Weather Forecast: ਇਸ ਸਮੇਂ ਭਾਰਤ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਜੇਕਰ ਦੇਖਿਆ ਜਾਵੇ ਤਾਂ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਸ਼ਹਿਰਾਂ 'ਚ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਹੋ ਰਿਹਾ ਹੈ। ਦੁਪਹਿਰ ਦੀ ਤੇਜ਼ ਧੁੱਪ ਲੋਕਾਂ ਦੀ ਚਮੜੀ ਨੂੰ ਸਾੜ ਰਹੀ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਅੱਜ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਜਾਰੀ ਕੀਤੀ ਹੈ।
ਆਈਐਮਡੀ ਦੇ ਅਨੁਸਾਰ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅੱਜ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦਿਨ ਤੋਂ ਪੰਜਾਬ 'ਚ ਵੈਸਟਰਨ ਡਿਸਟਰਬੈਂਸ ਇਕ ਵਾਰ ਫਿਰ ਸਰਗਰਮ ਹੋ ਰਿਹਾ ਹੈ, ਜਿਸ ਤੋਂ ਬਾਅਦ ਸੂਬੇ ਵਿੱਚ ਬਾਰਿਸ਼ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ
ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਸੂਬੇ ਦੇ ਸ਼ਹਿਰਾਂ ਵਿੱਚ ਤਾਪਮਾਨ 42 ਦੇ ਪਾਰ ਪਹੁੰਚ ਗਿਆ ਹੈ। ਅੰਦਾਜ਼ਾ ਹੈ ਕਿ 10 ਮਈ ਤੱਕ ਤਾਪਮਾਨ ਹੋਰ ਉੱਪਰ ਪਹੁੰਚ ਜਾਵੇਗਾ। ਹਾਲਾਂਕਿ, ਮੌਸਮ ਵਿਭਾਗ ਨੇ ਗਰਮੀ ਤੋਂ ਰਾਹਤ ਮਿਲਣ ਦੀ ਵੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 9 ਮਈ ਤੋਂ ਪੰਜਾਬ 'ਚ ਵੈਸਟਰਨ ਡਿਸਟਰਬੈਂਸ ਇਕ ਵਾਰ ਫਿਰ ਸਰਗਰਮ ਹੋ ਰਿਹਾ ਹੈ, ਜਿਸ ਤੋਂ ਬਾਅਦ ਬਾਰਿਸ਼ ਦੀ ਵੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।
ਦਿੱਲੀ ਦਾ ਮੌਸਮ
ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਗਰਮੀ ਦਾ ਕਹਿਰ ਵੀ ਹੌਲੀ-ਹੌਲੀ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 9 ਮਈ ਨੂੰ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ IMD ਦਾ ਇਹ ਵੀ ਕਹਿਣਾ ਹੈ ਕਿ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 41 ਅਤੇ 42 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਬਿਹਾਰ ਦਾ ਮੌਸਮ
ਬਿਹਾਰ 'ਚ ਮੰਗਲਵਾਰ ਨੂੰ ਭਿਆਨਕ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਭਾਰੀ ਤੂਫ਼ਾਨ ਅਤੇ ਮੀਂਹ ਕਾਰਨ ਪਟਨਾ ਸਮੇਤ 6 ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਯਾਨੀ 8 ਮਈ ਨੂੰ ਵੀ ਬਿਹਾਰ ਦੇ 8 ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲ ਸਕਦੀ ਹੈ।
ਮੀਂਹ ਅਤੇ ਲੂ ਦੀ ਚਿਤਾਵਨੀ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਉੜੀਸਾ ਵਿੱਚ 10 ਅਤੇ 11 ਮਈ ਤੱਕ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਵੀ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਤੱਟੀ ਆਂਧਰਾ ਪ੍ਰਦੇਸ਼, ਯਾਨਮ, ਰਾਇਲਸੀਮਾ, ਤੇਲੰਗਾਨਾ ਅਤੇ ਕਰਨਾਟਕ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਆਈਐਮਡੀ ਦੇ ਅਨੁਸਾਰ, 09-12 ਮਈ ਦੌਰਾਨ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਹਰਿਆਣਾ-ਚੰਡੀਗੜ੍ਹ, ਪੰਜਾਬ ਅਤੇ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ਦੌਰਾਨ ਉੱਤਰ ਪ੍ਰਦੇਸ਼, ਦੱਖਣੀ ਰਾਜਸਥਾਨ ਵਿੱਚ ਤੇਜ਼ ਸਤਹੀ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟੇ) ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਰਾਇਲਸੀਮਾ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਦੱਖਣੀ ਅੰਦਰੂਨੀ ਕਰਨਾਟਕ ਅਤੇ ਕੇਰਲ ਦੇ ਵੱਖ-ਵੱਖ ਇਲਾਕਿਆਂ 'ਚ ਲੂ ਚੱਲਣ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਦੌਰਾਨ ਤਾਮਿਲਨਾਡੂ, ਪੁਡੂਚੇਰੀ ਅਤੇ ਗੁਜਰਾਤ ਖੇਤਰ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਰਹਿਣ ਦੀ ਸੰਭਾਵਨਾ ਹੈ। ਕੇਰਲਾ ਅਤੇ ਮਾਹੇ ਦੇ ਵੱਖ-ਵੱਖ ਸਥਾਨਾਂ 'ਤੇ ਗਰਮ ਰਾਤ ਦੀਆਂ ਸਥਿਤੀਆਂ ਜਾਰੀ ਰਹਿ ਸਕਦੀਆਂ ਹਨ।
Summary in English: Weather Today: Temperature reached 44 degrees in Punjab, forecast of rain by Meteorological Department