Weather Forecast: ਪੂਰੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਪਹਾੜਾਂ ਤੋਂ ਨਿਕਲਣ ਵਾਲੀਆਂ ਠੰਡੀਆਂ ਹਵਾਵਾਂ ਮੈਦਾਨੀ ਇਲਾਕਿਆਂ 'ਚ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀਆਂ ਹਨ।
ਗੱਲ ਪੰਜਾਬ ਅਤੇ ਹਰਿਆਣਾ ਦੀ ਕਰੀਏ ਤਾਂ ਇੱਥੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੰਦ ਦੇ ਨਜ਼ਾਰੇ ਦੇਖਣ ਨੂੰ ਮਿਲ ਰਹੇ ਹਨ, ਜਿਸਦੇ ਚਲਦਿਆਂ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ 15 ਜਨਵਰੀ ਤੋਂ ਮੌਸਮ 'ਚ ਬਦਲਾਅ ਆਉਣ ਦੀ ਉਮੀਦ ਹੈ।
ਸੜਕ-ਰੇਲ ਆਵਾਜਾਈ ਪ੍ਰਭਾਵਿਤ
ਵੀਰਵਾਰ ਨੂੰ ਦੇਸ਼ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਸੰਘਣੀ ਧੁੰਦ ਨੇ ਸੜਕ ਅਤੇ ਰੇਲ ਆਵਾਜਾਈ ਨੂੰ ਪ੍ਰਭਾਵਿਤ ਕੀਤਾ। ਮਿਲੀ ਜਾਣਕਾਰੀ ਮੁਤਾਬਕ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 24 ਟਰੇਨਾਂ ਦਾ ਸਮਾਂ ਪ੍ਰਭਾਵਿਤ ਹੋਇਆ ਹੈ। ਧੁੰਦ ਕਾਰਨ ਛੋਟੇ ਵਾਹਨਾਂ, ਰੇਲ ਗੱਡੀਆਂ ਅਤੇ ਉਡਾਣਾਂ ਦਾ ਸਮਾਂ ਵੀ ਵਿਗੜ ਗਿਆ ਹੈ। ਜਦੋਂਕਿ, ਕਈ ਟਰੇਨਾਂ ਦਾ ਸਮਾਂ ਬਦਲਿਆ ਗਿਆ ਹੈ ਅਤੇ ਕੁਝ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਪੰਜਾਬ-ਹਰਿਆਣਾ 'ਚ ਧੁੰਦ ਦਾ ਕਹਿਰ
ਪੰਜਾਬ 'ਚ ਸੰਘਣੀ ਧੁੰਦ ਅਤੇ ਸੀਤ ਲਹਿਰ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ। ਨਵੇਂ ਸਾਲ ਤੋਂ ਬਾਅਦ ਠੰਡ ਹੋਰ ਵੱਧ ਗਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ-ਹਰਿਆਣਾ-ਚੰਡੀਗੜ੍ਹ ਵਿੱਚ ਹਾਲੇ ਠੰਡ ਤੋਂ ਰਾਹਤ ਨਹੀਂ ਮਿਲੇਗੀ। ਵੈਸਟਰਨ ਡਿਸਟਰਬੈਂਸ ਘੱਟ ਹੋਣ ਤੋਂ ਬਾਅਦ ਸੁੱਕੀ ਠੰਢ ਲੋਕਾਂ ਨੂੰ ਪਰੇਸ਼ਾਨ ਕਰੇਗੀ। ਹਰਿਆਣਾ ਦੀ ਗੱਲ ਕਰੀਏ ਤਾਂ ਇਥੇ ਸੀਤ ਲਹਿਰ ਕਾਰਨ ਕਾਂਬਾ ਛਿੜਿਆ ਹੋਇਆ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਹਰਿਆਣਾ ਵਿੱਚ ਸਮੋਗ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ
ਮੌਸਮ ਵਿਭਾਗ ਮੁਤਾਬਕ ਦੱਖਣੀ ਤਾਮਿਲਨਾਡੂ ਅਤੇ ਲਕਸ਼ਦੀਪ ਵਿਚ 1 ਜਾਂ 2 ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਉੱਤਰੀ ਰਾਜਸਥਾਨ ਦੇ ਕੁਝ ਸਥਾਨਾਂ 'ਤੇ ਸਵੇਰੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਅਸਾਮ, ਮੇਘਾਲਿਆ, ਮਿਜ਼ੋਰਮ, ਤ੍ਰਿਪੁਰਾ, ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰੀ ਮੱਧ ਪ੍ਰਦੇਸ਼, ਉੜੀਸਾ, ਬਿਹਾਰ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈ ਸਕਦੀ ਹੈ। ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ 'ਚ ਕੁਝ ਥਾਵਾਂ 'ਤੇ ਸ਼ੀਤ ਲਹਿਰ ਦੀ ਸੰਭਾਵਨਾ ਹੈ।
Summary in English: Weather Today: Temperature is falling rapidly in Punjab, the weather will change from January 15