1. Home
  2. ਖੇਤੀ ਬਾੜੀ

Wheat Crop ਦੇ ਪੀਲੇ ਪੈਣ ਦੇ ਮੁੱਖ ਕਾਰਨ ਅਤੇ ਇਲਾਜ

ਅਕਸਰ ਕਿਸਾਨ ਵੀਰਾਂ ਦਾ ਸਵਾਲ ਇਹ ਹੁੰਦਾ ਹੈ ਕਿ ਕਣਕ ਦੀ ਫ਼ਸਲ ਪੀਲੀ ਪੈਣ 'ਤੇ ਕੀ ਕਰੀਏ? ਆਓ ਇਸ ਲੇਖ ਰਾਹੀਂ ਜਾਣਦੇ ਹਾਂ ਕਿ ਕਣਕ ਦੀ ਫ਼ਸਲ ਦੇ ਪੀਲੇ ਪੈਣ ਦੇ ਮੁੱਖ ਕਾਰਨ ਅਤੇ ਇਲਾਜ ਕੀ ਹਨ।

Gurpreet Kaur Virk
Gurpreet Kaur Virk
ਕਣਕ ਦੀ ਫ਼ਸਲ ਦੇ ਪੀਲੇ ਪੈਣ ਦੇ ਮੁੱਖ ਕਾਰਨ ਅਤੇ ਇਲਾਜ

ਕਣਕ ਦੀ ਫ਼ਸਲ ਦੇ ਪੀਲੇ ਪੈਣ ਦੇ ਮੁੱਖ ਕਾਰਨ ਅਤੇ ਇਲਾਜ

Wheat Crop: ਕਣਕ ਦੀ ਕਾਸ਼ਤ ਦੌਰਾਨ ਫ਼ਸਲ ਦਾ ਪੀਲਾ ਪੈ ਜਾਣਾ ਕਿਸਾਨਾਂ ਲਈ ਇੱਕ ਵੱਡੀ ਸਮੱਸਿਆ ਲੈ ਕੇ ਸਾਹਮਣੇ ਆਉਂਦਾ ਹੈ ਕਿਉਂਕਿ ਕਣਕ ਦੀ ਫ਼ਸਲ ਦੇ ਪੀਲੇਪਣ ਦੇ ਬਹੁਤ ਸਾਰੇ ਕਾਰਨ ਹੁੰਦੇ ਹਨ ਜਿਹਨਾਂ ਬਾਰੇ ਕਿਸਾਨ ਵੀਰਾਂ ਨੂੰ ਬਹੁਤਾ ਗਿਆਨ ਨਾ ਹੋਣ ਕਰਕੇ ਉਹ ਇਸ ਦਾ ਸਹੀ ਹੱਲ ਨਹੀਂ ਕਰ ਪਾਉਂਦੇ। ਸਹੀ ਸਮੇਂ ਤੇ ਇਸ ਸਮੱਸਿਆ ਦਾ ਸਹੀ ਇਲਾਜ ਨਾ ਹੋਣ ਕਰਕੇ ਖੇਤੀ ਖਰਚੇ ਤਾਂ ਵਧਦੇ ਹੀ ਹਨ, ਕਈ ਵਾਰੀ ਫ਼ਸਲ ਦਾ ਨੁਕਸਾਨ ਵੀ ਕਾਫ਼ੀ ਹੋ ਜਾਂਦਾ ਹੈ ਜੋ ਕਿ ਝਾੜ ਘਟਣ ਦਾ ਕਾਰਨ ਬਣ ਜਾਂਦਾ ਹੈ। ਅਜਿਹੇ ਸਮੇਂ ਵਿੱਚ ਸਭ ਤੋਂ ਵੱਡਾ ਸਵਾਲ ਕਿਸਾਨ ਵੀਰਾਂ ਲਈ ਇਹ ਹੁੰਦਾ ਹੈ ਕਿ ਕਣਕ ਦੀ ਫ਼ਸਲ ਪੀਲੀ ਪੈਣ 'ਤੇ ਕੀ ਕਰੀਏ। ਕਣਕ ਦੀ ਫ਼ਸਲ ਪੀਲੇ ਪੈਣ ਦਾ ਕਾਰਨ ਹੇਠ ਲਿਖੇ ਕਾਰਨਾਂ ਵਿੱਚੋ ਕੋਈ ਵੀ ਹੋ ਸਕਦਾ ਹੈ:

ਲੋੜ ਤੋਂ ਵੱਧ ਪਾਣੀ ਲੱਗਣਾ

ਕਣਕ ਨੂੰ ਪਹਿਲਾ ਪਾਣੀ ਲਾਉਣ ਤੋਂ ਬਾਅਦ ਖਾਸ ਤੌਰ ਤੇ ਭਾਰੀਆਂ ਜ਼ਮੀਨਾਂ ਵਿੱਚ ਕਣਕ ਦੇ ਪੀਲੇ ਹੋਣ ਦੀ ਸਮੱਸਿਆ ਅਕਸਰ ਆ ਜਾਂਦੀ ਹੈ। ਇਸ ਦਾ ਕਾਰਨ ਇਹ ਹੁੰਦਾ ਹੈ ਕਿ ਭਾਰੀਆਂ ਜ਼ਮੀਨਾਂ ਵਿੱਚ ਪਾਣੀ ਜੀਰਨ ਦੀ ਰਫ਼ਤਾਰ ਬਹੁਤ ਘੱਟ ਹੁੰਦੀ ਹੈ। ਜ਼ਿਆਦਾ ਪਾਣੀ ਲੱਗਣ ਨਾਲ ਫ਼ਸਲ ਦੀਆਂ ਜੜ੍ਹਾਂ ਨੂੰ ਹਵਾ ਸਹੀ ਮਾਤਰਾ ਵਿੱਚ ਨਹੀਂ ਮਿਲਦੀ ਜਿਸ ਕਾਰਨ ਜੜ੍ਹਾਂ ਕੰਮ ਨਹੀਂ ਕਰ ਪਾਉਂਦੀਆਂ ਅਤੇ ਫ਼ਸਲ ਪੀਲੀ ਪੈ ਜਾਂਦੀ ਹੈ। ਇਸ ਸਮੱਸਿਆ ਦੇ ਹੱਲ ਲਈ ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਕਣਕ ਦੀ ਫ਼ਸਲ ਨੂੰ ਬਹੁਤਾ ਭਰਵਾਂ ਪਾਣੀ ਨਹੀਂ ਲਾਉਣਾ ਚਾਹੀਦਾ।

ਇਸਦੇ ਲਈ ਕਿਸਾਨਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਭਾਰੀਆਂ ਜ਼ਮੀਨਾਂ ਪਾਣੀ ਲਗਾਉਣ ਲਈ ਪ੍ਰਤੀ ਏਕੜ 8 ਕਿਆਰੇ ਅਤੇ ਹਲਕੀਆਂ ਜ਼ਮੀਨਾਂ ਵਿੱਚ 16 ਕਿਆਰੇ ਪਾ ਕੇ ਸਿੰਚਾਈ ਕਰਨ। ਹੈਪੀ ਸੀਡਰ ਨਾਲ ਬੀਜੀ ਕਣਕ ਵਿੱਚ ਪਾਣੀ ਲਗਾਉਣ ਸਮੇਂ ਹੋਰ ਵੀ ਧਿਆਨ ਰੱਖਣ ਦੀ ਲੋੜ ਪੈਂਦੀ ਹੈ ਕਿਉਂਕਿ ਖੇਤ ਵਿੱਚ ਪਰਾਲੀ ਦੀ ਪਰਤ ਹੋਣ ਕਰਕੇ ਪਾਣੀ ਛੇਤੀ ਨਹੀਂ ਸੁਕਦਾ।

ਇਸ ਲਈ ਹੈਪੀ ਸੀਡਰ ਵਾਲੀ ਕਣਕ ਵਿੱਚ ਪਹਿਲਾ ਪਾਣੀ ਹਲਕਾ ਅਤੇ ਕੁਝ ਦੇਰ ਨਾਲ ਲਗਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਹਲਕੀਆਂ ਜ਼ਮੀਨਾਂ ਵਿੱਚ ਕਣਕ ਨੂੰ ਪਹਿਲਾ ਪਾਣੀ ਤਕਰੀਬਨ 25-30 ਦਿਨ ਅਤੇ ਦਰਮਿਆਨੀਆਂ ਤੋਂ ਭਾਰੀਆਂ ਜਮੀਨਾਂ ਵਿੱਚ 30-35 ਦਿਨਾਂ ਤੱਕ ਲਾਉਣਾ ਚਾਹੀਦਾ ਹੈ। ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਪਾਣੀ ਮੌਸਮ ਦੀ ਬਰਸਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਲਗਾਇਆ ਜਾਵੇ।

ਇਹ ਵੀ ਪੜ੍ਹੋ: PAU ਵੱਲੋਂ ਕਣਕ ਦੀ ਬਿਜਾਈ ਇਸ ਮਿਤੀ ਤੱਕ ਕਰਨ ਦਾ ਸੁਝਾਅ

ਨਾਈਟ੍ਰੋਜਨ ਦੀ ਘਾਟ

ਨਾਈਟ੍ਰੋਜਨ ਦੀ ਘਾਟ ਵੀ ਕਣਕ ਦੀ ਫ਼ਸਲ ਦੇ ਪੀਲੇ ਪੈਣ ਦਾ ਕਾਰਨ ਬਣ ਜਾਂਦੀ ਹੈ। ਨਾਈਟ੍ਰੋਜਨ ਦੀ ਘਾਟ ਪੁਰਾਣੇ ਪੱਤਿਆਂ ਤੋਂ ਸ਼ੁਰੂ ਹੁੰਦੀ ਹੈ ਜਿਸ ਨਾਲ ਹੇਠਲੇ ਪੁਰਾਣੇ ਪੱਤੇ ਪੀਲੇ ਜਾਂਦੇ ਹਨ। ਨਾਈੌਟ੍ਰੋਜਨ ਤੱਤ ਦੀ ਘਾਟ ਦਾ ਮੁੱਖ ਕਾਰਨ ਖਾਦਾਂ ਦੀ ਸਹੀ ਮਾਤਰਾ ਅਤੇ ਸਹੀ ਸਮੇਂ ਤੇ ਵਰਤੋਂ ਨਾ ਹੋਣਾ, ਜ਼ਮੀਨ ਵਿੱਚ ਨਾਈਟ੍ਰੋਜਨ ਤੱਤ ਦੀ ਜਮਾਂਦਰੂ ਤੌਰ ਤੇ ਘਾਟ ਅਤੇ ਜ਼ਿਆਦਾ ਮੀਂਹ ਪੈਣ ਨਾਲ ਨਾਈਟ੍ਰੋਜਨ ਤੱਤ ਦਾ ਜੀਰ ਜਾਣਾ ਆਦਿ ਹਨ। ਇਸ ਘਾਟ ਨੂੰ ਪੂਰਾ ਕਰਨ ਲਈ ਸਿਫ਼ਾਰਸ਼ ਮੁਤਾਬਿਕ ਯੂਰੀਆ ਖਾਦ ਦੀ ਵਰਤੋਂ ਕਰਨੀ ਚਾਹੀਦੀ ਹੈ।

ਖਾਦ ਪਾਉਣ ਲਈ ਸਮੇਂ ਅਤੇ ਮਾਤਰਾ ਦਾ ਖਿਆਲ ਰੱਖਣਾ ਬਹੁਤ ਜ਼ਰੂਰੀ ਹੈ।ਹੈਪੀਸੀਡਰ ਜਾਂ ਸੁਪਰ ਸੀਡਰ ਨਾਲ ਬੀਜੀ ਕਣਕ ਲਈ ਬਿਜਾਈ ਵੇਲੇ 65 ਕਿਲੋ ਡੀ ਏ ਪੀ ਪ੍ਰਤੀ ਏਕੜ ਪੋਰ ਦਿਓ। 45 ਕਿਲੋ ਯੂਰੀਏ ਦੀਆਂ ਦੋ ਬਰਾਬਰ ਕਿਸ਼ਤਾਂ ਪਹਿਲੇ ਪਾਣੀ ਅਤੇ ਦੂਜੇ ਪਾਣੀ ਤੋਂ ਪਹਿਲਾਂ ਛੱਟੇ ਨਾਲ ਪਾਓ। ਯੂਰੀਆ ਪਾਉਣ ਤੋਂ ਤੁਰੰਤ ਬਾਅਦ ਪਾਣੀ ਲਾ ਦਿਉ। ਭਾਰੀਆਂ ਜ਼ਮੀਨਾਂ ਵਿੱਚ ਦੂਜਾ ਪਾਣੀ ਦੇਰ ਨਾਲ ਲੱਗਣ ਦੇ ਡਰ ਤੋਂ 33 ਕਿਲੋ ਯੂਰੀਆ ਬਿਜਾਈ ਤੋਂ ਪਹਿਲਾਂ ਅਤੇ ਬਾਕੀ 55 ਕਿਲੋ ਯੂਰੀਆ ਪਹਿਲੇ ਪਾਣੀ ਤੋਂ ਪਹਿਲਾ ਛੱਟੇ ਨਾਲ ਪਾਓ।

ਮਾੜੀਆਂ ਅਤੇ ਕਲਰਾਠੀਆਂ ਜ਼ਮੀਨਾਂ ਵਿੱਚ ਕਣਕ ਨੂੰ ਸਿਫ਼ਾਰਸ਼ ਕੀਤੀ ਮਾਤਰਾ ਤੋਂ 25 % ਵੱਧ ਨਾਈਟ੍ਰੋਜਨ ਪਾਉਣੀ ਚਾਹੀਦੀ ਹੈ।ਫ਼ਸਲ ਨੂੰ ਖੁਰਾਕੀ ਤੱਤਾਂ ਦੀ ਪੂਰਤੀ ਲਈ ਸਰਵਪੱਖੀ ਢੰਗ ਅਪਨਾਉਣੇ ਚਾਹੀਦੇ ਹਨ।ਨਾਈਟ੍ਰੋਜਨ ਤੱਤ ਦੀ ਘਾਟ ਪੂਰੀ ਕਰਨ ਲਈ 3% ਯੂਰੀਏ (3 ਕਿਲੋ ਯੂਰੀਆ 100 ਲਿਟਰ ਪਾਣੀ ਵਿੱਚ) ਦਾ ਛਿੜਕਾਅ ਕੀਤਾ ਜਾ ਸਕਦਾ ਹੈ।

ਮੈਂਗਨੀਜ਼ ਦੀ ਘਾਟ

ਮੈਂਗਨੀਜ਼ ਦੀ ਘਾਟ ਆਮ ਤੌਰ ਤੇ ਝੋਨਾ-ਕਣਕ ਫ਼ਸਲੀ ਚੱਕਰ ਵਾਲੀਆਂ ਰੇਤਲੀਆਂ ਜ਼ਮੀਨਾਂ ਵਿੱਚ ਜ਼ਿਆਦਾ ਵੇਖਣ ਵਿੱਚ ਆਉਂਦੀ ਹੈ। ਇਸ ਨਾਲ ਵੀ ਕਣਕ ਦੀ ਫ਼ਸਲ ਪੀਲੀ ਪੈ ਜਾਂਦੀ ਹੈ। ਇਸ ਦੀਆਂ ਨਿਸ਼ਾਨੀਆਂ ਬੂਟੇ ਦੇ ਵਿਚਕਾਰਲੇ ਪੱਤਿਆਂ ਤੇ ਦਿਖਾਈ ਦਿੰਦੀਆਂ ਹਨ। ਪੱਤਿਆਂ ਦੀਆਂ ਨਾੜੀਆਂ ਦੇ ਦਰਮਿਆਨ ਵਾਲੀ ਥਾਂ ਪੀਲੀ ਪੈ ਜਾਂਦੀ ਹੈ ਅਤੇ ਇਸ ਤੇ ਹਲਕੇ ਪੀਲੇ ਸਲੇਟੀ ਰੰਗ ਤੋਂ ਗੁਲਾਬੀ ਭੂਰੇ ਰੰਗ ਦੇ ਧੱਬੇ ਪੈ ਜਾਂਦੇ ਹਨ।

ਪੱਤਿਆਂ ਦੇ ਮੁੱਢ ਵਾਲੇ 2/3 ਹਿੱਸੇ ਵਿੱਚ ਇਹ ਘਾਟ ਜ਼ਿਆਦਾ ਦਿਖਾਈ ਦਿੰਦੀ ਹੈ। ਬਾਅਦ ਵਿੱਚ ਇਹ ਧੱਬੇ ਨਾੜੀਆਂ ਵਿਚਕਾਰ, ਜਿਹੜੀਆਂ ਕਿ ਹਰੀਆਂ ਰਹਿੰਦੀਆਂ ਹਨ, ਇਕੱਠੇ ਹੋ ਕੇ ਇੱਕ ਲੰਮੀ ਧਾਰੀ ਦਾ ਆਕਾਰ ਧਾਰਨ ਕਰ ਲੈਂਦੇ ਹਨ। ਮੈਂਗਨੀਜ਼ ਦੀ ਘਾਟ ਪੂਰੀ ਕਰਨ ਲਈ 0.5% ਮੈਗਨੀਜ਼ ਸਲਫ਼ੇਟ (ਇੱਕ ਕਿਲੋ ਮੈਂਗਨੀਜ਼ ਸਲਫ਼ੇਟ 200 ਲਿਟਰ ਪਾਣੀ ਵਿੱਚ) ਦਾ ਇੱਕ ਛਿੜਕਾਅ ਪਹਿਲੇ ਪਾਣੀ ਤੋਂ 2-4 ਦਿਨ ਪਹਿਲਾਂ ਅਤੇ 3 ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ਨਾਲ ਬਾਅਦ ਵਿੱਚ ਧੁੱਪ ਵਾਲੇ ਦਿਨਾਂ ਵਿੱਚ ਕਰਨੇ ਚਾਹੀਦੇ ਹਨ।

ਗੰਧਕ ਦੀ ਘਾਟ

ਗੰਧਕ ਦੀ ਘਾਟ ਰੇਤਲੀਆਂ ਜ਼ਮੀਨਾਂ ਵਿੱਚ ਜ਼ਿਆਦਾ ਆਉਂਦੀ ਹੈ ਜਦੋਂ ਕਣਕ ਦੇ ਵਾਧੇ ਦੇ ਮੁੱਢਲੇ ਸਮੇਂ ਸਰਦੀਆਂ ਦੀ ਵਰਖ਼ਾ ਲੰਮੇ ਸਮੇਂ ਤੱਕ ਜਾਰੀ ਰਹੇ ਤਾਂ ਇਹ ਘਾਟ ਹੋਰ ਵੀ ਵੱਧ ਹੁੰਦੀ ਹੈ। ਇਸ ਦੀ ਘਾਟ ਵਿੱਚ ਬੂਟੇ ਦੇ ਨਵੇਂ ਪੱਤਿਆਂ ਦਾ ਰੰਗ ਨੋਕ ਨੂੰ ਛੱਡ ਕੇ ਹਲਕਾ ਪੀਲਾ ਪੈ ਜਾਂਦਾ ਹੈ ਜਦ ਕਿ ਹੇਠਲੇ ਪੱਤੇ ਲੰਮੇ ਸਮੇਂ ਤੱਕ ਹਰੇ ਹੀ ਰਹਿੰਦੇ ਹਨ। ਨਾਈਟ੍ਰੋਜਨ ਦੀ ਘਾਟ ਨਾਲੋਂ ਇਸ ਘਾਟ ਦਾ ਇਹ ਫ਼ਰਕ ਹੈ ਕਿ ਨਾਈਟ੍ਰੋਜਨ ਦੀ ਘਾਟ ਹੇਠਲੇ ਪੱਤਿਆਂ ਦੇ ਪੀਲੇ ਹੋਣ ਨਾਲ ਸ਼ੁਰੂ ਹੁੰਦੀ ਹੈ।

ਗੰਧਕ ਦੀ ਘਾਟ ਵਾਲੀਆਂ ਜ਼ਮੀਨਾਂ ਵਿੱਚ ਜਿੱਥੇ ਫਾਸਫ਼ੋਰਸ ਤੱਤ ਸਿੰਗਲ ਸੁਪਰਫਾਸਫੇਟ ਦੀ ਬਜਾਏ ਡੀ.ਏ.ਪੀ ਰਾਹੀਂ ਪਾਇਆ ਹੋਵੇ, ਉੱਥੇ 100 ਕਿਲੋ ਜਿਪਸਮ ਜਾਂ 18 ਕਿਲੋ ਬੈਂਟੋਨਾਈਟ-ਸਲਫ਼ਰ (90%) ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ ਪਹਿਲਾਂ ਪਾ ਦਿਓ ਤਾਂ ਜੋ ਕਣਕ ਵਿੱਚ ਗੰਧਕ ਦੀ ਲੋੜ ਪੂਰੀ ਹੋ ਜਾਵੇ। ਜੇਕਰ ਜਿਪਸਮ ਦੀ ਸਿਫ਼ਾਰਸ਼ ਕੀਤੀ ਮਾਤਰਾ ਮੂੰਗਫਲੀ ਦੀ ਫ਼ਸਲ ਨੂੰ ਪਾਈ ਹੋਵੇ ਤਾਂ ਸਿਰਫ਼ 50 ਕਿਲੋ ਜਿਪਸਮ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਓ। ਜੇਕਰ ਗੰਧਕ ਦੀ ਘਾਟ ਜਾਪੇ ਤਾਂ ਖੜ੍ਹੀ ਫ਼ਸਲ ਵਿੱਚ ਜਿਪਸਮ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: ਕਣਕ ਦੀਆਂ ਇਹ 7 Improved Varieties ਗੈਰ ਸਿੰਜਾਈ ਵਾਲੇ ਖੇਤਰਾਂ ਲਈ ਵਧੀਆ

ਕਣਕ ਦੀ ਫ਼ਸਲ ਦੇ ਪੀਲੇ ਪੈਣ ਦੇ ਮੁੱਖ ਕਾਰਨ ਅਤੇ ਇਲਾਜ

ਕਣਕ ਦੀ ਫ਼ਸਲ ਦੇ ਪੀਲੇ ਪੈਣ ਦੇ ਮੁੱਖ ਕਾਰਨ ਅਤੇ ਇਲਾਜ

ਪੀਲੀ ਕੁੰਗੀ ਦਾ ਹਮਲਾ

ਇਸ ਬਿਮਾਰੀ ਦਾ ਹਮਲਾ ਹੋਣ ਨਾਲ ਵੀ ਫ਼ਸਲ ਪੀਲੀ ਪੈ ਜਾਂਦੀ ਹੈ। ਖੁਰਾਕੀ ਤੱਤਾਂ ਦੀ ਘਾਟ ਕਰਕੇ ਫ਼ਸਲ ਦੇ ਪੀਲੀ ਪੈਣ ਨਾਲੋਂ ਪੀਲੀ ਕੁੰਗੀ ਦਾ ਫ਼ਰਕ ਇਹ ਹੁੰਦਾ ਹੈ ਕਿ ਇਸ ਰੋਗ ਨਾਲ ਪੱਤਿਆਂ ਤੇ ਪੀਲੇ ਧੱਬੇ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਦਿਖਾਈ ਦਿੰਦੇ ਹਨ ਜਿਨ੍ਹਾਂ ਤੇ ਪੀਲਾ ਹਲਦੀ ਨੁਮਾ ਧੂੜਾ ਨਜ਼ਰ ਆਉਂਦਾ ਹੈ। ਜੇਕਰ ਬਿਮਾਰੀ ਵਾਲੇ ਪੱਤਿਆਂ ਨੂੰ ਹੱਥਾਂ ਨਾਲ ਛੂਹਿਆ ਜਾਵੇ ਤਾਂ ਇਹ ਪੀਲੇ ਰੰਗ ਦਾ ਧੂੜਾ ਹੱਥਾਂ ਨੂੰ ਲੱਗ ਜਾਂਦਾ ਹੈ।

ਪੀਲੀ ਕੁੰਗੀ ਦਾ ਹਮਲਾ ਸਭ ਤੋਂ ਪਹਿਲਾਂ ਨੀਮ ਪਹਾੜੀ ਇਲਾਕਿਆਂ ਵਿੱਚ ਹੁੰਦਾ ਹੈ ਅਤੇ ਅੱਧ ਜਨਵਰੀ ਤੋਂ ਬਾਅਦ ਇਹ ਬਿਮਾਰੀ ਮੈਦਾਨੀ ਇਲਾਕਿਆਂ ਵਿੱਚ ਫ਼ੈਲ ਜਾਂਦੀ ਹੈ। ਫਰਵਰੀ-ਮਾਰਚ ਦੌਰਾਨ ਤੇਜ਼ ਹਵਾਵਾਂ ਨਾਲ ਪੈਣ ਵਾਲੇ ਮੀਂਹ ਇਸ ਬਿਮਾਰੀ ਨੂੰ ਵਧਾਉਂਦੇ ਹਨ। ਪੀਲੀ ਕੁੰਗੀ ਦੀ ਰੋਕਥਾਮ ਲਈ ਸਰਵਪੱਖੀ ਢੰਗ ਅਪਣਾਉਣੇ ਚਾਹੀਦੇ ਹਨ। ਇਸਦੇ ਲਈ ਕਣਕ ਦੀਆਂ ਪਲਿੀ ਕੁੰਗੀ ਦਾ ਟਾਕਰਾ ਕਰਨ ਵਾਲੀਆਂ ਕਿਸਮਾਂ ਜਿਵੇਂ ਕਿ ਪੀ ਬੀ ਡਬਲਯੂ 725, ਪੀ ਬੀ ਡਬਲਯੂ 677, ਉੱਨਤ ਪੀ ਬੀ ਡਬਲਯੂ 550, ਉੱਨਤ ਪੀ ਬੀ ਡਬਲਯੂ 343, ਐਚ ਡੀ 3086 ਆਦਿ ਦੀ ਚੋਣ ਕਰਨੀ ਚਾਹੀਦੀ ਹੈ। ਖਾਸ ਤੌਰ ਤੇ ਨੀਮ ਪਹਾੜੀ ਇਲਾਕਿਆਂ ਵਿੱਚ ਅਕਤੂਬਰ ਦੇ ਮਹੀਨੇ ਕਣਕ ਦੀ ਬਿਜਾਈ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਕਿਸਾਨਾਂ ਨੂੰ ਆਪਣੀ ਫ਼ਸਲ ਦਾ ਲਗਾਤਾਰ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ ਅਤੇ ਬਿਮਾਰੀ ਨਜ਼ਰ ਆਉਣ ਤੇ 200 ਗ੍ਰਾਮ ਕੈਵੀਅਟ 25 ਡਬਲਯੂ ਜੀ (ਟੈਬੂਕੋਨਾਜ਼ੋਲ) ਜਾਂ 120 ਗ੍ਰਾਮ ਨਟੀਵੋ 75 ਡਬਲਯੂ ਜੀ (ਟ੍ਰਾਈਫਲੋਕਸੀਸਟ੍ਰੋਬਿਨ+ਟੈਬੂਕੋਨਾਜ਼ੋਲ) ਜਾਂ 200 ਮਿਲੀਲਿਟਰ ਅੰਮਪੈਕਟ ਐਕਸਟਰਾ (ਐਜ਼ੋਕਸੀਸਟ੍ਰੋਬਿਨ +ਸਾਇਪਰਾਕੋਨਾਜ਼ੋਲ) ਜਾਂ 200 ਮਿਲੀਲਿਟਰ ਉਪੇਰਾ 18.3 ਐਸ ਈ (ਪਾਈਰੈਕਲੋਸ ਟ੍ਰੋਬਿਨ+ਇਪੋਕਸੀਕੋਨਾਜ਼ੋਲ) ਜਾਂ 200 ਮਿਲੀਲਿਟਰ ਕਸਟੋਡੀਆ 320 ਐਸ ਸੀ (ਐਜ਼ੋਕਸੀਸਟ੍ਰੋਬਿਨ + ਟੈਬੂਕੋਨਾਜ਼ੋਲ) ਜਾਂ 200 ਮਿਲੀਲਿਟਰ ਟਿਲਟ 25 ਈ ਸੀ/ਸ਼ਾਈਨ 25 ਈ ਸੀ/ਬੰਪਰ 25 ਈ ਸੀ/ਸਟਿਲਟ 25 ਈ ਸੀ/ਕੰਪਾਸ 25 ਈ ਸੀ/ਮਾਰਕਜ਼ੋਲ 25 ਈ ਸੀ (ਪ੍ਰੋਪੀਕੋਨਾਜ਼ੋਲ) ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ।ਸ਼ੁਰੂ ਵਿੱਚ ਪੀਲੀ ਕੁੰਗੀ ਦੇ ਹਮਲੇ ਵਾਲੀਆਂ ਧੌੜੀਆਂ ਤੇ ਹੀ ਉੱਲੀਨਾਸ਼ਕਾਂ ਦਾ ਛਿੜਕਾਅ ਕਰਨਾ ਚਾਹੀਦਾ ਹੈ। ਲੋੜ ਪੈਣ ਤੇ ਇਹ ਛਿੜਕਾਅ ਫਿਰ ਦੁਹਰਾਉਣਾ ਚਾਹੀਦਾ ਹੈ।

ਫਤਿਹਜੀਤ ਸਿੰਘ ਸੇਖੋਂ ਅਤੇ ਉਪਿੰਦਰ ਸਿੰਘ ਸੰਧੂ, ਫਾਰਮ ਸਲਾਹਕਾਰ ਸੇਵਾ ਕੇਂਦਰ, ਫਰੀਦਕੋਟ
ਸਰੋਤ: (Punjab Agricultural University)

Summary in English: Main causes and treatment of yellowing of wheat crop

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters