤੀ ਜਾ ਸਕਦੀ ਹੈ। ਕਣਕ ਦੇ ਸਹੀ ਜੰਮ ਲਈ ਝੋਨਾ ਵੱਢਣ ਲਈ ਅਜਿਹੀ ਕੰਬਾਈਨ ਨੂੰ ਤਰਜ਼ੀਹ ਦਿਓ, ਜਿਸ ਦੇ ਪਿੱਛੇ ਲੱਗੇ ਪਰਾਲੀ ਖਿਲਾਰਣ ਵਾਲਾ ਯੰਤਰ (ਪੀ ਏ ਯੂ ਸੁਪਰ ਐਸ ਐਮ ਐਸ) ਲੱਗਾ ਹੋਵੇ।ਇਹ ਮਸ਼ੀਨ ਬਿਜਾਈ ਵਾਲੀ ਥਾਂ ਤੇ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਸਿਆੜਾਂ ਵਿੱਚ ਕਣਕ ਦੀ ਬਿਜਾਈ ਕਰਦੀ ਹੈ ਅਤੇ ਸਿਆੜਾਂ ਵਿਚਕਾਰ ਪਰਾਲੀ ਨੂੰ ਪ੍ਰੈਸ ਵੀਲ ਨਾਲ ਦਬਾਅ ਦਿੰਦੀ ਹੈ। ਇਸ ਤਰ੍ਹਾਂ ਕਰਨ ਨਾਲ ਕਣਕ ਦਾ ਜੰਮ ਵੀ ਵਧੀਆ ਹੁੰਦਾ ਹੈ ਅਤੇ ਖੇਤ ਵਿੱਚ ਪਰਾਲੀ ਹੋਣ ਕਰਕੇ ਨਦੀਨ ਵੀ ਘੱਟ ਉੱਗਦੇ ਹਨ।

ਇਹ ਵੀ ਪੜ੍ਹੋ: Straw Management: ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਲਈ PAU ਵੱਲੋਂ 6 ਵਧੀਆ ਮਸ਼ੀਨਾਂ ਈਜ਼ਾਦ, ਜਾਣੋ ਪੂਰਾ ਵੇਰਵਾ ਅਤੇ ਵਰਤਣ ਦਾ ਤਰੀਕਾ

4. ਸਰਫੇਸ ਸੀਡਿੰਗ-ਕਮ-ਮਲਚਿੰਗ: ਸਮੇਂ ਸਿਰ ਕਣਕ ਦੀ ਬਿਜਾਈ ਲਈ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸਾਂਭਣ ਦੀ ਇਹ ਸਸਤੀ ਅਤੇ ਸੌਖੀ ਤਕਨੀਕ ਹੈ। ਇਸ ਲਈ ਜਿਆਦਾ ਮਹਿੰਗੀਆਂ ਮਸ਼ੀਨਾਂ ਦੀ ਲੋੜ ਨਹੀਂ ਪੈਂਦੀ ਅਤੇ ਪੂਰੇ ਖੇਤ ਵਿੱਚ ਪਰਾਲੀ ਪਈ ਹੋਣ ਕਰਕੇ ਨਦੀਨ ਵੀ ਘੱਟ ਉੱਗਦੇ ਹਨ। ਇਸ ਤਕਨੀਕ ਵਿੱਚ ਕੰਬਾਈਨ ਨਾਲ ਝੋਨਾ ਵੱਢਣ ਤੋਂ ਬਾਅਦ ਕਣਕ ਦੇ ਬੀਜ ਅਤੇ ਮੁੱਢਲੀ ਖਾਦ ਦਾ ਇਕਸਾਰ ਛੱਟਾ ਦੇ ਦਿਓ ਅਤੇ ਬਾਅਦ ਵਿੱਚ ਖੜ੍ਹੇ ਮੁੱਢਾਂ ਨੂੰ ਕੱਟਣ ਲਈ ਇੱਕ ਵਾਰ 4-5 ਇੰਚ ਉੱਚਾ ਰੱਖਕੇ ਕਟਰ-ਕਮ-ਸਪਰੈਡਰ ਚਲਾ ਦਿਓ ਅਤੇ ਬਾਅਦ ਵਿੱਚ ਪਾਣੀ ਲਾ ਦਿਓ। ਕਣਕ ਦੀ ਬਿਜਾਈ ਲਈ 45 ਕਿਲੋ ਸੋਧਿਆ ਹੋਇਆ ਬੀਜ ਅਤੇ 65 ਕਿਲੋ ਡੀ ਏ ਪੀ ਖਾਦ ਪ੍ਰਤੀ ਏਕੜ ਵਰਤੋ। ਬਿਜਾਈ ਲਈ ‘ਪੀ.ਏ.ਯੂ. ਸਰਫੇਸ ਸੀਡਰ’ ਦੀ ਵਰਤੋ ਕਰੋ, ਜੋ ਕਿ ਇਕ ਸਸਤੀ ਤੇ ਸਧਾਰਨ ਮਸ਼ੀਨ ਹੈ, ਜਿਸ ਵਿੱਚ ਕਟਰ-ਕਮ-ਸਪਰੈਡਰ ਦੇ ਉੱਪਰ ਬਿਜਾਈ ਵਾਲੀ ਅਟੈਚਮੈਂਟ ਫਿੱਟ ਕੀਤੀ ਹੋਈ ਹੈ, ਜੋ ਕਿ ਬੀਜ ਅਤੇ ਖਾਦ ਕੇਰਨ ਦੇ ਨਾਲੋ-ਨਾਲ ਪਰਾਲੀ ਨੂੰ ਕੱਟ ਕੇ ਖੇਤ ਵਿੱਚ ਇਕਸਾਰ ਖਿਲਾਰ ਦਿੰਦੀ ਹੈ ਅਤੇ ਬਾਅਦ ਵਿੱਚ ਪਾਣੀ ਲਗਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਕੰਬਾਈਨ ਹਾਰਵੈਸਟਰ ਦੇ ਉੱਪਰ ਵੀ ਇੱਕ ਅਟੈਚਮੈਂਟ ਫਿੱਟ ਕੀਤੀ ਗਈ ਹੈ ਜੋ ਕਿ ਝੋਨੇ ਦੀ ਵਾਢੀ ਦੇ ਨਾਲੋ-ਨਾਲ ਬੀਜ ਅਤੇ ਖਾਦ ਇਕਸਾਰ ਖੇਤ ਵਿੱਚ ਖਿਲਾਰ ਦਿੰਦੀ ਹੈ।

5. ਖੇਤ ਵਿੱਚ ਪਰਾਲੀ ਵਾਹੁਣਾ: ਪਰਾਲੀ ਕੁਤਰਨ ਵਾਲੀ ਮਸ਼ੀਨ (ਪੈਡੀ ਸਟਰਾਅ ਚੌਪਰ) ਨਾਲ ਪਰਾਲੀ ਕੁਤਰਾ ਕਰਨ ਤੋਂ ਬਾਅਦ ਹਲਕਾ ਪਾਣੀ ਖੇਤ ਵਿੱਚ ਲਗਾ ਕੇ ਰੋਟਰੀ ਟਿੱਲਰ ਚਲਾਉ। ਲਗਭਗ 2-3 ਹਫ਼ਤਿਆਂ ਬਾਅਦ ਵੱਤਰ ਆਉਣ ਤੇ ਕਣਕ ਦੀ ਬਿਜਾਈ ਜ਼ੀਰੋ ਟਿੱਲ ਡਰਿੱਲ ਜਾਂ ਸਧਾਰਨ ਡਰਿੱਲ ਨਾਲ ਕਰ ਦਿਉ।

ਸਰੋਤ: ਅਮਿਤ ਕੌਲ ਅਤੇ ਕੁਲਵਿੰਦਰ ਕੌਰ ਗਿੱਲ, ਫਸਲ ਵਿਗਿਆਨ ਵਿਭਾਗ

Summary in English: Wheat Sowing Machines, Modern Machinery, Let's sow wheat using straw with the help of these machines

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters