ਕਮਾਦ ਪੰਜਾਬ ਦੀ ਇੱਕ ਮਹੱਤਵਪੂਰਨ ਵਪਾਰਕ ਫ਼ਸਲ ਹੈ ਅਤੇ ਇਹ ਕਣਕ-ਝੋਨੇ ਦੀ ਫ਼ਸਲ ਪ੍ਰਣਾਲੀ ਵਿੱਚ ਵਿਭਿੰਨਤਾ ਲਈ ਇੱਕ ਵਧੀਆ ਬਦਲ ਹੈ? ਪੰਜਾਬ ਵਿੱਚ ਇਸ ਦੀ ਖੇਤੀ ਤਕਰੀਬਨ 96 ਹਜਾਰ ਹੈਕਟੇਅਰ ਖੇਤਰ ਵਿੱਚ ਕੀਤੀ ਜਾਂਦੀ ਹੈ ਅਤੇ ਇਸਦਾ ਔਸਤਨ ਝਾੜ 338 ਕੁਇੰਟਲ ਪ੍ਰਤੀ ਏਕੜ ਹੈ।
ਮਿੱਟੀ ਪਰਖ ਆਧਾਰ ਤੇ ਰਸਾਇਣਿਕ ਖਾਦਾਂ ਦੇ ਨਾਲ ਜੈਵਿਕ ਅਤੇ ਜੀਵਾਣੂੰ ਖਾਦਾਂ ਦੀ ਵਰਤੋਂ ਕਮਾਦ ਦੇ ਝਾੜ ਅਤੇ ਜਮੀਨ ਦੀ ਸਿਹਤ ਬਰਕਰਾਰ ਰੱਖਣ ਵਿੱਚ ਸਹਾਈ ਹੁੰਦੀਆਂ ਹਨ। ਗੰਨੇ ਦੀ ਫ਼ਸਲ ਤਕਰੀਬਨ 10-14 ਮਹੀਨੇ ਖੇਤ ਵਿੱਚ ਰਹਿੰਦੀ ਹੈ ਅਤੇ ਇਸ ਨਾਲ ਵੱਖ-ਵੱਖ ਸਮੇਂ ਤੇ ਕੀੜੇ ਮਕੌੜਿਆਂ ਦਾ ਹਮਲਾ ਹੁੰਦਾ ਹੈ।ਕੀੜਿਆਂ ਦੇ ਹਮਲੇ ਦੇ ਨਾਲ ਗੰਨੇੇ ਦਾ ਝਾੜ ਅਤੇ ਖੰਡ ਦੀ ਪ੍ਰਾਪਤੀ ਘੱਟ ਜਾਂਦੀ ਹੈ।ਖਾਦਾਂ ਦੀ ਮਾਤਰਾ, ਇਸ ਨੂੰ ਪਾਉਣ ਦੇ ਢੰਗ ਅਤੇ ਕੀੜੇ ਮਕੌੜੇ ਦੀ ਸੁਚੱਜੀ ਰੋਕਥਾਮ ਨਾਲ ਫ਼ਸਲ ਦੇ ਝਾੜ ਅਤੇ ਖੰਡ ਦੀ ਪ੍ਰਾਪਤੀ ਵਿੱਚ ਵਾਧਾ ਲਿਆਉਣ ਲਈ ਹੇਠ ਲਿਖੇ ਨੁਸਖਿਆਂ ਨੂੰ ਆਪਨਾਉਣਾ ਅਤੀ ਲਾਹੇਵੰਦ ਹੈ।
ਕਮਾਦ ਵਿੱਚ ਖਾਦਾਂ ਦੀ ਵਰਤੋ:
ਜੈਵਿਕ ਅਤੇ ਜੀਵਾਣੂੰ ਖਾਦਾਂ:
ਰੂੜੀ ਦੀ ਖਾਦ ਦੀ ਵਰਤੋਂ ਜਮੀਨ ਦੀ ਭੌਤਕ ਹਾਲਤ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਖੁਰਾਕੀ ਤੱਤ ਵੀ ਪ੍ਰਦਾਨ ਕਰਦੀ ਹੈ।ਬਿਜਾਈ ਤੋਂ 15 ਦਿਨ ਪਹਿਲਾਂ 8 ਟਨ ਰੂੜੀ ਦੀ ਖਾਦ ਜਾਂ ਪ੍ਰੈਸ ਮੱਡ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉ ਅਤੇ ਇਸ ਨੂੰ ਮਿੱਟੀ ਵਿਚ ਮਿਲਾ ਦਿਉ। ਖਾਲ਼ੀਆਂ ਵਿਚ ਬਿਜਾਈ ਲਈ ਪ੍ਰੈਸ ਮੱਡ ਨੂੰ ਖਾਲ਼ੀਆਂ ਵਿੱਚ ਪਾਉ ਅਤੇ ਇਸ ਨੂੰ ਕਸੌਲੇ ਨਾਲ ਮਿੱਟੀ ਵਿਚ ਰਲਾ ਦਿਓ। ਜੇ ਰੂੜੀ ਜਾਂ ਪ੍ਰੈਸ ਮੱਡ ਦੀ ਵਰਤੋਂ ਕੀਤੀ ਗਈ ਹੋਵੇ ਤਾਂ 90 ਕਿਲੋ ਯੂਰੀਆ ਪ੍ਰਤੀ ਏਕੜ ਪਾਉ। ਜੇਕਰ ਸਿਫ਼ਾਰਸ਼ ਕੀਤੀ ਹੋਈ ਨਾਈਟ੍ਰੋਜਨ ਤੱਤ ਵਾਲੀ ਖਾਦ ਦੇ ਨਾਲ-ਨਾਲ ਰੂੜੀ ਦਾ ਪ੍ਰਯੋਗ ਵੀ ਕੀਤਾ ਜਾਵੇ ਤਾਂ ਝਾੜ ਵਿਚ 10 ਪ੍ਰਤੀਸ਼ਤ ਦਾ ਔਸਤਨ ਵਾਧਾ ਹੁੰਦਾ ਹੈ। ਅਜ਼ੋਟੋਬੈਕਟਰ (ਜੀਵਾਣੂੰ ਖਾਦ)/ਕਨਸੋਰਸ਼ੀਅਮ 4 ਕਿਲੋ ਪ੍ਰਤੀ ਏਕੜ ਬਿਜਾਈ ਸਮੇਂ ਖ਼ਾਲ਼ੀਆਂ ਵਿੱਚ ਪਾਉਣ ਨਾਲ ਗੰਨੇ ਦੇ ਝਾੜ ਵਿੱਚ ਵਾਧਾ ਹੁੰਦਾ ਹੈ।
ਰਸਾਇਣਿਕ ਖਾਦਾਂ:
ਰਸਾਇਣਿਕ ਖਾਦਾਂ ਦੇ ਨਾਲ ਜੈਵਿਕ ਖਾਦਾਂ ਦੀ ਵਰਤੋਂ ਲਾਹੇਵੰਦ ਹੁੰਦੀ ਹੈ।ਮਿੱਟੀ ਪਰਖ ਦੇ ਆਧਾਰ ਤੇ ਖਾਦਾਂ ਦੀ ਵਰਤੋਂ ਵੱਧ ਝਾੜ ਅਤੇ ਰਸਾਇਣਿਕ ਖਾਦਾਂ ਦੀ ਸੁੱਚਜੀ ਵਰਤੋਂ ਲਈ ਸਿਫਾਰਸ ਕੀਤੀ ਜਾਂਦੀ ਹੈ। ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ਤੇ ਕਰੋ। ਦਰਮਿਆਨੀਆਂ ਜਮੀਨਾਂ ਵਿੱਚ 130 ਕਿਲੋ ਯੂਰੀਆ ਬੀਜੜ ਫ਼ਸਲ ਨੂੰ ਅਤੇ 195 ਕਿਲੋ ਯੂਰੀਆ ਮੂਢੀ ਫ਼ਸਲ ਨੂੰ ਪਾੳ।
ਬੀਜੜ ਫ਼ਸਲ: ਨਾਈਟ੍ਰੋਜਨ ਖਾਦ ਦਾ ਅੱਧਾ ਹਿੱਸਾ ਕਮਾਦ ਜੰਮਣ ਤੋਂ ਬਾਅਦ ਪਹਿਲੇ ਪਾਣੀ ਨਾਲ ਲਾਈਨਾਂ ਦੇ ਨਾਲ ਕੇਰਾ ਕਰੋ ਜਾਂ ਡਰਿੱਲ ਕਰ ਦਿਉ। ਬਾਕੀ ਦੀ ਅੱਧੀ ਖਾਦ ਇਸੇ ਤਰੀਕੇ ਨਾਲ ਮਈ-ਜੂਨ ਵਿਚ ਡਰਿੱਲ ਕਰ ਦਿਉ। ਖਾਦ ਛੱਟੇ ਦੀ ਬਜਾਏ ਜੇ ਡਰਿੱਲ ਕੀਤੀ ਜਾਵੇ ਤਾਂ ਵਧੇਰੇ ਝਾੜ ਮਿਲਦਾ ਹੈ। ਫ਼ਾਸਫ਼ੋਰਸ ਵਾਲੀ ਖਾਦ (ਮਿੱਟੀ ਪਰਖ ਅਨੁਸਾਰ) ਸਿਆੜਾਂ ਵਿਚ ਗੁੱਲੀਆਂ ਦੇ ਹੇਠਾਂ ਪਾਉ।
ਮੂਢੀ ਫ਼ਸਲ: ਮੂਢੀ ਫ਼ਸਲ ਨੂੰ ਫ਼ਰਵਰੀ ਵਿੱਚ ਪਹਿਲੀ ਗੋਡੀ ਜਾਂ ਵਾਹੀ ਸਮੇਂ ਨਾਈਟ੍ਰੋਜਨ ਖਾਦ ਦਾ ਤੀਜਾ ਹਿੱਸਾ ਛੱਟੇ ਨਾਲ ਪਾਉ। ਤੀਸਰਾ ਹਿੱਸਾ ਫੇਰ ਅਪ੍ਰੈਲ ਵਿੱਚ ਅਤੇ ਬਾਕੀ ਰਹਿੰਦਾ ਤੀਸਰਾ ਹਿੱਸਾ ਮਈ ਵਿਚ ਪਾਓ। ਜੇਕਰ ਮਿੱਟੀ ਪਰਖ ਦੇ ਆਧਾਰ ਤੇ ਫ਼ਾਸਫ਼ੋਰਸ ਵਾਲੀ ਖਾਦ ਪਾਉਣੀ ਹੋਵੇ ਤਾਂ ਫ਼ਰਵਰੀ ਵਿੱਚ ਵਾਹੀ ਸਮੇਂ ਕਮਾਦ ਦੀਆਂ ਕਤਾਰਾਂ ਦੇ ਨੇੜੇ ਡਰਿੱਲ ਕਰ ਦਿਓ।
ਬਰਾਨੀ ਖੇਤੀ ਲਈ: ਜੇਕਰ ਬਿਜਾਈ ਸਮੇਂ ਵੱਤਰ ਕਾਫੀ ਹੋਵੇ ਤਾਂ ਅੱਧੀ ਨਾਈਟ੍ਰੋਜਨ ਖਾਦ ਬਿਜਾਈ ਸਮੇਂ ਪਾ ਦਿਓ। ਜੇਕਰ ਇਸ ਸਮੇਂ ਵੱਤਰ ਖੁਸ਼ਕ ਹੋਵੇ ਤਾਂ ਸਾਰੀ ਨਾਈਟ੍ਰੋਜਨ ਮੌਨਸੂਨ ਸ਼ੁਰੂ ਹੋਣ ਤੇ ਪਾਓ।
ਲੋਹੇ ਦੀ ਘਾਟ: ਹਲਕੀਆਂ ਜ਼ਮੀਨਾਂ ਵਿਚ ਕਮਾਦ ਦੀ ਫ਼ਸਲ ਉਪਰ ਲੋਹੇ ਦੀ ਘਾਟ ਆ ਜਾਂਦੀ ਹੈ।ਇਸ ਦੀ ਰੋਕਥਾਮ ਲਈ ਫ਼ੈਰਸ ਸਲਫ਼ੇਟ ਦਾ ਇਕ ਪ੍ਰਤੀਸ਼ਤ ਘੋਲ (ਇਕ ਕਿੱਲੋ ਫ਼ੈਰਸ ਸਲਫ਼ੇਟ 100 ਲਿਟਰ ਪਾਣੀ ਵਿਚ) ਹਫ਼ਤੇ ਹਫ਼ਤੇ ਦੀ ਵਿੱਥ ਤੇ ਦੋ-ਤਿੰਨ ਵਾਰ ਛਿੜਕੋ।
ਗੰਨੇ ਦੇ ਕੀੜੇ-ਮਕੌੜੇ
ਸਿਉਂਕ : ਸਿਉਂਕ ਦਾ ਹਮਲਾ ਅਪ੍ਰੈਲ ਤੋਂ ਜੂਨ ਅਤੇ ਅਕਤੂਬਰ ਵਿੱਚ ਹੁੰਦਾ ਹੈ। ਜੋ ਕਿ ਪਾਣੀ ਦੀ ਕਮੀ ਅਤੇ ਰੇਤਲੀ ਜ਼ਮੀਨਾਂ ਵਿੱਚ ਜ਼ਿਆਦਾ ਹੁੰਦਾ ਹੈ। ਇਸ ਦਾ ਹਮਲਾ ਬਿਜਾਈ ਦੇ ਨਾਲ ਹੀ ਸ਼ੁਰੂ ਹੋ ਜਾਂਦਾ ਹੈ।ਇਹ ਜੰਮ ਰਹੇ ਬੂਟਿਆਂ ਨੂੰ ਨੁਕਸਾਨ ਕਰਦੀ ਹੈ ਅਤੇ ਉਗ ਰਹੇ ਛੋਟੇ ਬੂਟਿਆਂ ਨੂੰ ਵੀ ਸੁਕਾ ਦਿੰਦੀ ਹੈ ।
ਇਸ ਦੀ ਰੋਕਥਾਮ ਲਈ :
ਸਿਰਫ ਗਲੀ ਸੜੀ ਰੂੜੀ ਦੀ ਵਰਤੋ ਕਰੋ।
ਖੇਤ ਵਿੱਚ ਖੋਰੀ ਅਤੇ ਘਾਹ ਕੱਢ ਦਿਉ।
200 ਮਿਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਨਟਰੈਨੀਲੀਪਰੋਲ) 400 ਲਿਟਰ ਪਾਣੀ ਵਿੱਚ ਘੋਲ ਕੇ ਫੁਆਰੇ ਨਾਲ ਸਿਆੜਾਂ ਵਿੱਚ ਪਈਆਂ ਗੁੱਲੀਆਂ ਉਪਰ ਛਿੜਕੋ ਜਾਂ ਇਸ ਦੀ ਰੋਕਥਾਮ ਲਈ ਫ਼ਸਲ ਦੇ ਜੰਮ ਪੂਰਾ ਹੋਣ ਤੇ 45 ਮਿਲੀਲਿਟਰ ਇਮਿਡਾਗੋਲਡ 17.8 ਐਸ ਐਲ (ਇਮਿਡਾਕਲੋਪਰਿਡ) ਨੂੰ 400 ਲਿਟਰ ਪਾਣੀ ਵਿੱਚ ਘੋਲ ਕੇ ਫੁਹਾਰੇ ਨਾਲ ਗੰਨੇ ਦੀਆਂ ਕਤਾਰਾਂ ਦੇ ਨਾਲ ਪਾਉ ।
ਅਗੇਤੀ ਫੋਟ ਦਾ ਗੜੂੰਆਂ : ਇਹ ਕੀੜਾ ਅਪ੍ਰੈਲ ਤੋਂ ਜੂਨ ਵਿੱਚ ਹਮਲਾ ਕਰਦਾ ਹੈ ਅਤੇ ਗਰਮੀ ਦੇ ਮੌਸਮ ਵਿੱਚ ਇਸ ਦਾ ਹਮਲਾ ਜ਼ਿਆਦਾ ਹੁੰਦਾ ਹੈ ।ਇਸ ਦੇ ਕਾਰਨ ਗੰਨੇ ਦੀ ਗੋਭ ਸੁੱਕ ਜਾਂਦੀ ਹੈ । ਜੋ ਕਿ ਅਸਾਨੀ ਨਾਲ ਖਿੱਚੀ ਜਾ ਸਕਦੀ ਹੈ ਅਤੇ ਬਦਬੂ ਮਾਰਦੀ ਹੈ।
ਇਸ ਦੀ ਰੋਕਥਾਮ ਲਈ:
ਫ਼ਸਲ ਕੁਝ ਅਗੇਤੀ ਬੀਜੋ (ਅੱਧ ਮਾਰਚ ਤੋਂ ਪਹਿਲਾਂ) ।
ਕਮਾਦ ਦੀ ਬਿਜਾਈ ਸਮੇਂ, 10 ਕਿਲੋ ਰੀਜੈਂਟ/ਮੋਰਟੈਲ/ਰਿਪਨ 0.3 ਜੀ (ਫਿਪਰੋਨਿਲ) ਦਾਣੇਦਾਰ ਦਵਾਈ ਪਾਉ ਅਤੇ ਬਾਅਦ ਵਿੱਚ ਸੁਹਾਗਾ ਫੇਰ ਕੇ ਗੁੱਲੀਆਂ ਢੱਕ ਦਿਉ ਜਾਂ 10 ਕਿਲੋ ਰੀਜੈਂਟ/ਮੋਰਟੈਲ/ਰਿਪਨ 0.3 ਜੀ (ਫਿਪਰੋਨਿਲ) ਦਾਣੇਦਾਰ ਦਵਾਈ ਫ਼ਸਲ ਦਾ ਜੰਮ ਪੂਰਾ ਹੋਣ ਤੋਂ ਬਾਅਦ (ਬਿਜਾਈ ਤੋਂ 45 ਦਿਨਾਂ ਬਾਅਦ) ਜਾਂ 150 ਗ੍ਰਾਮ ਟਕੂਮੀ 20 ਡਬਲਯੂ ਜੀ (ਫਲੂਬੈਂਡਾਮਾਈਡ) ਜਾਂ 150 ਮਿਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਨਟਰੈਨੀਲੀਪਰੋਲ) ਜਾਂ 45 ਮਿਲੀਲਿਟਰ ਇਮਿਡਾਗੋਲਡ 17.8 ਐਸ ਐਲ (ਇਮਿਡਾਕਲੋਪਰਿਡ) ਨੂੰ 400 ਲਿਟਰ ਪਾਣੀ ਵਿੱਚ ਘੋਲ ਕੇ ਫੁਹਾਰੇ ਨਾਲ ਗੰਨੇ ਦੀਆਂ ਕਤਾਰਾਂ ਦੇ ਨਾਲ ਪਾਉ ਅਤੇ ਹਲਕੀ ਮਿੱਟੀ ਚੜ੍ਹਾ ਕੇ ਪਤਲਾ ਪਾਣੀ ਦਿਉ।
ਟਰਾਈਕੋਗਰਾਮਾ ਕਿਲੋਨਸ (ਮਿੱਤਰ ਕੀੜੇ) ਰਾਹੀਂ ਸੱਤ ਦਿਨ ਪਹਿਲਾਂ ਪ੍ਰਜੀਵੀ ਕਿਰਿਆ ਕੀਤੇ ਕੌਰਸਾਇਰਾ ਦੇ ਤਕਰੀਬਨ 20,000 ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ ਅੱਧ ਅਪ੍ਰੈਲ ਤੋਂ ਜੂਨ ਅਖੀਰ ਤੱਕ 10 ਦਿਨ ਦੇ ਫਰਕ ਨਾਲ ਵਰਤੋ । ਇਹ ਆਂਡੇ ਤਕਰੀਬਨ 10ਣ15 ਸੈਂਟੀਮੀਟਰ ਵਾਲੇ ਕਾਰਡਾਂ ਉਪਰ ਲਗਾਏ ਜਾਂਦੇ ਹਨ । ਇਨ੍ਹਾਂ ਕਾਰਡਾਂ ਨੂੰ 40 ਬਰਾਬਰ ਹਿੱਸਿਆਂ ਵਿੱਚ ਇਸ ਤਰ੍ਹਾਂ ਕੱਟੋ ਕਿ ਹਰ ਹਿੱਸੇ ਉਪਰ ਤਕਰੀਬਨ 500 ਆਂਡੇ ਹੋਣ। ਇਨ੍ਹਾਂ ਹਿੱਸਿਆਂ ਨੂੰ ਪੱਤਿਆਂ ਦੇ ਹੇਠਲੇ ਪਾਸੇ ਇੱਕ ਏਕੜ ਵਿੱਚ ਬਰਾਬਰ ਦੂਰੀ ਤੇ 40 ਥਾਵਾਂ ਤੇ ਸ਼ਾਮ ਵੇਲੇ ਨੱਥੀ ਕਰੋ । ਇਹ ਕਿਰਿਆ 8 ਵਾਰ ਦੁਹਰਾਉਣ ਦੀ ਲੋੜ ਪੈਂਦੀ ਹੈ । ਇਹ ਕਾਰਡ ਮੀਂਹ ਵਾਲੇ ਦਿਨ ਨਹੀਂ ਵਰਤਣੇ ਚਾਹੀਦੇ ।
ਆਗ ਦਾ ਗੜੂੰਆਂ: ਇਹ ਕੀੜਾ ਮਾਰਚ ਤੋਂ ਅਕਤੂਬਰ ਤੱਕ ਹਮਲਾ ਕਰਦਾ ਹੈ ਪਰ ਜੁਲਾਈ ਅਗਸਤ ਦੌਰਾਨ ਬਹੁਤ ਹਾਨੀਕਾਰਕ ਹੁੰਦਾ ਹੈ । ਇਸਦੇ ਹਮਲੇ ਕਰਕੇ ਗੰਨੇ ਦੇ ਸਿਰੇ ਤੇ ਗੋਭ ਵਾਲਾ ਪੱਤਾ ਸੁੱਕ ਜਾਂਦਾ ਹੈ ਅਤੇ ਕਾਲੇ ਰੰਗ ਦਾ ਹੋ ਜਾਂਦਾ ਹੈ । ਇਸ ਦੇ ਹਮਲੇ ਦੀਆਂ ਹੋਰ ਨਿਸ਼ਾਨੀਆਂ ਹਨ ਕਿ ਇਹ ਆਗ ਵਿਚ ਮੋਰੀਆਂ ਕਰ ਦਿੰਦਾ ਹੈ, ਪੱਤੇ ਦੀ ਰੀੜ੍ਹ ਤੇ ਉਪਰਲੇ ਸਿਰੇ ਵੱਲ ਚਿੱਟੀਆਂ ਜਾਂ ਲਾਲ ਧਾਰੀਆਂ ਪੈ ਜਾਂਦੀਆਂ ਹਨ ਅਤੇ ਗੰਨਾ ਛਾਂਗਾ ਹੋ ਜਾਂਦਾ ਹੈ ।
ਇਸ ਦੀ ਰੋਕਥਾਮ ਲਈ :-
ਇਸ ਕੀੜੇ ਦੇ ਭੰਬਟ ਤੇ ਆਂਡੇ ਇਕੱਠੇ ਕਰਕੇ ਨਸ਼ਟ ਕਰ ਦਿਓ ।
ਹਮਲੇ ਵਾਲੇ ਪੜਸੂਏ ਅਪ੍ਰੈਲ ਤੇ ਜੂਨ ਦੇ ਦੌਰਾਨ ਕੱਟੋ।
ਟਰਾਈਕੋਗਰਾਮਾ ਜਪੋਨੀਕਮ (ਮਿੱਤਰ ਕੀੜੇ) ਰਾਹੀਂ ਸੱਤ ਦਿਨ ਪਹਿਲਾਂ ਪਰਜੀਵੀ ਕਿਰਿਆ ਕੀਤੇ ਕੌਰਸਾਇਰਾ ਦੇ ਤਕਰੀਬਨ 20,000 ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ ਅੱਧ ਅਪ੍ਰੈਲ ਤੋਂ ਜੂਨ ਅਖੀਰ ਤੱਕ 10 ਦਿਨ ਦੇ ਫਰਕ ਨਾਲ ਵਰਤੋ ।
ਜੂਨ ਦੇ ਆਖਰੀ ਹਫ਼ਤੇ ਜਾਂ ਜੁਲਾਈ ਦੇ ਪਹਿਲੇ ਹਫ਼ਤੇ (ਜੇਕਰ ਹਮਲਾ 5% ਤੋਂ ਵੱਧ ਹੋਵੇ) ਪ੍ਰਤੀ ਏਕੜ ਦੇ ਹਿਸਾਬ 10 ਕਿਲੋ ਫਰਟੇਰਾ 0.4 ਜੀ ਆਰ ਜਾਂ 12 ਕਿਲੋ ਫਿਊਰਾਡਾਨ/ ਡਾਈਫਿਊਰਾਨ/ ਫਿਊਰਾਕਾਰਬ/ ਕਾਰਬੋਸਿਲ/ ਫ਼ਿਊਰੀ 3 ਜੀ ਦੇ ਕੈਪਸੂਲ (ਕਾਰਬੋਫ਼ੂਰਾਨ) ਦੇ ਕੈਪਸੂਲ ਨੂੰ ਸ਼ਾਖਾਂ ਦੇ ਮੁੱਢਾਂ ਨੇੜੇ ਪਾਉ ਤੇ ਮੁੱਢਾਂ ਨੂੰ ਹਲਕੀ ਮਿੱਟੀ ਚਾੜ੍ਹ ਕੇ ਖੇਤ ਨੂੰ ਪਾਣੀ ਲਾ ਦਿਉ
ਤਣੇ ਦਾ ਗੜੂੰਆਂ : ਇਹ ਕੀੜਾ ਸਾਰਾ ਸਾਲ ਹੀ ਸਰਗਰਮ ਰਹਿੰਦਾ ਹੈ । ਇਸ ਕੀੜੇ ਦੀਆਂ ਸੁੰਡੀਆਂ ਸਰਦੀਆਂ ਵਿਚ ਨਵੇਂ ਪੜਸੂਇਆਂ ਜਾਂ ਮੁੱਢਾਂ ਵਿੱਚ ਰਹਿੰਦੀਆਂ ਹਨ । ਇਨ੍ਹਾਂ ਦਾ ਹਮਲਾ ਅਪ੍ਰੈਲ, ਮਈ ਅਤੇ ਜੂਨ ਵਿਚ ਕੁਝ ਘੱਟ ਹੁੰਦਾ ਹੈ ਪਰ ਜੁਲਾਈ ਵਿੱਚ ਵਧ ਜਾਂਦਾ ਹੈ । ਅਕਤੂਬਰ ਅਤੇ ਨਵੰਬਰ ਵਿਚ ਇਹ ਸਭ ਤੋਂ ਵੱਧ ਸਰਗਰਮ ਹੁੰਦਾ ਹੈ। ਇਸ ਕੀੜੇ ਦੀਆਂ ਬਾਹਰਲੀਆਂ ਕੋਈ ਨਿਸ਼ਾਨੀਆਂ ਨਹੀਂ ਹਨ । ਇਸ ਕੀੜੇ ਦੀਆਂ ਤਣੇ ਵਿਚ ਵੜਨ ਅਤੇ ਨਿਕਲਣ ਵਾਲੀਆਂ ਮੋਰੀਆਂ ਕੇਵਲ ਗੰਨਾ ਛਿੱਲ ਕੇ ਹੀ ਵੇਖੀਆਂ ਜਾ ਸਕਦੀਆਂ ਹਨ । ਇਕ ਸੁੰਡੀ ਕਈ ਵਾਰ ਤਿੰਨ ਗੰਢਾਂ ਦਾ ਨੁਕਸਾਨ ਕਰ ਦਿੰਦੀ ਹੈ ਅਤੇ ਗੰਨੇ ਉਪਰ ਕਈ ਥਾਵਾਂ ਤੇ ਹਮਲਾ ਕਰਦੀ ਹੈ । ਗੰਭੀਰ ਹਮਲੇ ਦੀ ਸੂਰਤ ਵਿੱਚ ਗੰਨੇ ਦੇ ਝਾੜ ਅਤੇ ਮਿਠਾਸ ਵਾਲੇ ਤੱਤਾਂ ਤੇ ਬਹੁਤ ਅਸਰ ਪੈਂਦਾ ਹੈ।
ਇਸ ਦੀ ਰੋਕਥਾਮ ਲਈ :
ਹਮਲੇ ਵਾਲੇ ਖੇਤ ਵਿਚੋਂ ਬੀਜ ਨਾ ਲਓ ।
40 ਟਰਾਈਕੋਕਾਰਡ ਦੇ (52.5 ਸੈਂਟੀਮੀਟਰ) ਜਿਸ ਉਪਰ 7 ਦਿਨ ਪਹਿਲਾਂ ਟਰਾਈਕੋਗਰਾਮਾ ਕਿਲੋਨਸ ਰਾਹੀਂ ਪਰਜੀਵੀ ਕਿਰਿਆ ਕੀਤੇ ਹੋਏ ਕੌਰਸਾਇਰਾ ਦੇ ਆਂਡੇ ਗੂੰਦ ਨਾਲ ਲਗਾਏ ਹੁੰਦੇ ਹਨ, ਗੰਨੇ ਦੇ ਪੱਤਿਆਂ ਦੇ ਹੇਠਲੇ ਪਾਸੇ ਜੁਲਾਈ ਤੋਂ ਅਕਤੂਬਰ ਦੌਰਾਨ 10 ਦਿਨ ਦੇ ਫਰਕ ਨਾਲ ਨੱਥੀ ਕਰੋ । ਹਰ ਇਕ ਟੁਕੜੇ ਤੇ ਲਗਭਗ 500 ਪ੍ਰਜੀਵੀ ਕਿਰਿਆ ਵਾਲੇ ਆਂਡੇ ਲੱਗੇ ਹੋਣੇ ਚਾਹੀਦੇ ਹਨ ਅਤੇ ਇਹ ਟੁਕੜੇ ਇਕ ਏਕੜ ਵਿਚ 40 ਥਾਵਾਂ ਤੇ ਨੱਥੀ ਕਰੋ । ਆਮ ਹਾਲਤਾਂ ਵਿਚ ਇਹ ਕਿਰਿਆ 10 ਤੋਂ 12 ਵਾਰ ਦੁਹਰਾਈ ਜਾਣ ਦੀ ਲੋੜ ਪੈਂਦੀ ਹੈ ।
ਫ਼ਸਲ ਕੱਟਣ ਵੇਲੇ ਸਾਰੇ ਪੜਸੂਏਂ ਵੀ ਕੱਟ ਦਿਉ ।
ਇਸ ਕੀੜੇ ਦੀ ਮਾਰ ਵਾਲੀ ਫ਼ਸਲ ਮੂਢਾ ਨਾ ਰੱਖੋ । ਫ਼ਸਲ ਕੱਟ ਕੇ ਖੇਤ ਵਾਹੋ ਅਤੇ ਮੁੱਢ ਵਗੈਰਾ ਇਕੱਠੇ ਕਰਕੇ ਨਸ਼ਟ ਕਰ ਦਿਓ ।
ਕਾਲਾ ਖਟਮਲ : ਹਮਲੇ ਵਾਲੀ ਫ਼ਸਲ ਪੀਲੀ ਹੋ ਜਾਂਦੀ ਹੈ। ਇਹ ਕੀੜਾ ਪਹਿਲਾਂ ਗੁਲਾਬੀ ਅਤੇ ਫਿਰ ਕਾਲੇ ਰੰਗ ਦਾ ਹੋ ਜਾਂਦਾ ਹੈ । ਇਹ ਦੋਹਾਂ ਹਾਲਤਾਂ ਵਿਚ ਹੀ ਪੱਤੇ ਦਾ ਰਸ ਚੂਸਦਾ ਹੈ ਅਤੇ ਅਪ੍ਰੈਲ, ਮਈ ਤੇ ਜੂਨ ਵਿਚ ਬਹੁਤ ਸਰਗਰਮ ਹੁੰਦਾ ਹੈ ।
ਰੋਕਥਾਮ: ਇਸ ਦੀ ਰੋਕਥਾਮ ਲਈ 350 ਮਿਲੀਲਿਟਰ ਡਰਸਬਾਨ/ ਲੀਥਲ/ ਮਾਸਬਾਨ/ਗੋਲਡਬਾਨ 20 ਈ ਸੀ (ਕਲੋਰਪਾਈਰੀਫਾਸ) ਨੂੰ 400 ਲਿਟਰ ਪਾਣੀ ਵਿਚ ਘੋਲ ਕੇ ਹੱਥ ਵਾਲੇ ਸਪਰੇਅ ਪੰਪ ਨਾਲ ਪ੍ਰਤੀ ਏਕੜ ਦੇ ਹਿਸਾਬ ਛਿੜਕਾਅ ਕਰੋ । ਸਪਰਅੇ ਦਾ ਰੁੱਖ ਪੱਤਿਆਂ ਦੀ ਗੋਭ ਵੱਲ ਰੱਖੋ। ਜੀਵਾਣੂੰ ਖਾਦ ਦਾ ਇਹ ਟੀਕਾ ਪੀ.ਏ. ਯੂ. ਦੀ ਬੀਜਾਂ ਦੀ ਦੁਕਾਨ, ਗੇਟ ਨੰ. 1ਅਤੇ ਵੱਖ-ਵੱਖ ਜਿਲਿਆ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰਾਂ ਤੋਂ ਵੀ ਮਿਲਦਾ ਹੈ।
ਰਾਜਿੰਦਰ ਕੁਮਾਰ: 99880-99124
ਰਾਜਿੰਦਰ ਕੁਮਾਰ, ਅਨੁਰਾਧਾ ਅਤੇ ਲੇਨਿਕਾ ਕਸ਼ਯਪ
ਖੇਤਰੀ ਖੋਜ ਕੇਂਦਰ, ਕਪੂਰਥਲਾ
Summary in English: Comprehensive plant diet and pest control in sugarcane