Weather Forecast: ਉੱਤਰ ਭਾਰਤ 'ਚ ਅੱਤ ਦੀ ਗਰਮੀ ਕਾਰਨ ਲੋਕ ਖੱਜਲ-ਖੁਆਰ ਹੋ ਰਹੇ ਹਨ। ਪੰਜਾਬ, ਹਰਿਆਣਾ, ਦਿੱਲੀ 'ਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਇੱਕ ਹਫ਼ਤੇ ਦੇ ਅੰਦਰ ਹੀ ਤਾਪਮਾਨ ਵਿੱਚ 9 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਮੀਂਹ ਤੋਂ ਬਾਅਦ ਅਚਾਨਕ ਵਧੀ ਗਰਮੀ ਨੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਕਰ ਦਿੱਤਾ ਹੈ। ਫਿਲਹਾਲ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਗਰਮੀ ਹੋਰ ਵਧਣ ਦਾ ਖ਼ਦਸ਼ਾ ਜਤਾਇਆ ਹੈ।
ਗਰਮੀ ਕਾਰਨ ਦਿੱਲੀ ਵਾਸੀ ਹਾਲੋ-ਬੇਹਾਲ
ਦਿੱਲੀ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਇੱਥੇ ਵੱਧ ਤੋਂ ਵੱਧ ਤਾਪਮਾਨ 38 ਤੋਂ 39 ਡਿਗਰੀ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ 18 ਅਪ੍ਰੈਲ ਤੱਕ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਕਈ ਸੂਬਿਆਂ ਵਿੱਚ ਹੀਟਵੇਵ ਦੀ ਭਵਿੱਖਬਾਣੀ ਕਰਨ ਤੋਂ ਬਾਅਦ, ਦਿੱਲੀ ਸਰਕਾਰ ਨੇ ਸਕੂਲਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ, ਦਿੱਲੀ ਸਰਕਾਰ ਨੇ ਕਿਹਾ ਕਿ ਸਿੱਖਿਆ ਡਾਇਰੈਕਟੋਰੇਟ ਦੇ ਅਧੀਨ ਮਾਨਤਾ ਪ੍ਰਾਪਤ ਦਿੱਲੀ ਦੇ ਸਾਰੇ ਸਕੂਲਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਦੁਪਹਿਰ ਦੀ ਸ਼ਿਫਟ ਦੌਰਾਨ ਕੋਈ ਅਸੈਂਬਲੀ ਨਾ ਹੋਵੇ।
ਇਸ ਦੇ ਨਾਲ ਹੀ ਦਿੱਲੀ ਸਰਕਾਰ ਨੇ ਕਿਹਾ ਹੈ ਕਿ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣੀ ਹੋਵੇਗੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਕਲਾਸਾਂ ਦੌਰਾਨ ਵਾਟਰ ਬ੍ਰੇਕ ਦਿੱਤੀਆਂ ਜਾਣ।
ਇਹ ਵੀ ਪੜ੍ਹੋ : ਦੇਸ਼ ਦੇ ਇਨ੍ਹਾਂ ਸੂਬਿਆਂ 'ਚ HEAT WAVE, ਇਨ੍ਹਾਂ ਹਿੱਸਿਆਂ 'ਚ HEAVY RAIN, ਅਲਰਟ ਜਾਰੀ
ਪੰਜਾਬ ਦਾ ਮੌਸਮ
ਪੰਜਾਬ 'ਚ ਮੀਂਹ ਦੀਆਂ ਗਤੀਵਿਧੀਆਂ ਤੋਂ ਬਾਅਦ ਅੱਤ ਦੀ ਗਰਮੀ ਦਾ ਦੌਰ ਸ਼ੁਰੂ ਹੋ ਗਿਆ ਹੈ। ਸੂਬੇ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਜਿਸਦੇ ਚਲਦਿਆਂ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਦੱਸ ਦੇਈਏ ਕਿ ਪੰਜਾਬ 'ਚ ਇੱਕ ਹਫ਼ਤੇ ਦੇ ਅੰਦਰ ਹੀ ਤਾਪਮਾਨ ਵਿੱਚ 9 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਫਿਲਹਾਲ, ਮੌਸਮ ਵਿਭਾਗ ਨੇ ਨਵਾਂ ਵੈਸਟਰਨ ਡਿਸਟਰਬੈਂਸ 15 ਅਪ੍ਰੈਲ ਤੋਂ ਸਰਗਰਮ ਹੋਣ ਦੀ ਗੱਲ ਕਹੀ ਹੈ, ਜਿਸਦੇ ਚਲਦਿਆਂ 16-17 ਅਪ੍ਰੈਲ ਨੂੰ ਤੇਜ਼ ਹਵਾਵਾਂ ਦੇ ਨਾਲ ਸੰਘਣੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਹਰਿਆਣਾ ਦਾ ਮੌਸਮ
ਪੰਜਾਬ ਵਾਂਗ ਹਰਿਆਣਾ 'ਚ ਵੀ ਗਰਮ ਹਵਾਵਾਂ ਕਰਕੇ ਲੋਕ ਪ੍ਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਦੌਰਾਨ ਪਾਰਾ 40 ਡਿਗਰੀ ਤੋਂ ਪਾਰ ਪਹੁੰਚ ਸਕਦਾ ਹੈ। ਇੱਥੇ ਵੀ ਮੌਸਮ ਵਿਭਾਗ ਨੇ ਵੈਸਟਰਨ ਡਿਸਟਰਬੈਂਸ ਦਾ ਅਸਰ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ 'ਚ 16 ਅਤੇ 17 ਅਪ੍ਰੈਲ ਨੂੰ ਬੱਦਲਵਾਈ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Heat Wave Start: ਹੌਲੀ-ਹੌਲੀ ਪਾਰਾ ਚੜ੍ਹਨਾ ਸ਼ੁਰੂ, ਹੁਣ ਲੱਗੇਗਾ 45 ਡਿਗਰੀ ਦਾ ਕਰੰਟ
ਮੌਸਮ ਵਿਭਾਗ ਵੱਲੋਂ ਭਵਿੱਖਬਾਣੀ
ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਕਈ ਸੂਬਿਆਂ ਵਿੱਚ ਅੱਤ ਦੀ ਗਰਮੀ ਪੈਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਜਾ ਸਕਦਾ ਹੈ। ਆਈਐਮਡੀ ਨੇ ਵੀਰਵਾਰ, 13 ਅਪ੍ਰੈਲ ਤੋਂ ਦੇਸ਼ ਦੇ ਕੁਝ ਸੂਬਿਆਂ ਵਿੱਚ ਹੀਟ ਵੇਵ (Heat Wave) ਦੀ ਸੰਭਾਵਨਾ ਵੀ ਜ਼ਾਹਰ ਕੀਤੀ ਹੈ। ਓਡੀਸ਼ਾ 'ਚ 13 ਤੋਂ 15 ਅਪ੍ਰੈਲ ਤੱਕ ਹੀਟ ਵੇਵ (Heat Wave) ਦੀ ਸੰਭਾਵਨਾ ਹੈ। ਓਡੀਸ਼ਾ ਸਰਕਾਰ ਨੇ "ਗੰਭੀਰ ਗਰਮੀ ਦੇ ਹਾਲਾਤ" ਦੇ ਮੱਦੇਨਜ਼ਰ 16 ਅਪ੍ਰੈਲ ਤੱਕ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਇਲਾਵਾ 12 ਤੋਂ 16 ਅਪ੍ਰੈਲ ਤੱਕ ਗੰਗਾ ਪੱਛਮੀ ਬੰਗਾਲ 'ਚ ਹੀਟ ਵੇਵ (Heat Wave) ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰਨ ਦੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਨੁਮਾਨ
ਇਸ ਦੌਰਾਨ ਮੌਸਮ ਵਿਭਾਗ (IMD) ਨੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਹਲਕੀ ਬਾਰਿਸ਼ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਆਈਐਮਡੀ ਨੇ ਅਗਲੇ ਪੰਜ ਦਿਨਾਂ ਦੌਰਾਨ ਗੋਆ, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
Summary in English: ALERT: North India is expected to cross 45 degrees due to extreme heat