ਸੰਗਰੂਰ ਦੇ ਪਿੰਡ ਪਲਾਸੌਰ ਵਿੱਖੇ ਬਲਾਕ ਪੱਧਰੀ ਕੈਂਪ ਦਾ ਆਯੋਜਨ
Krishi Vigyan Kendra Sangrur: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਰਾਲੀ ਪ੍ਰਬੰਧਨ ਪ੍ਰੋਜੈਕਟ 2025-26 ਅਧੀਨ ਪਿੰਡ ਪਲਾਸੌਰ, ਬਲਾਕ ਧੂਰੀ ਵਿਖੇ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 80 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।
ਇਸ ਕੈਂਪ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲ ਕੇ ਬੀਜੀ ਕਣਕ ਦੇ ਸੁਚੱਜੇ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਉਹਨਾਂ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਵੱਖ-ਵੱਖ ਗਤੀਵਿਧੀਆਂ, ਸਹਾਇਕ ਧੰਦਿਆਂ ਅਤੇ ਖੇਤੀ ਖ਼ਰਚ ਘਟਾਉਣ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਕਣਕ, ਸਰ੍ਹੋਂ ਅਤੇ ਛੋਲਿਆਂ ਦੀਆਂ ਵਿਸ਼ੇਸ਼ ਗੁਣਵੱਤਾ ਵਾਲੀਆਂ ਕਿਸਮਾਂ, ਕਣਕ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਅਤੇ ਕਣਕ ਵਿੱਚ ਪੀਲੇਪਣ ਦੇ ਕਾਰਣਾਂ ਬਾਰੇ ਵੀ ਜਾਣਕਾਰੀ ਦਿੱਤੀ।
ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਨੇ ਪਰਾਲੀ ਪ੍ਰਬੰਧਨ ਵਾਲੀ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਕਿਸਾਨ ਵੀਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਤਕਨੀਕਾਂ 'ਚੋਂ ਕੋਈ ਵੀ ਤਕਨੀਕ ਅਪਣਾ ਕੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਸਕਦੇ ਹਨ।
ਡਾ. ਰੁਕਿੰਦਰ ਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨਾਲ ਕਣਕ ਵਿੱਚ ਨਦੀਨ ਪ੍ਰਬੰਧਨ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਸਾਨਾਂ ਨੂੰ ਕਣਕ ਦੀ ਪਹਿਲੀ ਸਿੰਚਾਈ ਤੋਂ ਪਹਿਲਾਂ ਅਤੇ ਪਹਿਲੀ ਸਿੰਚਾਈ ਤੋਂ ਬਾਅਦ ਵਿੱਚ ਵਰਤੇ ਜਾਣ ਵਾਲੇ ਨਦੀਨਨਾਸ਼ਕਾਂ ਬਾਰੇ ਬਹੁਤ ਵਿਸਥਾਰ ਵਿੱਚ ਦੱਸਿਆ। ਇਸ ਤੋਂ ਇਲਾਵਾ ਉਹਨਾਂ ਨੇ ਕਣਕ ਦੀ ਫਸਲ ਵਿੱਚ ਆਉਣ ਵਾਲੇ ਲਘੂ-ਤੱਤਾਂ ਦੀ ਘਾਟ ਅਤੇ ਇਹਨਾਂ ਦੀ ਪੂਰਤੀ ਸੰਬੰਧੀ ਵੀ ਜਾਣਕਾਰੀ ਦਿੱਤੀ।
ਇਹ ਵੀ ਪੜੋ: 26 ਨਵੰਬਰ ਤੋਂ ਵੈਟਨਰੀ ਯੂਨੀਵਰਸਿਟੀ ਦੇ ਯੁਵਕ ਮੇਲੇ ਦਾ ਆਗਾਜ਼, ਇਸ ਵਾਰ ਦੋ ਪੜਾਵਾਂ ਵਿੱਚ ਹੋਵੇਗਾ Youth Festival
ਪੀਏਯੂ ਦੀ ਖੋਜ ਕੌਂਸਲ ਦੇ ਮੈਂਬਰ ਅਤੇ ਅਗਾਂਹਵਧੂ ਕਿਸਾਨ ਸ ਹਰਵਿੰਦਰ ਸਿੰਘ, ਪਿੰਡ ਭੱਦਲਵੱਢ ਨੇ ਸਮਾਰਟ ਸੀਡਰ ਅਤੇ ਪਲਟਾਊ ਹਲਾਂ ਨਾਲ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲ ਕੇ ਬੀਜੀ ਕਣਕ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੇਖਣ ਦਾ ਸੱਦਾ ਦਿੱਤਾ।
ਇਸ ਮੌਕੇ ਕਿਸਾਨਾਂ ਨੂੰ ਪੀ.ਏ.ਯੂ. ਦਾ ਖੇਤੀ ਸਾਹਿਤ ਅਤੇ ਹਰੀ ਮਿਰਚ ਸੀ ਐਚ 52 ਦੀ ਪਨੀਰੀ ਵੀ ਵੰਡੀ ਗਈ। ਕਿਸਾਨਾਂ ਵੱਲੋਂ ਪੁੱਛੇ ਸੁਆਲਾਂ ਜਿਵੇਂ ਕਿ ਗੁੱਲੀਡੰਡੇ ਦੀ ਰੋਕਥਾਮ ਲਈ ਨਵੇਂ ਨਦੀਨਨਾਸ਼ਕਾਂ, ਕਣਕ ਵਿੱਚ ਸਲਫ਼ਰ ਤੱਤ ਦੀ ਵਰਤੋਂ, ਕਣਕ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ, ਆਦਿ ਦੇ ਜਵਾਬ ਤਸੱਲੀਬਖ਼ਸ਼ ਢੰਗ ਨਾਲ ਦਿੱਤੇ ਗਏ।
ਅਖ਼ੀਰ ਵਿੱਚ ਪਿੰਡ ਦੇ ਸਰਪੰਚ ਸ ਗੁਰਮੀਤ ਸਿੰਘ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੀ ਟੀਮ ਅਤੇ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ। ਕੈਂਪ ਨੂੰ ਕਾਮਯਾਬ ਕਰਨ ਵਿੱਚ ਸ ਗੁਰਦਰਸ਼ਨ ਸਿੰਘ ਸੋਹੀ ਅਤੇ ਸ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ।
ਸਰੋਤ: ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ (Krishi Vigyan Kendra, Sangrur)
Summary in English: KVK Sangrur organizes block level camp, discusses special quality varieties of wheat-mustard-chickpeas