ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 2-3 ਦਿਨਾਂ 'ਚ ਤਾਪਮਾਨ 'ਚ ਹੋਰ ਗਿਰਾਵਟ ਆਉਣ ਵਾਲੀ ਹੈ। ਇੱਕ ਹਫ਼ਤੇ ਤੱਕ ਧੁੰਦ ਪੈਣ ਦੀ ਵੀ ਸੰਭਾਵਨਾ ਹੈ।
Weather Forecast: ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ 3 ਜਨਵਰੀ ਤੋਂ ਠੰਡ ਹੋਰ ਵਧਣ ਦੀ ਸੰਭਾਵਨਾ ਹੈ। ਵਿਭਾਗ ਨੇ ਜਿੱਥੇ ਇਸ ਹਫਤੇ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ। ਉੱਥੇ ਹੀ ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਨੂੰ ਸੀਤ ਲਹਿਰ ਦੀ ਲਪੇਟ 'ਚ ਆਉਣ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ। ਆਓ ਜਾਣਦੇ ਹਾਂ ਮੌਸਮ ਦਾ ਮਿਜਾਜ਼...
ਪੰਜਾਬ-ਹਰਿਆਣਾ 'ਚ ਮੁੜ ਸਰਦੀ ਦਾ ਸਿਤਮ
ਦੋਵੇਂ ਸੂਬਿਆਂ 'ਚ ਤਿੰਨ ਦਿਨਾਂ ਦੀ ਰਾਹਤ ਤੋਂ ਬਾਅਦ ਲੋਕਾਂ ਨੂੰ ਮੁੜ ਕੜਾਕੇ ਦੀ ਠੰਡ ਝੱਲਣੀ ਪੈ ਰਹੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਰਾਤ ਦਾ ਤਾਪਮਾਨ ਚਾਰ ਡਿਗਰੀ ਤੱਕ ਡਿੱਗ ਸਕਦਾ ਹੈ। ਨਾਲ ਹੀ ਸ਼ੀਤ ਲਹਿਰ ਦਾ ਪ੍ਰਕੋਪ ਵਧਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਨੇ ਦੱਸਿਆ ਕਿ ਵੱਧ ਤੋਂ ਵੱਧ ਤਾਪਮਾਨ 17 ਤੋਂ 18 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਦਿੱਲੀ-ਐੱਨ.ਸੀ.ਆਰ 'ਚ ਠੰਡੀਆਂ ਹਵਾਵਾਂ ਦਾ ਦੌਰ
ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਸੀਤ ਲਹਿਰ ਨੇ ਵਾਪਸੀ ਕਰ ਦਿੱਤੀ। ਸੋਮਵਾਰ ਸਵੇਰੇ ਦਿੱਲੀ-ਐਨਸੀਆਰ ਸੰਘਣੀ ਧੁੰਦ ਦੀ ਲਪੇਟ ਵਿੱਚ ਨਜ਼ਰ ਆਇਆ। ਮੌਸਮ ਵਿਭਾਗ ਨੇ ਆਉਣ ਵਾਲੇ 2-3 ਦਿਨਾਂ 'ਚ ਠੰਡ ਹੋਰ ਵਧਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਅਨੁਸਾਰ:
● ਅੱਜ ਯਾਨੀ 2 ਜਨਵਰੀ ਨੂੰ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਨੇੜੇ ਬਣਿਆ ਰਹੇਗਾ।
● 3 ਜਨਵਰੀ ਨੂੰ ਘੱਟੋ-ਘੱਟ ਤਾਪਮਾਨ 5 ਡਿਗਰੀ ਤੱਕ ਘੱਟ ਸਕਦਾ ਹੈ।
● 4 ਅਤੇ 5 ਜਨਵਰੀ ਨੂੰ ਸੀਤ ਲਹਿਰ ਦਾ ਅਸਰ ਰਹੇਗਾ। ਜਿਸ ਨਾਲ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 4 ਡਿਗਰੀ ਰਹਿਣ ਦੀ ਸੰਭਾਵਨਾ ਹੈ।
● 6 ਅਤੇ 7 ਜਨਵਰੀ ਨੂੰ ਵੀ ਦਿਨ ਬਹੁਤ ਠੰਡੇ ਰਹਿਣਗੇ। ਘੱਟੋ-ਘੱਟ ਤਾਪਮਾਨ 5 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਬਣੀ ਹੋਈ ਹੈ।
ਇਹ ਵੀ ਪੜ੍ਹੋ : ALERT! ਬਾਰਿਸ਼ ਤੇ ਬਰਫਬਾਰੀ ਦਾ ਸਿਤਮ ਜਾਰੀ, 1 ਜਨਵਰੀ ਤੋਂ ਮੁੜ ਪਵੇਗੀ ਹੱਡ ਭੰਨਵੀਂ ਠੰਡ
ਉੱਤਰ ਪ੍ਰਦੇਸ਼ 'ਚ ਸੀਤ ਲਹਿਰ
ਉੱਤਰ ਪ੍ਰਦੇਸ਼ 'ਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਸਥਿਤੀ ਇਹ ਹੈ ਕਿ ਸੰਘਣੀ ਧੁੰਦ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ। ਅੱਜ ਲਖਨਊ ਵਿੱਚ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹੇਗਾ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ 2 ਜਨਵਰੀ ਤੋਂ 10 ਜਨਵਰੀ ਤੱਕ ਸਾਰੇ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਬੋਰਡ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਪਹਿਲੀ ਤੋਂ ਅੱਠਵੀਂ ਜਮਾਤ ਦੀਆਂ ਕਲਾਸਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣਗੀਆਂ। ਮੌਸਮ ਵਿਭਾਗ ਦੀ ਮੰਨੀਏ ਤਾਂ ਸੀਤ ਲਹਿਰ ਦਾ ਕਹਿਰ ਜਾਰੀ ਰਹੇਗਾ ਅਤੇ ਬਰਫੀਲੀਆਂ ਹਵਾਵਾਂ ਲੋਕਾਂ ਨੂੰ ਪਰੇਸ਼ਾਨ ਕਰਦਿਆਂ ਰਹਿਗੀਆਂ।
ਬਿਹਾਰ 'ਚ ਕੜਾਕੇ ਦੀ ਠੰਡ
ਉੱਤਰ ਪ੍ਰਦੇਸ਼ ਵਾਂਗ ਬਿਹਾਰ 'ਚ ਵੀ ਕੜਾਕੇ ਦੀ ਠੰਡ ਨੇ ਲੋਕਾਂ ਦੀ ਹਾਲਤ ਤਰਸਯੋਗ ਬਣਾ ਦਿੱਤੀ ਹੈ। ਹਾਲਾਤ ਇਹ ਬਣ ਗਏ ਹਨ ਕਿ ਲੋਕ ਘਰਾਂ ਵਿੱਚ ਰਹਿਣ ਲਈ ਮਜਬੂਰ ਹਨ। ਦੱਸ ਦੇਈਏ ਕਿ ਇੱਥੇ ਪਾਰਾ ਚਾਰ ਡਿਗਰੀ ਹੇਠਾਂ ਆ ਗਿਆ ਹੈ, ਜਿਸ ਕਾਰਨ ਕੰਬਣੀ ਛਿੜ ਗਈ ਹੈ। ਠੰਡ ਵਧਣ ਦੇ ਨਾਲ-ਨਾਲ ਸੰਘਣੀ ਧੁੰਦ ਕਾਰਨ ਲੋਕ ਖੱਜਲ-ਖੁਆਰ ਹੋ ਰਹੇ ਹਨ। ਫਿਲਹਾਲ, ਮੌਸਮ ਵਿਭਾਗ ਨੇ ਹੋਰ ਠੰਡ ਵਧਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : 31 ਦਸੰਬਰ ਤੱਕ ਸੀਤ ਲਹਿਰ ਤੋਂ ਰਾਹਤ, 1 ਜਨਵਰੀ ਤੋਂ ਮੁੜ ਠੰਡ ਦੇ ਡਬਲ ਅਟੈਕ ਨਾਲ ਆਫ਼ਤ
ਅਗਲੇ ਪੰਜ ਦਿਨਾਂ ਤੱਕ ਸੰਘਣੀ ਧੁੰਦ
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਅਗਲੇ ਪੰਜ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਹਾਲਾਤ ਜਾਰੀ ਰਹਿਣਗੇ। ਉੱਤਰਾਖੰਡ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਰਾਤ ਅਤੇ ਸਵੇਰ ਵੇਲੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਭਾਰਤ ਦੇ ਕਈ ਹਿੱਸਿਆਂ ਅਤੇ ਉੱਤਰ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ।
Summary in English: Fog from Punjab to Delhi, next 2-3 days full of trouble, mercury likely to fall further