ਪਰਾਲੀ ਪ੍ਰਬੰਧਨ ਸੰਬੰਧੀ ਸਕੂਲ ਦੇ ਬੱਚਿਆਂ ਲਈ ਜਾਗਰੂਕਤਾ ਪ੍ਰੋਗਰਾਮ
KVK Bathinda: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਚਲਾਏ ਜਾ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਪ੍ਰੋਜੈਕਟ ਅਧੀਨ ਸਕੂਲ ਦੇ ਬੱਚਿਆਂ ਨੂੰ ਪਰਾਲੀ ਪ੍ਰਬੰਧਨ ਸੰਬੰਧੀ ਪ੍ਰੇਰਿਤ ਕਰਨ ਲਈ ਪਿੰਡ ਬੰਗੀ ਕਲਾਂ ਬਲਾਕ ਤਲਵੰਡੀ ਸਾਬੋ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਪਰਾਲੀ ਦੀ ਸੰਭਾਲ ਸਬੰਧੀ ਖੇਡੇ ਗਏ ਨਾਟਕ ਨੇ ਸਮੂਹ ਹਾਜ਼ਰੀਨ ਨੂੰ ਪਰਾਲੀ ਪ੍ਰਬੰਧਨ ਸਬੰਧੀ ਗਹਿਰਾਈ ਨਾਲ ਪ੍ਰਭਾਵਿਤ ਕੀਤਾ। ਇਸ ਨਾਟਕ ਦੀ ਪੇਸ਼ਕਾਰੀ ਉੱਤਮ ਦਰਜੇ ਦੀ ਸੀ। ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਵੱਖ ਵੱਖ ਪੇਸ਼ਕਾਰੀਆਂ ਜਿਵੇਂ ਕਿ ਕਵਿਤਾਵਾਂ, ਭਾਸ਼ਣ ਮੁਕਾਬਲੇ, ਪੋਸਟਰ ਤਿਆਰ ਕਰਨਾ, ਡਿਬੇਟ ਅਤੇ ਸਲੋਗਨ ਲਿਖਣਾ ਆਦਿ ਪੇਸ਼ ਕੀਤੇ ਗਏ।
ਡਾ. ਗੁਰਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਸੰਬੰਧੀ ਚੁਣ ਗਏ ਪਿੰਡਾਂ ਦੇ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਜਾਗਰੂਕ ਕਰਨ ਦੀ ਕੜੀ ਦੇ ਤਹਿਤ ਹੀ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਬੱਚੇ ਆਪਣੇ ਮਾਤਾ-ਪਿਤਾ ਅਤੇ ਭੈਣ-ਭਰਾਵਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਪ੍ਰੇਰਿਤ ਕਰ ਸਕਣ। ਇਸ ਮੌਕੇ ਉਹਨਾਂ ਨੇ ਪੀ.ਏ.ਯੂ, ਲੁਧਿਆਣਾ ਵੱਲੋਂ ਵਿਕਸਿਤ ਮਸ਼ੀਨਰੀ ਜਿਵੇਂ ਹੈਪੀ ਸੀਡਰ, ਸਰਫੇਸ ਸੀਡਰ, ਸੁਪਰ ਸੀਡਰ ਆਦਿ ਦੀ ਵਰਤੋਂ ਨਾਲ ਪਰਾਲੀ ਪ੍ਰਬੰਧ ਸਬੰਧੀ ਬੱਚਿੱਆਂ ਨੂੰ ਜਾਗਰੂਕ ਕੀਤਾ। ਉਹਨਾਂ ਇਹ ਵੀ ਦੱਸਿਆ ਕੇ ਪਰਾਲੀ ਪ੍ਰਬੰਧ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਡਾ. ਤੇਜਬੀਰ ਸਿੰਘ ਬੁੱਟਰ ਬੱਚਿਆਂ ਨੂੰ ਪਰਾਲੀ ਸਾਂਭਣ ਦੇ ਢੰਗ ਤਰੀਕਿਆਂ ਅਤੇ ਇਸਦਾ ਜਮੀਨ ਦੀ ਸਿਹਤ ਉੱਪਰ ਚੰਗੇ ਪ੍ਰਭਾਵ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸਕੂਲ ਇੰਚਾਰਜ ਸ. ਹਰਮੀਤ ਸਿੰਘ ਬਰਾੜ ਧਾਲੀਵਾਲ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਪਿੰਡ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਬੱਚਿਆਂ ਦੇ ਮਾਧਿਅਮ ਨਾਲ ਪ੍ਰੇਰਿਤ ਕਰਨਗੇ।
ਅੰਤ ਵਿੱਚ ਵੱਖ ਵੱਖ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲੀ ਬੱਚਿਆਂ ਅਤੇ ਸਟਾਫ਼ ਵੱਲੋਂ ਪਿੰਡ ਵਿੱਚ ਪਰਾਲੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਪ੍ਰੋਗਰਾਮ ਦੀ ਸਫਲਤਾ ਲਈ ਸਕੂਲ ਦੇ ਸਮੂਹ ਸਟਾਫ ਖਾਸ ਤੌਰ ਤੇ ਅਧਿਆਪਕ ਮੈਡਮ ਜਸ਼ਨਦੀਪ ਕੌਰ ਗਿੱਲ ਵੱਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਪ੍ਰੋਗਰਾਮ ਵਿੱਚ 325 ਬੱਚਿਆਂ ਨੇ ਭਾਗ ਲਿਆ।
Summary in English: Use Happy Seeder, Surface Seeder, Super Seeder to manage stubble, Krishi Vigyan Kendra provides machinery