1. Home
  2. ਖੇਤੀ ਬਾੜੀ

ਕਿਸਾਨ ਭਰਾਵੋਂ, ਆਪਣੀਆਂ ਫਸਲਾਂ ਨੂੰ ਚੂਹਿਆਂ ਤੋਂ ਬਚਾਉਣ ਲਈ ਇਨ੍ਹਾਂ ਤਰੀਕਿਆਂ ਨੂੰ ਅਪਣਾਓ

ਜੇਕਰ ਤੁਸੀਂ ਚੂਹਿਆਂ ਤੋਂ ਹੋਣ ਵਾਲੇ ਫਸਲਾਂ ਦੇ ਭਾਰੀ ਨੁਕਸਾਨ ਤੋਂ ਬਚਣਾ ਚਾਹੁੰਦੇ ਹੋ ਤਾਂ ਜਲਦੀ ਹੀ ਇਨ੍ਹਾਂ ਤਰੀਕਿਆਂ ਦੀ ਪਾਲਣਾ ਕਰੋ...

Priya Shukla
Priya Shukla
ਚੂਹਿਆਂ ਦੀ ਰੋਕਥਾਮ ਦੇ ਤਰੀਕੇ

ਚੂਹਿਆਂ ਦੀ ਰੋਕਥਾਮ ਦੇ ਤਰੀਕੇ

ਚੂਹੇ ਫ਼ਸਲਾਂ ਦਾ ਭਾਰੀ ਨੁਕਸਾਨ ਕਰਦੇ ਹਨ। ਚੂਹਿਆਂ `ਚ ਦਿਮਾਗੀ ਸੂਝ-ਬੂਝ ਦੇ ਨਾਲ ਨਾਲ ਜ਼ਿਆਦਾ ਬੱਚੇ ਜੰਮਣ ਦੀ ਯੋਗਤਾ ਹੁੰਦੀ ਹੈ। ਆਪਣੀ ਇਸ ਯੋਗਤਾ ਨਾਲ ਚੂਹੇ ਆਪਣੇ ਆਪ ਨੂੰ ਆਲੇ-ਦੁਆਲੇ ਦੇ ਵਾਤਾਵਰਣ ਅਨੁਕੂਲ ਢਾਲ ਕੇ ਆਪਣੀ ਜਨ-ਸੰਖਿਆ ਲਗਾਤਾਰ ਵਧਾਉਂਦੇ ਰਹਿੰਦੇ ਹਨ। ਇਸ ਕਰਕੇ ਇਨ੍ਹਾਂ ਦੀ ਰੋਕਥਾਮ ਬਹੁਤ ਜ਼ਰੂਰੀ ਹੈ। ਅੱਜ ਅਸੀਂ ਇਸ ਲੇਖ ਰਹੀ ਤੁਹਾਨੂੰ ਚੂਹਿਆਂ ਦੇ ਰੋਕਥਾਮ ਦੇ ਤਰੀਕਿਆਂ ਬਾਰੇ ਦੱਸਣ ਜਾ ਰਹੇ ਹਾਂ। ਇਨ੍ਹਾਂ ਰਾਹੀਂ ਤੁਸੀਂ ਆਪਣੀਆਂ ਫਸਲਾਂ ਨੂੰ ਚੂਹਿਆਂ ਦੇ ਪ੍ਰਕੋਪ ਤੋਂ ਬਚਾ ਪਾਓਗੇ।

ਚੂਹੇ ਮੁੱਖ ਫ਼ਸਲਾਂ ਨੂੰ ਜ਼ਿਆਦਾ ਨੁਕਸਾਨ, ਉੱਗਣ ਤੇ ਪੱਕਣ ਵੇਲੇ ਹੀ ਕਰਦੇ ਹਨ। ਇਸ ਲਈ ਚੂਹੇ ਮਾਰਨ ਦੇ ਭਿੰਨ ਭਿੰਨ ਤਰੀਕਿਆਂ ਦੀ ਵਰਤੋਂ ਸਹੀ ਸਮੇਂ ਤੇ ਸਹੀ ਢੰਗ ਨਾਲ ਕਰਨੀ ਬਹੁਤ ਜ਼ਰੂਰੀ ਹੈ। ਜੇਕਰ ਤੁਸੀਂ ਹੇਠਾਂ ਦੱਸੇ ਗਏ ਤਰੀਕਿਆਂ ਦੀ ਪਾਲਣਾ ਸਮੇਂ ਸਿਰ ਤੇ ਸਹੀ ਢੰਗ ਨਾਲ ਕਰੋਗੇ ਤਾਂ ਤੁਹਾਨੂੰ ਇਸਦਾ ਅਸਰ ਜ਼ਰੂਰ ਵੇਖਣ ਨੂੰ ਮਿਲੇਗਾ।

ਚੂਹਿਆਂ ਦੀ ਰੋਕਥਾਮ ਦੇ ਤਰੀਕੇ:

1. ਮਸ਼ੀਨੀ ਤਰੀਕੇ:

● ਚੂਹਿਆਂ ਨੂੰ ਮਾਰਨਾ: ਫ਼ਸਲਾਂ ਦੀ ਕਟਾਈ ਤੋਂ ਬਾਅਦ ਰੌਣੀ ਵੇਲੇ ਪਾਣੀ ਨਾਲ ਭਰੀਆਂ ਖੁੱਡਾਂ ਵਿੱਚੋਂ ਨਿਕਲਦੇ ਚੂਹਿਆਂ ਨੂੰ ਡੰਡਿਆਂ ਨਾਲ ਮਾਰੋ।

ਪਿੰਜਰਿਆਂ ਦੀ ਵਰਤੋਂ: ਖੇਤਾਂ `ਚ ਚੂਹਿਆਂ ਦੇ ਆਉਣ ਜਾਣ ਦੇ ਸਾਰੇ ਰਸਤਿਆਂ, ਚੂਹਿਆਂ ਦੇ ਨੁਕਸਾਨ ਵਾਲੀਆਂ ਥਾਵਾਂ ਤੇ ਘੱਟੋ ਘੱਟ 16 ਪਿੰਜਰੇ ਪ੍ਰਤੀ ਏਕੜ ਦੇ ਹਿਸਾਬ ਨਾਲ ਰੱਖੋ। ਘਰਾਂ, ਗੁਦਾਮਾਂ, ਮੁਰਗੀਖਾਨਿਆਂ ਆਦਿ ਵਿੱਚ ਪਿੰਜਰੇ (ਇੱਕ ਪਿੰਜਰਾ ਪ੍ਰਤੀ 4 ਤੋਂ 8 ਵਰਗ ਮੀ. ਰਕਬਾ) ਦੀਵਾਰਾਂ ਦੇ ਨਾਲ ਨਾਲ, ਕਮਰਿਆਂ ਦੀਆਂ ਨੁੱਕਰਾਂ, ਅਨਾਜ ਜਮਾਂ ਕਰਨ ਵਾਲੀਆਂ ਵਸਤਾਂ ਅਤੇ ਸੰਦੂਕਾਂ ਆਦਿ ਦੇ ਪਿੱਛੇ ਰੱਖੋ। ਫੜੇ ਹੋਏ ਚੂਹਿਆਂ ਨੂੰ ਪਾਣੀ ਵਿੱਚ ਡੁਬੋ ਕੇ ਮਾਰੋ। ਦੁਬਾਰਾ ਪਿੰਜਰਿਆਂ ਦੀ ਵਰਤੋਂ ਘੱਟੋ ਘੱਟ 30 ਦਿਨਾਂ ਦੇ ਵਕਫ਼ੇ ਮਗਰੋਂ ਕਰੋ। ਇਕੋ ਥਾਂ ਤੇ ਬਾਰ ਬਾਰ ਪਿੰਜਰੇ ਨਾ ਰੱਖੋ ਅਤੇ ਹਰ ਵਾਰ ਪਿੰਜਰੇ ਦੀ ਥਾਂ ਬਦਲੋ।

2. ਰਵਾਇਤੀ ਤਰੀਕਿਆਂ ਰਾਹੀਂ ਰੋਕਥਾਮ:

ਖੇਤਾਂ ਵਿੱਚੋਂ ਨਦੀਨ ਘਾਹ ਅਤੇ ਝਾੜੀਆਂ ਪੁੱਟ ਦਿਉ ਕਿਉਂਕਿ ਇਹ ਚੂਹਿਆਂ ਨੂੰ ਲੁਕਣ ਅਤੇ ਖ਼ੁਰਾਕ ਲਈ ਮਦਦ ਦਿੰਦੇ ਹਨ। ਚੂਹਿਆਂ ਦੀਆਂ ਪੁਰਾਣੀਆਂ ਖੁੱਡਾਂ ਨੂੰ ਖਤਮ ਕਰਨ ਲਈ ਵੱਟਾਂ, ਖਾਲ ਆਦਿ ਸਮੇਂ ਸਮੇਂ ਸਿਰ ਢਾਹ ਕੇ ਦੁਬਾਰਾ ਬਣਾਉ। ਖੇਤਾਂ ਵਿੱਚ ਵੱਟਾਂ ਦੀ ਉਚਾਈ ਅਤੇ ਚੌੜਾਈ ਘੱਟ ਰਖੋ ਅਤੇ ਫ਼ਸਲ ਨੂੰ ਡਿੱਗਣ ਤੋਂ ਬਚਾਉ।

3. ਕੁਦਰਤੀ ਰੋਕਥਾਮ:

ਉੱਲੂ, ਇੱਲਾਂ, ਸ਼ਿਕਰੇ, ਬਾਜ, ਸੱਪ, ਗੋਹ, ਬਿੱਲੀਆਂ, ਨਿਉਲੇ ਆਦਿ ਚੂਹਿਆਂ ਨੂੰ ਖਾਂਦੇ ਹਨ ਅਤੇ ਉਨ੍ਹਾਂ ਦੇ ਕੁਦਰਤੀ ਦੁਸ਼ਮਣ ਹਨ। ਇਨ੍ਹਾਂ ਨੂੰ ਨਾ ਮਾਰੋ।

4. ਰਸਾਇਣਕ ਤਰੀਕੇ:

ਜ਼ਹਿਰੀਲਾ ਚੋਗ ਬਣਾਉਣ ਦੀ ਵਿਧੀ:

ਚੂਹਿਆਂ ਦਾ ਜ਼ਹਿਰੀਲੇ ਚੋਗ ਨੂੰ ਖਾਣਾ, ਜ਼ਹਿਰੀਲੇ ਚੋਗ ਵਿੱਚ ਵਰਤੇ ਗਏ ਦਾਣਿਆਂ ਦੀ ਕੁਆਲਿਟੀ, ਸੁਆਦ ਅਤੇ ਮਹਿਕ ਉੱਪਰ ਨਿਰਭਰ ਕਰਦਾ ਹੈ। ਇਸ ਲਈ ਜ਼ਹਿਰੀਲਾ ਚੋਗ ਹੇਠ ਲਿਖੀਆਂ ਵਿਧੀਆਂ ਨਾਲ ਬਣਾਓ।
● ਜ਼ਿੰਕ ਫ਼ਾਸਫ਼ਾਈਡ (2%) ਵਾਲਾ ਚੋਗ: ਬਾਜਰਾ, ਜਵਾਰ ਜਾਂ ਕਣਕ ਦਾ ਦਰੜ ਜਾਂ ਇਨ੍ਹਾਂ ਸਾਰਿਆਂ ਅਨਾਜਾਂ ਦਾ ਮਿਸ਼ਰਣ 1 ਕਿਲੋ ਲਓ ਅਤੇ ਉਸ ਵਿੱਚ 20 ਗ੍ਰਾਮ ਖਾਣ ਵਾਲਾ ਤੇਲ, 20 ਗ੍ਰਾਮ ਪੀਸੀ ਖੰਡ ਅਤੇ 80% ਤਾਕਤ ਦਾ 25 ਗ੍ਰਾਮ ਜ਼ਿੰਕ ਫ਼ਾਸਫ਼ਾਈਡ ਪਾਊਡਰ ਪਾ ਕੇ ਚੰਗੀ ਤਰ੍ਹਾਂ ਮਿਲਾਓ।
ਚੇਤਾਵਨੀ: ਇਸ ਚੋਗੇ ਵਿੱਚ ਕਦੇ ਵੀ ਪਾਣੀ ਨਾ ਮਿਲਣ ਦਿਉ ਅਤੇ ਹਮੇਸ਼ਾਂ ਤਾਜ਼ਾ ਤਿਆਰ ਕੀਤਾ ਚੋਗ ਵਰਤੋ। ਇਕ ਹੀ ਫ਼ਸਲ ਵਿੱਚ 2 ਵਾਰ ਜ਼ਿੰਕ ਫ਼ਾਸਫ਼ਾਈਡ ਦਵਾਈ ਵਰਤਣ ਵਿਚਕਾਰ ਸਮਾਂ ਘੱਟੋ ਘੱਟ 2 ਮਹੀਨੇ ਹੋਣਾ ਅਤਿ ਜ਼ਰੂਰੀ ਹੈ। ਜ਼ਿੰਕ ਫ਼ਾਸਫ਼ਾਈਡ ਦਵਾਈ ਦੇ ਵਧੇਰੇ ਅਸਰ ਲਈ ਚੂਹਿਆਂ ਨੂੰ ਗੇਝ ਪਾਉ। ਇਸ ਲਈ ਜ਼ਿੰਕ ਫ਼ਾਸਫ਼ਾਈਡ ਦਵਾਈ ਦੀ ਵਰਤੋਂ ਤੋਂ ਪਹਿਲਾਂ ਬਾਜਰਾ ਜਾਂ ਜੁਆਰ ਜਾਂ ਕਣਕ ਦਾ ਦਰੜ ਜਾਂ ਇਨ੍ਹਾਂ ਅਨਾਜਾਂ ਦੇ ਮਿਸ਼ਰਣ ਵਿੱਚ ਤੇਲ ਅਤੇ ਪੀਸੀ ਖੰਡ ਮਿਲਾ ਕੇ 400 ਗ੍ਰਾਮ ਪ੍ਰਤੀ ਏਕੜ 40 ਥਾਵਾਂ ਤੇ ਕਾਗਜ਼ ਦੇ ਟੁਕੜਿਆਂ ਉੱਪਰ 2-3 ਦਿਨਾਂ ਲਈ ਰੱਖੋ।
● ਬਰੋਮਾਡਾਇਲੋਨ (0.005%) ਵਾਲਾ ਚੋਗ: ਬਾਜਰਾ, ਜਵਾਰ ਜਾਂ ਕਣਕ ਦਾ ਦਰੜ ਜਾਂ ਇਨ੍ਹਾਂ ਸਾਰਿਆਂ ਅਨਾਜਾਂ ਦਾ ਮਿਸ਼ਰਣ ਜਾਂ ਆਟਾ 1 ਕਿਲੋ ਲਓ ਅਤੇ ਉਸ ਵਿੱਚ 20 ਗ੍ਰਾਮ ਖਾਣ ਵਾਲਾ ਤੇਲ, 20 ਗ੍ਰਾਮ ਪੀਸੀ ਖੰਡ ਅਤੇ 0.25% ਤਾਕਤ ਦਾ 20 ਗ੍ਰਾਮ ਬਰੋਮਾਡਾਇਲੋਨ ਪਾਊਡਰ ਪਾ ਕੇ ਚੰਗੀ ਤਰ੍ਹਾਂ ਮਿਲਾਓ।

ਇਹ ਵੀ ਪੜ੍ਹੋ : ਹਾੜ੍ਹੀ ਦੀਆਂ ਫ਼ਸਲਾਂ ਵਿੱਚ ਚੂਹਿਆਂ ਦੀ ਰੋਕਥਾਮ

ਜ਼ਹਿਰੀਲਾ ਚੋਗ ਰੱਖਣ ਦਾ ਸਮਾਂ ਅਤੇ ਵਿਧੀ:

ਕਣਕ
ਵਹਾਈ ਵਾਲੇ ਖੇਤਾਂ ਵਿੱਚ ਅੱਧ ਫ਼ਰਵਰੀ ਤੋਂ ਸ਼ੁਰੂ ਮਾਰਚ (ਦੁੂਧਿਆ ਦਾਣੇ ਪੈਣ ਤੋਂ ਪਹਿਲਾ) ਦਾ ਸਮਾਂ ਚੂਹੇ ਮਾਰਨ ਲਈ ਬੜਾ ਢੁਕਵਾਂ ਹੈ ਕਿਉਂਕਿ ਇਸ ਤੋਂ ਬਾਅਦ ਫ਼ਸਲ ਦੇ ਦੁਧੀਆ ਦਾਣੇ ਉਪਲਬਧ ਹੋਣ ਕਰਕੇ ਚੂਹੇ ਜ਼ਹਿਰੀਲਾ ਚੋਗ ਨਹੀਂ ਖਾਂਦੇ। ਉਪਰੋਕਤ ਤਰੀਕੇ ਨਾਲ ਤਿਆਰ ਕੀਤਾ ਜ਼ਿੰਕ ਫ਼ਾਸਫ਼ਾਈਡ ਜਾਂ ਬਰੋਮਾਡਾਇਲੋਨ ਵਾਲਾ ਚੋਗ 400 ਗ੍ਰਾਮ ਪ੍ਰਤੀ ਏਕੜ ਕਾਗਜ਼ ਦੇ ਟੁਕੜਿਆਂ ਉੱਪਰ ਰੱਖੋ।
ਬਿਨਾਂ ਵਹਾਈ (ਜੀਰੋ ਟੀਲੇਜ਼) ਵਾਲੇ ਖੇਤਾਂ ਵਿੱਚ ਚੂਹਿਆਂ ਦੀ ਗਿਣਤੀ ਅਤੇ ਨੁਕਸਾਨ, ਵਾਹੇ ਹੋਏ ਖੇਤਾਂ ਤੋਂ ਜ਼ਿਆਦਾ ਹੁੰਦੀ ਹੈ। ਇਨ੍ਹਾਂ ਖੇਤਾਂ ਵਿੱਚ ਫ਼ਸਲ ਉੱਗਣ ਵੇਲੇ ਚੂਹਿਆਂ ਦੁਆਰਾ ਕੀਤੇ ਨੁਕਸਾਨ ਤੇ ਕਾਬੂ ਪਾਉਣ ਲਈ, ਕਣਕ ਬੀਜਣ ਤੋਂ ਪਹਿਲਾਂ ਅਖ਼ੀਰ ਅਕਤੂਬਰ ਤੋਂ ਸ਼ੁਰੂ ਨਵੰਬਰ ਦੌਰਾਨ ਜ਼ਿੰਕ ਫ਼ਾਸਫ਼ਾਈਡ ਵਾਲਾ ਚੋਗ ਖੁੱਡਾਂ ਵਿੱਚ ਪਾਓ। ਦੁੂਜੀ ਵਾਰ ਖੜ੍ਹੀ ਫ਼ਸਲ ਵਿੱਚ ਅੱਧ ਫ਼ਰਵਰੀ ਤੋਂ ਸ਼ੁਰੂ ਮਾਰਚ ਦੌਰਾਨ ਜ਼ਿੰਕ ਫ਼ਾਸਫ਼ਾਈਡ ਜਾਂ ਬਰੋਮਾਡਾਇਲੋਨ ਵਾਲਾ ਚੋਗ 400 ਗ੍ਰਾਮ ਪ੍ਰਤੀ ਏਕੜ ਕਾਗਜ਼ ਦੇ ਟੁਕੜਿਆਂ ਉੱਪਰ ਰੱਖੋ।
ਹੈਪੀਸੀਡਰ ਨਾਲ ਬੀਜੇ ਖੇਤਾਂ ਵਿੱਚ ਚੂਹਿਆਂ ਦੀ ਗਿਣਤੀ ਅਤੇ ਨੁਕਸਾਨ ਹੋਰ ਵੀ ਜ਼ਿਆਦਾ ਹੁੰਦਾ ਹੈ। ਇਨ੍ਹਾਂ ਖੇਤਾਂ ਵਿੱਚ ਫ਼ਸਲ ਦੀ ਬਿਜਾਈ ਤੋਂ ਬਾਅਦ ਨਵੰਬਰ-ਦਸੰਬਰ ਦੌਰਾਨ 10-15 ਦਿਨਾਂ ਦੇ ਵਕਫ਼ੇ ਤੇ ਦੋ ਵਾਰੀ ਖੁੱਡਾਂ ਵਿੱਚ ਜ਼ਿੰਕ ਫ਼ਾਸਫ਼ਾਈਡ ਦਾ ਚੋਗ ਪਾਉ। ਇਸ ਤੋਂ ਬਾਅਦ ਅੱਧ ਫ਼ਰਵਰੀ ਤੋਂ ਸ਼ੁਰੂ ਮਾਰਚ ਦੌਰਾਨ ਜ਼ਿੰਕ ਫ਼ਾਸਫ਼ਾਈਡ ਜਾਂ ਬਰੋਮਾਡਾਇਲੋਨ ਵਾਲਾ ਚੋਗ 400 ਗ੍ਰਾਮ ਪ੍ਰਤੀ ਏਕੜ ਕਾਗਜ਼ ਦੇ ਟੁਕੜਿਆਂ ਉੱਪਰ ਰੱਖੋ।

ਕਮਾਦ
ਇਸ ਫ਼ਸਲ ਵਿੱਚ ਕਿਉਂਕਿ ਚੂਹਿਆਂ ਦੀ ਭਰਮਾਰ ਹੁੰਦੀ ਹੈ, ਇਸ ਲਈ ਜ਼ਹਿਰੀਲਾ ਚੋਗ ਪਹਿਲੀ ਵਾਰ ਜੁਲਾਈ ਵਿੱਚ (ਝੋਨਾ ਲਾਉਣ ਤੋਂ ਬਾਅਦ) ਅਤੇ ਦੂਜੀ ਵਾਰ ਅਕਤੂਬਰ-ਨਵੰਬਰ ਵਿੱਚ (ਝੋਨਾ ਕੱਟਣ ਤੋਂ ਬਾਅਦ) ਰੱਖੋ। ਇਨ੍ਹਾਂ ਦੋਨਾਂ ਸਮਿਆਂ ਤੇ ਪਹਿਲਾਂ ਜ਼ਿੰਕ ਫ਼ਾਸਫ਼ਾਈਡ ਜਾਂ ਬਰੋਮਾਡਾਇਲੋਨ ਵਾਲਾ ਚੋਗਾ ਅਤੇ ਫਿਰ 15 ਦਿਨਾਂ ਬਾਅਦ ਬਰੋਮਾਡਾਇਲੋਨ ਵਾਲਾ ਚੋਗ 400 ਗ੍ਰਾਮ ਪ੍ਰਤੀ ਏਕੜ ਕਾਗਜ਼ ਦੇ ਟੁਕੜਿਆਂ ਉੱਪਰ ਰੱਖੋ। ਜੇਕਰ ਫ਼ਸਲ ਜਨਵਰੀ-ਫ਼ਰਵਰੀ ਤੋਂ ਬਾਅਦ ਕੱਟਣੀ ਹੋਵੇ ਤਾਂ ਤੀਸਰੀ ਵਾਰ ਜਨਵਰੀ ਵਿੱਚ ਬਰੋਮਾਡਾਇਲੋਨ ਵਾਲਾ ਚੋਗ 800 ਗ੍ਰਾਮ ਪ੍ਰਤੀ ਏਕੜ 40 ਥਾਵਾਂ ਤੇ ਕਾਗਜ਼ ਦੇ ਟੁਕੜਿਆਂ ਉੱਪਰ ਰੱਖੋ।
ਖੁੱਡਾਂ ਵਿੱਚ ਜ਼ਹਿਰੀਲੇ ਚੋਗ ਦੀ ਵਰਤੋਂ ਲਈ ਸ਼ਾਮ ਨੂੰ ਸਾਰੀਆਂ ਖੁੱਡਾਂ ਬੰਦ ਕਰੋ ਅਤੇ ਅਗਲੇ ਦਿਨ ਤਾਜ਼ੀਆਂ ਖੁੱਲ੍ਹੀਆਂ ਖੁੱਡਾਂ ਵਿੱਚ 10 ਗ੍ਰਾਮ ਜ਼ਹਿਰੀਲਾ ਚੋਗ ਪ੍ਰਤੀ ਖੁੱਡ ਕਾਗਜ਼ ਦੀ ਢਿੱਲੀ ਪੁੜੀ ਵਿੱਚ ਤਕਰੀਬਨ 6 ਇੰਚ ਖੁੱਡ ਅੰਦਰ ਰੱਖੋ। ਢੱਕੀਆਂ ਖੁੱਡਾਂ ਉਪਰੋਂ ਧਿਆਨ ਨਾਲ ਮਿੱਟੀ ਹਟਾਉ ਅਤੇ ਖੁੱਡ ਵਿੱਚ ਡੂੰਘਾਈ ਤੇ ਜ਼ਹਿਰੀਲਾ ਚੋਗ ਰੱਖੋ।
ਖੜੀ ਫ਼ਸਲ ਵਿੱਚ ਜ਼ਹਿਰੀਲੇ ਚੋਗ ਦੀ ਵਰਤੋਂ ਲਈ 1 ਏਕੜ ਵਿੱਚ 400 ਗ੍ਰਾਮ ਚੋਗ 40 ਥਾਵਾਂ ਤੇ 10-10 ਗ੍ਰਾਮ ਹਰ ਇਕ ਜਗ੍ਹਾ ਤੇ ਕਾਗਜ਼ ਦੇ ਟੁਕੜਿਆਂ ਉੱਪਰ ਚੂਹਿਆਂ ਦੇ ਆਉਣ-ਜਾਣ ਵਾਲੇ ਰਸਤਿਆਂ ਤੇ ਰੱਖੋ।
ਨੋਟ: ਖੇਤਾਂ ਵਿੱਚ ਚੂਹੇਮਾਰ ਦਵਾਈ ਦੇ ਚੋਗ ਦੀ ਵਰਤੋਂ ਇੱਕ ਏਕੜ ਵਿੱਚ 10 ਤੋਂ ਵੱਧ ਖੁੱਡਾਂ ਹੋਣ ਤੇ ਹੀ ਕਰੋ।

ਸਾਵਧਾਨੀਆਂ
● ਚੂਹੇਮਾਰ ਦਵਾਈਆਂ ਅਤੇ ਜ਼ਹਿਰੀਲਾ ਚੋਗ ਬੱਚਿਆਂ ਅਤੇ ਪਾਲਤੂ ਜਾਨਵਰਾਂ ਦੀ ਪਹੁੰਚ ਤੋਂ ਦੂਰ ਰੱਖੋ।
● ਚੋਗ ਵਿੱਚ ਜ਼ਹਿਰੀਲੀ ਦਵਾਈ ਸੋਟੀ, ਖੁਰਪਾ ਜਾਂ ਹੱਥਾਂ ਤੇ ਦਸਤਾਨੇ ਪਾ ਕੇ ਮਿਲਾਓ। ਜ਼ਹਿਰ ਨੂੰ ਮੂੰਹ, ਨੱਕ ਅਤੇ ਅੱਖਾਂ ਵਿੱਚ ਪੈਣ ਤੋਂ ਬਚਾਓ।
● ਜ਼ਹਿਰੀਲਾ ਚੋਗ ਬਣਾਉਣ ਲਈ ਰਸੋਈ ਦੇ ਭਾਂਡੇ ਨਾ ਵਰਤੋ।
● ਬਚਿਆ ਹੋਇਆ ਚੋਗ ਅਤੇ ਖੇਤਾਂ ਵਿੱਚੋਂ ਮਰੇ ਹੋਏ ਚੂਹੇ ਇਕੱਠੇ ਕਰਕੇ ਦਬਾਅ ਦਿਉ।
● ਜ਼ਿੰਕ ਫ਼ਾਸਫ਼ਾਈਡ ਮਨੁੱਖਾਂ ਲਈ ਬਹੁਤ ਹਾਨੀਕਾਰਕ ਹੈ ਅਤੇ ਇਸ ਦਾ ਅਸਰ ਕੋਈ ਵੀ ਦਵਾਈ ਨਹੀਂ ਹਟਾ ਸਕਦੀ। ਇਸ ਲਈ ਹਾਦਸਾ ਹੋਣ ਤੇ ਮਰੀਜ਼ ਦੇ ਗਲੇ ਵਿੱਚ ਉਂਗਲੀਆਂ ਮਾਰ ਕੇ ਉਲਟੀ ਕਰਾ ਦਿਓ ਅਤੇ ਮਰੀਜ਼ ਨੂੰ ਡਾਕਟਰ ਕੋਲ ਲੈ ਜਾਓ।
● ਬਰੋਮਾਡਾਇਲੋਨ ਦਾ ਅਸਰ ਵਿਟਾਮਿਨ ‘ਕੇ’ ਨਾਲ ਘੱਟ ਜਾਂਦਾ ਹੈ। ਇਹ ਵਿਟਾਮਿਨ ਡਾਕਟਰ ਦੀ ਨਿਗਰਾਨੀ ਹੇਠ ਦਿੱਤਾ ਜਾ ਸਕਦਾ ਹੈ।

5. ਬਹੁਪੱਖੀ ਵਿਉਂਤਬੰਦੀ ਨਾਲ ਰੋਕਥਾਮ:

ਉਪਰੋਕਤ ਦੱਸੇ ਚੂਹੇਮਾਰ ਤਰੀਕਿਆਂ ਵਿੱਚੋਂ ਕਿਸੇ ਵੀ ਇਕ ਤਰੀਕੇ ਨਾਲ ਸਾਰੇ ਚੂਹੇ ਨਹੀਂ ਮਾਰੇ ਜਾ ਸਕਦੇ। ਇਕ ਸਮੇਂ ਦੀ ਰੋਕਥਾਮ ਤੋਂ ਬਾਅਦ ਬਚੇ ਹੋਏ ਚੂਹੇ ਬੜੀ ਤੇਜ਼ੀ ਨਾਲ ਬੱਚੇ ਜੰਮ ਕੇ ਰੋਕਥਾਮ ਤੋਂ ਪਹਿਲਾਂ ਵਾਲੀ ਗਿਣਤੀ ਵਿੱਚ ਆ ਜਾਂਦੇ ਹਨ। ਇਸ ਲਈ ਫ਼ਸਲਾਂ ਦੀਆਂ ਅਲੱਗ ਅਲੱਗ ਅਵਸਥਾਵਾਂ ਤੇ ਬਹੁਪੱਖੀ ਵਿਉਂਤਬੰਦੀ ਨਾਲ ਇਕ ਤੋਂ ਵੱਧ ਤਰੀਕੇ ਅਪਣਾ ਕੇ ਚੂਹਿਆਂ ਦੀ ਰੋਕਥਾਮ ਕਰੋ।

ਪਿੰਡ ਪੱਧਰ ਤੇ ਚੂਹੇਮਾਰ ਮੁਹਿੰਮ:
ਥੋੜ੍ਹੇ ਰਕਬੇ ਵਿੱਚ ਚੂਹਿਆਂ ਦੀ ਰੋਕਥਾਮ ਬੇਅਸਰ ਸਾਬਤ ਹੁੰਦੀ ਹੈ ਕਿਉਂਕਿ ਨਾਲ ਲਗਦੇ ਖੇਤਾਂ ਵਿੱਚੋਂ ਚੂਹੇ ਮੁੜ ਆ ਵਸਦੇ ਹਨ। ਇਸ ਲਈ ਚੰਗੇ ਨਤੀਜੇ ਹਾਸਲ ਕਰਨ ਲਈ ਚੂਹੇਮਾਰ ਮੁਹਿੰਮ ਦਾ ਪਿੰਡ ਪੱਧਰ ਤੇ ਅਪਨਾਉਣਾ ਬਹੁਤ ਜਰੂਰੀ ਹੈ, ਜਿਸ ਵਿੱਚ ਇਕ ਪਿੰਡ ਦੀ ਸਾਰੀ ਜ਼ਮੀਨ (ਬੀਜੀ ਹੋਈ, ਬਾਗਾਂ ਵਾਲੀ, ਜੰਗਲਾਤ ਵਾਲੀ ਅਤੇ ਖਾਲੀ) ਉੱਤੇ ਇਕੱਠੇ ਤੌਰ ਤੇ ਚੂਹਿਆਂ ਦਾ ਖਾਤਮਾ ਕੀਤਾ ਜਾਵੇ।

ਚੂਹਾ ਰਹਿਤ ਸਟੋਰੇਜ ਬਣਤਰ:
ਖੁੱਲੇ ਅਸਮਾਨ ਹੇਠਾਂ, ਵੱਡੇ ਪੱਧਰ ਤੇ ਅਨਾਜ ਦੇ ਭੰਡਾਰਣ ਲਈ ਬਣਾਏ ਕਵਰ ਅਤੇ ਥੜ੍ਹਾ ਸਟੋਰੇਜ ਬਣਤਰ ਨੂੰ ਚੂਹਾ ਰਹਿਤ ਕਰਨ ਲਈ, ਥੜ੍ਹਾ ਜ਼ਮੀਨ ਤੋਂ 2.5 ਫੁੱਟ ਉੱਚਾ ਬਣਾਉ ਅਤੇ ਥੜ੍ਹੇ ਨੂੰ ਚਾਰੋ ਪਾਸਿਉਂ ਇੱਕ ਫੁੱਟ ਬਾਹਰ ਨੂੰ ਛੱਜੇ/ਵਾਧਰੇ ਦੀ ਸ਼ਕਲ ਵਿੱਚ ਵਧਾਉ।

Summary in English: Farmer brothers, adopt these methods to protect your crops from rats

Like this article?

Hey! I am Priya Shukla. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters