1. Home
  2. ਖੇਤੀ ਬਾੜੀ

ਆਪਣੀਆਂ ਫਸਲਾਂ ਨੂੰ ਪੰਛੀਆਂ ਤੋਂ ਬਚਾਉਣ ਲਈ ਇਨ੍ਹਾਂ ਤਰੀਕਿਆਂ ਨੂੰ ਅਪਣਾਓ

ਹਾਨੀਕਾਰਕ ਪੰਛੀਆਂ ਤੋਂ ਬਚਾਅ ਦੇ ਤਰੀਕੇ ਤੇ ਲਾਭਦਾਇਕ ਪੰਛੀਆਂ ਬਾਰੇ ਜਾਨਣ ਲਈ ਇਸ ਲੇਖ ਨੂੰ ਪੜ੍ਹੋ...

Priya Shukla
Priya Shukla
ਹਾਨੀਕਾਰਕ ਪੰਛੀਆਂ ਤੋਂ ਬਚਾਅ ਦੇ ਤਰੀਕੇ

ਹਾਨੀਕਾਰਕ ਪੰਛੀਆਂ ਤੋਂ ਬਚਾਅ ਦੇ ਤਰੀਕੇ

ਪੰਜਾਬ `ਚ ਤਕਰੀਬਨ 300 ਕਿਸਮਾਂ ਦੇ ਪੰਛੀ ਮਿਲਦੇ ਹਨ। ਕੁਝ ਕਿਸਮਾਂ ਦੇ ਪੰਛੀ ਫ਼ਸਲਾਂ, ਫ਼ਲਾਂ, ਗੋਦਾਮਾਂ, ਸ਼ੈਲਰਾਂ ਤੇ ਮੰਡੀਆਂ `ਚ ਦਾਣਿਆਂ ਨੂੰ ਨੁਕਸਾਨ ਕਰਦੇ ਹਨ। ਪੰਛੀਆਂ ਤੋਂ ਹੋਣ ਵਾਲੇ ਇਸ ਨੁਕਸਾਨ ਤੋਂ ਹੁਣ ਤੁਸੀਂ ਛੁਟਕਾਰਾ ਪਾ ਸਕਦੇ ਹੋ। ਜੀ ਹਾਂ, ਅੱਜ ਅਸੀਂ ਇਸ ਲੇਖ ਰਾਹੀਂ ਤੁਹਾਡੇ ਲਈ ਪੰਛੀਆਂ ਤੋਂ ਬਚਾਅ ਦੇ ਤਰੀਕੇ ਲੈ ਕੇ ਆਏ ਹਾਂ। ਇਨ੍ਹਾਂ ਰਾਹੀਂ ਤੁਸੀਂ ਪੰਛੀਆਂ ਤੋਂ ਛੁਟਕਾਰਾ ਪਾਉਣ `ਚ ਜ਼ਰੂਰ ਸਫਲ ਹੋਵੋਗੇ।

ਜਿਵੇਂ ਕਿ ਤੁਸੀਂ ਜਾਣਦੇ ਹੀ ਹੋ, ਸਾਡੇ ਖੇਤਾਂ `ਚ ਦੋ ਤਰਾਂ ਦੇ ਪੰਛੀ ਪਾਏ ਜਾਂਦੇ ਹਨ, ਹਾਨੀਕਾਰਕ ਪੰਛੀ ਤੇ ਲਾਭਦਾਇਕ ਪੰਛੀ। ਹਾਨੀਕਾਰਕ ਪੰਛੀ ਸਾਡੀ ਫਸਲਾਂ ਨੂੰ ਨੁਕਸਾਨ ਪਹੁੰਚਾਂਦੇ ਹਨ, ਜਦੋਂਕਿ ਲਾਭਦਾਇਕ ਪੰਛੀ ਹਾਨੀਕਾਰਕ ਪੰਛੀਆਂ ਜਾਂ ਜਾਨਵਰਾਂ ਨੂੰ ਖਾਂਦੇ ਹਨ। ਆਓ ਜਾਣਦੇ ਹਾਂ ਇਨ੍ਹਾਂ ਬਾਰੇ ਵਧੇਰੇ ਜਾਣਕਾਰੀ।

ਹਾਨੀਕਾਰਕ ਪੰਛੀ:

ਤੋਤਾ ਸਭ ਤੋਂ ਜ਼ਿਆਦਾ ਹਾਨੀਕਾਰਕ ਪੰਛੀ ਹੈ ਜੋ ਤਕਰੀਬਨ ਸਾਰੀਆਂ ਫ਼ਸਲਾਂ ਤੇ ਫ਼ਲਾਂ ਨੂੰ ਬਹੁਤ ਨੁਕਸਾਨ ਕਰਦਾ ਹੈ। ਸੂਰਜਮੁਖੀ ਲਈ ਖਾਸ ਤੌਰ ਤੇ ਤੋਤਾ ਹਾਨੀਕਾਰਕ ਹੈ। ਕਾਂ ਪੁੰਗਰਦੀਆਂ ਫ਼ਸਲਾਂ ਜਿਵੇਂ ਕਿ ਕਣਕ, ਮੱਕੀ ਅਤੇ ਸੂਰਜਮੁਖੀ ਨੂੰ ਨੁਕਸਾਨ ਪਹੁੰਚਾਉਂਦਾ ਹੈ। ਕਾਂ ਪੱਕਦੀ ਮੱਕੀ ਅਤੇ ਸੂਰਜਮੁਖੀ ਲਈ ਹਾਨੀਕਾਰਕ ਹੈ। ਘੁੱਗੀਆਂ ਅਤੇ ਕਬੂਤਰ ਦਾਲਾਂ ਨੂੰ ਬਹੁਤ ਨੁਕਸਾਨ ਕਰਦੇ ਹਨ। ਚਿੜੀਆਂ ਅਤੇ ਬਿਜੜੇ ਗੁਦਾਮਾਂ ਅਤੇ ਸ਼ੈਲਰਾਂ ਵਿੱਚ ਦਾਣਿਆਂ ਦਾ ਨੁਕਸਾਨ ਕਰਦੇ ਹਨ।

ਹਾਨੀਕਾਰਕ ਪੰਛੀਆਂ ਤੋਂ ਬਚਾਅ ਦੇ ਤਰੀਕੇ:

1. ਯਾਂਤਰਿਕ ਵਿਧੀ:

● ਪੰਛੀ ਉਡਾਉਣ ਲਈ ਵੱਖ ਵੱਖ ਵਕਫ਼ੇ ਤੇ ਪਟਾਕਿਆਂ ਦੇ ਧਮਾਕੇ ਕਰੋ।
● ਡਰਨੇ ਦੀ ਵਰਤੋਂ ਕਰੋ: ਡਰਨੇ ਦੀ ਵਰਤੋਂ ਬਹੁਤ ਪੁਰਾਣੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇੱਕ ਪੁਰਾਣੀ ਮਿੱਟੀ ਦੀ ਹਾਂਡੀ ਆਦਿ ਲੈ ਕੇ ਉਸ ਉੱਤੇ ਰੰਗ ਨਾਲ ਮਨੁੱਖੀ ਸਿਰ ਉਲੀਕ ਦਿੱਤਾ ਜਾਂਦਾ ਹੈ ਅਤੇ ਉਸਨੂੰ ਖੇਤ ਵਿੱਚ ਗੱਡੇ ਡੰਡਿਆਂ ਤੇ ਟਿਕਾ ਕੇ ਮਨੁੱਖੀ ਪੋਸ਼ਾਕ ਪੁਆ ਦਿੱਤੀ ਜਾਂਦੀ ਹੈ। ਡਰਨਾ ਖੇਤ ਵਿੱਚ ਪੰਛੀਆਂ ਨੂੰ ਮਨੁੱਖ ਦਾ ਭੁਲੇਖਾ ਪਾਉਂਦਾ ਹੈ। ਡਰਨੇ ਦੀ ਥਾਂ, ਦਿਸ਼ਾ ਅਤੇ ਪੁਸ਼ਾਕ ਦਸ ਦਿਨ ਦੇ ਵਕਫੇ ਤੇ ਬਦਲ ਦੇਣੀ ਚਾਹੀਦੀ ਹੈ। ਡਰਨਾ ਫ਼ਸਲ ਦੀ ਉਚਾਈ ਤੋਂ ਘੱਟੋ ਘੱਟ ਇੱਕ ਮੀਟਰ ਉੱਚਾ ਹੋਣਾ ਚਾਹੀਦਾ ਹੈ।
● ਸਵੈਚਾਲਿਕ ਪੰਛੀ ਉਡਾਉਣ ਵਾਲੀ ਮਸ਼ੀਨ ਦੇ ਨਾਲ ਪੰਛੀਆਂ ਨੂੰ ਉਡਾਉਣ ਵਿੱਚ ਕਾਫ਼ੀ ਸਹਾਇਤਾ ਮਿਲਦੀ ਹੈ।ਇੱਕ ਹੋਰ ਅਸਾਨ ਤਰੀਕਾ ਹੈ ਜਿਸ ਵਿੱਚ ਅਸੀਂ ਰੱਸੀ ਨਾਲ ਹਰ ਛੇ ਤੋਂ ਅੱਠ ਇੰਚ ਦੀ ਦੂਰੀ ਦੇ ਉੱਤੇ ਪਟਾਕਿਆਂ ਦੇ ਛੋਟੇ-ਛੋਟੇ ਬੰਡਲ ਬੰਨ੍ਹ ਦਿੰਦੇ ਹਾਂ ਅਤੇ ਰੱਸੀ ਨੂੰ ਥੱਲੜੇ ਹਿੱਸੇ ਤੋਂ ਧੁਖਾ ਦਿੰਦੇ ਹਾਂ। ਇਸ ਤਰ੍ਹਾਂ ਪਟਾਕਿਆਂ ਦੇ ਅੱਗ ਫੜਣ ਨਾਲ ਵੱਖ-ਵੱਖ ਸਮੇਂ ਤੇ ਧਮਾਕੇ ਹੁੰਦੇ ਹਨ ਜਿਸ ਨਾਲ ਪੁੰਗਰ ਰਹੀ ਅਤੇ ਪੱਕ ਰਹੀ ਫ਼ਸਲ ਤੋਂ ਪੰਛੀਆਂ ਨੂੰ ਉਡਾਇਆ ਜਾ ਸਕਦਾ ਹੈ। ਬੀਜ ਦੇ ਪੁੰਗਰਣ ਦੀ ਅਵਸਥਾ ਸਮੇਂ ਪਟਾਕਿਆਂ
ਦੀ ਰੱਸੀ ਖੇਤ ਦੇ ਵਿਚਕਾਰ ਲਟਕਾਓ ਜਦ ਕਿ ਫ਼ਸਲ ਦੇ ਪੱਕਣ ਵੇਲੇ ਖੇਤ ਦੇ ਕੰਢੇ ਤੋਂ ਥੋੜੀ ਦੂਰ ਲਟਕਾਣੀ ਚਾਹੀਦੀ ਹੈ।

2. ਰਵਾਇਤੀ ਤਰੀਕੇ:

● ਸੂਰਜਮੁਖੀ ਅਤੇ ਮੱਕੀ ਵਰਗੀਆਂ ਕੀਮਤੀ ਫ਼ਸਲਾਂ ਦੇ ਆਲੇ-ਦੁਆਲੇ ਬਾਹਰਲੀਆਂ ਦੋ - ਤਿੰਨ ਲਾਈਨਾਂ ਵਿੱਚ ਘੱਟ ਕੀਮਤੀ ਫ਼ਸਲਾਂ ਜਿਵੇਂ ਕਿ ਢੈਂਚਾ ਜਾਂ ਬਾਜਰਾ ਲਗਾਉਣਾ ਚਾਹੀਦਾ ਹੈ।ਢੈਂਚਾ ਅਤੇ ਬਾਜਰਾ ਪੰਛੀਆਂ ਦੁਆਰਾ ਖਾਣ ਲਈ ਪਸੰਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਫ਼ਸਲਾਂ (ਢੈਂਚਾ ਜਾਂ ਬਾਜਰਾ) ਦਾ ਕੱਦ ਲੰਬਾ ਹੋਣ ਕਰਕੇ ਇਹ ਹਵਾ ਰੋਕਣ ਦਾ ਕੰਮ ਵੀ ਕਰਦੀਆਂ ਹਨ ਅਤੇ ਹਨ੍ਹੇਰੀ-ਝੱਖੜ ਜਾਂ ਬੱਦਲਵਾਈ ਸਮੇਂ ਖੇਤ ਅੰਦਰਲੀ ਫ਼ਸਲ ਨੂੰ ਡਿੱਗਣ ਤੋਂ ਵੀ ਬਚਾਉਂਦੀਆਂ ਹਨ।
● ਜਿਥੋਂ ਤੱਕ ਸੰਭਵ ਹੋ ਸਕੇ ਮੱਕੀ ਅਤੇ ਸੂਰਜਮੁਖੀ ਦੀ ਬਿਜਾਈ ਪੰਛੀਆਂ ਦੇ ਅਕਸਰ ਬੈਠਣ ਵਾਲੀਆਂ ਥਾਵਾਂ ਜਾਂ ਸੰਘਣੇ ਬਿਰਖਾਂ ਅਤੇ ਫ਼ਸਲ ਦੇ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਆਦਿ ਤੋਂ ਦੂਰ ਕਰਨੀ ਚਾਹੀਦੀ ਹੈ।
● ਸੂਰਜਮੁਖੀ ਅਤੇ ਮੱਕੀ ਦੀ ਫ਼ਸਲ ਨੂੰ ਤੋਤੇ ਦੇ ਨੁਕਸਾਨ ਤੋਂ ਬਚਾਉਣ ਲਈ ਇਨ੍ਹਾਂ ਦੀ ਬਿਜਾਈ ਵੱਡੇ ਰਕਬੇ (ਘੱਟੋ ਘੱਟ ਦੋ - ਤਿੰਨ ਏਕੜ) ਵਿੱਚ ਕਰਨੀ ਚਾਹੀਦੀ ਹੈ ਕਿਉਂਕਿ ਤੋਤਾ ਫ਼ਸਲ ਦੇ ਅੰਦਰ ਜਾ ਕੇ ਖਾਣ ਤੋਂ ਗੁਰੇਜ਼ ਕਰਦਾ ਹੈ।

ਇਹ ਵੀ ਪੜ੍ਹੋ : ਫ਼ਸਲਾਂ ਨੂੰ ਕੀੜਿਆਂ ਤੋਂ ਬਚਾਉਣ ਲਈ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਜਾਰੀ ਕੀਤੀ ਸਲਾਹ

3. ਚੇਤਾਵਨੀ-ਅਵਾਜ਼ਾਂ:

ਤੋਤੇ ਅਤੇ ਕਾਵਾਂ ਦੀਆਂ ਚੇਤਾਵਨੀ ਭਰੀਆਂ ਅਤੇ ਪੰਛੀਆਂ ਦੇ ਝੁੰਡਾਂ ਦੀਆਂ ਅਵਾਜਾਂ ਸੀ.ਡੀ. ਵਿੱਚ ਭਰੀਆਂ ਹੋਈਆਂ ਹਨ। ਇਹ ਸੀ.ਡੀ. ਸੰਚਾਰ ਕੇਂਦਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਉਪਲਬਧ ਹੈ। ਇਨ੍ਹਾਂ ਵਿੱਚ ਭਰੀਆਂ ਅਵਾਜਾਂ ਨੂੰ ਸੀ.ਡੀ. ਪਲੇਅਰ ਤੇ ਉੱਚੀ ਅਵਾਜ਼ ਵਿੱਚ ਇਕ ਘੰਟੇ ਦੇ ਵਕਫ਼ੇ ਨਾਲ, ਅੱਧੇ ਘੰਟੇ ਵਾਸਤੇ ਦੋ ਵਾਰੀ ਸਵੇਰੇ 7.00 ਤੋਂ 9.00 ਅਤੇ ਸ਼ਾਮ ਨੂੰ 5.00 ਤੋਂ 7.00 ਵਜੇ ਦੌਰਾਨ ਵਜਾਉਣ ਨਾਲ ਨਵੀਂ ਬੀਜੀ ਫ਼ਸਲ, ਪੁੰਗਰ ਰਹੀ ਫ਼ਸਲ ਜਾਂ ਪੱਕ ਰਹੀ ਫ਼ਸਲ ਵਾਲੇ ਖੇਤਾਂ ਅਤੇ ਬਾਗਾਂ ਵਿੱਚੋਂ ਪੰਛੀ ਪੂਰੇ ਦਿਨ ਵਾਸਤੇ ਉੱਡ ਜਾਂਦੇ ਹਨ ਅਤੇ ਮੁੜ ਵਾਪਸ ਨਹੀਂ ਆਉਂਦੇ। ਚੇਤਾਵਨੀ ਆਵਾਜ਼ਾਂ ਜਾਂ ਪੰਛੀਆਂ ਦੇ ਝੁੰਡਾਂ ਦੀਆਂ ਅਵਾਜਾਂ ਦੇ ਵਜਾਉਣ ਦਾ ਅਸਰ ਪੰਦਰਾਂ ਤੋਂ ਵੀਹ ਦਿਨ ਤੱਕ ਰਹਿੰਦਾ ਹੈ। ਇਸ ਵਿਧੀ ਨੂੰ ਤਰਤੀਬਵਾਰ ਜਾਂ ਇਕ ਤੋਂ ਵੱਧ ਤਰੀਕਿਆਂ ਨਾਲ, ਇਕ ਸੰਯੋਜਕ ਵਿਧੀ ਅਨੁਸਾਰ ਵਰਤਣ ਨਾਲ ਚੰਗੇ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ। ਜ਼ਿਆਦਾ ਰਕਬੇ ਵਿੱਚ ਪੰਛੀਆਂ ਨੂੰ ਉਡਾਉਣ ਲਈ ਐਮਪਲੀਫ਼ਾਇਰ ਅਤੇ ਜ਼ਰੂਰਤ ਅਨੁਸਾਰ ਵੱਧ ਸਪੀਕਰਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਲਾਭਦਾਇਕ ਪੰਛੀ:

ਸ਼ਿਕਾਰੀ ਪੰਛੀ, ਜਿਵੇਂ ਕਿ ਉੱਲੂ, ਬਾਜ਼, ਉਕਾਬ, ਇੱਲਾਂ ਆਦਿ ਬਹੁਤ ਮਾਤਰਾ ਵਿੱਚ ਚੂਹੇ ਖਾਂਦੇ ਹਨ। ਆਮ ਤੌਰ ਤੇ ਇਕ ਉੱਲੂ ਇਕ ਦਿਨ ਵਿੱਚ 4-5 ਚੂਹੇ ਖਾ ਜਾਂਦਾ ਹੈ। ਕੀੜੇ-ਮਕੌੜੇ ਖਾਣ ਵਾਲੇ ਪੰਛੀ ਜਿਵੇਂ ਕਿ ਕੋਤਵਾਲ, ਸੇਹੜੀਆਂ, ਬੁੱਚੜ ਪੰਛੀ, ਟਟੀਹਰੀਆਂ, ਗੁਟਾਰਾਂ ਅਤੇ ਕਈ ਹੋਰ ਛੋਟੇ ਪੰਛੀ ਅਣਗਣਿਤ ਹਾਨੀਕਾਰਕ ਕੀੜੇ-ਮਕੌੜਿਆਂ ਨੂੰ ਖਾ ਜਾਂਦੇ ਹਨ। ਇਥੋਂ ਤੱਕ ਕਿ ਅਨਾਜ ਖਾਣ ਵਾਲੇ ਚਿੜੀਆਂ ਅਤੇ ਬਿਜੜਿਆਂ ਵਰਗੇ ਪੰਛੀ ਵੀ ਆਪਣੇ ਬੱਚਿਆਂ ਨੂੰ ਬਹੁਤ ਸਾਰੇ ਕੀੜੇ-ਮਕੌੜੇ ਖੁਆਉਂਦੇ ਹਨ। ਚਿੜੀਆਂ ਦਾ ਇਕ ਜੋੜਾ ਇਕ ਦਿਨ ਵਿੱਚ ਤਕਰੀਬਨ 250 ਵਾਰ ਆਪਣੇ ਬੱਚਿਆਂ ਨੂੰ ਚੋਗਾ ਖੁਆਉਂਦਾ ਹੈ। ਇਸ ਕਰਕੇ ਲਾਭਦਾਇਕ ਪੰਛੀਆਂ ਨੂੰ ਮਾਰਨਾ ਨਹੀਂ ਚਾਹੀਦਾ। ਸਗੋਂ ਉਨ੍ਹਾਂ ਨੂੰ ਫ਼ਸਲਾਂ ਵੱਲ ਕਈ ਤਰੀਕਿਆਂ ਨਾਲ ਆਕਰਸ਼ਿਤ ਕੀਤਾ ਜਾ ਸਕਦਾ ਹੈ।

Summary in English: Follow these methods to protect your crops from birds

Like this article?

Hey! I am Priya Shukla. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters