Weather Today: ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਦੇ ਵਿਚਕਾਰ ਪਹਾੜੀ ਖੇਤਰਾਂ ਵਿੱਚ ਦੋ ਦਿਨਾਂ ਤੱਕ ਭਾਰੀ ਬਰਫ਼ਬਾਰੀ ਹੋਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਯਾਨੀ ਵੀਰਵਾਰ ਨੂੰ ਵੱਧ ਤੋਂ ਵੱਧ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਸ਼ੁੱਕਰਵਾਰ ਨੂੰ ਪਹਾੜੀ ਇਲਾਕਿਆਂ 'ਚ ਮੌਸਮ ਸਾਫ ਰਹੇਗਾ ਪਰ ਸ਼ਨੀਵਾਰ ਅਤੇ ਐਤਵਾਰ ਨੂੰ ਇਕ ਵਾਰ ਫਿਰ ਤੋਂ ਭਾਰੀ ਬਰਫਬਾਰੀ ਹੋ ਸਕਦੀ ਹੈ।
ਦੱਸ ਦੇਈਏ ਕਿ ਉੱਤਰੀ-ਪੱਛਮੀ ਹਿਮਾਲੀਅਨ ਖੇਤਰ ਵਿੱਚ ਪੱਛਮੀ ਗੜਬੜੀ ਦੀ ਗਤੀਵਿਧੀ ਦਾ ਪ੍ਰਭਾਵ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਦੇਸ਼ ਦੇ ਸਾਰੇ ਪਹਾੜੀ ਖੇਤਰਾਂ ਵਿੱਚ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਪਹਾੜੀ ਸੂਬਿਆਂ 'ਚ ਹੋ ਰਹੀ ਬਰਫਬਾਰੀ ਅਤੇ ਮੀਂਹ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਸਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਵਰਗੇ ਸੂਬੇ ਠੰਡੇ ਹੁੰਦੇ ਜਾ ਰਹੇ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਹਾਲੇ ਕੁਝ ਦਿਨ ਹੋਰ ਲੋਕਾਂ ਨੂੰ ਸਰਦੀ ਤੋਂ ਰਾਹਤ ਨਹੀਂ ਮਿਲਣ ਵਾਲੀ। ਅਜਿਹਾ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਤਾਜ਼ਾ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੀਂਹ ਦਾ ਇਹ ਸਿਲਸਿਲਾ 4 ਫਰਵਰੀ ਤੱਕ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ-ਹਰਿਆਣਾ-ਚੰਡੀਗੜ੍ਹ ਦੇ ਕੁਝ ਹਿੱਸਿਆਂ 'ਚ ਮੀਂਹ ਪੈ ਰਿਹਾ ਹੈ, ਜਿਸ ਕਾਰਨ ਪਾਰਾ ਹੋਰ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ 4 ਫਰਵਰੀ ਤੱਕ ਮੀਂਹ ਦਾ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਫਿਲਹਾਲ, ਮੌਸਮ ਵਿਭਾਗ ਨੇ ਅਗਲੇ ਇੱਕ ਹਫ਼ਤੇ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦੋ ਪੜਾਵਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਸਵੇਰ ਤੋਂ ਬਹੁਤ ਸੰਘਣੀ ਧੁੰਦ ਜਾਰੀ ਰਹਿ ਸਕਦੀ ਹੈ। ਜੰਮੂ ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਇੱਕ-ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਦੇ ਕੁਝ ਹਿੱਸਿਆਂ, ਦੱਖਣੀ ਕੇਰਲ, ਦੱਖਣੀ ਤਾਮਿਲਨਾਡੂ, ਪੱਛਮੀ ਬੰਗਾਲ, ਸਿੱਕਮ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ।
Summary in English: Weather Forecast: Heavy rain in Punjab till February 4, change in weather expected after February 10