Weather Forecast: ਪਿਛਲੇ ਕੁਝ ਦਿਨਾਂ ਤੋਂ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਸੂਬਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਇਸ ਤੋਂ ਇਲਾਵਾ ਤਾਪਮਾਨ 'ਚ ਵੀ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਇੰਨੀ ਘੱਟ ਗਈ ਹੈ ਕਿ ਸੜਕਾਂ 'ਤੇ ਵਾਹਨ ਚਲਾਉਣਾ ਵੀ ਮੁਸ਼ਕਲ ਹੋ ਗਿਆ ਹੈ। ਘੱਟ ਵਿਜ਼ੀਬਿਲਟੀ ਕਾਰਨ ਟਰੇਨਾਂ ਅਤੇ ਫਲਾਈਟਾਂ ਵੀ ਤੈਅ ਸਮੇਂ ਤੋਂ ਪਿੱਛੇ ਚੱਲ ਰਹੀਆਂ ਹਨ। ਪੂਰੇ ਉੱਤਰ ਭਾਰਤ 'ਚ ਧੁੰਦ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ, 1 ਜਨਵਰੀ ਦੀ ਸਵੇਰ ਨੂੰ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਮੌਸਮ ਵਿਭਾਗ ਨੇ ਇਸ ਸਬੰਧੀ ਰੈੱਡ ਅਲਰਟ ਜਾਰੀ ਕੀਤਾ ਹੈ। ਆਈਐਮਡੀ ਦੇ ਅਨੁਸਾਰ, ਨਵੇਂ ਸਾਲ ਦੇ ਮੌਕੇ 'ਤੇ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸਦੇ ਆਸਪਾਸ ਦੇ ਖੇਤਰਾਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਇਲਾਕਿਆਂ 'ਚ ਵੀ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ, ਜਿਸ ਕਾਰਨ ਵਿਜ਼ੀਬਿਲਟੀ ਵੀ ਘੱਟ ਜਾਵੇਗੀ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ
● ਦੱਖਣੀ ਤਾਮਿਲਨਾਡੂ ਅਤੇ ਕੇਰਲ 'ਚ ਇਕ-ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋਈ।
● ਅਸਾਮ, ਪੰਜਾਬ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਬਹੁਤ ਸੰਘਣੀ ਧੁੰਦ ਦੇਖੀ ਗਈ।
● ਰਾਜਸਥਾਨ ਅਤੇ ਮੱਧ ਪ੍ਰਦੇਸ਼ 'ਚ ਇਕ-ਦੋ ਥਾਵਾਂ 'ਤੇ ਸੰਘਣੀ ਧੁੰਦ ਦੇਖਣ ਨੂੰ ਮਿਲੀ।
● ਉੱਤਰ ਪ੍ਰਦੇਸ਼ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਠੰਡੇ ਦਿਨ ਤੋਂ ਲੈ ਕੇ ਗੰਭੀਰ ਠੰਡੇ ਦਿਨ ਦੇ ਹਾਲਾਤ ਦੇਖੇ ਗਏ, ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਠੰਡੇ ਦਿਨ ਦੇ ਹਾਲਾਤ ਦੇਖੇ ਗਏ।
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ
● ਅੱਜ ਪੱਛਮੀ ਹਿਮਾਲਿਆ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ।
● 1 ਤੋਂ 3 ਜਨਵਰੀ ਦੇ ਵਿਚਕਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਅਗਲੇ 2 ਤੋਂ 3 ਦਿਨਾਂ ਦੌਰਾਨ ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਅਤੇ ਅਗਲੇ 48 ਘੰਟਿਆਂ ਦੌਰਾਨ ਹਰਿਆਣਾ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ।
● ਅਗਲੇ 24 ਘੰਟਿਆਂ ਦੌਰਾਨ ਉੱਤਰਾਖੰਡ, ਉੱਤਰੀ ਮੱਧ ਪ੍ਰਦੇਸ਼, ਉੱਤਰੀ ਰਾਜਸਥਾਨ, ਝਾਰਖੰਡ, ਪੱਛਮੀ ਬੰਗਾਲ, ਉੜੀਸਾ, ਬਿਹਾਰ, ਅਸਾਮ, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।
● ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ, ਮੱਧ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਇੱਕ ਜਾਂ ਦੋ ਸਥਾਨਾਂ 'ਤੇ ਠੰਡੇ ਦਿਨ ਦੇ ਹਾਲਾਤ ਬਣ ਸਕਦੇ ਹਨ।
ਸਰੋਤ: ਇਹ ਜਾਣਕਾਰੀ IMD ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Conditions may worsen from January 3, dense fog is expected during the next 48 hours