ਰਸਾਇਣਕ ਖਾਦਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਨਾਲ ਨਾ ਸਿਰਫ਼ ਮਨੁੱਖ ਦੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ, ਸਗੋਂ ਇਸ ਨਾਲ ਵਾਤਾਵਰਨ ਨੂੰ ਵੀ ਕਾਫ਼ੀ ਨੁਕਸਾਨ ਹੁੰਦਾ ਹੈ। ਇਨ੍ਹਾਂ ਕਾਰਨਾਂ ਕਾਰਨ ਤੇ ਜੈਵਿਕ ਖੇਤੀ ਦੀ ਵੱਧ ਰਹੀ ਮੰਗ ਨੂੰ ਦੇਖਦਿਆਂ ਅੱਜ-ਕੱਲ੍ਹ ਹਰ ਕੋਈ ਜੈਵਿਕ ਖੇਤੀ ਵੱਲ ਖਿੱਚਿਆ ਜਾ ਰਿਹਾ ਹੈ। ਜੈਵਿਕ ਖੇਤੀ ਰਾਹੀਂ ਨਾ ਸਿਰਫ਼ ਕਿਸਾਨਾਂ ਨੂੰ ਫਾਇਦਾ ਹੁੰਦਾ ਹੈ ਸਗੋਂ ਖੇਤ, ਮਿੱਟੀ, ਪਾਣੀ ਤੇ ਹਵਾ ਦਾ ਬਹੁਤ ਘੱਟ ਪ੍ਰਦੂਸ਼ਣ ਹੁੰਦਾ ਹੈ।
ਜੈਵਿਕ ਖੇਤੀ ਲਈ ਸਭ ਤੋਂ ਚੰਗੇ/ਭਾਰੇ ਖੇਤ ਨੂੰ ਤਰਜੀਹ ਦੇਣੀ ਚਾਹੀਦੀ ਹੈ। ਮੁਢਲੇ ਤਿੰਨ ਚਾਰ ਸਾਲ ਜੈਵਿਕ ਖੇਤੀ ਦਾ ਝਾੜ ਕੁੱਝ ਘੱਟ ਹੁੰਦਾ ਹੈ ਪਰ ਬਾਅਦ `ਚ ਇਹ ਰਸਾਇਣਕ ਖੇਤੀ ਦੇ ਬਰਾਬਰ ਹੋ ਜਾਂਦਾ ਹੈ। ਅੱਜ ਅਸੀਂ ਇਸ ਲੇਖ ਰਾਹੀਂ ਤੁਹਾਡੇ ਲਈ ਜੈਵਿਕ ਖਾਦਾਂ ਤਿਆਰ ਕਰਨ ਦੀ ਉੱਨਤ ਵਿਧੀ ਲੈ ਕੇ ਆਏ ਹਾਂ। ਜੀ ਹਾਂ, ਪਰਾਲੀ ਦੀ ਵਰਤੋਂ ਕਰਕੇ ਤੁਸੀਂ ਫਾਸਫ਼ੋ ਕੰਪੋਸਟ ਤੇ ਗੰਡੋਆ ਖਾਦ ਆਸਾਨੀ ਨਾਲ ਤਿਆਰ ਕਰ ਸਕਦੇ ਹੋ ਤੇ ਪਰਾਲੀ ਸੜਨ ਤੋਂ ਵੀ ਬੱਚ ਸਕਦੇ ਹੋ। ਤਾਂ ਆਓ ਜਾਣਦੇ ਹਾਂ ਜੈਵਿਕ ਖਾਦ ਬਣਾਉਣ ਦੀ ਵਿਧੀ ਬਾਰੇ...
ਫਾਸਫ਼ੋ ਕੰਪੋਸਟ ਤਿਆਰ ਕਰਨ ਦੀ ਵਿਧੀ:
● ਝੋਨੇ ਦੀ ਪਰਾਲੀ ਨੂੰ ਇੱਕ ਐਸੀ ਜਗ੍ਹਾ ਤੇ ਇਕੱਠੀ ਕਰੋ ਜਿੱਥੇ ਪਾਣੀ ਅਸਾਨੀ ਨਾਲ ਉਪਲਬਧ ਹੋਵੇ।
● ਪਰਾਲੀ ਨੂੰ 10-15 ਕਿਲੋਗ੍ਰਾਮ ਦੇ ਬੰਡਲਾਂ `ਚ ਬੰਨ੍ਹ ਲਵੋ।
● ਇੱਕ ਵੱਡੇ ਟੈਂਕ `ਚ ਪ੍ਰਤੀ 1000 ਲੀਟਰ ਪਾਣੀ `ਚ ਇੱਕ ਕਿਲੋਗ੍ਰਾਮ ਗਾਂ ਦੇ ਗੋਹੇ ਦੇ ਹਿਸਾਬ ਨਾਲ ਘੋਲ ਤਿਆਰ ਕਰੋ। ਟੈਂਕ ਦਾ ਘਣਫ਼ਲ ਉਸਦੀ ਲੰਬਾਈ, ਚੌੜਾਈ ਤੇ ਉਚਾਈ ਮਾਪ ਕੇ ਪਤਾ ਕੀਤਾ ਜਾ ਸਕਦਾ ਹੈ। ਇਕ ਕਿਊਬਕ ਮੀਟਰ ਇੱਕ ਹਜ਼ਾਰ ਲੀਟਰ ਦੇ ਬਰਾਬਰ ਹੁੰਦਾ ਹੈ।
● ਬੰਡਲਾਂ ਨੂੰ ਤਿਆਰ ਕੀਤੇ ਘੋਲ `ਚ 2-3 ਮਿੰਟ ਡੋਬ ਕੇ ਬਾਹਰ ਕੱਢ ਲਵੋ।
● ਗਿੱਲੇ ਬੰਡਲਾਂ ਨੂੰ ਪਲਾਸਟਿਕ ਦੀ ਤਰਪਾਲ ਉੱਤੇ ਇਸ ਤਰੀਕੇ ਨਾਲ ਰੱਖੋ ਕਿ ਵਾਧੂ ਪਾਣੀ ਨਿਕਲ ਜਾਵੇ।
● ਇਕ 5 ਮੀਟਰ ਲੰਬਾ, 1.5 ਮੀਟਰ ਚੌੜਾ ਤੇ 6 ਇੰਚ ਉੱਚਾ ਮਿੱਟੀ ਦਾ ਬੈੱਡ ਬਣਾਉ। ਇਹ ਬੈੱਡ ਢੇਰ ਨੂੰ ਪਾਣੀ ਲਾਉਣ ਲਈ ਸਹਾਇਕ ਸਿੱਧ ਹੁੰਦਾ ਹੈ।
● ਬੈੱਡ `ਤੇ ਦਰਖ਼ਤ ਜਾਂ ਕਪਾਹ ਦੀਆ ਟਾਹਣੀਆਂ ਰੱਖੋ। ਇਹ ਢੇਰ ਨੂੰ ਹੇਠਾਂ ਤੋਂ ਹਵਾ ਦੀ ਸਪਲਾਈ `ਚ ਮਦਦਗਾਰ ਹੁੰਦੀਆਂ ਹਨ।
ਗਿੱਲੀ ਕੀਤੀ ਪਰਾਲੀ `ਚ ਆਮ ਤੌਰ ਤੇ 70% ਨਮੀਂ ਹੁੰਦੀ ਹੈ। ਗਿੱਲੇ ਬੰਡਲਾਂ ਨੂੰ ਖੋਲ੍ਹ ਕੇ 500 ਕਿਲੋਗ੍ਰਾਮ ਪਰਾਲੀ ਦਾ ਢੇਰ ਲਗਾਉ।
● ਢੇਰ ਲਗਾਉਂਦੇ ਸਮੇਂ ਇਸ `ਚ ਰਾਕ ਫ਼ਾਸਫੇਟ 6% ਦੇ ਹਿਸਾਬ ਨਾਲ ਛਿੜਕੀ ਜਾਉ। 500 ਕਿਲੋਗ੍ਰਾਮ ਪਰਾਲੀ ਲਈ 30 ਕਿਲੋਗ੍ਰਾਮ ਰਾਕ ਫ਼ਾਸਫੇਟ ਚਾਹੀਦਾ ਹੈ। ਇਸ ਤਰ੍ਹਾਂ ਤਿਆਰ ਕੀਤੀ ਖਾਦ `ਚ ਇੱਕ ਪ੍ਰਤੀਸ਼ਤ ਫ਼ਾਸਫੋਰਸ ਹੁੰਦਾ ਹੈ।
● ਪੰਜ ਸੌ ਕਿਲੋਗ੍ਰਾਮ ਦਾ ਢੇਰ ਲਗਭਗ 1.5 ਮੀਟਰ ਉੱਚਾ ਹੋ ਜਾਂਦਾ ਹੈ। ਇਸ ਤਰ੍ਹਾਂ ਪਰਾਲੀ ਦੀ ਉਪਲਬਧਤਾ ਦੇ ਹਿਸਾਬ ਨਾਲ 500-500 ਕਿਲੋ ਦੇ ਢੇਰ ਲਾਓ ਜਿਨ੍ਹਾਂ `ਚ 1 ਮੀਟਰ ਦਾ ਫ਼ਾਸਲਾ ਹੋਣਾ ਚਾਹੀਦਾ ਹੈ।
● ਹਲਕੇ ਗ੍ਰੇਡ ਦਾ ਰਾਕ ਫ਼ਾਸਫੇਟ ਰਾਜਸਥਾਨ ਸਟੇਟ ਲਾਈਨਜ਼ ਐਂਡ ਮਿਨਰਲ ਲਿਮਟਿਡ, ਮੀਰਾ ਮਾਰਗ, ਉਦੇਪੁਰ ਤੋਂ ਖ਼ਰੀਦਿਆ ਜਾ ਸਕਦਾ ਹੈ।
● ਢੇਰ ਨੂੰ 20-30 ਸੈਂ.ਮੀ. ਸੁੱਕੀ ਪਰਾਲੀ ਨਾਲ ਢੱਕ ਦਿਓ। ਇਸ ਤਰ੍ਹਾਂ ਕਰਨ ਨਾਲ ਪਰਾਲੀ ਵਿੱਚ ਨਮੀਂ ਘੱਟ ਉੱਡੇਗੀ। ਪਰਾਲੀ ਵਿੱਚ 70% ਨਮੀਂ ਬਰਕਰਾਰ ਰਹੇ ਤਾਂ ਚੰਗਾ ਹੈ।
● ਢੇਰ ਨੂੰ ਤਿਰਛੇ ਮੂੰਹ ਵਾਲੀ ਪਾਈਪ ਤੇ ਟੁੱਲੂ ਪੰਪ ਦੀ ਸਹਾਇਤਾ ਨਾਲ ਹਫ਼ਤੇ ਦੇ ਅੰਤਰ ਨਾਲ ਪਾਣੀ ਦਿੰਦੇ ਰਹੋ। ਪਾਣੀ ਦਾ ਛਿੜਕਾਅ ਨਾ ਕਰੋ ਸਗੋਂ ਪਾਈਪ ਨੂੰ ਢੇਰ ਦੇ ਅੰਦਰ ਧੱਸ ਕੇ ਪਰਾਲੀ ਦੇ ਢੇਰ ਵਿੱਚ ਪਾਣੀ ਲਾਵੋ ਜਿਸ ਨਾਲ ਪਾਣੀ ਸਾਰੇ ਢੇਰ ਵਿੱਚ ਪਹੁੰਚ ਜਾਂਦਾ ਹੈ।
● ਖਾਦ 80-90 ਦਿਨਾਂ `ਚ ਤਿਆਰ ਹੋ ਜਾਂਦੀ ਹੈ ਤੇ ਇਸਦੀ ਕਾਰਬਨ: ਨਾਈਟ੍ਰੋਜਨ ਅਨੁਪਾਤ 15:1 ਰਹਿ ਜਾਂਦੀ ਹੈ। ਇਸ ਪੜਾਅ `ਤੇ ਪਰਾਲੀ ਦੇ ਤੀਲੇ ਕਮਜ਼ੋਰ ਹੋ ਜਾਂਦੇ ਹਨ ਤੇ ਹੱਥਾਂ `ਚ ਖਿੱਚਣ `ਤੇ ਟੁੱਟ ਜਾਂਦੇ ਹਨ।
ਇਹ ਵੀ ਪੜ੍ਹੋ : ਜੈਵਿਕ ਖੇਤੀ ਦੇ ਫਾਇਦੇ ਅਤੇ ਨੁਕਸਾਨ! ਜਾਣੋ ਪੂਰੀ ਖ਼ਬਰ
ਗੰਡੋਆ ਖਾਦ ਬਣਾਉਣ ਦੀ ਵਿਧੀ:
● ਗੰਡੋਆ ਖਾਦ ਬਣਾਉਣ ਲਈ ਇਕਹੈਰੀ ਇੱਟ ਦੇ ਸੀਮੇਂਟ ਨਾਲ ਤਿਆਰ ਕੀਤੇ ਬੈੱਡ ਬਣਾਉ। ਇਨ੍ਹਾਂ ਬੈੱਡਾਂ ਦੀ ਚੌੜਾਈ ਤਿੰਨ ਫੁੱਟ, ਉਚਾਈ ਦੋ ਫੁੱਟ ਤੇ ਲੰਬਾਈ 6 ਫੁੱਟ ਰੱਖੋ। ਜਗ੍ਹਾ ਦੀ ਉਪਲੱਬਧੀ ਦੇ ਹਿਸਾਬ ਨਾਲ ਇਹ ਲੰਬਾਈ ਘਟਾਈ ਜਾਂ ਵਧਾਈ ਜਾ ਸਕਦੀ ਹੈ।
● ਇਨ੍ਹਾਂ ਬੈੱਡਾਂ ਦਾ ਫ਼ਰਸ਼ ਪੱਕਾ ਰੱਖੋ ਤਾਂ ਜੋ ਪਾਣੀ ਤੇ ਗੰਡੋਇਆਂ ਦਾ ਮਲ-ਮੂਤਰ ਥੱਲੇ ਨਾ ਜਾਵੇ।
● ਸਭ ਤੋਂ ਪਹਿਲਾਂ ਇਨ੍ਹਾਂ ਤਿਆਰ ਕੀਤੇ ਬੈੱਡਾਂ `ਚ ਇੱਕ ਫੁੱਟ ਪਰਾਲੀ ਦੀ ਤਹਿ ਵਿਛਾਉ ਤੇ ਫੁਹਾਰੇ ਨਾਲ ਪਰਾਲੀ ਨੁੰ ਗਿੱਲਾ ਕਰਕੇ ਨਮੀ ਦੀ ਮਾਤਰਾ 60-70% ਤੱਕ ਰੱਖੋ।
● ਇਸ ਤੋਂ ਬਾਅਦ 4-5 ਦਿਨ ਪੁਰਾਣਾ ਗੋਬਰ ਦੋ ਫੁੱਟ ਦੀ ਤਹਿ ਤੱਕ ਖਿਲਾਰ ਦਿਉ।
● ਉੱਪਰ ਸਿਫ਼ਾਰਸ਼ ਕੀਤੇ ਬੈੱਡ ਦੇ ਅਕਾਰ `ਚ ਇੱਕ ਕਿਲੋ ਗੰਡੋਏ ਪ੍ਰਜਾਤੀ ''ਆਈਸੀਨੀਆ ਫਿਉਟਡਾ'' ਪਾਉ।
● ਇਸਤੋਂ ਬਾਅਦ ਬੈੱਡਾਂ ਨੂੰ ਦੋ ਇੰਚ ਸੁੱਕੀ ਪਰਾਲੀ ਨਾਲ ਢੱਕ ਦਿਉ ਤਾਂ ਜੋ ਬੈੱਡਾਂ `ਚੋਂ ਪਾਣੀ ਵਾਸ਼ਪੀਕਰਨ ਰਾਹੀਂ ਨਾ ਉੱਡੇ।
● ਬੈੱਡਾਂ ਨੂੰ ਹਰ ਹਫ਼ਤੇ ਪਲਟੀ ਦੇਣੀ ਜ਼ਰੁਰੀ ਹੈ ਤਾਂ ਜੋ ਬੈੱਡਾਂ `ਚ ਹਵਾਖੋਰੀ ਬਣੀ ਰਹੇ।
● ਬੈੱਡਾਂ `ਚ ਨਮੀ ਬਰਕਰਾਰ ਰੱਖਣ ਲਈ ਪਾਣੀ ਲਗਾਉਣਾ ਜ਼ਰੂਰੀ ਹੈ। ਗਰਮੀਆਂ `ਚ ਦਿਨ `ਚ ਦੋ ਵਾਰ ਤੇ ਸਰਦੀਆਂ `ਚ ਦੋ ਤੋਂ ਤਿੰਨ ਦਿਨਾਂ ਬਾਅਦ ਪਾਣੀ ਦਾ ਛਿੜਕਾਅ ਕਰੋ।
● ਗੰਡੋਆ ਖਾਦ 60-70 ਦਿਨਾਂ `ਚ ਬਣ ਕੇ ਤਿਆਰ ਹੋ ਜਾਂਦੀ ਹੈ।
ਸਾਵਧਾਨੀਆਂ:
● ਬੈੱਡਾਂ `ਚ ਤਾਜਾ ਗੋਹਾ ਨਹੀਂ ਪਾਉਣਾ ਚਾਹੀਦਾ ਕਿਉਂਕਿ ਇਸ `ਚ ਤਾਪਮਾਨ ਤੇ ਗੈਸਾਂ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਗੰਡੋਇਆ ਨੂੰ ਨੁਕਸਾਨ ਪਹੁੰਚਾਉਂਦਾ ਹੈ।
● ਗੰਡੋਇਆਂ ਨੂੰ ਸਿੱਧੀ ਧੁੱਪ, ਮੀਹ, ਠੰਡ ਤੇ ਗਰਮੀ ਤੋਂ ਬਚਾਉਣ ਲਈ ਸ਼ੈੱਡਾਂ ਹੇਠ ਰੱਖਣਾ ਚਾਹੀਦਾ ਹੈ।
● ਬੈੱਡਾਂ ਵਿੱਚ ਨਮੀ ਦੀ ਮਾਤਰਾ 60-70% ਤੱਕ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਗੰਡੋਆਂ ਖਾਦ – ਖੇਤੀ ਸਬੰਧੀ ਰਹਿੰਦ ਖੁਹੰਦ ਨੂੰ ਮੁੜ ਵਰਤੋਂ ਯੋਗ ਬਣਾਉਣ ਦੀ ਵਿਧੀ
Summary in English: For organic farming, prepare phospho-compost and vermicompost