1. Home
  2. ਖੇਤੀ ਬਾੜੀ

ਇੰਜ ਕਰੋ ਦਾਣਿਆਂ ਦਾ ਭੰਡਾਰਣ ਅਤੇ ਭੰਡਾਰਣ ਦੌਰਾਨ ਕੀੜਿਆਂ ਦੀ ਰੋਕਥਾਮ

ਦਾਣਿਆਂ ਦੇ ਭੰਡਾਰਣ ਦੌਰਾਨ ਹੋਣ ਵਾਲੇ ਨੁਕਸਾਨ ਤੋਂ ਬਚਨ ਲਈ ਇਨ੍ਹਾਂ ਸਲਾਹਾਂ ਦੀ ਪਾਲਣਾ ਕਰੋ, ਨਹੀਂ ਹੋਵੇਗਾ ਅਨਾਜ ਨਸ਼ਟ...

Priya Shukla
Priya Shukla
ਦਾਣਿਆਂ ਦਾ ਭੰਡਾਰਣ

ਦਾਣਿਆਂ ਦਾ ਭੰਡਾਰਣ

ਪੰਜਾਬ ਸਾਡੇ ਦੇਸ਼ ਦੇ ਅਨਾਜ ਉਤਪਾਦਨ `ਚ ਬਹੁਤ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਖੇਤੀਬਾੜੀ ਤੇ ਭਾਰਤੀ ਅਰਥਵਿਵਸਥਾ `ਚ ਇਸਦਾ ਯੋਗਦਾਨ ਕਮਾਲ ਦਾ ਰਿਹਾ ਹੈ। ਭਾਰਤ ਨੂੰ ਭੋਜਨ `ਚ ਆਤਮ-ਨਿਰਭਰ ਬਣਾਉਣ `ਚ ਪੰਜਾਬ ਦਾ ਬਹੁਤ ਵੱਡਾ ਹੱਥ ਹੈ। ਪਰ ਫਿਰ ਵੀ ਪੰਜਾਬ ਦੇ ਅਨਾਜ ਦਾ ਕਾਫ਼ੀ ਹਿੱਸਾ ਵੱਖੋ ਵੱਖ ਪੜਾਵਾਂ ਤੱਕ ਜਾਂਦੇ ਜਾਂਦੇ ਬਰਬਾਦ ਹੋ ਜਾਂਦਾ ਹੈ।

ਵਾਢੀ, ਪਿੜਾਈ, ਢੋਆ-ਢੁਆਈ ਤੇ ਸਟੋਰੇਜ ਦੌਰਾਨ ਅਨਾਜ ਦੇ ਇੱਕ ਮਹੱਤਵਪੂਰਨ ਹਿੱਸੇ ਦਾ ਨੁਕਸਾਨ ਹੋ ਜਾਂਦਾ ਹੈ। ਇਨ੍ਹਾਂ `ਚੋਂ ਮੁੱਖ ਤੌਰ `ਤੇ ਅਨਾਜ ਦਾ ਨੁਕਸਾਨ ਸਟੋਰੇਜ ਦੌਰਾਨ ਹੁੰਦਾ ਹੈ। ਅਨਾਜ ਦੀ ਸਹੀ ਸਟੋਰੇਜ ਨਾ ਹੋਣਾ, ਇਸਦੀ ਬਰਬਾਦੀ ਦਾ ਕਾਰਨ ਬਣ ਸਕਦਾ ਹੈ। ਸਟੋਰੇਜ ਦੌਰਾਨ ਕੀੜਿਆਂ ਦਾ ਅਟੈਕ ਸਟੋਰ ਹੋਏ ਅਨਾਜ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਸਕਦਾ ਹੈ। ਇਸ ਤੋਂ ਬਚਨ ਲਈ ਅੱਜ ਅਸੀਂ ਤੁਹਾਡੇ ਲਈ ਅਨਾਜ ਦੇ ਸਹੀ ਭੰਡਾਰਣ ਅਤੇ ਭੰਡਾਰਣ ਦੌਰਾਨ ਕੀੜਿਆਂ ਦੀ ਰੋਕਥਾਮ ਦੇ ਕੁਝ ਟਿਪਸ ਲੈ ਕੇ ਆਏ ਹਾਂ।

ਦਾਣਿਆਂ ਦਾ ਭੰਡਾਰਣ:

1. ਘਰੇਲੂ ਵਰਤੋਂ ਲਈ
ਅਨਾਜ ਦਾ ਭੰਡਾਰ ਕਰਨ ਦੀ ਵੱਖ-ਵੱਖ ਸਮਰੱਥਾ ਵਾਲੇ ਢੋਲ ਮਿਲਦੇ ਹਨ। ਘਰੇਲੂ ਵਰਤੋਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਤਿਆਰ ਕੀਤੇ ਨਕਸ਼ਿਆਂ ਤੇ 1.5, 3.5 ਜਾਂ ਸਾਢੇ 7 ਤੋਂ 15 ਕੁਇੰਟਲ ਦਾਣਿਆਂ ਲਈ ਲੋਹੇ ਦੇ ਭੜੋਲੇ ਮਿਲਦੇ ਹਨ। ਇਹ ਹਵਾ ਰਹਿਤ ਢੋਲ ਇਸ ਤਰ੍ਹਾਂ ਬਣਾਏ ਗਏ ਹਨ ਕਿ ਇਨ੍ਹਾਂ ਵਿੱਚ ਅਨਾਜ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੀੜੇ ਮਕੌੜੇ, ਚੂਹੇ ਆਦਿ ਦਾਖ਼ਲ ਨਹੀਂ ਹੋ ਸਕਦੇ ਅਤੇ ਅਨਾਜ ਦੇ ਅੰਦਰ ਰਹਿ ਗਏ ਕੀਟਾਂ ਨੂੰ ਵਧਣ ਫੁਲਣ ਲਈ ਯੋਗ ਵਾਤਾਵਰਣ ਨਹੀਂ ਮਿਲਦਾ। ਇਹ ਸਸਤੇ ਪੈਂਦੇ ਹਨ। ਇਕ ਥਾਂ ਤੋਂ ਦੂਜੀ ਥਾਂ ਲਿਜਾਏ ਜਾ ਸਕਦੇ ਹਨ ਅਤੇ ਬਣਤਰ ਵਿੱਚ ਵੀ ਸਾਦੇ ਹੀ ਹੁੰਦੇ ਹਨ।
ਇਨ੍ਹਾਂ (ਢੋਲਾਂ) ਦੀ ਵਰਤੋਂ ਲਈ ਹੇਠ ਲਿਖੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ:
• ਢੋਲ (ਭੜੋਲੇ) ਚੰਗੀ ਤਰ੍ਹਾਂ ਸਾਫ਼ ਕਰ ਲਓ ਤਾਂ ਕਿ ਪਹਿਲਾਂ ਸਟੋਰ ਕੀਤੇ ਅਨਾਜ ਦੀ ਰਹਿੰਦ ਖੂੰਹਦ ਬਿਲਕੁਲ ਨਾ ਰਹੇ।
• ਦਾਣਿਆਂ ਨੂੰ, ਸਭ ਕੂੜਾ ਕਰਕਟ ਕੱਢ ਕੇ ਚੰਗੀ ਤਰ੍ਹਾਂ ਸਾਫ਼ ਕਰ ਲਓ। ਟੁੱਟੇ ਭੱਜੇ ਦਾਣੇ ਕੀੜਿਆਂ ਨੂੰ ਸੱਦਾ ਦਿੰਦੇ ਹਨ। ਇਸ ਲਈ ਇਨ੍ਹਾਂ ਨੂੰ ਅੱਡ ਕਰ ਲੈਣਾ ਚਾਹੀਦਾ ਹੈ।
• ਨਵੇਂ ਦਾਣਿਆਂ ਨੂੰ ਪੁਰਾਣੇ ਦਾਣਿਆਂ ਵਿੱਚ ਨਾ ਮਿਲਾਓ। ਹੋ ਸਕਦਾ ਹੈ ਕਿ ਉਨ੍ਹਾਂ ਨੂੰ ਕੀੜੇ ਲੱਗੇ ਹੋਏ ਹੋਣ।
• ਲੱਗੇ ਹੋਏ ਜਾਂ ਸਿਲ੍ਹੇ ਦਾਣੇ ਕਦੇ ਸਟੋਰ ਨਾ ਕਰੋ। ਦਾਣਿਆਂ ਨੂੰ ਚੰਗੀ ਤਰ੍ਹਾਂ ਧੁੱਪੇ ਸੁਕਾਅ ਲਓ। ਫਿਰ ਠੰਡੇ ਕਰਕੇ ਸ਼ਾਮ ਨੂੰ ਢੋਲਾਂ ਵਿੱਚ ਪਾਓ। ਦਾਣਿਆਂ ਵਿੱਚ ਸਿੱਲ 9 ਫ਼ੀਸਦੀ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ।
• ਢੋਲਾਂ ਨੂੰ ਉਪਰ ਤੱਕ ਨੱਕੋ-ਨੱਕ ਭਰੋ ਅਤੇ ਢੱਕਣ ਚੰਗੀ ਤਰ੍ਹਾਂ ਪੀਚ ਕੇ ਕੱਸ ਲਓ।
• ਪਹਿਲੇ 30 ਦਿਨ ਢੋਲ ਨੂੰ ਬਿਲਕੁਲ ਨਾ ਖੋਲ੍ਹੋ ਅਤੇ ਫਿਰ 15 ਦਿਨਾਂ ਦੇ ਵਕਫੇ ਨਾਲ ਖੋਲ੍ਹੋ। ਦਾਣੇ ਕੱਢਣ ਮਗਰੋਂ ਤੁਰੰਤ ਬੰਦ ਕਰ ਦਿਓ।
• ਦਾਣਿਆਂ ਨੂੰ ਗਾਹੇ ਬਗਾਹੇ ਦੇਖਦੇ ਰਹੋ ਤਾਂ ਜੋ ਕੋਈ ਕੀੜਾ-ਮਕੌੜਾ ਤਾਂ ਨਹੀਂ ਲੱਗ ਗਿਆ।

2. ਵਪਾਰਕ ਮੰਤਵ ਲਈ
ਵਪਾਰਕ ਕੰਮ ਕਾਰ ਲਈ ਕਣਕ ਸਟੋਰ ਕਰਨ ਲਈ ਕਿਸਾਨਾਂ ਨੂੰ ਹੇਠ ਲਿਖੀਆਂ ਏਜੰਸੀਆਂ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਲਾਭ ਉਠਾਉਣਾ ਚਾਹੀਦਾ ਹੈ:
• ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਅਤੇ ਉਸ ਦੇ ਸਥਾਨਕ ਦਫ਼ਤਰ
• ਸੈਂਟਰਲ ਵੇਅਰ ਹਾਊਸਿੰਗ ਕਾਰਪੋਰੇਸ਼ਨ ਅਤੇ ਉਸ ਦੇ ਸਥਾਨਕ ਦਫ਼ਤਰ
• ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਅਤੇ ਇਸ ਦੀਆਂ ਸ਼ਾਖਾਵਾਂ

ਇਹ ਵੀ ਪੜ੍ਹੋ : ਕਿਸਾਨ ਭਰਾਵੋਂ, ਆਪਣੀਆਂ ਫਸਲਾਂ ਨੂੰ ਚੂਹਿਆਂ ਤੋਂ ਬਚਾਉਣ ਲਈ ਇਨ੍ਹਾਂ ਤਰੀਕਿਆਂ ਨੂੰ ਅਪਣਾਓ

ਭੰਡਾਰਣ ਦੌਰਾਨ ਦਾਣਿਆਂ ਦੇ ਕੀੜਿਆਂ ਦੀ ਰੋਕਥਾਮ:

ਸੁਸਰੀ ਖਪਰਾ ਅਤੇ ਢੋਰਾ ਆਦਿ ਕਈ ਪ੍ਰਕਾਰ ਦੇ ਕੀੜੇ ਗੁਦਾਮਾਂ ਵਿੱਚ ਦਾਣਿਆਂ ਦਾ ਬਹੁਤ ਨੁਕਸਾਨ ਕਰਦੇ ਹਨ। ਇਨ੍ਹਾਂ ਦੇ ਹਮਲੇ ਨਾਲ ਦਾਣਿਆਂ ਦੀ ਖ਼ੁਰਾਕੀ ਤਾਕਤ ਅਤੇ ਉੱਗਣ ਸ਼ਕਤੀ ਬਹੁਤ ਘੱਟ ਜਾਂਦੀ ਹੈ। ਇਨ੍ਹਾਂ ਕੀੜਿਆਂ ਦੀ ਰੋਕਥਾਮ ਲਈ ਹੇਠ ਲਿਖੀਆਂ ਗੱਲਾਂ ਦਾ ਧਿਆਨ ਜ਼ਰੂਰੀ ਹੈ।
• ਨਵੇਂ ਦਾਣੇ ਸੁਧਰੇ ਗੁਦਾਮਾਂ ਵਿੱਚ ਜਾਂ ਢੋਲਾਂ ਵਿੱਚ ਰੱਖੋ।
• ਗੁਦਾਮਾਂ ਦੀਆਂ ਸਭ ਤਰੇੜਾਂ, ਦਰਜਾਂ, ਮੋਰੀਆਂ ਅਤੇ ਖੁੱਡਾਂ ਆਦਿ ਨੂੰ ਚੰਗੀ ਤਰ੍ਹਾਂ ਬੰਦ ਕਰ ਦਿਉ।
• ਅਨਾਜ ਦੇ ਭੰਡਾਰਣ ਲਈ ਨਵੀਆਂ ਬੋਰੀਆਂ ਵਰਤੋ।
• ਗੁਦਾਮਾਂ ਜਾਂ ਢੋਲਾਂ ਨੂੰ ਕੀੜਿਆਂ ਤੋਂ ਮੁਕਤ ਕਰਨ ਲਈ 100 ਮਿਲੀਲਿਟਰ ਸਾਇਥੀਅਨ (ਮੈਲਾਥੀਅਨ ਪ੍ਰੀਮੀਅਮ ਗਰੇਡ) 50 ਤਾਕਤ ਨੂੰ 10 ਲਿਟਰ ਪਾਣੀ ਵਿੱਚ ਘੋਲ ਕੇ ਛੱਤ, ਕੰਧਾਂ ਅਤੇ ਫਰਸ਼ ਤੇ ਛਿੜਕੋ।
• ਇਸਤੋਂ ਇਲਾਵਾ ਇਨ੍ਹਾਂ ਗੁਦਾਮਾਂ ਨੂੰ ਕੀੜਿਆਂ ਤੋਂ ਮੁਕਤ ਕਰਨ ਲਈ 25 ਗੋਲੀਆਂ ਐਲੂਮੀਨੀਅਮ ਫ਼ਾਸਫਾਈਡ ਪ੍ਰਤੀ 100 ਘਣ ਮੀਟਰ ਥਾਂ ਪਿਛੇ ਰੱਖੋ ਅਤੇ 7 ਦਿਨ ਕਮਰੇ ਹਵਾ ਬੰਦ ਰੱਖੋ।
• ਢੋਰੇ ਦੀ ਰੋਕਥਾਮ ਲਈ ਸਟੋਰ ਵਿੱਚ ਪਈਆਂ ਦਾਲਾਂ ਉਪਰ 7 ਸੈਂਟੀਮੀਟਰ ਰੇਤ ਜਾਂ ਲੱਕੜੀ ਦੇ ਬੂਰੇ ਦੀ ਤਹਿ ਵਿਛਾ ਦਿਓ, ਦਾਣੇ ਸਟੋਰ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਸੁਕਾ ਲਵੋ।
• ਜੇਕਰ ਦਾਣਿਆਂ ਨੂੰ ਖਪਰਾ ਲੱਗਾ ਹੋਵੇ ਤਾਂ ਉਨ੍ਹਾਂ ਗੁਦਾਮਾਂ ਵਿੱਚ ਐਲੂਮੀਨੀਅਮ ਫਾਸਫਾਈਡ ਦੀ ਮਾਤਰਾ ਦੁਗਣੀ ਕਰ ਦਿਓ। ਦਾਣੇ ਸੁਕਾ ਕੇ ਰੱਖੋ।
• ਟੀਨ ਦੇ ਭੜੋਲੇ ਸਾਫ਼ ਹੋਣੇ ਚਾਹੀਦੇ ਹਨ ਅਤੇ ਇਨ੍ਹਾਂ ਨੂੰ 2-3 ਦਿਨ ਧੁੱਪ ਲਵਾ ਲੈਣੀ ਚਾਹੀਦੀ ਹੈ।

ਕੀੜੇ ਲੱਗੇ ਦਾਣਿਆਂ ਦਾ ਇਲਾਜ:

ਫੋਸਟੌਕਸਿਨ ਜਾਂ ਡੈਲੀਸ਼ੀਆ ਜਾਂ ਸੈਲਫਾਸ (ਅਲੁਮੀਨੀਅਮ ਫ਼ਾਸਫਾਈਡ) ਦੀ ਤਿੰਨ ਗ੍ਰਾਮ ਦੀ ਇਕ ਗੋਲੀ ਇਕ ਟਨ ਦਾਣਿਆਂ ਲਈ ਜਾਂ 25 ਗੋਲੀਆਂ 100 ਘਣ ਮੀਟਰ ਥਾਂ ਲਈ ਵਰਤ ਕੇ ਹਵਾ ਬੰਦ ਕਮਰੇ ਵਿੱਚ ਧੂਣੀ ਦਿਉ। ਕਮਰੇ ਵਿੱਚ ਧੂਣੀ ਦੇਣ ਬਾਅਦ ਕਮਰੇ ਨੂੰ ਸੱਤ ਦਿਨ ਹਵਾ ਬੰਦ ਰੱਖੋ।

ਸਾਵਧਾਨੀਆਂ:

• ਜੇਕਰ ਸਿਫ਼ਾਰਸ਼ ਕੀਤੀ ਕੀਟਨਾਸ਼ਕ ਨਾ ਵਰਤੀ ਗਈ ਹੋਵੇ ਤਾਂ ਟੀਨ ਦੇ ਭੜੋਲਿਆਂ ਵਿੱਚ ਵੀ ਦਾਣਿਆਂ ਨੂੰ ਕੀੜੇ ਲੱਗ ਸਕਦੇ ਹਨ। ਇਨ੍ਹਾਂ ਲੱਗੇ ਕੀੜਿਆਂ ਦੀ ਰੋਕਥਾਮ ਧੂਣੀ ਦੇਣ ਵਾਲੀਆਂ ਕੀਟਨਾਸ਼ਕਾਂ ਨਾਲ ਕਰੋ।
• ਧੂਣੀ ਦੇਣ ਵਾਲੇ ਪਦਾਰਥਾਂ ਦੀ ਵਰਤੋਂ ਕੇਵਲ ਹਵਾ ਬੰਦ ਗੁਦਾਮਾਂ ਵਿੱਚ ਹੀ ਕਰੋ ਜਾਂ ਅਨਾਜ ਨੂੰ ਤਰਪਾਲ ਦੇ ਚਾਰੇ ਪਾਸੇ ਬੰਦ ਕਰਕੇ ਇਕ ਪਾਸੇ ਤੋਂ ਕੀਟਨਾਸ਼ਕ ਵਰਤੋ। ਇਨ੍ਹਾਂ ਦੀ ਵਰਤੋਂ ਤਜ਼ਰਬੇਕਾਰ ਆਦਮੀ ਹੀ ਕਰਨ ਕਿਉਂਕਿ ਇਹ ਕੀਟਨਾਸ਼ਕ ਬਹੁਤ ਜ਼ਹਿਰੀਲੀਆਂ ਹਨ।
• ਐਲੂਮੀਨੀਅਮ ਫ਼ਾਸਫਾਈਡ ਦੀ ਵਰਤੋਂ ਰਹਿਣ ਵਾਲੇ ਮਕਾਨਾਂ ਵਿੱਚ ਬਿਲਕੁਲ ਨਾ ਕਰੋ। ਇਨ੍ਹਾਂ ਦੀ ਵਰਤੋਂ ਰਹਿਣ ਵਾਲੇ ਮਕਾਨਾਂ ਨਾਲ ਲਗਦੇ ਗੁਦਾਮਾਂ ਵਿੱਚ ਕਰਨੀ ਵੀ ਖ਼ਤਰਨਾਕ ਸਾਬਤ ਹੋ ਸਕਦੀ ਹੈ।

Summary in English: Do this for storage of grains and prevention of pests during storage

Like this article?

Hey! I am Priya Shukla. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters