1. Home
  2. ਖਬਰਾਂ

ਇਨ੍ਹਾਂ ਤਕਨੀਕਾਂ ਦੀ ਵਰਤੋਂ ਨਾਲ ਖੇਤ ਦੀ ਤਿਆਰੀ ਦੀ ਲਾਗਤ ਘਟੇਗੀ ਅਤੇ ਕਿਸਾਨਾਂ ਦੀ ਆਮਦਨ ਵਧੇਗੀ: KVK Sri Muktsar Sahib

ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਜਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਰਾਲੀ ਨੂੰ ਖੇਤਾਂ ਵਿੱਚ ਸਾੜਣ ਨਾਲ ਵਾਤਾਵਰਨ, ਸਿਹਤ ਅਤੇ ਜ਼ਮੀਨ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

Gurpreet Kaur Virk
Gurpreet Kaur Virk
ਜਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਵਿੱਚ ਸੂਝਵਾਨ ਕਿਸਾਨਾਂ ਨੇ ਲਿਆ ਭਾਗ

ਜਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਵਿੱਚ ਸੂਝਵਾਨ ਕਿਸਾਨਾਂ ਨੇ ਲਿਆ ਭਾਗ

Krishi Vigyan Kendra: ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮਿਤੀ 29 ਅਕਤੂਬਰ, 2024 ਨੂੰ ਕੇ.ਵੀ.ਕੇ. ਵਿਖੇ ਜਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੂਝਵਾਨ ਕਿਸਾਨਾਂ ਨੇ ਭਾਗ ਲਿਆ।

ਇਸ ਮੇਲੇ ਦੀ ਪ੍ਰਧਾਨਗੀ ਕਰਦਿਆਂ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕੇ.ਵੀ.ਕੇ. ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ, ਜਿਹਨਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ, ਸਿਖਲਾਈ ਕੋਰਸ, ਪ੍ਰਦਰਸ਼ਨੀਆਂ, ਐਕਸਪੋਜ਼ਰ ਫ਼ੇਰੀਆਂ ਅਤੇ ਕਿਸਾਨ ਮੇਲੇ ਆਦਿ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਬਹੁਤ ਹੀ ਘੱਟ ਕਿਰਾਏ ਤੇ ਪਰਾਲੀ ਦੀ ਸੰਭਾਲ ਵਾਲੀਆਂ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਅਹਿਮ ਜਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਖੇਤੀ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ।

ਡਾ. ਮਨਜੀਤ ਕੌਰ, ਸਹਾਇਕ ਪ੍ਰੋਫ਼ੈਸਰ (ਭੂਮੀ ਵਿਗਿਆਨ) ਨੇ ਪਰਾਲੀ ਨੂੰ ਖੇਤਾਂ ਵਿੱਚ ਸਾੜਣ ਨਾਲ ਵਾਤਾਵਰਨ, ਸਿਹਤ ਅਤੇ ਜ਼ਮੀਨ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਵਿਕਸਤ ਕੀਤੀਆਂ ਗਈਆਂ ਵੱਖ-ਵੱਖ ਤਕਨੀਕਾਂ ਬਾਰੇ ਕਿਸਾਨਾਂ ਨੂੰ ਚਾਨਣਾ ਪਾਇਆ। ਇਸ ਤੋਂ ਇਲਾਵਾ, ਉਹਨਾਂ ਨੇ ਪਰਾਲੀ ਦੀ ਜ਼ਮੀਨ ਵਿੱਚ ਸਾਂਭ ਸੰਭਾਲ ਨਾਲ ਕਿਸਾਨਾਂ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਪ੍ਰੋਗਰਾਮ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫਸਲ ਵਿਗਿਆਨ) ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਸੁਪਰ ਐਸ ਐਮ ਐਸ, ਹੈਪੀ ਸੀਡਰ, ਸਮਾਰਟ ਸੀਡਰ, ਸਰਫ਼ੇਸ ਸੀਡਰ, ਸੁਪਰ ਸੀਡਰ, ਮਲਚਰ/ਕਟਰ ਕਮ ਸਪਰੈਡਰ, ਜ਼ੀਰੋ ਡਰਿੱਲ ਆਦਿ ਦੀ ਵਰਤੋਂ ਅਤੇ ਰੱਖ ਰਖਾਅ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਇਹਨਾਂ ਤਕਨੀਕਾਂ ਦੀ ਵਰਤੋਂ ਨਾਲ ਖੇਤ ਦੀ ਤਿਆਰੀ ਤੇ ਹੋਣ ਵਾਲਾ ਖਰਚਾ ਘਟ ਜਾਂਦਾ ਹੈ ਜਿਸ ਨਾਲ ਕਿਸਾਨ ਦੀ ਸ਼ੁੱਧ ਆਮਦਨ ਵਿੱਚ ਵਾਧਾ ਹੁੰਦਾ ਹੈ। ਇਸ ਦੇ ਨਾਲ ਨਾਲ ਉਹਨਾਂ ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫ਼ਲ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ।

ਡਾ. ਸੁਖਜਿੰਦਰ ਸਿੰਘ ਮਾਨ, ਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਫ਼ਲਦਾਰ ਬੂਟਿਆਂ ਦੀ ਘਰੇਲੂ ਪੱਧਰ ਤੇ ਕਾਸ਼ਤ ਕਰਨ ਦੇ ਨੁਕਤਿਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਫ਼ਲਦਾਰ ਬੂਟਿਆਂ ਦੀਆਂ ਮੁੱਖ ਬਿਮਾਰੀਆਂ ਅਤੇ ਕੀੜੈ ਮਕੌੜਿਆਂ ਦੀ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਹ ਵੀ ਪੜ੍ਹੋ: ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਅਤੇ ਸਿਆਸਤਦਾਨ Canada ਵਿੱਚ ਚੁਣੇ ਗਏ MLA

ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ) ਨੇ ਪਸ਼ੂ ਪਾਲਣ ਵਿੱਚ ਪਰਾਲੀ ਦੀ ਸੁਚੱਜੀ ਵਰਤੋਂ ਬਾਰੇ ਵਿਚਾਰ ਸਾਂਝੇ ਕੀਤੇ। ਉਹਨਾਂ ਦੱਸਿਆ ਕਿ ਪਰਾਲੀ ਨੂੰ ਪਸ਼ੂਆਂ ਹੇਠਾਂ ਸੁੱਕ ਦੇ ਤੌਰ ਤੇ ਅਤੇ ਪਰਾਲੀ ਨੂੰ ਯੂਰੀਆ ਨਾਲ ਸੋਧਣ ਉਪਰੰਤ ਪਸ਼ੂਆਂ ਦੇ ਖਾਣ ਲਈ ਵੀ ਵਰਤਿਆ ਜਾ ਸਕਦਾ ਹੈ। ਇਸ ਦੇ ਨਾਲ ਨਾਲ ਉਹਨਾਂ ਨੇ ਪਸ਼ੂਆਂ ਦੇ ਖੁਰਾਕੀ ਪ੍ਰਬੰਧਨ ਅਤੇ ਨਸਲ ਸੁਧਾਰ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਵਿੱਚ ਵਰਤੇ ਜਾਣ ਵਾਲੇ ਘਰੇਲੂ ਨੁਸਖਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨਾਲ ਜੁੜਣ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਰਾਹੀਂ ਵਿਗਿਆਨਕ ਖੇਤੀ ਲਈ ਗਿਆਨ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ। ਕੈਂਪ ਵਿਚ ਸ਼ਾਮਿਲ ਹੋਏ ਕਿਸਾਨ ਵੀਰਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਕਾਫੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ਤੇ ਜਵਾਬ ਦਿੱਤੇ ਗਏ।

Summary in English: Using these technologies will reduce the cost of field preparation and increase farmers' income: KVK Sri Muktsar Sahib

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters