Weather Forecast: ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਦੀ ਜ਼ੋਰਦਾਰ ਬਾਰਿਸ਼ ਹੋ ਰਹੀ ਹੈ। ਪਿਛਲੇ ਦੋ ਦਿਨਾਂ ਤੋਂ ਪਏ ਮੀਂਹ ਨੇ ਇੱਕ ਵਾਰ ਫਿਰ ਮੌਸਮ ਸੁਹਾਵਣਾ ਕਰ ਦਿੱਤਾ ਹੈ। ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਮਾਨਸੂਨ ਫਿਰ ਤੋਂ ਸਰਗਰਮ ਹੋ ਗਿਆ ਹੈ, ਜਿਸ ਕਾਰਨ ਮੱਧ ਪ੍ਰਦੇਸ਼ ਅਤੇ ਉੱਤਰੀ ਭਾਰਤ ਵਿੱਚ ਮੌਸਮੀ ਗਤੀਵਿਧੀਆਂ ਵਿੱਚ ਤਬਦੀਲੀ ਆਈ ਹੈ। ਇਸ ਮੌਸਮੀ ਗਤੀਵਿਧੀ ਕਾਰਨ ਅਗਲੇ 24 ਘੰਟਿਆਂ ਵਿੱਚ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ-ਐਨਸੀਆਰ ਦਾ ਮੌਸਮ
ਬੁੱਧਵਾਰ ਨੂੰ ਹੋਈ ਬਾਰਿਸ਼ ਕਾਰਨ ਦਿੱਲੀ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਵੀ ਦਿੱਲੀ-ਐਨਸੀਆਰ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਨਾਲ ਹੀ 'ਯੈਲੋ ਅਲਰਟ' ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਦਿਨ ਭਰ ਆਸਮਾਨ 'ਚ ਬੱਦਲ ਛਾਏ ਰਹਿਣਗੇ ਅਤੇ ਕੁਝ ਇਲਾਕਿਆਂ 'ਚ ਮੀਂਹ ਅਤੇ ਗਰਜ ਹੋਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ
ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਨੇ 25 ਸਤੰਬਰ ਤੱਕ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਹਾਲਾਂਕਿ, ਅੱਜ ਯਾਨੀ ਸ਼ੁੱਕਰਵਾਰ ਨੂੰ 7 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਸ਼ਾਮਲ ਹਨ। ਪਿਛਲੇ ਦੋ ਦਿਨਾਂ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ 1 ਤੋਂ 6 ਡਿਗਰੀ ਤੱਕ ਬਦਲ ਗਿਆ ਹੈ। ਇਸ ਨਾਲ ਸੂਬੇ ਦਾ ਔਸਤ ਤਾਪਮਾਨ 1.8 ਡਿਗਰੀ ਹੇਠਾਂ ਆ ਗਿਆ ਹੈ। ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 2.8 ਡਿਗਰੀ ਘੱਟ ਹੈ।
ਇਹ ਵੀ ਪੜ੍ਹੋ: Weather Today: ਪਹਾੜੀ ਸੂਬਿਆਂ ਵਿੱਚ ਵਧਿਆ ਭਿਆਨਕ ਕੁਦਰਤੀ ਆਫ਼ਤਾਂ ਦਾ ਖ਼ਤਰਾ, ਪੰਜਾਬ ਤੋਂ ਦਿੱਲੀ ਤੱਕ ਅਲਰਟ ਜਾਰੀ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਓਡੀਸ਼ਾ, ਛੱਤੀਸਗੜ੍ਹ, ਮਹਾਰਾਸ਼ਟਰ ਅਤੇ ਤੇਲੰਗਾਨਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਇੱਕ ਜਾਂ ਦੋ ਭਾਰੀ ਛਿੱਟੇ ਪੈ ਸਕਦੇ ਹਨ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼ ਅਤੇ ਕਰਨਾਟਕ ਦੇ ਉੱਤਰੀ ਤੱਟ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਬਿਹਾਰ, ਝਾਰਖੰਡ, ਦੱਖਣ-ਪੂਰਬੀ ਰਾਜਸਥਾਨ ਅਤੇ ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Chance of rain in these districts of Punjab, yellow alert for rain issued in Delhi-NCR, weather changes from September 22