1. Home
  2. ਖੇਤੀ ਬਾੜੀ

ਖੇਤੀ ਦੌਰਾਨ ਵਾਪਰਨ ਵਾਲੇ ਹਾਦਸੇ ਅਤੇ ਉਨ੍ਹਾਂ ਤੋਂ ਬਚਾਅ ਦੇ ਤਰੀਕੇ

ਖੇਤੀ ਦੌਰਾਨ ਹੋਣ ਵਾਲੇ ਹਾਦਸਿਆਂ ਤੋਂ ਬਚਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ...

Priya Shukla
Priya Shukla
ਸਪਰੇਅ ਦੌਰਾਨ ਹਾਦਸੇ ਤੋਂ ਬਚਾਓ ਦੇ ਮੁੱਢਲੇ ਢੰਗ

ਸਪਰੇਅ ਦੌਰਾਨ ਹਾਦਸੇ ਤੋਂ ਬਚਾਓ ਦੇ ਮੁੱਢਲੇ ਢੰਗ

ਖੇਤੀ ਦੌਰਾਨ ਕਿਸਾਨ ਕਈ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਫਸਲਾਂ ਨੂੰ ਕੀਟਨਾਸ਼ਕ ਛਿੜਕਣ ਤੋਂ ਲੈ ਕੇ ਥਰੈਸ਼ਰ ਚਲਾਉਣ ਤੱਕ ਇਸ ਤਰ੍ਹਾਂ ਦੇ ਕਈ ਮੌਕੇ ਹੁੰਦੇ ਹਨ, ਜਿਥੇ ਕਿਸਾਨਾਂ ਨੂੰ ਸੱਟਾਂ ਲੱਗ ਸਕਦੀਆਂ ਹਨ ਜਾ ਉਨ੍ਹਾਂ ਨਾਲ ਕੋਈ ਗੰਭੀਰ ਹਾਦਸਾ ਵਾਪਰ ਸਕਦਾ ਹੈ। ਕਿਸਾਨਾਂ ਨੂੰ ਇਨ੍ਹਾਂ ਹਾਦਸਿਆਂ ਤੋਂ ਬਚਾਉਣ ਲਈ ਤੇ ਉਨ੍ਹਾਂ ਦਾ ਉਪਚਾਰ ਕਰਨ ਲਈ ਅੱਜ ਅਸੀਂ ਤੁਹਾਡੇ ਲਈ ਬਹੁਤ ਹੀ ਜ਼ਰੂਰੀ ਜਾਣਕਾਰੀ ਲੈ ਕੇ ਆਏ ਹਾਂ।

ਇਸ ਲੇਖ ਰਾਹੀਂ ਅੱਜ ਅਸੀਂ ਤੁਹਾਡੇ ਲਈ ਖੇਤੀ ਦੌਰਾਨ ਵਾਪਰਨ ਵਾਲੇ ਹਾਦਸੇ ਤੇ ਉਨ੍ਹਾਂ ਤੋਂ ਬਚਾਅ ਦੇ ਤਰੀਕਿਆਂ `ਤੇ ਪੂਰੀ ਜਾਣਕਾਰੀ ਲੈ ਕੇ ਆਏ ਹਾਂ। ਹੁਣ ਜੇਕਰ ਕਿਸੇ ਵੀ ਕਿਸਾਨ ਨੂੰ ਖੇਤੀ ਦੌਰਾਨ ਕਿਸੇ ਹਾਦਸੇ ਦਾ ਸਾਹਮਣਾ ਕਰਨਾ ਪੈਂਦਾ ਹੈ, ਤਾਂ ਤੁਹਾਨੂੰ ਪਤਾ ਹੋਵੇਗਾ ਕੇ ਉਸਤੋਂ ਬਚਾਅ ਲਈ ਤੁਹਾਨੂੰ ਕੀ ਕਰਨਾ ਹੈ।

ੳ. ਸਪਰੇਅ ਦੌਰਾਨ ਹਾਦਸੇ ਤੋਂ ਬਚਾਓ ਦੇ ਮੁੱਢਲੇ ਢੰਗ

ਜੇ ਕਿਸੇ ਨੂੰ ਇਨ੍ਹਾਂ ਦਵਾਈਆਂ ਦਾ ਜ਼ਹਿਰ ਚੜ੍ਹ ਜਾਵੇ ਤਾਂ ਜਲਦੀ ਹੀ ਡਾਕਟਰ ਨੂੰ ਬੁਲਾਅ ਲੈਣਾ ਚਾਹੀਦਾ ਹੈ। ਡਾਕਟਰ ਦੇ ਪੁੱਜਣ ਤੋਂ ਪਹਿਲਾਂ ਮੁੱਢਲੇ ਬਚਾਓ ਦੇ ਢੰਗ ਅਪਣਾਅ ਲੈਣੇ ਜ਼ਰੂਰੀ ਹਨ।

1. ਨਿਗਲੀ ਹੋਈ ਜ਼ਹਿਰ
ਜਲਦੀ ਹੀ ਉਲਟੀ ਕਰਾ ਕੇ ਮਰੀਜ਼ ਦੇ ਪੇਟ ਵਿੱਚੋਂ ਜ਼ਹਿਰ ਕੱਢ ਦੇਣੀ ਚਾਹੀਦੀ ਹੈ। ਇਕ ਚਮਚ (15 ਗ੍ਰਾਮ) ਨਮਕ ਗਰਮ ਪਾਣੀ ਦੇ ਗਲਾਸ ਵਿੱਚ ਘੋਲ ਕੇ ਮਰੀਜ ਨੂੰ ਦਿਓ ਅਤੇ ਇਹ ਅਮਲ, ਉਸ ਸਮੇਂ ਤੱਕ ਦੁਹਰਾਉਂਦੇ ਰਹੋ ਜਿੰਨਾ ਚਿਰ ਤੱਕ ਕਿ ਉਲਟੀ ਨਾ ਹੋ ਜਾਵੇ। ਸਹਿਜੇ ਸਹਿਜੇ ਉਂਗਲੀ ਨਾਲ ਗਲ ਨੂੰ ਟੋਹਣ ਜਾਂ ਚਮਚੇ ਦਾ ਖੁੰਢਾ ਪਾਸਾ ਗਲ ਉੱਤੇ ਰੱਖਣ ਨਾਲ ਜਦੋਂ ਪੇਟ ਨਮਕੀਨ ਪਾਣੀ ਨਾਲ ਭਰਿਆ ਹੋਵੇ ਉਲਟੀ ਕਰਾਉਣ ਵਿੱਚ ਸਹਾਇਤਾ ਮਿਲਦੀ ਹੈ। ਜੇ ਮਰੀਜ ਪਹਿਲੇ ਹੀ ਉਲਟੀਆਂ ਕਰ ਰਿਹਾ ਹੋਵੇ ਤਾਂ ਉਸ ਨੂੰ ਨਮਕ ਨਾ ਦਿਓ। ਜੇ ਮਰੀਜ ਬੇਸੁਰਤ ਹੋਵੇ ਤਾਂ ਉਲਟੀਆਂ ਨਾ ਕਰਵਾਉ।

2. ਸਾਹ ਰਾਹੀਂ ਅੰਦਰ ਗਿਆ ਜ਼ਹਿਰ
• ਮਰੀਜ ਨੂੰ ਜਲਦੀ ਹੀ ਖੁੱਲੀ ਹਵਾ ਵਿੱਚ ਲੈ ਜਾਓ (ਤੋਰ ਕੇ ਨਹੀਂ)।
• ਸਾਰੇ ਦਰਵਾਜੇ ਅਤੇ ਖਿੜਕੀਆਂ ਖੋਲ੍ਹ ਦਿਓ।
• ਪਾਏ ਤੰਗ ਕੱਪੜੇ ਢਿੱਲੇ ਕਰ ਦਿਓ।
• ਜੇ ਸਾਹ ਬੰਦ ਹੋ ਜਾਵੇ ਜਾਂ ਸਾਹ ਵਿੱਚ ਤਬਦੀਲੀ ਆ ਜਾਵੇ ਤਾਂ ਆਰਜੀ ਤੌਰ ਤੇ ਸਾਹ ਦਿਵਾਉਣਾ ਚਾਹੀਦਾ ਹੈ। ਛਾਤੀ ਤੇ ਕੋਈ ਦਬਾਅ ਨਹੀਂ ਦੇਣਾ ਚਾਹੀਦਾ।
• ਮਰੀਜ਼ ਨੂੰ ਸਰਦੀ ਨਹੀਂ ਲੱਗਣ ਦੇਣੀ ਚਾਹੀਦੀ। ਮਰੀਜ਼ ਉੱਤੇ ਕੰਬਲ ਦੇਣਾ ਚਾਹੀਦਾ ਹੈ।
• ਮਰੀਜ਼ ਨੂੰ ਜਿੰਨਾ ਹੋ ਸਕੇ ਚੁੱਪ ਰੱਖਣਾ ਚਾਹੀਦਾ ਹੈ।
• ਜੇ ਮਰੀਜ਼ ਨੂੰ ਕੜਵੱਲ ਪੈਣ ਤਾਂ ਉਸਨੂੰ ਹਨ੍ਹੇਰੇ ਕਮਰੇ ਵਿੱਚ ਬਿਸਤਰ ਵਿੱਚ ਰੱਖੋ।
• ਉਥੇ ਕੋਈ ਸ਼ੋਰ-ਸ਼ਰਾਬਾ ਨਾ ਕਰੋ।
• ਮਰੀਜ਼ ਨੂੰ ਅਲਕੋਹਲ ਨਾ ਦਿਉ।

3. ਚਮੜੀ ਰਾਹੀਂ ਜ਼ਹਿਰ ਜਾਣਾ
• ਪਾਣੀ ਨਾਲ ਸਰੀਰ ਨੂੰ ਗਿੱਲਾ ਕਰ ਲਓ (ਸ਼ਾਵਰ, ਹੌਜ਼ ਜਾਂ ਪੰਪ ਦੁਆਰਾ)
• ਕੱਪੜੇ ਉਤਾਰ ਕੇ ਸਰੀਰ ਤੇ ਲਗਾਤਾਰ ਪਾਣੀ ਪਾਉਂਦੇ ਜਾਓ।
• ਸਰੀਰ ਨੂੰ ਸਾਬਣ ਅਤੇ ਪਾਣੀ ਨਾਲ ਚੰਗੀ ਤਰ੍ਹਾਂ ਸਾਫ਼ ਕਰੋ।
• ਸਰੀਰ ਨੂੰ ਛੇਤੀ ਧੋ ਲੈਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਕਾਫੀ ਫ਼ਰਕ ਪੈ ਜਾਂਦਾ ਹੈ।

4. ਅੱਖ ਵਿੱਚ ਜ਼ਹਿਰੀਲੀ ਦਵਾਈ ਪੈਣਾ
• ਅੱਖਾਂ ਦੀਆ ਪਲਕਾਂ ਖੁੱਲ੍ਹੀਆਂ ਰੱਖੋ।
• ਚਲਦੇ ਪਾਣੀ ਨਾਲ ਤੁਰੰਤ ਹੀ ਅੱਖਾਂ ਹੌਲੀ-ਹੌਲੀ ਸਹਿਜੇ ਸਹਿਜੇ ਧੋਣੀਆਂ ਚਾਹੀਦੀਆਂ ਹਨ।
• ਅੱਖਾਂ ਨੂੰ ਉਸ ਸਮੇਂ ਤੱਕ ਧੋਦੇਂ ਰਹਿਣਾ ਚਾਹੀਦਾ ਹੈ ਜਦੋਂ ਤੱਕ ਕਿ ਡਾਕਟਰ ਨਾ ਪਹੁੰਚ ਜਾਵੇ।
• ਕਿਸੇ ਦਵਾਈ ਦੀ ਵਰਤੋਂ ਡਾਕਟਰ ਦੀ ਸਲਾਹ ਤੋਂ ਬਿਨਾਂ ਨਹੀਂ ਕਰਨੀ ਚਾਹੀਦੀ, ਹੋ ਸਕਦਾ ਹੈ ਕਿ ਗਲਤ ਵਰਤੀ ਦਵਾਈ ਹੋਰ ਹਾਨੀਕਾਰਕ ਸਿੱਧ ਹੋਵੇ।

ਅ. ਸੱਪ ਦਾ ਡੱਸਣਾ

ਜਿਨ੍ਹਾਂ ਇਲਾਕਿਆਂ ਵਿੱਚ ਸੱਪ ਰਹਿੰਦੇ ਹਨ, ਉਥੇ ਪਜਾਮਾਂ ਜਾਂ ਪੈਂਟ ਆਦਿ, ਉੱਚੇ ਬੂਟ, ਜੁਰਾਬਾਂ ਅਤੇ ਦਸਤਾਨੇ ਪਾ ਕੇ ਰੱਖੋ। ਸਭ ਤੋਂ ਜ਼ਰੂਰੀ ਹੈ ਕਿ ਤੁਰਦਿਆਂ ਹੋਇਆਂ ਹੇਠਾਂ ਧਿਆਨ ਰੱਖੋ।

ਮੁੱਢਲੀ ਸਹਾਇਤਾ
• ਮਰੀਜ਼ ਨੂੰ ਪੂਰਾ ਆਰਾਮ ਦਿਉ, ਤਾਂ ਕਿ ਸਰੀਰ ਵਿੱਚ ਜ਼ਹਿਰ ਨਾ ਫੈਲੇ।
• ਕੱਟੇ ਹੋਏ ਥਾਂ ਤੋਂ ਕੁਝ ਉੱਚਾ ਰੱਖ ਕੇ ਸਰੀਰ ਦੇ ਹਿੱਸੇ ਨੂੰ ਘੁੱਟ ਕੇ ਬੰਨ੍ਹ ਦਿਉ ਅਤੇ ਤੁਰੰਤ ਡਾਕਟਰ ਕੋਲ ਪਹੁੰਚਾਉ।

ਇਹ ਵੀ ਪੜ੍ਹੋ : ਆਲੂ ਦੇ ਬੀਜ ਉਤਪਾਦਨ ਲਈ ਅਪਣਾਓ ‘ਸੀਡ ਪਲਾਟ ਤਕਨੀਕ’

ੲ. ਮੱਧੂ ਮੱਖੀ ਜਾਂ ਭੂੰਡ ਦਾ ਕੱਟਣਾ

• ਡੰਗ ਵਾਲੀ ਥਾਂ ਤੇ ਬਰਫ਼ ਨਾਲ ਠੰਢਾ ਕਰੋ।
• ਡੰਗ ਨੂੰ ਕੱਢ ਦਿਓ।
• ਡੰਗ ਵਾਲੀ ਥਾਂ ਨੂੰ ਸਾਬਣ ਨਾਲ ਧੋਵੋ।
• ਕੋਈ ਵੀ ਐਂਟੀਅਲਰਜੀ ਦਵਾਈ ਲਵੋ।
• ਤਿੱਖੇ ਰੰਗਾਂ ਵਾਲੇ ਕੱਪੜੇ ਅਤੇ ਸੁਗੰਧੀ ਵਾਲੀ ਚੀਜ਼ ਲਾਉਣ ਤੋਂ ਪ੍ਰਹੇਜ ਕਰੋ।
• ਕਈ ਮਨੁੱਖਾਂ ਨੂੰ ਇਕ ਡੰਗ ਲੱਗਣ ਨਾਲ ਕਾਫ਼ੀ ਅਸਰ ਹੋ ਜਾਂਦਾ ਹੈ। ਇਹੋ ਜਿਹੀ ਹਾਲਤ ਵਿੱਚ ਮਰੀਜ਼ ਨੂੰ ਡਾਕਟਰ ਕੋਲ ਲੈ ਜਾਓ।

ਸ. ਬਿਜਲੀ ਦਾ ਕਰੰਟ ਲੱਗਣਾ

• ਬਿਜਲੀ ਨਾਲ ਹੋਣ ਵਾਲੇ ਹਾਦਸਿਆਂ ਬਾਰੇ ਹਰੇਕ ਨੂੰ ਸੁਚੇਤ ਕਰੋ।
• ਬਿਜਲੀ ਨਾਲ ਚੱਲਣ ਵਾਲੀਆਂ ਮੋਟਰਾਂ, ਮਸ਼ੀਨਾਂ ਆਦਿ ਦੀਆਂ ਤਾਰਾਂ ਚੰਗੀ ਤਰ੍ਹਾਂ ਢੱਕੀਆਂ ਹੋਣੀਆਂ ਚਾਹੀਦੀਆਂ ਹਨ।
• ਬਿਜਲੀ ਦਾ ਕੰਮ ਕਰਦੇ ਸਮੇਂ ਰਬੜ ਦੇ ਦਸਤਾਨੇ ਅਤੇ ਸੁੱਕੀ ਜੁੱਤੀ ਪਹਿਨੋ।

ਹਾਦਸਾ ਹੋਣ ਤੇ ਮੁੱਢਲੀ ਸਹਾਇਤਾ
• ਜੇਕਰ ਸੰਭਵ ਹੋਵੇ ਤਾਂ ਤੁਰੰਤ ਬਿਜਲੀ ਬੰਦ ਕਰ ਦਿਉ। ਮਰੀਜ਼ ਨੂੰ ਹੱਥ ਲਾਏ ਬਿਨਾਂ ਤਾਰ ਤੋਂ ਪਾਸੇ ਕਰ ਦਿਉ। ਇਸ ਕੰਮ ਲਈ ਰਬੜ ਦੀ ਸ਼ੀਟ, ਚਮੜੇ ਦੀ ਪੇਟੀ, ਲੱਕੜੀ ਜਾਂ ਕੋਈ ਹੋਰ ਚੀਜ਼ ਜਿਸ ਵਿੱਚ ਬਿਜਲੀ ਨਾ ਲੰਘ ਸਕੇ ਆਦਿ ਵਰਤੀ ਜਾ ਸਕਦੀ ਹੈ।
• ਜੇਕਰ ਮਰੀਜ਼ ਦਾ ਸਾਹ ਬੰਦ ਹੋ ਰਿਹਾ ਹੋਵੇ, ਤਾਂ ਉਸਨੂੰ ਮੂੰਹ ਨਾਲ ਸਾਹ ਦਿਉ।
• ਜੇਕਰ ਮਰੀਜ਼ ਦੀ ਨਬਜ਼ ਨਾ ਚੱਲ ਰਹੀ ਹੋਵੇ, ਤਾਂ ਉਸ ਦੀ ਛਾਤੀ ਦੇ ਖੱਬੇ ਪਾਸੇ ਮਾਲਿਸ਼ ਕਰੋ ਅਤੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਉ।
• ਕਰੰਟ ਲੱਗਣ ਨਾਲ ਜੇਕਰ ਜਖ਼ਮ ਹੋ ਗਏ ਹੋਣ, ਤਾਂ ਉਸ ਦਾ ਇਲਾਜ ਕਰਵਾਉ।

ਹ. ਥਰੈਸ਼ਰ ਦੇ ਹਾਦਸਿਆਂ ਤੋਂ ਬਚਣ ਲਈ ਜ਼ਰੂਰੀ ਹਦਾਇਤਾਂ:

• ਥਰੈਸ਼ਰਾਂ ਤੇ ਕੰਮ ਕਰਦਿਆਂ ਖੁਲ੍ਹੇ ਕੱਪੜੇ ਕੜਾ/ਘੜੀ ਆਦਿ ਨਾ ਪਾਓ।
• ਨਸ਼ਾ ਖਾ/ਪੀ ਕੇ ਥਰੈਸ਼ਰ ਦਾ ਕੰਮ ਨਾ ਕਰੋ।
• ਸੁਰੱਖਿਅਤਾ ਪਰਨਾਲੇ ਦੀ ਘੱਟੋ-ਘੱਟ ਲੰਬਾਈ 90 ਸੈਂਟੀਮੀਟਰ ਹੋਣੀ ਚਾਹੀਦੀ ਹੈ ਅਤੇ ਇਹ 45 ਸੈਂਟੀਮੀਟਰ ਤੱਕ ਢਕਿਆ ਹੋਵੇ। ਇਸ ਦੀ ਢਾਲ ਦਾ ਅਗਿਉਂਂ 5 ਡਿਗਰੀ ਕੋਣ ਹੋਣਾ ਜ਼ਰੂਰੀ ਹੈ।
• ਇਕ ਆਦਮੀ ਨੂੰ ਥਰੈਸ਼ਰ ਤੇ 10 ਘੰਟੇ ਤੋਂ ਜ਼ਿਆਦਾ ਕੰਮ ਨਹੀਂ ਕਰਨਾ ਚਾਹੀਦਾ।
• ਕੰਮ ਕਰਦਿਆਂ ਗੱਲਾਂ ਵਿੱਚ ਨਾ ਰੁੱਝੋ ਅਤੇ ਨਾ ਹੀ ਕਿਸੇ ਹੋਰ ਪਾਸੇ ਧਿਆਨ ਕਰੋ।
ਰਹਿੰਦ-ਖੂੰਹਦ ਨੂੰ ਥਰੈਸ਼ਰ ਵਿੱਚ ਪਾਉਣ ਤੋਂ ਸੰਕੋਚ ਕਰੋ। ਇਸੇ ਤਰ੍ਹਾਂ ਸਿੱਲ੍ਹੀ ਫ਼ਸਲ ਵੀ ਨਹੀਂ ਪਾਉਣੀ ਚਾਹੀਦੀ ਕਿਉਂਕਿ ਇਸ ਨਾਲ ਅੱਗ ਲੱਗਣ ਦਾ ਹਾਦਸਾ ਹੋ ਸਕਦਾ ਹੈ। ਛੋਟੀ ਫ਼ਸਲ ਨੂੰ ਰੁੱਗ ਲਗਾਉਣ ਸਮੇਂ ਖਾਸ ਧਿਆਨ ਰੱਖੋ।
• ਟਰੈਕਟਰ ਦੇ ਧੂੰਏ ਵਾਲਾ ਪਾਈਪ ਸਿੱਧਾ ਉੱਪਰ ਨੂੰ ਰੱਖੋ।
• ਬਿਜਲੀ ਦੀ ਮੋਟਰ ਨੂੰ ਬੰਦ ਕਰਨ ਵਾਲਾ ਸਵਿੱਚ ਕੰਮ ਵਾਲੇ ਦੇ ਨੇੜੇ ਹੋਣਾ ਚਾਹੀਦਾ ਹੈ ਤਾਂ ਕਿ ਸੰਕਟ ਦੀ ਹਾਲਤ ਵਿੱਚ ਮੋਟਰ ਤੁਰੰਤ ਬੰਦ ਹੋ ਸਕੇ।
• ਪਟੇ ਦੇ ਉੱਪਰੋਂ ਜਾਂ ਨੇੜੇ ਦੀ ਨਾ ਲੰਘੋ।
• ਮਲਮ-ਪੱਟੀ ਆਦਿ ਦਾ ਸਮਾਨ ਕੋਲ ਰੱਖੋ।
• ਥਰੈਸ਼ਰ ਨੂੰ ਬਿਜਲੀ ਦੀਆਂ ਤਾਰਾਂ ਆਦਿ ਤੋਂ ਦੂਰ ਫਿੱਟ ਕਰੋ।

ਕ. ਟਰੈਕਟਰ ਟਰਾਲੀ ਚਲਾਉਂਦੇ ਸਮੇਂ ਹਾਦਸੇ ਰੋਕਣ ਲਈ ਹਦਾਇਤਾਂ

• ਡਰਾਈਵਰ ਦੀ ਸੁਰੱਖਿਆ ਦੇ ਢਾਂਚੇ ਵਾਲਾ ਟਰੈਕਟਰ ਹੀ ਖਰੀਦੋ।
• ਟਰੈਕਟਰਾਂ ਤੇ ਟਰਾਲੀਆਂ ਪਿਛੇ ਤਿਕੋਨਾ ਰਿਫਲੈਕਟਰ ਲਗਵਾਓ।
• ਤੂੜੀ ਜਾਂ ਕਪਾਹ ਦੀਆਂ ਛਿਟੀਆਂ ਦੀ ਢੋਆ-ਢੁਆਈ ਸਮੇਂ ਟਰਾਲੀ ਨੂੰ ਜ਼ਿਆਦਾ ਚੌੜਾਈ ਵਿੱਚ ਨਾ ਲੱਦੋ ਤੇ ਉਚੇਚੇ ਤੌਰ ਤੇ ਲਾਈਟਾਂ ਦਾ ਪ੍ਰਬੰਧ ਕਰੋ।
• ਟਰੈਕਟਰ ਨੂੰ ਟਰਾਲੀ ਦੇ ਕੰਮ ਵਿੱਚ ਵਰਤਣ ਵਾਸਤੇ ਅਗਲੇ ਹਿੱਸੇ ਨੂੰ ਭਾਰਾ ਕਰ ਲੈਣਾ ਚਾਹੀਦਾ ਹੈ ਤਾਂ ਕਿ ਟਰੈਕਟਰ ਪਿਛੇ ਨੂੰ ਪਲਟਾ ਨਾ ਖਾਵੇ।
• ਟਰੈਕਟਰ-ਟਰਾਲੀ ਨਾਲ ਉੱਚਾ ਪੁੱਲ ਲੰਘਦੇ ਹੋਏ ਵਿਚਾਲੇ ਗਿਅਰ ਨਾ ਬਦਲੋ।
• ਰੇਲ ਲਾਈਨ ਪਾਰ ਕਰਦੇ ਸਮੇਂ ਸੱਜੇ-ਖੱਬੇ ਜ਼ਰੂਰ ਵੇਖੋ।

ਖ. ਪੱਠੇ ਕੁਤਰਦੇ ਸਮੇਂ ਹਾਦਸੇ ਰੋਕਣ ਲਈ ਹਦਾਇਤਾਂ

• ਪੱਠੇ ਕੁਤਰਣ ਵਾਲਾ ਉਹ ਟੋਕਾ ਖਰੀਦੋ ਜਿਸਦੇ ਵੱਡੇ ਚੱਕਰ ਦੀ ਕੁੰਡੀ ਲੱਗੀ ਹੋਵੇ, ਟੋਕੇ ਦਾ ਵੱਡਾ ਚੱਕਰ, ਗਿਅਰ ਬਾਕਸ, ਸ਼ਾਫ਼ਟ, ਪੁਲੀਆਂ ਅਤੇ ਪਟੇ ਢਕੇ ਹੋਏ ਹੋਣ ਅਤੇ ਵਾਰਨਿੰਗ ਰੋਲਰ ਲੱਗਾ ਹੋਵੇ।
• ਰੁੱਗ ਲਾਉਣ ਵਾਲਾ ਪ੍ਰਨਾਲਾ ਘੱਟ ਤੋਂ ਘੱਟ 90 ਸੈਂਟੀਮੀਟਰ ਲੰਬਾ ਅਤੇ ਉਤਲੇ ਪਾਸਿਓਂ 45 ਸੈਂਟੀਮੀਟਰ ਢਕਿਆ ਹੋਣਾ ਚਾਹੀਦਾ ਹੈ।
• ਇੰਜਣ ਜਾਂ ਮੋਟਰ ਨਾਲ ਚੱਲਣ ਵਾਲੇ ਟੋਕੇ ਦਾ ਰੁਗ ਪਿੱਛੇ ਖਿੱਚ੍ਹਣ ਵਾਸਤੇ ਗਿਅਰ ਦਾ ਲੀਵਰ ਕਾਮੇ ਦੇ ਨੇੜੇ ਲੱਗਿਆ ਹੋਣਾ ਚਾਹੀਦਾ ਹੈ।
• ਪੱਠੇ ਕੁਤਰਣ ਵਾਲਾ ਟੋਕਾ ਪੱਕੀ ਨੀਂਹ, ਛਾਂਵੇਂ ਅਤੇ ਖੁੱਲ੍ਹੀ ਜਗ੍ਹਾ ਤੇ ਹੋਣਾ ਚਾਹੀਦਾ ਹੈ ਅਤੇ ਉਥੇ ਚਾਨਣ ਦਾ ਪ੍ਰਬੰਧ ਵੀ ਹੋਣਾ ਚਾਹੀਦਾ ਹੈ।

ਗ. ਅੱਗ ਲੱਗਣ ਤੋਂ ਬਚਾਅ ਲਈ ਹਦਾਇਤਾਂ

• ਟਰੈਕਟਰ ਜਾਂ ਇੰਜਣ ਦੀ ਵਰਤੋਂ ਸਮੇਂ ਇਸਦਾ ਸਾਈਲੈਂਸਰ ਉੱਪਰ ਨੂੰ ਰੱਖੋ।
• ਫ਼ਸਲ ਦੀ ਗਹਾਈ ਦਾ ਕੰਮ ਬਿਜਲੀ ਦੀਆਂ ਤਾਰਾਂ ਤੋਂ ਦੂਰ ਕਰੋ। ਇਹ ਤਾਰਾਂ ਕੰਬਾਈਨ ਦੀ ਛਤਰੀ ਤੋਂ ਕਾਫ਼ੀ ਉੱਚੀਆਂ ਹੋਣੀਆਂ ਚਾਹੀਦੀਆਂ ਹਨ।
• ਫ਼ਸਲ ਦੀ ਕਟਾਈ ਸਮੇਂ ਲੱਗੀ ਅੱਗ ਨੂੰ ਕਾਬੂ ਕਰਨ ਵਾਸਤੇ ਪਾਣੀ ਅਤੇ ਮਿੱਟੀ ਦਾ ਪ੍ਰਬੰਧ ਪਹਿਲਾਂ ਕਰਕੇ ਰੱਖੋ।
• ਫ਼ਸਲ ਦੇ ਨਾੜ ਨੂੰ ਅੱਗ ਨਾ ਲਾਉ। ਮਸ਼ੀਨ ਨਾਲ ਤੂੜੀ ਬਣਾਓ।

Summary in English: Accidents occurring during farming and ways to prevent them

Like this article?

Hey! I am Priya Shukla. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters