
ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਕੈਂਪ ਦਾ ਆਯੋਜਨ
Wheat Crop: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੀ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਦੇ ਦੇ ਇੰਚਾਰਜ ਡਾ. ਅਸ਼ੋਕ ਕੁਮਾਰ, ਜਿਲ੍ਹਾ ਪਸਾਰ ਵਿਗਿਆਨੀ ਵੱਲੋਂ ਅੱਜ ਸੁਨਾਮ ਬਲਾਕ ਦੇ ਪਿੰਡ ਬਿੱਗੜਵਾਲ ਵਿਖੇ ਕਣਕ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਤੋਂ ਸੁਚੇਤ ਰਹਿਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਵਿੱਚ 50 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਡਾ. ਅਸ਼ੋਕ ਕੁਮਾਰ ਨੇ ਕਣਕ ਵਿੱਚ ਹੋਣ ਵਾਲੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਕਿਸਾਨਾਂ ਨੂੰ ਜਾਣੂ ਕਰਵਾਈਆ ਅਤੇ ਵਧ ਰਹੇ ਤਾਪਮਾਨ ਅਤੇ ਮਿੱਟੀ ਦੀ ਕਿਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਕਣਕ ਨੂੰ ਪਾਣੀ ਲਾਉਣ ਦੀ ਸਲਾਹ ਦਿੱਤੀ।
ਕਣਕ ਦੀ ਵਾਢੀ ਤੋਂ ਬਾਅਦ ਮਿੱਟੀ ਦੀ ਪਰਖ ਕਰਵਾ ਕੇ ਹੀ ਸਾਉਣੀ ਦੀਆਂ ਫਸਲਾਂ ਵਿੱਚ ਰਸਾਇਣਿਕ ਅਤੇ ਜੈਵਿਕ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ। ਆਪਣੇ ਪਰਿਵਾਰਕ ਲੋੜ ਲਈ ਤਾਜ਼ੀ, ਤੱਤ ਭਰਪੂਰ ਅਤੇ ਕੀਟਨਾਸ਼ਕਾਂ ਦੀ ਘੱਟੋ-ਘੱਟ ਵਰਤੋਂ ਨਾਲ ਸਬਜ਼ੀ ਨੂੰ ਆਪਣੀ ਹੀ ਘਰ ਬਗੀਚੀ ਵਿੱਚ ਉਗਾਉਣ ਲਈ ਪ੍ਰੇਰਿਆ ਗਿਆ। ਉਨ੍ਹਾਂ ਕਿਹਾ ਕਿ ਇੱਕ ਸੰਤੁਲਿਤ ਖੁਰਾਕ ਵਿੱਚ ਪ੍ਰਤੀ ਦਿਨ 300 ਗ੍ਰਾਮ ਤਾਜ਼ੀਆਂ ਸਬਜ਼ੀਆਂ ਪ੍ਰਤੀ ਵਿਅਕਤੀ ਹੋਣੀਆਂ ਚਾਹੀਦੀਆਂ ਹਨ। ਇਹ ਸਬਜ਼ੀਆਂ ਵਿਟਾਮਿਨ, ਖਣਿਜ ਅਤੇ ਕੁਦਰਤੀ ਰੇਸ਼ੇ ਦਾ ਇੱਕ ਵਧੀਆ ਸਰੋਤ ਹਨ।
ਇਸ ਸੰਬੰਧੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਘਰੇਲੂ ਬਗੀਚੀ ਲਈ 27 ਵੱਖ-ਵੱਖ ਸਬਜ਼ੀਆਂ ਉਗਾਉਣ ਲਈ 6 x 6 ਵਰਗ ਮੀਟਰ ਦਾ ਮਾਡਲ ਵੀ ਵਿਕਸਿਤ ਕੀਤਾ ਗਿਆ ਹੈ। ਇਸ ਮਾਡਲ ਰਾਹੀਂ ਚਾਰ ਮੈਂਬਰਾਂ ਦੇ ਪਰਿਵਾਰ ਦੀ ਵਿਟਾਮਿਨ, ਧਾਤਾਂ ਅਤੇ ਹੋਰ ਜਰੂਰੀ ਤੱਤਾਂ ਦੀ ਪੂਰਤੀ ਸਾਲ ਭਰ ਲਈ ਹੋ ਜਾਂਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਨਾਂ ਕੋਲ ਪੀ.ਏ.ਯੂ. ਲੁਧਿਆਣਾ ਵੱਲੋਂ ਤਿਆਰ ਗਰਮੀ ਰੁੱਤ ਦੀਆਂ ਸਬਜੀਆਂ ਦੇ ਬੀਜਾਂ ਦੀ ਕਿੱਟ ਕੇਵਲ 100/- ਰੁਪਏ ਪ੍ਰਤੀ ਕਿੱਟ ਦੇ ਹਿਸਾਬ ਨਾਲ ਮਿਲ ਰਹੀ ਹੈ। ਇਸ ਕਿੱਟ ਵਿੱਚ 12 ਵੱਖ-ਵੱਖ ਤਰ੍ਹਾਂ ਦੀਆਂ ਗਰਮੀ ਰੁੱਤ ਦੀਆਂ ਸਬਜੀਆਂ ਜਿਵੇਂ ਕਿ ਖੀਰਾ, ਘੀਆ ਤੋਰੀ, ਲੋਬੀਆ, ਘੀਆ ਕੱਦੂ, ਕਰੇਲਾ, ਤਰਵੰਗਾ, ਟੀਂਡਾ, ਭਿੰਡੀ, ਹਲਵਾ ਕੱਦੂ, ਚੱਪਣ ਕੱਦੂ, ਤਰ ਅਤੇ ਮਗਜ ਕੱਦੂ ਦੇ ਬੀਜ ਹਨ।
ਇਹ ਵੀ ਪੜ੍ਹੋ: Climate Change ਕਾਰਨ ਖੇਤੀ ਨੂੰ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ PAU ਵਿਗਿਆਨੀ ਦਿਨ ਰਾਤ ਇੱਕ ਕਰ ਰਹੇ ਹਨ: VC Dr. Gosal
ਕੈਂਪ ਦੌਰਾਨ ਕਿਸਾਨਾਂ ਨੂੰ ਮਿੱਟੀ ਪਰਖ ਕਰਵਾਉਣ ਲਈ ਨਮੂਨੇ ਲੈਣ ਦੇ ਢੰਗ ਬਾਰੇ ਵੀ ਵਿਸਥਾਰਪੂਰਵਕ ਦੱਸਿਆ ਗਿਆ। ਇਸ ਮੌਕੇ ਗਰਮੀ ਰੁੱਤ ਦੀਆਂ ਸਬਜੀਆਂ ਦੇ ਬੀਜਾਂ ਦੀ ਕਿੱਟ, ਬਾਈਪਾਸ ਫੈਟ ਅਤੇ ਪਸ਼ੂ ਚਾਟ ਦੀ ਪ੍ਰਦਰਸ਼ਨੀ ਅਤੇ ਸੇਲ ਵੀ ਕੀਤੀ ਗਈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਮਾਰਚ ਮਹੀਨੇ ਵਿੱਚ ਲਗਾਏ ਜਾ ਰਹੇ ਕਿਸਾਨ ਮੇਲਿਆਂ ਦੀਆਂ ਤਰੀਕਾਂ ਅਤੇ ਮਿਲਣ ਵਾਲੇ ਬੀਜਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ।
ਕੈਂਪ ਵਿੱਚ ਸ. ਨਿਰਭੈ ਸਿੰਘ, ਸ. ਗੁਰਚਰਨ ਸਿੰਘ, ਸ. ਗੋਬਿੰਦ ਸਿੰਘ, ਸ. ਨਿਰੰਜਨ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ। ਅੰਤ ਵਿੱਚ ਕਿਸਾਨਾਂ ਦੇ ਖੇਤਾਂ ਦੇ ਦੌਰਾ ਕੀਤਾ ਗਿਆ ਅਤੇ ਕਿਸੇ ਵੀ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਨਹੀਂ ਦੇਖਿਆ ਗਿਆ।
Summary in English: Camp organized at Biggarwal village of Sangrur to be aware of pests and diseases in wheat