Weather Forecast: ਇਸ ਸਮੇਂ ਭਾਰਤ 'ਚ ਗਰਮੀ ਆਪਣੇ ਸਿਖਰ 'ਤੇ ਹੈ। ਹਾਲਾਂਕਿ, ਦੇਸ਼ ਦੇ ਕੁਝ ਸੂਬਿਆਂ ਵਿੱਚ ਮੀਂਹ-ਤੂਫ਼ਾਨ-ਗੜੇਮਾਰੀ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ 30 ਅਪ੍ਰੈਲ ਨੂੰ ਪੱਛਮੀ ਬੰਗਾਲ, ਉੜੀਸਾ ਅਤੇ ਬਿਹਾਰ ਵਿੱਚ ਤੇਜ਼ ਗਰਮੀ ਦੀ ਸੰਭਾਵਨਾ ਹੈ। ਜਦੋਂਕਿ, ਪੰਜਾਬ, ਹਰਿਆਣਾ, ਮਹਾਰਾਸ਼ਟਰ, ਛੱਤੀਸਗੜ੍ਹ ਅਤੇ ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ।
ਦਿੱਲੀ ਦਾ ਮੌਸਮ
ਰਾਜਧਾਨੀ ਦਿੱਲੀ ਵਿੱਚ 1 ਮਈ ਤੱਕ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 4 ਮਈ ਨੂੰ ਦਿੱਲੀ 'ਚ ਬਿਜਲੀ ਚਮਕਣ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 35 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ, ਜਦੋਂਕਿ ਘੱਟੋ-ਘੱਟ ਤਾਪਮਾਨ 21 ਤੋਂ 25 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੱਜ ਯਾਨੀ 30 ਅਪ੍ਰੈਲ ਨੂੰ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਹੋ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਅੱਜ ਦਿਨ ਵੇਲੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ।
ਹਰਿਆਣਾ ਦਾ ਮੌਸਮ
ਹਰਿਆਣਾ 'ਚ ਇੱਕ ਵਾਰ ਫਿਰ ਤੋਂ ਮੌਸਮ ਬਦਲ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਦੇਖਣ ਨੂੰ ਮਿਲ ਰਹੀ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਕਾਰਨ ਦਿਨ ਦਾ ਵੱਧ ਤੋਂ ਵੱਧ ਤਾਪਮਾਨ 2 ਡਿਗਰੀ ਤੱਕ ਡਿੱਗ ਗਿਆ ਹੈ, ਜਿਸ ਕਾਰਨ ਲੋਕਾਂ ਨੇ ਗਰਮੀ ਤੋਂ ਰਾਹਤ ਦਾ ਸਾਹ ਲਿਆ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਅਪ੍ਰੈਲ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਇਹ ਗਿਰਾਵਟ ਆਮ ਨਾਲੋਂ 4 ਡਿਗਰੀ ਘੱਟ ਹੈ। ਖ਼ਰਾਬ ਮੌਸਮ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।
ਹੀਟਵੇਵ ਅਲਰਟ
ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਪੂਰਬੀ ਭਾਰਤ ਵਿੱਚ 1 ਮਈ ਤੱਕ ਹੀਟਵੇਵ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਹ ਹੌਲੀ-ਹੌਲੀ ਇਹ ਘੱਟ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 30 ਅਪ੍ਰੈਲ, 2024 ਨੂੰ ਬਿਹਾਰ ਦੇ ਜ਼ਿਆਦਾਤਰ ਹਿੱਸਿਆਂ, ਪੱਛਮੀ ਬੰਗਾਲ, ਝਾਰਖੰਡ, ਸੌਰਾਸ਼ਟਰ, ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲਸੀਮਾ ਅਤੇ ਅੰਦਰੂਨੀ ਕਰਨਾਟਕ ਦੇ ਅਲੱਗ-ਥਲੱਗ ਥਾਵਾਂ 'ਤੇ ਲੂ ਦੀ ਸੰਭਾਵਨਾ ਹੈ।
ਮੌਸਮ ਦੀ ਗਤੀਵਿਧੀ
ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਮੁਤਾਬਕ ਅੱਜ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਵੀ ਹੋ ਸਕਦੀ ਹੈ। ਉੱਤਰ-ਪੂਰਬੀ ਭਾਰਤ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਿਸ਼ ਦੇ ਨਾਲ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਵਿਦਰਭ, ਮਰਾਠਵਾੜਾ, ਤੇਲੰਗਾਨਾ, ਛੱਤੀਸਗੜ੍ਹ ਅਤੇ ਦੱਖਣੀ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗੜੇਮਾਰੀ ਹੋ ਸਕਦੀ ਹੈ। ਉੱਤਰੀ ਹਰਿਆਣਾ ਅਤੇ ਉੱਤਰ-ਪੱਛਮੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਅਤੇ ਤੂਫ਼ਾਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, IMD ਨੇ ਮੱਧ ਭਾਰਤ ਦੇ ਕਈ ਸੂਬਿਆਂ ਵਿੱਚ ਲੂ ਦਾ ਅਲਰਟ ਵੀ ਜਾਰੀ ਕੀਤਾ ਹੈ।
Summary in English: Heatwave alert in Bengal-Bihar, rain-storm-hailstorm in Punjab-Haryana, read this Big Update released by IMD