1. Home
  2. ਬਾਗਵਾਨੀ

Mentha Cultivation ਲਈ 4 ਵਧੀਆ ਕਿਸਮਾਂ, ਝਾੜ 100 ਤੋਂ 125 ਕੁਇੰਟਲ ਪ੍ਰਤੀ ਏਕੜ

ਅੱਜ-ਕੱਲ੍ਹ ਬਹੁਤੇ ਕਿਸਾਨਾਂ ਦਾ ਝੁਕਾਅ ਪੁਦੀਨੇ ਦੀ ਕਾਸ਼ਤ ਵੱਲ ਹੈ ਕਿਉਂਕਿ ਪੁਦੀਨੇ ਦੀ ਕਾਸ਼ਤ ਕਰਨ ਨਾਲ ਨਾ ਤਾਂ ਕੀੜੇ-ਮਕੌੜਿਆਂ ਦਾ ਕੋਈ ਡਰ ਰਹਿੰਦਾ ਹੈ ਅਤੇ ਨਾ ਹੀ ਫ਼ਸਲਾਂ ਵਿੱਚ ਮੀਂਹ ਦੇ ਪਾਣੀ ਦਾ ਕੋਈ ਖੌਫ਼ ਹੁੰਦਾ ਹੈ।

Gurpreet Kaur Virk
Gurpreet Kaur Virk
ਪੁਦੀਨੇ ਦੀਆਂ 4 ਵਧੀਆ ਕਿਸਮਾਂ

ਪੁਦੀਨੇ ਦੀਆਂ 4 ਵਧੀਆ ਕਿਸਮਾਂ

Profitable Farming: ਅਸੀਂ ਸਾਰੇ ਪੁਦੀਨੇ ਦੀ ਚਟਨੀ ਨੂੰ ਕਾਫੀ ਪਸੰਦ ਕਰਦੇ ਹਾਂ। ਪਰ ਕੀ ਤੁਸੀਂ ਕਦੇ ਪੁਦੀਨੇ ਦੀ ਖੇਤੀ ਵੱਲ ਧਿਆਨ ਦਿੱਤਾ ਹੈ? ਕਿਉਂਕਿ ਇਸ ਤੋਂ ਜੋ ਮੋਟਾ ਮੁਨਾਫਾ ਹਾਸਿਲ ਹੁੰਦਾ ਹੈ ਉਹ ਵੀ ਬਹੁਤ ਮਸਾਲੇਦਾਰ ਹੁੰਦਾ ਹੈ। ਸਰਦੀਆਂ ਵਿੱਚ ਜਾਪਾਨੀ ਪੁਦੀਨੇ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ। ਅੱਜਕੱਲ੍ਹ ਬਹੁਤ ਸਾਰੇ ਕਿਸਾਨਾਂ ਦਾ ਰੁਝਾਨ ਪੁਦੀਨੇ ਦੀ ਕਾਸ਼ਤ ਵੱਲ ਨਜ਼ਰ ਆ ਰਿਹਾ ਹੈ। ਕਿਉਂਕਿ ਪੁਦੀਨੇ ਦੀ ਕਾਸ਼ਤ ਕਰਦੇ ਸਮੇਂ ਨਾ ਤਾਂ ਕੀੜੇ-ਮਕੌੜਿਆਂ ਦਾ ਫਸਲਾਂ ਵਿੱਚ ਆਉਣ ਦਾ ਡਰ ਰਹਿੰਦਾ ਹੈ ਅਤੇ ਨਾ ਹੀ ਮੀਂਹ ਦੇ ਪਾਣੀ ਦਾ ਕੋਈ ਖੌਫ਼ ਹੁੰਦਾ ਹੈ।

ਪਹਿਲੇ ਸਮਿਆਂ ਵਿੱਚ ਪਹਾੜੀ ਖੇਤਰ ਪੁਦੀਨੇ ਦੀ ਕਾਸ਼ਤ ਲਈ ਢੁਕਵੇਂ ਮੰਨੇ ਜਾਂਦੇ ਸਨ, ਪਰ ਅੱਜਕੱਲ੍ਹ ਹਰ ਥਾਂ ਪੁਦੀਨੇ ਦੀ ਕਾਸ਼ਤ ਕੀਤੀ ਜਾ ਰਹੀ ਹੈ। ਭਾਰਤੀ ਉਦਯੋਗਾਂ ਵਿੱਚ ਪੁਦੀਨੇ ਤੋਂ ਬਣੇ ਉਤਪਾਦਾਂ ਵਿੱਚ ਭਾਰੀ ਵਾਧਾ ਹੋਇਆ ਹੈ। ਖਾਸ ਕਰਕੇ ਫਾਰਮਾਸਿਊਟੀਕਲ ਕੰਪਨੀਆਂ ਇਸ ਦੀ ਵੱਡੀ ਗਿਣਤੀ 'ਚ ਵਰਤੋਂ ਕਰ ਰਹੀਆਂ ਹਨ। ਬਾਜ਼ਾਰ ਵਿੱਚ ਮੈਂਥਾ ਆਇਲ 850 ਤੋਂ 900 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕਦਾ ਹੈ। ਪੁਦੀਨੇ ਵਿੱਚ ਮੌਜੂਦ ਔਸ਼ਧੀ ਤੱਤਾਂ ਕਾਰਨ ਇਸਦੀ ਮੰਗ ਪੂਰੀ ਦੁਨੀਆ ਵਿੱਚ ਲਗਾਤਾਰ ਵੱਧ ਰਹੀ ਹੈ ਅਤੇ ਇਸ ਕਰਕੇ ਕੁਝ ਹੀ ਦਿਨਾਂ ਵਿੱਚ ਇਸ ਦੀ ਕਾਸ਼ਤ ਕਰਕੇ ਲੱਖਾਂ ਰੁਪਏ ਦਾ ਮੁਨਾਫਾ ਲਿਆ ਜਾ ਸਕਦਾ ਹੈ।

ਮੌਸਮ:

ਇਸ ਦੀ ਕਾਸ਼ਤ ਪੰਜਾਬ ਦੇ ਸਾਰੇ ਸੇਂਜੂ ਰਕਬੇ ਵਿੱਚ ਕੀਤੀ ਜਾ ਸਕਦੀ ਹੈ। ਇਸ ਦੇ ਵਾਧੇ ਲਈ ਫ਼ਸਲ ਦੇ ਸਮੇਂ ਦੌਰਾਨ 200-250 ਮਿਲੀਮੀਟਰ ਬਾਰਿਸ਼ ਅਤੇ ਚਮਕਦੀ ਧੁੱਪ ਵਾਲੇ ਦਿਨ ਜ਼ਰੂਰੀ ਹਨ।

ਜ਼ਮੀਨ:

ਚੰਗੇ ਜਲ ਨਿਕਾਸ ਵਾਲੀਆਂ ਰੇਤਲੀ ਮੈਰਾ ਤੋਂ ਮੈਰਾ ਜ਼ਮੀਨਾਂ ਜੋ ਕਲਰਾਠੇਪਣ ਅਤੇ ਸੇਮ ਤੋਂ ਮੁਕਤ ਹੋਣ, ਬਹੁਤ ਢੁਕਵੀਆਂ ਹਨ।

ਫ਼ਸਲ ਚੱਕਰ:

ਮੈਂਥਾ-ਆਲੂ, ਮੈਂਥਾ-ਤੋਰੀਆ, ਮੈਂਥਾ-ਜਵੀ (ਚਾਰਾ), ਮੈਂਥਾ-ਬਾਸਮਤੀ, ਮੈਂਥਾ-ਕਣਕਮੱਕੀ-ਆਲੂ, ਮੈਂਥਾ-ਮੱਕੀ-ਆਲੂ, ਮੈਂਥਾ-ਝੋਨਾ (ਸਿੱਧੀ ਬਿਜਾਈ)-ਆਲੂ, ਮੈਂਥਾ-ਬਾਸਮਤੀ (ਸਿੱਧੀ ਬਿਜਾਈ)-ਆਲੂ

ਉੱਨਤ ਕਿਸਮਾਂ:

ਸਿਮ-ਕ੍ਰਾਂਤੀ (2020): ਇਹ ਮੈਂਥੋਲ ਮਿੰਟ (ਮੈਂਥਾ ਆਰਵੈਨਸਿਜ਼) ਦੀ ਇੱਕ ਵਧੇਰੇ ਝਾੜ ਦੇਣ ਵਾਲੀ ਕਿਸਮ ਹੈ ਅਤੇ ਅਖੀਰ ਜਨਵਰੀ ਤੋਂ ਅੱਧ ਫਰਵਰੀ ਤੱਕ ਬਿਜਾਈ ਲਈ ਢੁੱਕਵੀਂ ਹੈ। ਇਸ ਦਾ ਔਸਤ ਝਾੜ 110 ਕੁਇੰਟਲ ਪ੍ਰਤੀ ਏਕੜ ਹੈ ਅਤੇ ਇਸ ਦੇ ਹਰੇ ਮਾਦੇ (ਤਣਾ ਅਤੇ ਪੱਤੇ) ਵਿੱਚ ਤੇਲ ਦੀ ਮਾਤਰਾ 0.6-0.7% ਹੁੰਦੀ ਹੈ। ਇਹ ਕਿਸਮ ਬਿਜਾਈ ਤੋਂ 140-150 ਦਿਨਾਂ ਬਾਅਦ ਕਟਾਈ ਕਰਨ ਲਈ ਤਿਆਰ ਹੋ ਜਾਂਦੀ ਹੈ।

ਕੋਸੀ (2014): ਕੋਸੀ ਮੈਂਥੋਲ ਮਿੰਟ (ਮੈਂਥਾ ਆਰਵੈਨਸਿਜ਼) ਦੀ ਇਕ ਵਧੇਰੇ ਝਾੜ ਦੇਣ ਵਾਲੀ ਕਿਸਮ ਹੈ। ਇਸ ਦੇ ਹਰੇ ਮਾਦੇ (ਤਣਾ ਅਤੇ ਪੱਤੇ) ਦਾ ਔਸਤ ਝਾੜ 100-125 ਕੁਇੰਟਲ ਪ੍ਰਤੀ ਏਕੜ ਹੈ ਅਤੇ ਤੇਲ ਦੀ ਮਾਤਰਾ 0.6-0.7% ਹੁੰਦੀ ਹੈ। ਇਸ ਕਿਸਮ ਦੀ ਬਿਜਾਈ ਤੋਂ 150 ਦਿਨਾਂ ਬਾਅਦ ਕਟਾਈ ਕਰਨ ਤੇ ਹਰੇ ਮਾਦੇ ਅਤੇ ਤੇਲ ਦਾ ਵੱਧ ਝਾੜ ਮਿਲਦਾ ਹੈ।

ਇਹ ਵੀ ਪੜ੍ਹੋ : ਕਿਸਾਨ ਵੀਰ Fennel Cultivation ਤੋਂ ਕਮਾ ਸਕਦੇ ਹਨ ਚੰਗਾ ਮੁਨਾਫਾ, ਜਾਣੋ Advanced Method

ਪੰਜਾਬ ਸਪੀਅਰਮਿੰਟ 1: ਇਸ ਦਾ ਤਣਾ ਟਾਹਣੀਦਾਰ ਵਾਲਾਂ ਵਾਲਾ ਅਤੇ ਜਾਮਣੀ ਹਰੇ ਰੰਗ ਦਾ ਹੁੰਦਾ ਹੈ। ਇਸ ਦੇ ਪੱਤੇ ਲੰਬੂਤਰੇ ਅਤੇ ਕੱਟੇ-ਵੱਢੇ ਹੁੰਦੇ ਹਨ। ਇਸ ਦੇ ਫੁੱਲ ਜਾਮਣੀ ਤੋਂ ਚਿੱਟੇ ਹੁੰਦੇ ਹਨ। ਇਸ ਦੇ ਬੂਟੇ ਸਿਹਤਮੰਦ ਅਤੇ ਫੁੱਲ ਆਉਣ ਤੱਕ ਔਸਤ 75 ਸੈਂਟੀਮੀਟਰ ਉੱਚੇ ਹੋ ਜਾਂਦੇ ਹਨ। ਹਰੇ ਮਾਦੇ (ਤਣਾ ਅਤੇ ਪੱਤੇ) ਦੇ ਆਧਾਰ ਤੇ ਇਸ ਵਿੱਚ 0.57 ਪ੍ਰਤੀਸ਼ਤ ਉਡਣਸ਼ੀਲ ਤੇਲ ਦੀ ਮਾਤਰਾ ਹੁੰਦੀ ਹੈ। ਇਸ ਦੇ ਤੇਲ ਵਿੱਚ ਕਾਰਵੋਨ ਮੁੱਖ ਤੱਤ ਹੈ।

ਰਸ਼ੀਅਨ ਮਿੰਟ: ਇਸ ਦਾ ਤਣਾ ਹਰਾ, ਵਾਲਾਂ ਵਾਲਾ, ਟਾਹਣੀਦਾਰ ਅਤੇ ਸਿੱਧਾ ਉੱਗਣ ਵਾਲਾ ਹੁੰਦਾ ਹੈ। ਇਸ ਦੇ ਪੱਤੇ ਵਾਲਾਂ ਵਾਲੇ ਅਤੇ ਕਿੰਗਰੇਦਾਰ ਹੁੰਦੇ ਹਨ। ਇਸ ਦੇ ਫੁੱਲ ਜਾਮਣੀ ਰੰਗ ਦੇ ਅਤੇ ਆਕਾਰ ਵਿੱਚ ਛੋਟੇ ਹੁੰਦੇ ਹਨ। ਫੁੱਲ ਆਉਣ ਤੱਕ ਬੂਟੇ ਦੀ ਔਸਤ ਉਚਾਈ 55 ਸੈਂਟੀਮੀਟਰ ਹੋ ਜਾਂਦੀ ਹੈ। ਇਸ ਵਿੱਚ ਹਰੇ ਮਾਦੇ (ਤਣਾ ਅਤੇ ਪੱਤੇ) ਦੇ ਆਧਾਰ ਤੇ 0.57 ਪ੍ਰਤੀਸ਼ਤ ਉਡਣਸ਼ੀਲ ਤੇਲ ਦੀ ਮਾਤਰਾ ਹੁੰਦੀ ਹੈ। ਇਸ ਦੇ ਤੇਲ ਵਿੱਚ ਇੱਕ ਅਜੀਬ ਕਿਸਮ ਦੀ ਸੁਗੰਧੀ ਹੋਣ ਕਾਰਨ, ਇਸ ਦੀ ਸੁਗੰਧੀ ਉਦਯੋਗ ਵਿੱਚ ਵਧੇਰੇ ਮੰਗ ਹੈ।

ਜ਼ਮੀਨ ਦੀ ਤਿਆਰੀ:

ਖੇਤ ਨੂੰ 2-3 ਵਾਹ-ਸੁਹਾਗ ਕੇ ਮੁੱਢਾਂ ਅਤੇ ਨਦੀਨਾਂ ਤੋਂ ਰਹਿਤ ਕਰਕੇ ਬਰੀਕ ਤਿਆਰ ਕਰੋ।

ਬਿਜਾਈ ਦਾ ਸਮਾਂ:

ਅੱਧ ਜਨਵਰੀ ਤੋਂ ਅਖੀਰ ਜਨਵਰੀ ਤੱਕ ਇਸ ਦੀ ਬਿਜਾਈ ਦਾ ਸਭ ਤੋਂ ਢੁੱਕਵਾਂ ਸਮਾਂ ਹੈ ਪ੍ਰੰਤੂ ਕੋਸੀ ਅਤੇ ਸਿਮ-ਕ੍ਰਾਂਤੀ ਕਿਸਮ ਦੀ ਬਿਜਾਈ ਅਖੀਰ ਜਨਵਰੀ ਤੋਂ ਅੱਧ ਫ਼ਰਵਰੀ ਤੱਕ ਕੀਤੀ ਜਾ ਸਕਦੀ ਹੈ। ਜਿਥੇ ਸਿੰਚਾਈ ਦੀਆਂ ਸਹੂਲਤਾਂ ਕਾਫ਼ੀ ਹੋਣ, ਉਥੇ ਇਹ ਫ਼ਸਲ ਅਪ੍ਰੈਲ ਵਿੱਚ ਪਨੀਰੀ ਰਾਹੀਂ ਵੀ ਬੀਜੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਇਹ ਜੰਗਲੀ ਸਬਜ਼ੀ ਬਣਾਏਗੀ ਅਮੀਰ, 3 Months 'ਚ 9 ਤੋਂ 10 Lakh ਰੁਪਏ ਦਾ ਮੁਨਾਫ਼ਾ

ਬੀਜ ਦੀ ਮਾਤਰਾ:

ਇਸ ਫ਼ਸਲ ਦੀ ਬਿਜਾਈ ਜੜ੍ਹਾਂ ਰਾਹੀਂ ਹੁੰਦੀ ਹੈ। ਇੱਕ ਏਕੜ ਲਈ 2 ਕੁਇੰਟਲ ਜੜ੍ਹਾਂ ਜੋ ਕਿ 5 ਤੋਂ 8 ਸੈਂਟੀਮੀਟਰ ਲੰਮੀਆਂ ਹੋਣ, ਕਾਫ਼ੀ ਹਨ। ਏਨੀਆਂ ਜੜ੍ਹਾਂ ਅੱਧੇ ਕਨਾਲ ਥਾਂ ਵਿੱਚੋਂ ਮਿਲ ਜਾਂਦੀਆਂ ਹਨ।

ਬਿਜਾਈ ਦਾ ਤਰੀਕਾ:

ਜੜ੍ਹਾਂ ਨੂੰ 45 ਸੈਂਟੀਮੀਟਰ ਵਿੱਥ ਵਾਲੀਆਂ ਲਾਈਨਾਂ ਵਿੱਚ ਇੱਕ ਦੂਜੇ ਨਾਲ ਜੋੜ ਕੇ 4-5 ਸੈਂਟੀਮੀਟਰ ਡੂੰਘੀਆਂ ਬੀਜ ਦਿਉ ਅਤੇ ਬਾਅਦ ਵਿੱਚ ਹਲਕਾ ਜਿਹਾ ਸੁਹਾਗਾ ਫੇਰ ਦਿਉ। ਵੱਧ ਹਰਾ ਮਾਦਾ ਅਤੇ ਪਾਣੀ ਦੀ ਬੱਚਤ ਲਈ ਜੜ੍ਹਾਂ ਨੂੰ 67.5 ਸੈਂਟੀਮੀਟਰ ਚੌੜੇ ਬੈੱਡਾਂ (2 ਲਾਈਨਾਂ) ਤੇ ਬੀਜੋ ਜਾਂ ਜੜ੍ਹਾਂ ਨੂੰ ਖਿਲਾਰ ਕੇ 60 ਸੈਂਟੀਮੀਟਰ ਚੌੜੀਆਂ ਵੱਟਾਂ ਬਣਾਓ। ਬਿਜਾਈ ਤੋਂ ਬਾਅਦ ਝੋਨੇ ਦੀ ਪਰਾਲੀ 24 ਕੁਇੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤ ਵਿੱਚ ਖਿਲਾਰ ਦਿਉ। ਬਿਜਾਈ ਪਿੱਛੋਂ ਹਲਕਾ ਜਿਹਾ ਪਾਣੀ ਵੀ ਦਿਉ। ਪੁੰਗਰੀਆਂ ਹੋਈਆਂ ਜੜ੍ਹਾਂ ਨਾ ਬੀਜੋ, ਕਿਉਂਕਿ ਇਨ੍ਹਾਂ ਵਿੱਚੋਂ ਬਹੁਤੀਆਂ ਮਰ ਜਾਂਦੀਆਂ ਹਨ।

ਪੁਦੀਨੇ ਦੀਆਂ 4 ਵਧੀਆ ਕਿਸਮਾਂ

ਪੁਦੀਨੇ ਦੀਆਂ 4 ਵਧੀਆ ਕਿਸਮਾਂ

ਨਦੀਨਾਂ ਦੀ ਰੋਕਥਾਮ:

ਫ਼ਸਲ ਦੀ ਵਧੇਰੇ ਉਪਜ ਲਈ ਅਤੇ ਚੰਗੀ ਕਿਸਮ ਦਾ ਤੇਲ ਪੈਦਾ ਕਰਨ ਲਈ ਫ਼ਸਲ ਨੂੰ ਸਾਰੇ ਨਦੀਨਾਂ ਤੋਂ ਰਹਿਤ ਰੱਖਣਾ ਬਹੁਤ ਜ਼ਰੂਰੀ ਹੈ। ਫ਼ਸਲ ਦੇ ਮੁੱਢਲੇ ਵਾਧੇ ਦੌਰਾਨ ਪਹੀਏ ਵਾਲੀ ਤ੍ਰਿਫਾਲੀ ਨਾਲ ਗੋਡੀ ਕੀਤੀ ਜਾ ਸਕਦੀ ਹੈ। ਜਾਂ ਫਿਰ ਫ਼ਸਲ ਉੱਗਣ ਤੋਂ ਪਹਿਲਾਂ ਗੋਲ 350 ਮਿਲੀਲਿਟਰ ਪ੍ਰਤੀ ਏਕੜ ਗੋਲ 23.5 ਈ ਸੀ (ਔਕਸੀਫਲੋਰਫੈਨ) ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਨਾਲ ਨਦੀਨਾਂ ਦੀ ਚੰਗੀ ਤਰ੍ਹਾਂ ਰੋਕਥਾਮ ਹੋ ਜਾਂਦੀ ਹੈ।

ਕਟਾਈ:

ਫ਼ਸਲ ਦੀ ਉਸ ਸਮੇਂ ਕਟਾਈ ਕਰ ਲਉ ਜਦੋਂ ਅਜੇ ਫੁੱਲ ਪੈਣੇ ਸ਼ੁਰੂ ਹੀ ਹੋਏ ਹੋਣ। ਜੇਕਰ ਬੂਟਿਆਂ ਦੇ ਹੇਠਲੇ ਪੱਤੇ ਪੀਲੇ ਪੈ ਕੇ ਝੜਨੇ ਸ਼ੁਰੂ ਹੋ ਜਾਣ ਤਾਂ ਕਟਾਈ ਫੁੱਲ ਪੈਣੇ ਸ਼ੁਰੂ ਹੋਣ ਤੋਂ ਪਹਿਲਾਂ ਕਰ ਲੈਣੀ ਚਾਹੀਦੀ ਹੈ। ਬੂਟਿਆਂ ਨੂੰ ਜ਼ਮੀਨ ਤੋਂ 6-8 ਸੈਂਟੀਮੀਟਰ ਉੱਚਾ ਕੱਟੋ ਤਾਂ ਜੋ ਫ਼ਸਲ ਦਾ ਫੁਟਾਰਾ ਚੰਗਾ ਹੋਵੇ। ਇਸ ਦੀਆਂ ਦੋ ਕਟਾਈਆਂ ਪਹਿਲੀ ਜੂਨ ਵਿੱਚ ਅਤੇ ਦੂਸਰੀ ਸਤੰਬਰ ਵਿੱਚ ਲਈਆਂ ਜਾ ਸਕਦੀਆਂ ਹਨ। ਫ਼ਸਲ ਦਾ ਝਾੜ 100-125 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ। ਇਸ ਵਿੱਚ 0.5 ਤੋਂ 0.75% ਤੇਲ ਹੁੰਦਾ ਹੈ।

ਇਹ ਵੀ ਪੜ੍ਹੋ : Home Garden 'ਚ ਕਰੋ ਇਨ੍ਹਾਂ ਸਬਜ਼ੀਆਂ ਦੀ ਕਾਸ਼ਤ

ਮੈਂਥੇ ਵਿੱਚੋਂ ਤੇਲ ਕੱਢਣਾ:

ਫ਼ਸਲ ਨੂੰ ਕੱਟਣ ਉਪਰੰਤ ਖੇਤ ਵਿੱਚ ਇੱਕ ਰਾਤ ਲਈ ਕੁਮਲਾਉਣ ਦਿਉ ਅਤੇ ਬਾਅਦ ਵਿੱਚ ਭਾਫ਼ ਵਾਲੇ ਸਾਦੇ ਢੰਗ ਨਾਲ ਕਸ਼ੀਦ ਲਉ। ਕਈ ਪ੍ਰਾਈਵੇਟ ਕਸ਼ੀਦਣ ਵਾਲੇ ਪਲਾਂਟ ਵੀ ਲੱਗੇ ਹੋਏ ਹਨ। ਇਨ੍ਹਾਂ ਰਾਹੀਂ ਕਿਸਾਨ ਆਪਣੀ ਫ਼ਸਲ ਦਾ ਤੇਲ ਕਢਾ ਸਕਦੇ ਹਨ। ਫ਼ਸਲ ਬੀਜਣ ਤੋਂ ਪਹਿਲਾਂ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਨੇੜੇ ਤੇੜੇ ਦੇ ਇਲਾਕੇ ਵਿੱਚ ਤੇਲ ਕੱਢਣ ਵਾਲਾ ਪਲਾਂਟ ਜ਼ਰੂਰ ਲੱਗਿਆ ਹੋਵੇ ਜਿੱਥੋਂ ਤੇਲ ਕਢਵਾਇਆ ਜਾ ਸਕੇ।

ਪੌਦ-ਸੁਰੱਖਿਆ:

ਕੀੜੇ:

1. ਸਿਉਂਕ: ਇਹ ਕੀੜਾ ਫ਼ਸਲ ਦੀਆਂ ਜੜ੍ਹਾਂ ਅਤੇ ਤਣੇ ਹੇਠਲੇ ਭਾਗਾਂ ਦਾ ਬਹੁਤ ਨੁਕਸਾਨ ਕਰਦਾ ਹੈ।

2. ਕੁਤਰਾ ਸੁੰਡੀ: ਇਹ ਕੀੜੇ ਉੱਗ ਰਹੇ ਬੂਟਿਆਂ ਨੂੰ ਜ਼ਮੀਨ ਦੀ ਪੱਧਰ ਤੋਂ ਕੱਟ ਦੇਂਦੇ ਹਨ। ਦਿਨ ਵੇਲੇ ਇਹ ਕੀੜੇ ਬੂਟੇ ਦੇ ਮੁੱਢ ਨੇੜੇ ਲੁਕੇ ਰਹਿੰਦੇ ਹਨ।

3. ਤੇਲਾ ਅਤੇ ਚਿੱਟੀ ਮੱਖੀ: ਇਹ ਕੀੜੇ ਬੂਟੇ ਦਾ ਰਸ ਚੂਸਦੇ ਹਨ ਜਿਸ ਨਾਲ ਬੂਟੇ ਦਾ ਵਾਧਾ ਠੀਕ ਨਹੀਂ ਹੁੰਦਾ ਅਤੇ ਤੇਲ ਘੱਟ ਨਿਕਲਦਾ ਹੈ।

4. ਭੱਬੂ ਕੁੱਤਾ: ਇਸ ਕੀੜੇ ਦੇ ਪਤੰਗਿਆਂ ਨੂੰ ਮਾਰਨ ਲਈ ਰੋਸ਼ਨੀ ਯੰਤਰ ਵਰਤੋ। ਨਿੱਕੀਆਂ ਸੁੰਡੀਆਂ ਬਹੁਤ ਗਿਣਤੀ ਵਿੱਚ ਇਕੱਠੀਆਂ ਹੀ ਹੁੰਦੀਆਂ ਹਨ। ਇਨ੍ਹਾਂ ਨੂੰ ਮਾਰਨ ਲਈ ਹਮਲੇ ਵਾਲੇ ਪੱਤੇ ਜਾਂ ਬੂਟੇ ਤੋੜ ਕੇ ਦਬਾਅ ਦਿਉ। ਵੱਡੇ ਸੁੰਡ ਪੈਰਾਂ ਹੇਠਾਂ ਮਸਲ ਕੇ ਮਾਰੇ ਜਾ ਸਕਦੇ ਹਨ।

ਬਿਮਾਰੀਆਂ:

1. ਜੜ੍ਹਾਂ ਅਤੇ ਤਣੇ ਦਾ ਗਲਣਾ: ਬਿਮਾਰੀ ਵਾਲੇ ਬੂਟਿਆਂ ਦੇ ਤਣੇ ਤੇ ਭੂਰੇ ਰੰਗ ਦੇ ਧੱਬੇ ਪੈ ਜਾਂਦੇ ਹਨ ਜੋ ਕਿ ਬਾਅਦ ਵਿੱਚ ਕਾਲੇ ਹੋ ਜਾਂਦੇ ਹਨ ਅਤੇ ਬਿਮਾਰੀ ਵਾਲੇ ਬੂਟੇ ਸੁੱਕ ਕੇ ਮਰ ਜਾਂਦੇ ਹਨ। ਇਸ ਦੀ ਰੋਕਥਾਮ ਲਈ ਬਿਮਾਰੀ ਵਾਲੇ ਬੂਟੇ ਪੁੱਟ ਕੇ ਨਸ਼ਟ ਕਰ ਦਿਉ। ਬੀਜਣ ਲਈ ਜੜਾਂ ਬਿਮਾਰ ਬੂਟਿਆਂ ਤੋਂ ਨਾ ਲਉ। ਹਰੇਕ ਸਾਲ ਇੱਕ ਹੀ ਖੇਤ ਵਿੱਚ ਮੈਂਥਾ ਨਾ ਬੀਜੋ।

Summary in English: Business Idea: 4 best varieties for mentha cultivation

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters