KVK Patiala: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਇੱਕ ਜਾਗਰੁਕਤਾ ਸੈਮੀਨਾਰ ਸਰਕਾਰੀ ਰਿਪੂਦਮਨ ਕਾਲਜ, ਨਾਭਾ ਵਿਖੇ ਮਿਤੀ 7 ਨਵੰਬਰ, 2024 ਨੂੰ ਕਰਵਾਇਆ ਗਿਆ। ਇਸ ਮੌਕੇ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਵਿਦਿਆਰਥੀਆਂ ਦੇ ਭਾਸ਼ਣ ਅਤੇ ਕਵਿਤਾ ਲੇਖਣ ਦੇ ਮੁਕਾਬਲੇ ਕਰਵਾਏ ਗਏ।
ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ., ਪਟਿਆਲਾ ਨੇ ਉਹਨਾਂ ਦੇ ਸੈਂਟਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਕਰਕੇ ਹੋਣ ਵਾਲੇ ਨੁਕਸਾਨਾਂ ਪ੍ਰਤੀ ਜਾਗਰੂਕ ਕੀਤਾ।
ਡਾ. ਸਭਿਖੀ ਨੇ ਉਹਨਾਂ ਨੂੰ ਇਕ ਸਿਹਤਮੰਦ ਜੀਵਨ ਜਿਉਣ ਲਈ ਸ਼ਹਿਦ ਦੀ ਰੋਜ਼ਾਨਾ ਵਰਤੋਂ ਕਰਨ ਦਾ ਸੰਦੇਸ਼ ਵੀ ਦਿੱਤਾ। ਡਾ. ਗੁਰਪ੍ਰੀਤ ਸਿੰਘ ਸਿੱਧੂ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ), ਕੇ.ਵੀ.ਕੇ., ਪਟਿਆਲਾ ਨੇ ਵਿਦਿਆਰਥੀਆਂ ਨੂੰ ਪਰਾਲੀ ਸੰਭਾਲਣ ਵਾਸਤੇ ਅਪਨਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਸਮੇਂ ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਖੇਤੀਬਾੜੀ ਦੇ ਢੰਗਾਂ ਵਿਚ ਲੋੜੀਂਦੀ ਤਬਦੀਲੀ ਬਾਰੇ ਵੀ ਜਾਣਕਾਰੀ ਦਿੱਤੀ।
ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ), ਕੇ.ਵੀ.ਕੇ., ਪਟਿਆਲਾ ਨੇ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਅਤੇ ਖੇਤੀਬਾੜੀ ਵਸਤਾਂ ਦੇ ਮੁੱਲ ਵਾਧੇ ਲਈ ਪ੍ਰੋਸੈਸਿੰਗ ਤਕਨੀਕਾਂ ਦੀ ਮਹੱਤਤਾ ਬਾਰੇ ਵੀ ਦੱਸਿਆ।
ਇਸ ਸੈਮੀਨਾਰ ਦਾ ਆਯੋਜਨ ਪ੍ਰਿੰਸੀਪਲ ਡਾ. ਵਿਨੀਤਾ ਰਾਣੀ, ਸਰਕਾਰੀ ਰਿਪੁਦਮਨ ਕਾਲਜ ਨਾਭਾ ਦੀ ਯੋਗ ਅਗਵਾਈ ਹੇਠ ਕੀਤਾ ਗਿਆ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਮਾਹਿਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਆਪਣੇ ਜੀਵਨ ਵਿਚ ਅਪਨਾਉਣ ਲਈ ਪ੍ਰੇਰਿਤ ਕੀਤਾ। ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨ ਚਿੰਨ੍ਹ ਵੀ ਦਿੱਤੇ ਗਏ।
ਇਹ ਵੀ ਪੜ੍ਹੋ: Krishi Jagran ਅਤੇ Mahindra Tractors ਦਾ ਸਾਂਝਾ ਉਪਰਾਲਾ, MFOI 2024 ਲਈ ਹਜ਼ਾਰਾਂ ਕਿਸਾਨਾਂ ਨੇ ਕਰਵਾਈ ਰਜਿਸਟ੍ਰੇਸ਼ਨ
ਅਖੀਰ ਵਿੱਚ ਕਾਲਜ ਦੇ ਬੋਟਨੀ ਵਿਭਾਗ ਦੇ ਮੁਖੀ ਅਤੇ ਈਕੋ ਕਲੱਬ ਦੇ ਇੰਚਾਰਜ ਪ੍ਰੋਫੈਸਰ ਸਵਰਨਜੀਤ ਕੌਰ ਨੇ ਆਏ ਹੋਏ ਸਾਇੰਸਦਾਨਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰਾਂ ਦੇ ਸੈਮੀਨਾਰਾਂ ਲਈ ਕਾਲਜ ਵਲੋਂ ਸਹਿਯੋਗ ਦੇਣ ਦਾ ਭਰੋਸਾ ਦਵਾਇਆ।
Summary in English: Great Initiative: Awareness about different techniques, compared to speech and poetry writing on not burning stubble