Super Seeder Machine: ਖੇਤੀ ਲਾਗਤਾਂ ਘਟਾਉਣ ਵਿੱਚ ਖੇਤੀ ਮਸ਼ੀਨਾਂ ਦੀ ਵਰਤੋਂ ਲਾਹੇਵੰਦ ਸਾਬਤ ਹੋ ਰਹੀ ਹੈ। ਭਾਵੇਂ ਸਰਕਾਰਾਂ ਹੋਣ ਜਾਂ ਖੇਤੀਬਾੜੀ ਯੂਨੀਵਰਸਿਟੀਆਂ, ਕਿਸਾਨਾਂ ਨੂੰ ਖੇਤੀ ਸੰਦ ਵਰਤਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੇ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਕਿਸਾਨਾਂ ਨੂੰ ਖੇਤੀ ਮਸ਼ੀਨਾਂ ਦੀ ਖਰੀਦ 'ਤੇ ਚੰਗੀ ਸਬਸਿਡੀ ਵੀ ਦੇ ਰਹੀਆਂ ਹਨ। ਅਜਿਹੇ 'ਚ ਅੱਜ ਅਸੀਂ ਗੱਲ ਕਰਾਂਗੇ ਸੁਪਰ ਸੀਡਰ ਬਾਰੇ...
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀਆਂ ਗਈਆਂ ਮਸ਼ੀਨਾਂ ਰਾਹੀਂ ਪਰਾਲੀ ਨੂੰ ਖੇਤ ਵਿੱਚ ਹੀ ਸਾਂਭਣ ਵਿੱਚ ਮਦਦ ਮਿਲਦੀ ਹੈ। ਤਜਰਬੇ ਇਹ ਦੱਸਦੇ ਹਨ ਕਿ ਝੋਨੇ-ਕਣਕ ਫ਼ਸਲੀ ਚੱਕਰ ਵਿੱਚ ਝੋਨੇ ਦੀ ਪਰਾਲੀ ਲਗਾਤਾਰ ਤਿੰਨ ਸਾਲ ਲਈ ਖੇਤ ਵਿੱਚ ਵਾਹੁਣ ਜਾਂ ਰੱਖਣ ਨਾਲ ਕਣਕ ਦਾ ਝਾੜ ਵੱਧਦਾ ਹੈ, ਜ਼ਮੀਨ ਦੀ ਸਿਹਤ ਸੁਧਰਦੀ ਹੈ ਅਤੇ ਖਾਦਾਂ ਦੀ ਵਰਤੋਂ ਵੀ ਘੱਟਦੀ ਹੈ। ਅਜਿਹੇ 'ਚ ਅੱਜ ਅਸੀਂ ਸੁਪਰ ਸੀਡਰ ਬਾਰੇ ਜਾਣਕਾਰੀ ਸਾਂਝੀ ਕਰਨ ਜਾ ਰਹੇ ਹਾਂ।
ਤੁਹਾਨੂੰ ਦੱਸ ਦੇਈਏ ਕਿ ਸੁਪਰ ਸੀਡਰ ਮਸ਼ੀਨ ਨਾਲ ਪਰਾਲੀ ਦੇ ਪ੍ਰਬੰਧਨ ਦੇ ਨਾਲ-ਨਾਲ ਫ਼ਸਲ ਦੀ ਬਿਜਾਈ ਦਾ ਕੰਮ ਆਸਾਨੀ ਨਾਲ ਕੀਤਾ ਜਾਂਦਾ ਹੈ। ਸੁਪਰ ਸੀਡਰ ਨੂੰ ਟਰੈਕਟਰ ਨਾਲ ਜੋੜ ਕੇ ਵਰਤਿਆ ਜਾਂਦਾ ਹੈ ਅਤੇ ਇਹ ਨਦੀਨਾਂ ਦੀ ਸਮੱਸਿਆ ਨੂੰ ਵੀ ਹੱਲ ਕਰਦਾ ਹੈ। ਝੋਨੇ ਜਾਂ ਕਣਕ ਦੀ ਕਟਾਈ ਤੋਂ ਬਾਅਦ ਇਹ ਮਸ਼ੀਨ ਫ਼ਸਲ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਖਿਲਾਰ ਦਿੰਦੀ ਹੈ, ਜੋ ਖਾਦ ਵਿੱਚ ਬਦਲ ਜਾਂਦੀ ਹੈ ਅਤੇ ਫ਼ਸਲ ਦੀ ਉਤਪਾਦਕਤਾ ਵਿੱਚ ਵਾਧਾ ਕਰਦੀ ਹੈ।
ਇਹ ਵੀ ਪੜ੍ਹੋ: Super SMS Combine ਰਾਹੀਂ ਕਰੋ ਝੋਨੇ ਦੀ ਪਰਾਲੀ ਦੀ ਸੰਭਾਲ
ਸੁਪਰ ਸੀਡਰ
ਸੁਪਰ ਸੀਡਰ ਮਸ਼ੀਨ ਵਿੱਚ ਅੱਗੇ ਰੋਟਾਵੇਟਰ ਵਾਲਾ ਸਿਸਟਮ ਲੱਗਾ ਹੁੰਦਾ ਜੋ ਕਿ ਸਾਰੀ ਪਰਾਲੀ ਨੂੰ ਮਿੱਟੀ ਵਿੱਚ ਮਿਲਾਉਂਦਾ ਹੈ ਅਤੇ ਪਿੱਛੇ ਬੀਜ ਕੇਰਨ ਵਾਲਾ ਸਿਸਟਮ ਲੱਗਾ ਹੁੰਦਾ ਹੈ। ਇਸ ਮਸ਼ੀਨ ਨਾਲ ਕੀਤੀ ਬਿਜਾਈ ਕਿਸਾਨ ਵੀਰਾਂ ਨੂੰ ਬਹੁਤ ਪਸੰਦ ਆਉਂਦੀ ਹੈ ਕਿਉਂਕਿ ਖੇਤ ਦੇਖਣ ਵਿੱਚ ਸਾਫ ਲਗਦਾ ਹੈ। ਇਸ ਮਸ਼ੀਨ ਨੂੰ ਵਰਤਣ ਸਮੇਂ ਖੇਤ ਵਿੱਚ ਨਮੀ ਦੀ ਮਾਤਰਾ ਆਮ ਵੱਤਰ ਨਾਲੋਂ ਜ਼ਿਆਦਾ ਹੋਣੀ ਚਾਹੀਦੀ ਹੈ। ਬਿਜਾਈ ਦੇ ਮੂਹਰੇ 25 ਕਿੱਲੋ ਯੂਰੀਆ ਦਾ ਛੱਟਾ ਦੇ ਦੇਣਾ ਚਾਹੀਦਾ ਹੈ। ਇਸ ਮਸ਼ੀਨ ਨੂੰ ਚਲਾਉਣ ਲਈ 60 ਜਾਂ ਜ਼ਿਆਦਾ ਹਾਰਸਪਾਵਰ ਦਾ ਟਰੈਕਟਰ ਚਾਹੀਦਾ ਹੈ। ਜਿਸ ਵਿੱਚ ਘੱਟ ਤੋਰੇ ਵਾਲਾ ਗੇਅਰ ਹੋਵੇ।
ਇਹ ਮਸ਼ੀਨ ਇੱਕ ਦਿਨ ਵਿੱਚ 3-4 ਏਕੜ ਵਿੱਚ ਬਿਜਾਈ ਕਰ ਦਿੰਦੀ ਹੈ। ਜਿਹਨਾਂ ਖੇਤਾਂ ਵਿੱਚ ਗੁੱਲੀ-ਡੰਡੇ ਦੀ ਸਮੱਸਿਆ ਬਹੁਤ ਜ਼ਿਆਦਾ ਹੋਵੇ, ਉੱਥੇ ਇਸ ਮਸ਼ੀਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਪਿੱਛੇ ਚੱਲਣ ਵਾਲੇ ਰੋਲਰ ਦੀ ਦਾਬ ਏਨੀ ਕੁ ਰੱਖੋ ਕਿ ਸਖ਼ਤ ਪਰਤ ਨਾ ਬਣੇ, ਨਹੀਂ ਤਾਂ ਕਣਕ ਨੂੰ ਬਾਹਰ ਨਿਕਲਣ ਵਿੱਚ ਦਿੱਕਤ ਆਉਂਦੀ ਹੈ। ਇਸ ਮਸ਼ੀਨ ਦੀ ਵਰਤੋਂ ਲਈ ਵੀ ਝੋਨੇ ਦੀ ਕਟਾਈ ਲਈ ਸੁਪਰ ਐਸ ਐਮ ਐਸ ਵਾਲੀ ਕੰਬਾਈਨ ਦੀ ਵਰਤੋਂ ਯਕੀਨੀ ਬਣਾਉ।
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)
Summary in English: Super Seeder is a boon for Farmers