Farmer Protest: ਭਾਰਤਮਾਲਾ ਪ੍ਰੋਜੈਕਟ ਤਹਿਤ ਕੀਤੀ ਜਾ ਰਹੀ ਜ਼ਮੀਨ ਐਕਵਾਇਰ ਦੇ ਮੁਆਵਜ਼ੇ ਨੂੰ ਲੈ ਕੇ ਪੰਜਾਬ ਦੇ ਬਠਿੰਡਾ ਵਿੱਚ ਕਿਸਾਨਾਂ ਅਤੇ ਸਰਕਾਰ ਵਿਚਾਲੇ ਵਿਵਾਦ ਚੱਲ ਰਿਹਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਭਾਰਤਮਾਲਾ ਇੱਕ ਹਾਈਵੇਅ ਵਿਕਾਸ ਪ੍ਰੋਜੈਕਟ ਹੈ ਜਿਸਦਾ ਉਦੇਸ਼ ਦੇਸ਼ ਭਰ ਵਿੱਚ ਮਾਲ ਅਤੇ ਯਾਤਰੀ ਆਵਾਜਾਈ ਵਿੱਚ ਸੁਧਾਰ ਕਰਨਾ ਹੈ।
ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸਵੇਅ ਬਠਿੰਡਾ ਤੋਂ ਲੰਘੇਗਾ, ਜਿਸ ਲਈ ਸਰਕਾਰ ਨੇ ਕਿਸਾਨਾਂ ਤੋਂ ਜ਼ਮੀਨ ਲੈ ਲਈ ਹੈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਕਈ ਥਾਵਾਂ ’ਤੇ ਜ਼ਮੀਨਾਂ ਦੇ ਭਾਅ ਵੱਧ ਦਿੱਤੇ ਜਾ ਰਹੇ ਹਨ ਅਤੇ ਕਈ ਥਾਵਾਂ ’ਤੇ ਜ਼ਮੀਨ ਦੀ ਕੀਮਤ ਘੱਟ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾ ਵਿਰੋਧ ਮੁਆਵਜ਼ੇ ਦੀ ਰਕਮ ਵਿੱਚ ਅਸਮਾਨਤਾ ਨੂੰ ਲੈ ਕੇ ਹੈ।
ਸ਼ੁੱਕਰਵਾਰ ਨੂੰ ਸੈਂਕੜੇ ਕਿਸਾਨਾਂ ਨੇ ਇਸ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਬਠਿੰਡਾ ਦੇ ਪਿੰਡ ਮੈਸਰ ਖਾਨਾ ਵਿੱਚ ਕਿਸਾਨਾਂ ਨੇ ਇਕੱਠੇ ਹੋ ਕੇ ਪ੍ਰਦਰਸ਼ਨ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਐਕਵਾਇਰ ਕੀਤੀ ਜ਼ਮੀਨ ਦੇ ਬਦਲੇ ਉਨ੍ਹਾਂ ਨੂੰ ਵਾਅਦੇ ਮੁਤਾਬਕ ਢੁਕਵਾਂ ਮੁਆਵਜ਼ਾ ਨਹੀਂ ਦਿੱਤਾ ਗਿਆ। ਧਰਨੇ ਦੌਰਾਨ ਸੰਗਰੂਰ ਤੋਂ ਆਏ ਕਿਸਾਨਾਂ ਨੇ ਬਠਿੰਡਾ ਦੇ ਪਿੰਡ ਦੁਨੇਵਾਲਾ ਵਿੱਚ ਬੈਰੀਕੇਡ ਤੋੜ ਕੇ ਪੁਲਿਸ ਨਾਲ ਝੜਪ ਕੀਤੀ, ਜਿਸ ਮਗਰੋਂ ਪੁਲਿਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ।
ਮਿਲੀ ਜਾਣਕਾਰੀ ਮੁਤਾਬਕ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਗਈ ਸੀ, ਉਨ੍ਹਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਵਿੱਚੋਂ ਕੋਈ ਵੀ ਬਠਿੰਡਾ ਦਾ ਨਹੀਂ ਹੈ। ਉਹ ਦੂਜੇ ਜ਼ਿਲ੍ਹਿਆਂ ਤੋਂ ਇੱਥੇ ਆ ਕੇ ਪ੍ਰੇਸ਼ਾਨੀ ਪੈਦਾ ਕਰ ਰਹੇ ਹਨ। ਕਾਨੂੰਨ ਅਨੁਸਾਰ, ਜ਼ਮੀਨ ਦਾ ਕਬਜ਼ਾ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੂੰ ਦਿੱਤਾ ਗਿਆ ਹੈ। ਜੇਕਰ ਕਿਸੇ ਨੂੰ ਮੁਆਵਜ਼ੇ ਦੀ ਰਕਮ ਅਤੇ ਜ਼ਮੀਨ ਐਕਵਾਇਰ ਲਈ ਅਦਾਇਗੀ ਸਬੰਧੀ ਕੋਈ ਸਮੱਸਿਆ ਹੈ ਤਾਂ ਉਹ ਅਦਾਲਤ ਵਿੱਚ ਜਾ ਕੇ ਇਸ ਮਾਮਲੇ ਦਾ ਹੱਲ ਕਰੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਾ ਲੈਣ।
ਮੌਕੇ ’ਤੇ ਮੌਜੂਦ ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਭਾਰਤਮਾਲਾ ਪ੍ਰਾਜੈਕਟ ਤਹਿਤ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈਸਵੇਅ ਲਈ ਜ਼ਮੀਨ ਐਕੁਆਇਰ ਕੀਤੀ ਗਈ ਸੀ ਅਤੇ ਕਰੀਬ 62.7 ਕਿਲੋਮੀਟਰ ਖੇਤਰ ਬਠਿੰਡਾ ਪ੍ਰਸ਼ਾਸਨ ਦੀ ਹੱਦ ਵਿੱਚ ਆਉਂਦਾ ਹੈ। ਭੂਮੀ ਗ੍ਰਹਿਣ ਲਈ ਰੱਖੇ ਗਏ 731 ਕਰੋੜ ਰੁਪਏ ਵਿੱਚੋਂ 693 ਕਰੋੜ ਰੁਪਏ ਪਹਿਲਾਂ ਹੀ ਕਿਸਾਨਾਂ ਨੂੰ ਦਿੱਤੇ ਜਾ ਚੁੱਕੇ ਹਨ। ਇਸ ਲਈ ਅਸੀਂ ਐਕੁਆਇਰ ਕੀਤੀ ਜ਼ਮੀਨ 'ਤੇ ਕਬਜ਼ਾ ਯਕੀਨੀ ਬਣਾਉਣ ਲਈ ਆਏ ਸੀ।
ਇਹ ਵੀ ਪੜ੍ਹੋ: ਡਾ. ਗਿੱਲ, ਉਪ-ਕੁਲਪਤੀ, ਵੈਟਨਰੀ ਯੂਨੀਵਰਸਿਟੀ ਨੂੰ ਮਿਲਿਆ 'Challappa Memorial Oration Award'
ਜ਼ਿਲ੍ਹਾ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਮੁਆਵਜ਼ੇ ਦੀ ਰਕਮ ਵਿੱਚ ਅਸਮਾਨਤਾ ਹਾਈਵੇਅ ਤੋਂ ਜ਼ਮੀਨ ਦੀ ਦੂਰੀ 'ਤੇ ਆਧਾਰਿਤ ਹੈ। ਪਿੰਡਾਂ ਦੇ ਅੰਦਰਲੇ ਹਿੱਸੇ ਦੀ ਜ਼ਮੀਨ ਲਈ 50 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾ ਰਹੀ ਹੈ, ਜਦੋਂਕਿ ਹਾਈਵੇਅ ਦੇ ਨਾਲ ਵਾਲੀ ਜ਼ਮੀਨ ਲਈ 70 ਲੱਖ ਰੁਪਏ ਦਿੱਤੇ ਜਾ ਰਹੇ ਹਨ। ਕਿਸਾਨਾਂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਹੋਈ ਝੜਪ ਵਿੱਚ ਪੰਜ ਤੋਂ ਛੇ ਪੁਲਿਸ ਮੁਲਾਜ਼ਮ ਤੇ ਦਰਜਨ ਦੇ ਕਰੀਬ ਕਿਸਾਨ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਦੱਸ ਦੇਈਏ ਕਿ ਭਾਰਤਮਾਲਾ ਪ੍ਰਾਜੈਕਟ ਲਈ ਬਠਿੰਡਾ ਦੇ ਪਿੰਡ ਦੁੱਨੇਵਾਲਾ ਅਤੇ ਸ਼ੇਰਗੜ੍ਹ ਵਿੱਚ 9 ਕਿਲੋਮੀਟਰ ਜ਼ਮੀਨ ਐਕੁਆਇਰ ਕੀਤੀ ਗਈ ਹੈ। ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਮੁਆਵਜ਼ਾ ਵੀ ਮਿਲ ਗਿਆ ਹੈ। ਪਰ ਕਿਸਾਨ ਜ਼ਮੀਨ ਦਾ ਕਬਜ਼ਾ ਪ੍ਰਸ਼ਾਸਨ ਨੂੰ ਨਹੀਂ ਦੇ ਰਹੇ। ਇਸ ਕਾਰਨ ਵੀਰਵਾਰ ਸਵੇਰੇ ਹੀ ਪਿੰਡ ਦੁੱਨੇਵਾਲਾ ਅਤੇ ਸ਼ੇਰਗੜ੍ਹ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਅਤੇ ਪ੍ਰਸ਼ਾਸਨ ਵੱਲੋਂ ਜ਼ਮੀਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ। ਸ਼ੁੱਕਰਵਾਰ ਨੂੰ ਵੱਡੀ ਗਿਣਤੀ 'ਚ ਕਿਸਾਨ ਜ਼ਮੀਨ 'ਤੇ ਕਬਜ਼ਾ ਛੁਡਾਉਣ ਲਈ ਪਹੁੰਚੇ ਸਨ ਅਤੇ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ।
Summary in English: What is Bharatmala Project and why are farmers of Bathinda opposing it? Know the whole matter here