1. Home
  2. ਖਬਰਾਂ

ਪੰਜਾਬ 'ਚ ਪਰਾਲੀ ਪ੍ਰਬੰਧਨ ਲਈ ਸਰਕਾਰ ਸਖ਼ਤ, ਹੁਣ ਡਿਪਟੀ ਕਮਿਸ਼ਨਰਾਂ ਨੂੰ ਮਿਲੀਆਂ ਹਦਾਇਤਾਂ

ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਸਖ਼ਤ ਨਜ਼ਰ ਆ ਰਹੀ ਹੈ। ਖੇਤੀਬਾੜੀ ਵਿਭਾਗ ਤੋਂ ਬਾਅਦ ਹੁਣ ਡਿਪਟੀ ਕਮਿਸ਼ਨਰਾਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Gurpreet Kaur Virk
Gurpreet Kaur Virk
ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ

ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ

Stubble Management in Punjab: ਦਿੱਲੀ-ਐਨਸੀਆਰ ਦੇ ਨਾਲ ਲੱਗਦੇ ਸੂਬਿਆਂ 'ਚ ਪਰਾਲੀ ਹਰ ਸਾਲ ਇੱਕ ਵੱਡੀ ਸਮੱਸਿਆ ਬਣ ਜਾਂਦੀ ਹੈ। ਦੱਸ ਦੇਈਏ ਕਿ ਹਰਿਆਣਾ ਅਤੇ ਪੰਜਾਬ ਦੇ ਖੇਤਾਂ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਦਾ ਪੱਧਰ ਕਾਫੀ ਗਿਰ ਜਾਂਦਾ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂਕਿ, ਇਸ ਸਥਿਤੀ ਤੋਂ ਬਚਣ ਲਈ ਪੰਜਾਬ ਸਰਕਾਰ ਵੱਲੋਂ ਕਈ ਯੋਜਨਾਵਾਂ ਬਣਾਈਆਂ ਗਈਆਂ ਹਨ ਅਤੇ ਜੰਗੀ ਪੱਧਰ 'ਤੇ ਕੰਮ ਵੀ ਸ਼ੁਰੂ ਕਰ ਦਿੱਤੇ ਗਏ ਹਨ।

Punjab Government: ਪੰਜਾਬ `ਚ ਪਰਾਲੀ ਸਾੜਨ ਨੂੰ ਰੋਕਣ ਲਈ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸਦੇ ਚਲਦਿਆਂ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ `ਚ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹਰ ਹੀਲੇ ਰੋਕਣ ਲਈ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿਚ ਯੋਗ ਪ੍ਰਬੰਧ ਕਰਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਪਰਾਲੀ ਅਤੇ ਨਾੜ ਸਾੜਨ ਦੀ ਦਰ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਹੈਪੀ ਸੀਡਰ ਅਤੇ ਅਜਿਹੇ ਹੋਰ ਸੰਦਾਂ/ਮਸ਼ੀਨਾਂ ਦੀ ਖਰੀਦ ਲਈ ਕਿਸਾਨਾਂ ਦੀ ਵਿੱਤੀ ਮਦਦ ਕੀਤੀ ਜਾ ਰਹੀ ਹੈ।

ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਸਖ਼ਤ

ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਵਾਤਾਵਰਣ ਗੰਧਲਾ ਹੋਣ ਤੋਂ ਬਚਾਉਣ ਲਈ ਸੂਬਾ ਸਰਕਾਰ ਪਰਾਲੀ ਨੂੰ ਸਾੜਨ ਦੀ ਥਾਂ ਇਸ ਦੇ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮਝਾਇਆ ਜਾਵੇ ਕਿ ਜੇਕਰ ਪਰਾਲੀ ਸਾੜਨ ਵਾਲੇ ਕਿਸੇ ਕਿਸਾਨ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਹੋ ਜਾਂਦੀ ਹੈ ਤਾਂ ਇਸ ਨਾਲ ਉਹ ਬਹੁਤ ਸਾਰੀਆਂ ਸਰਕਾਰੀ ਸਕੀਮਾਂ ਅਤੇ ਯੋਜਵਾਨਾਂ ਪ੍ਰਾਪਤ ਕਰਨ ਤੋਂ ਵਾਂਝਾ ਹੋ ਸਕਦਾ ਹੈ।

ਕੌਮੀ ਪੱਧਰ ‘ਤੇ ਪੰਜਾਬ ਸ਼ਰਮਸਾਰ

ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਉੱਤਰੀ ਭਾਰਤ ਵਿਚ ਜੋ ਪ੍ਰਦੂਸ਼ਣ ਦਾ ਪੱਧਰ ਵੱਧਦਾ ਹੈ, ਉਸ ਨਾਲ ਪੰਜਾਬ ਨੂੰ ਕੌਮੀ ਪੱਧਰ ‘ਤੇ ਨਮੋਸ਼ੀ ਝੱਲਣੀ ਪੈਂਦੀ ਹੈ, ਇਸ ਲਈ ਕਿਸਾਨਾਂ ਨੂੰ ਹਰ ਹਾਲ ਵਿਚ ਪਰਾਲੀ ਸਾੜਨ ਦੀ ਥਾਂ ਉਸ ਦੇ ਪ੍ਰਬੰਧਨ ਲਈ ਸਮਝਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਪਰਾਲੀ ਨਾ ਸਾੜਨ ਸਬੰਧੀ ਕਾਨੂੰਨ ਵੀ ਬਣਿਆਂ ਹੋਇਆ ਹੈ ਪਰ ਇਸ ਦੇ ਬਾਵਜੂਦ ਕਈ ਥਾਂਵਾਂ ਤੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਰਿਪੋਰਟ ਹੋ ਰਹੀਆਂ ਹਨ।

ਵਾਤਾਵਰਣ ਸੰਭਾਲ ਲਈ ਮੁਹਿੰਮ

ਇਕ-ਇਕ ਜ਼ਿਲ੍ਹੇ ਦੀ ਪਰਾਲੀ ਪ੍ਰਬੰਧਨ ਅਤੇ ਮਸ਼ੀਨਾਂ ਦੀ ਵੰਡ ਸਬੰਧੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਾਤਾਵਰਣ ਸੰਭਾਲ ਲਈ ਕਿਸਾਨਾਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕਰੇ ਅਤੇ ਉਨ੍ਹਾਂ ਨੂੰ ਸਮਝਾਵੇ ਕਿ ਪਰਾਲੀ ਅਤੇ ਨਾੜ ਸਾੜਨ ਦਾ ਕਿੰਨਾ ਜ਼ਿਆਦਾ ਨੁਕਸਾਨ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਹੁਣ ਮੰਡੀਆਂ 'ਚ ਨਹੀਂ ਰੁਲਣਗੇ ਅੰਨਦਾਤੇ

ਪ੍ਰਸ਼ਾਸਨ ਨੂੰ ਚੌਕਸ ਰਹਿਣ ਦੇ ਹੁਕਮ ਜਾਰੀ

ਮੁੱਖ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਪਹਿਲਾਂ ਵੀ ਨਾੜ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਏ ਹਨ, ਉੱਥੇ ਪ੍ਰਸ਼ਾਸ਼ਨ ਜ਼ਿਆਦਾ ਚੌਕਸੀ ਵਰਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਰਾਹੀਂ ਵੀ ਸਮਝਾਇਆ ਜਾਵੇ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਬੱਚਿਆਂ ਨੂੰ ‘ਗੰਧਲਾ ਤੇ ਪ੍ਰਦੂਸ਼ਿਤ’ ਭਵਿੱਖ ਮਿਲੇਗਾ।

ਅਣਗਹਿਲੀ ਬਰਦਾਸ਼ਤ ਨਹੀਂ: ਮੁੱਖ ਸਕੱਤਰ

ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਹਰ ਹਾਲਤ ਵਿਚ ਰੋਕੇ ਜਾਣ ਅਤੇ ਇਸ ਬਾਬਤ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Summary in English: The government is strict for stubble management in Punjab, now the Deputy Commissioners have received instructions

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters