1. Home
  2. ਖੇਤੀ ਬਾੜੀ

Maize Diseases: ਮੱਕੀ ਦੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ!

ਮੱਕੀ 'ਤੇ ਕਈ ਤਰਾਂ ਦੇ ਕੀੜੇ-ਮਕੌੜੇ ਅਤੇ ਬਿਮਾਰੀਆਂ ਹਮਲਾ ਕਰਦੇ ਹਨ, ਜਿਸ ਤੋਂ ਬਚਨ ਲਈ ਅੱਜ ਅੱਸੀ ਆਪਣੇ ਕਿਸਾਨ ਭਰਾਵਾਂ ਨੂੰ ਮੱਕੀ ਦੀ ਸਰਵਪੱਖੀ ਰੋਕਥਾਮ ਬਾਰੇ ਦੱਸਣ ਜਾ ਰਹੇ ਹਾਂ।

Gurpreet Kaur Virk
Gurpreet Kaur Virk
ਮੱਕੀ ਦੀ ਫਸਲ ਲਈ ਧਿਆਨਯੋਗ ਗੱਲਾਂ!

ਮੱਕੀ ਦੀ ਫਸਲ ਲਈ ਧਿਆਨਯੋਗ ਗੱਲਾਂ!

Maize: ਮੱਕੀ ਇਕ ਬਹੁਪਖੀ ਫਸਲ ਹੈ ਜੋ ਕਿ ਵਖੋ-ਵਖਰੇ ਖੇਤੀ-ਮੌਸਮ ਹਾਲਤਾਂ ਵਿੱਚ ਵਿਆਪਕ ਅਨੁਕਲਤਾ ਅਨੁਸਾਰ ਹੈ। ਮੱਕੀ ਉਤੇ ਕਈ ਤਰਾਂ ਦੇ ਕੀੜੇ-ਮਕੌੜੇ ਅਤੇ ਬਿਮਾਰੀਆਂ ਹਮਲਾ ਕਰਦੇ ਹਨ, ਜਿਸ ਕਰਕੇ ਕਿਸਾਨਾਂ ਨੂੰ ਆਰਥੀਕ ਨੁਕਸਾਨ ਝੱਲਣਾ ਪੈਂਦਾ ਹੈ। ਜਿਸ ਤੋਂ ਬਚਨ ਲਈ ਅੱਜ ਅੱਸੀ ਆਪਣੇ ਕਿਸਾਨ ਭਰਾਵਾਂ ਨੂੰ ਮੱਕੀ 'ਤੇ ਆਉਣ ਵਾਲੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਸਰਵਪੱਖੀ ਰੋਕਥਾਮ ਬਾਰੇ ਦੱਸਣ ਜਾ ਰਹੇ ਹਾਂ।

Maize Pests and Diseases: ਵਿਸ਼ਵ ਪਧਰ ਤੇ ਮੱਕੀ ਇਕ ਮਹਤਵਪੁਰਨ ਫਸਲ ਹੈ ਅਤੇ ਇਸ ਨੂੰ ਸਿਰਫ ਅਨਾਜ ਦੇ ਤੌਰ 'ਤੇ ਨਹੀਂ ਵਰਤਿਆ ਜਾਂਦਾ, ਸਗੋਂ ਪਸ਼ੁਆਂ ਦੇ ਚਾਰੇ ਅਤੇ ਪੋਲਟਰੀ ਲਈ ਫੀਡ ਦੇ ਰੁਪ ਵਿੱਚ ਵੀ ਵਰਤਿਆ ਜਾਂਦਾ ਹੈ। ਪੰਜਾਬ ਵਿੱਚ ਮੱਕੀ ਦੀ ਕਾਸ਼ਤ ਸਾਲ 2021 ਵਿੱਚ 144.9 ਹਜ਼ਾਰ ਹੈਕਟੇਅਰ ਰਕਬੇ ਵਿੱਚ ਕੀਤੀ ਗਈ ਅਤੇ ਇਸ ਦੀ ਕੁੱਲ ਉਪਜ 410.5 ਹਜ਼ਾਰ ਟਨ ਹੋਈ। ਮੱਕੀ ਦਾ ਪ੍ਰਤੀ ਹੈਕਟਰ ਔਸਤ ਝਾੜ 35.82 ਕੁਇੰਟਲ ਰਿਹਾ।

ਮੱਕੀ ਉਤੇ ਵੱਖ-ਵੱਖ ਸਮੇਂ ਤੇ ਕਈ ਤਰਾਂ ਦੇ ਕੀੜੇ-ਮਕੌੜੇ ਅਤੇ ਬਿਮਾਰੀਆਂ ਹਮਲਾ ਕਰਦੇ ਹਨ, ਜਿਸ ਕਰਕੇ ਕਿਸਾਨਾਂ ਨੂੰ ਆਰਥੀਕ ਨੁਕਸਾਨ ਹੁੰਦਾ ਹੈ। ਇਹਨਾ ਦੀ ਸਰਵਪੱਖੀ ਰੋਕਥਾਮ ਕਰਕੇ ਮੱਕੀ ਦਾ ਝਾੜ ਅਤੇ ਕੁਆਲਟੀ ਵਧਾ ਸਕਦੇ ਹਾਂ। ਇਸ ਕਰਕੇ ਇਸ ਲੇਖ ਵਿੱਚ ਮੱਕੀ ਤੇ ਆਉਣ ਵਾਲੇ ਕੀੜੇ-ਮਕੌੜੇ ਅਤੇ ਬਿਮਾਰੀਆਂ ਬਾਰੇ ਅਤੇ ੳਹਨਾਂ ਦੀ ਰੋਕਥਾਮ ਬਾਰੇ ਦਸਿਆਂ ਗਿਆ ਹੈ।

ਕੀੜੇ: 

1. ਮੱਕੀ ਦਾ ਗੜੂੰਆਂ:

ਇਹ ਕੀੜਾ ਜੂਨ ਤੋਂ ਸਤੰਬਰ ਤੱਕ ਮੱਕੀ ਦਾ ਨੁਕਸਾਨ ਕਰਦਾ ਹੈ। ਇਸ ਕੀੜੇ ਦੀਆਂ ਸੁੰਡੀਆਂ ਪਹਿਲਾਂ ਬੂਟੇ ਦੇ ਪੱਤਿਆਂ ਉੱਪਰ ਝਰੀਟਾਂ ਪਾ ਦਿੰਦੀਆਂ ਹਨ ਅਤੇ ਗੋਭ ਰਾਹੀਂ ਤਣੇ ਵਿੱਚ ਮੋਰੀਆਂ ਕਰ ਦਿੰਦੀਆਂ ਹਨ । ਗੋਭ ਦਾ ਵਿਚਕਾਰਲਾ ਪੱਤਾ ਛਾਣਨੀ ਛਾਣਨੀ ਹੋ ਜਾਂਦਾ ਹੈ । ਛੋਟੇ ਬੂਟਿਆਂ ਦੀਆਂ ਗੋਭਾਂ ਸੁੱਕ ਜਾਂਦੀਆਂ ਹਨ।

ਕੀੜੇ ਦੀ ਰੋਕਥਾਮ ਲਈ ਸਰਵਪੱਖੀ ਪ੍ਰੋਗਰਾਮ ਅਪਣਾਉ:

• ਮੱਕੀ ਦੇ ਮੁੱਢਾਂ, ਟਾਂਡਿਆਂ ਤੇ ਗੁੱਲਾਂ ਵਿੱਚ ਲੁਕੇ ਹੋਏ ਗੜੂੰਏਂ ਨੂੰ ਖਤਮ ਕਰੋ। ਮੱਕੀ ਵੱਢਣ ਤੋਂ ਤੁਰੰਤ ਬਾਅਦ ਖੇਤਾਂ ਨੂੰ ਵਾਹ ਦਿਉ ਤੇ ਮੁੱਢਾਂ ਨੂੰ ਇਕੱਠੇ ਕਰਕੇ ਨਸ਼ਟ ਕਰ ਦਿਉ। ਟਾਂਡੇ, ਛੱਲੀਆਂ ਤੇ ਗੁੱਲਾਂ ਨੂੰ ਅਖੀਰ ਫ਼ਰਵਰੀ ਤੱਕ ਵਰਤ ਲਉ ਤੇ ਬਚੇ ਹੋਏ ਟਾਂਡਿਆਂ ਨੂੰ ਵਰਤਣ ਲਈ ਕੁਤਰ ਲਉ । ਬੀਜ ਲਈ ਉਹੀ ਛੱਲੀਆਂ ਰੱਖੋ ਜਿਨ੍ਹਾਂ ਤੇ ਗੜੂੰਏਂ ਦਾ ਹਮਲਾ ਨਾ ਹੋਇਆ ਹੋਵੇ।
• ਗੋਡੀ ਕਰਦੇ ਸਮੇਂ ਗੜੂੰਏਂ ਦੇ ਸਖਤ ਹਮਲੇ ਵਾਲੇ ਬੂਟੇ ਪੁੱਟ ਕੇ ਨਸ਼ਟ ਕਰ ਦਿਉ।
• ਟਰਾਈਕੋਗਰਾਮਾ (ਮਿੱਤਰ ਕੀੜਾ) ਰਾਹੀਂ ਪ੍ਰਜੀਵੀ ਕਿਰਿਆ ਕੀਤੇ ਹੋਏ ਕੋਰਸਾਇਰਾ ਦੇ 40,000 ਆਂਡੇ ਪ੍ਰਤੀ ਏਕੜ ਦੇ ਹਿਸਾਬ ਨਾਲ ਦੋ ਵਾਰੀ-ਪਹਿਲੀ ਵਾਰ 10 ਦਿਨਾਂ ਦੀ ਫ਼ਸਲ ਅਤੇ ਦੂਜੀ ਵਾਰ ਇੱਕ ਹਫ਼ਤੇ ਬਾਅਦ ਵਰਤੋ। ਇਹ ਆਂਡੇ ਗੂੰਦ ਨਾਲ ਟਰਾਈਕੋਕਾਰਡਾਂ ਉਪਰ ਚਿਪਕਾਏ ਹੋਏ ਹੁੰਦੇ ਹਨ । ਇਨ੍ਹਾਂ ਕਾਰਡਾਂ ਨੂੰ 40 ਬਰਾਬਰ ਹਿੱਸਿਆਂ ਵਿੱਚ ਇਸ ਤਰ੍ਹਾਂ ਕੱਟੋ ਕਿ ਹਰ ਹਿੱਸੇ ਉੱਪਰ 1000 ਆਂਡੇ ਹੋਣ । ਇਨ੍ਹਾਂ ਹਿੱਸਿਆਂ ਨੂੰ ਗੋਭ ਦੇ ਪੱਤਿਆਂ ਦੇ ਹੇਠਲੇ ਪਾਸੇ ਸ਼ਾਮ ਦੇ ਸਮੇਂ ਖੇਤ ਵਿੱਚ ਇਕਸਾਰ ਦੂਰੀ ਤੇ ਪਿੰਨ ਨਾਲ ਨੱਥੀ ਕਰੋ। ਇਹ ਕਾਰਡ ਮੀਂਹ ਵਾਲੇ ਦਿਨ ਨਹੀਂ ਵਰਤਣੇ ਚਾਹੀਦੇ।
• ਬਿਜਾਈ ਤੋਂ 2-3 ਹਫ਼ਤੇ ਪਿੱਛੋਂ ਜਾਂ ਜਿਸ ਵੇਲੇ ਪੱਤਿਆਂ ਉੱਪਰ ਇਸ ਕੀੜੇ ਦਾ ਹਮਲਾ ਦਿੱਸੇ ਤੇ 30 ਮਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਨਟਰੈਨੀਲੀਪਰੋਲ) ਦਵਾਈ ਨੂੰ 60 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਨਾਲ ਛਿੜਕੋ।

2. ਫ਼ਾਲ ਆਰਮੀਵਰਮ:

• ਇਸ ਕੀੜੇ ਦੀਆਂ ਛੋਟੀਆਂ ਸੁੰਢੀਆਂ ਪੱਤਿਆਂ ਨੂੰ ਖੁਰਚ ਕੇ ਖਾਂਦੀਆਂ ਹਨ। ਵੱਡੀਆਂ ਸੁੰਡੀਆਂ ਗੋਭ ਦੇ ਪੱਤੇ ਵਿੱਚ ਗੋਲ ਤੋਂ ਅੰਡਾਕਾਰ ਮੋਰੀਆਂ ਬਣਾਉਂਦੀਆਂ ਹਨ। ਸੁੰਡੀਆਂ ਗੋਭ ਨੂੰ ਲਗਭਗ ਪੂਰੀ ਤਰ੍ਹਾਂ ਖਾ ਕੇ ਭਾਰੀ ਮਾਤਰਾ ਵਿੱਚ ਵਿੱਠਾਂ ਕਰਦੀਆਂ ਹਨ। ਇਸ ਸੁੰਡੀ ਦੀ ਪਛਾਣ ਇਸ ਦੇ ਸਿਰ ਵਾਲੇ ਪਾਸੇ ਚਿੱਟੇ ਰੰਗ ਦੇ ਅੰਗਰੇਜ਼ੀ ਦੇ ਅੱਖਰ () ਦੇ ਉਲਟੇ ਨਿਸ਼ਾਨ () ਅਤੇ ਪਿਛਲੇ ਸਿਰੇ ਦੇ ਲਾਗੇ ਚੌਰਸਕਾਰ ਚਾਰ ਬਿੰਦੂਆਂ ਤੋਂ ਹੁੰਦੀ ਹੈ।

ਇਸ ਦੀ ਰੋਕਥਾਮ ਲਈ ਹੇਠ ਲਿਖੇ ਨੁਕਤੇ ਅਪਨਾਉ:

ਮੱਕੀ ਦੀ ਬਿਜਾਈ ਸ਼ਿਫ਼ਾਰਿਸ਼ ਸਮੇਂ ਅਨੁਸਾਰ ਕਰੋ।
• ਨਾਲ ਲਗਦੇ ਖੇਤਾਂ ਵਿੱਚ ਮੱਕੀ ਦੀ ਬਿਜਾਈ ਥੋੜੇ-ਥੋੜੇ ਵਕਫ਼ੇ ਤੇ ਨਾ ਕਰੋ ਤਾਂ ਜੋ ਕੀੜੇ ਦਾ ਫਲਾਅ ਘਟਾਇਆ ਜਾ ਸਕੇ।
• ਇਸ ਕੀੜੇ ਦੀ ਰੋਕਥਾਮ ਲਈ 0.4 ਮਿਲੀਲਿਟਰ ਕੋਰਾਜਨ 18.5 ਐੱਸ ਸੀ (ਕਲੋਰਐਂਟਰਾਨਿਲੀਪਰੋਲ*) ਜਾਂ 0.5 ਮਿਲੀਲਿਟਰ ਡੈਲੀਗੇਟ 11.7 ਐੱਸ ਸੀ (ਸਪਾਈਨਟੋਰਮ) ਜਾਂ 0.4 ਗ੍ਰਾਮ ਮਿਜ਼ਾਈਲ 5 ਐੱਸ ਜੀ (ਐਮਾਮੈਕਟਿਨ ਬੈਂਜ਼ੋਏਟ) ਪ੍ਰਤੀ ਲਿਟਰ ਪਾਣੀ `ਚ ਘੋਲ ਕੇ ਛਿੜਕਾਅ ਕਰੋ। 20 ਦਿਨਾਂ ਤੱਕ ਦੀ ਫ਼ਸਲ ਲਈ 120 ਲਿਟਰ ਪਾਣੀ ਪ੍ਰਤੀ ਏਕੜ ਵਰਤੋਂ। ਇਸ ਤੋਂ ਬਾਅਦ, ਫ਼ਸਲ ਦੇ ਵਾਧੇ ਅਨੁਸਾਰ ਪਾਣੀ ਦੀ ਮਾਤਰਾ 200 ਲਿਟਰ ਪ੍ਰਤੀ ਏਕੜ ਤੱਕ ਵਧਾਉ ਪਰ ਧਿਆਨ ਰੱਖੋ ਕਿ ਪਾਣੀ ਦੇ ਨਾਲ-ਨਾਲ ਉਪਰ ਦੱਸੇ ਕੀਟਨਾਸ਼ਕਾਂ ਦੀ ਮਾਤਰਾ ਵੀ ਉਸੇ ਅਨੁਪਾਤ ਵਿੱਚ ਵਧਾਉ।
• ਕਾਰਗਾਰ ਰੋਕਥਾਮ ਲਈ ਛਿੜਕਾਅ ਮੱਕੀ ਦੀ ਗੋਭ ਵੱਲ ਨੂੰ ਕਰੋ।
• ਜੇ ਹਮਲਾ ਧੌੜੀਆਂ ਵਿੱਚ ਹੋਵੇ ਜਾਂ ਫ਼ਸਲ 40 ਦਿਨਾਂ ਤੋਂ ਵੱਡੀ ਹੋਵੇ ਅਤੇ ਛਿੜਕਾਅ ਵਿੱਚ ਮੁਸ਼ਕਿਲ ਹੋਵੇ ਫਾਲ ਆਰਮੀਵਰਮ ਦੇ ਹਮਲੇ ਦਾ ਲਗਾਤਾਰ ਸਰਵੇਖਣ ਕਰੋ। ਮੱਕੀ ਦੇ ਗੜੂੰਏਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦਾ ਛਿੜਕਾਓ 2-3 ਹਫਤੇ ਦੀ ਫ਼ਸਲ ਤੇ ਕਰੋ। ਗੜੂੰਏਂ ਦੀ ਰੋਕਥਾਮ ਲਈ ਟਰਾਈਕੋਗਰਾਮਾ ਕਾਰਡ ਨੂੰ 10 ਅਤੇ ਦੁਬਾਰਾ 17 ਦਿਨ ਦੀ ਫ਼ਸਲ ਤੇ ਵਰਤੋ। ਟਾਂਡੇ ਗਲਣ ਰੋਗ ਦੀ ਰੋਕਥਾਮ ਲਈ ਖੇਤਾਂ ਵਿੱਚ ਪਾਣੀ ਦੀ ਨਿਕਾਸੀ ਦਾ ਚੰਗਾ ਪ੍ਰਬੰਧ ਕਰੋ ਅਤੇ ਪਾਣੀ ਖੜ੍ਹਾ ਨਾ ਹੋਣ ਦਿਉ। ਜਾਂ ਮਿੱਟੀ ਅਤੇ ਕੀਟਨਾਸ਼ਕ ਦੇ ਮਿਸ਼ਰਣ (ਲਗਭਗ ਅੱਧਾ ਗ੍ਰਾਮ) ਨੂੰ ਹਮਲੇ ਵਾਲੀਆਂ ਗੋਭਾਂ ਵਿੱਚ ਪਾ ਕੇ ਫ਼ਾਲ ਆਰਮੀਵਰਮ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਮਿਸ਼ਰਣ ਬਣਾਉਣ ਲਈ 5 ਮਿਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਐਂਟਰਾਨਿਲੀਪਰੋਲ*) ਜਾਂ ਡੈਲੀਗੇਟ 11.7 ਐਸ ਸੀ (ਸਪਾਈਨਟੋਰਮ*) ਜਾਂ 5 ਗ੍ਰਾਮ ਮਿਜ਼ਾਈਲ 5 ਐਸ ਜੀ (ਐਮਾਮੈਕਟਿਨ ਬੈਂਜ਼ੋਏਟ) ਨੂੰ 10 ਮਿਲੀਲਿਟਰ ਪਾਣੀ ਵਿੱਚ ਘੋਲ ਕੇ ਇੱਕ ਕਿਲੋ ਮਿੱਟੀ ਵਿੱਚ ਚੰਗੀ ਤਰ੍ਹਾਂ ਮਿਲਾਓ।

3. ਭੱਬੂ ਕੁੱਤਾ:

• ਜਦੋਂ ਇਹ ਕੀੜੇ ਗਿਣਤੀ ਵਿੱਚ ਬਹੁਤ ਵੱਧ ਜਾਣ ਤਾਂ ਇਹ ਬਹੁਤ ਨੁਕਸਾਨ ਕਰਦੇ ਹਨ। ਇਹ ਕੀੜੇ ਬੂਟਿਆਂ ਦੇ ਪੱਤੇ ਅਤੇ ਨਰਮ ਤਣੇ ਚੱਟਮ ਕਰ ਜਾਂਦੇ ਹਨ । ਇਸ ਕੀੜੇ ਦੀਆਂ ਛੋਟੀ ਉਮਰ ਦੀਆਂ ਸੁੰਡੀਆਂ ਝੁੰਡਾਂ ਵਿੱਚ ਫ਼ਸਲ ਖਾਂਦੀਆਂ ਹਨ। ਵੱਡੇ ਸੁੰਡ ਇੱਕ ਖੇਤ ਵਿੱਚੋਂ ਦੂਸਰੇ ਖੇਤ ਵਿੱਚ ਚਲੇ ਜਾਂਦੇ ਹਨ।

ਇਸ ਕੀੜੇ ਦੀ ਰੋਕਥਾਮ ਲਈ ਹੇਠਾਂ ਦੱਸੇ ਢੰਗ ਵਰਤੋਂ:

• ਇਸ ਕੀੜੇ ਦੇ ਪਤੰਗਿਆਂ ਨੂੰ ਮਾਰਨ ਲਈ ਰੋਸ਼ਨੀ ਯੰਤਰ ਵਰਤੋ।
• ਨਿੱਕੀਆਂ ਸੁੰਡੀਆਂ ਬਹੁਤ ਗਿਣਤੀ ਵਿੱਚ ਇਕੱਠੀਆਂ ਹੀ ਹੁੰਦੀਆਂ ਹਨ। ਇਨ੍ਹਾਂ ਨੂੰ ਮਾਰਨ ਲਈ ਹਮਲੇ ਵਾਲੇ ਪੱਤੇ ਜਾਂ ਬੂਟੇ ਤੋੜ ਕੇ ਸਾੜ ਜਾ ਦਬਾਅ ਦਿਉ।
• ਵੱਡੇ ਸੁੰਡ ਪੈਰਾਂ ਹੇਠਾਂ ਮਸਲ ਕੇ ਜਾਂ ਇਕੱਠੇ ਕਰਕੇ ਮਿੱਟੀ ਦੇ ਤੇਲ ਵਾਲੇ ਪਾਣੀ ਵਿੱਚ ਪਾ ਕੇ ਮਾਰੇ ਜਾ ਸਕਦੇ ਹਨ।

4. ਤੇਲਾ, ਥਰਿਪ ਅਤੇ ਕਮਾਦ ਦਾ ਘੋੜਾ:

• ਇਹ ਕੀੜੇ ਸਾਉਣੀ ਦੀ ਮੁੱਖ ਫ਼ਸਲ ਦਾ ਨੁਕਸਾਨ ਕਰਨ ਲੱਗ ਪਏ ਹਨ। ਹਮਲੇ ਵਾਲੀ ਫ਼ਸਲ ਪੀਲੀ ਨਜ਼ਰ ਆਉਂਦੀ ਹੈ।

5. ਸੈਨਿਕ ਸੁੰਡੀ ਤੇ ਛੱਲੀਆਂ ਦਾ ਸੂਤ ਕੁਤਰੂ:

• ਸੈਨਿਕ ਸੁੰਡੀ ਗੋਭ ਵਾਲੇ ਪੱਤੇ ਖਾਂਦੀ ਹੈਂ ਅਤੇ ਛੱਲੀਆਂ ਦਾ ਸੂਤ ਕੁਤਰੂ ਛੱਲੀਆਂ ਦਾ ਸੂਤ ਖਾਂ ਜਾਂਦਾ ਹੈ।
• ਇਨ੍ਹਾਂ ਕੀੜਿਆਂ ਦੀ ਰੋਕਥਾਂਮ ਲਈ 30 ਮਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਐਂਟਰਾੈਨਿਲੀਪਰੋਲ) ਦਵਾਈ ਨੂੰ 60 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ, ਨਾਲ ਛਿੜਕੋ।

ਇਹ ਵੀ ਪੜ੍ਹੋ: Black Wheat: ਕਾਲੀ ਕਣਕ ਨਾਲ ਹੋ ਸਕਦੀ ਹੈ ਚੰਗੀ ਕਮਾਈ! ਇਸ ਤਰੀਕੇ ਨਾਲ ਕਰੋ ਕਾਸ਼ਤ!

ਬਿਮਾਰੀਆਂ

1. ਬੀਜ ਸੜਨਾ ਤੇ ਪੌਦਾ ਝੁਲਸਣਾ:

• ਇਸ ਬਿਮਾਰੀ ਕਰਕੇ ਬੀਜ ਘੱਟ ਉੱਗਦਾ ਹੈ। ਬੂਟਿਆਂ ਦਾ ਵਾਧਾ ਰੁੱਕ ਜਾਂਦਾ ਹੈ ਅਤੇ ਛੋਟੇ ਪੌਦੇ ਮਰਨੇ ਸ਼ੁਰੂ ਹੋ ਜਾਂਦੇ ਹਨ।
• ਇਸ ਬਿਮਾਰੀ ਦੀ ਰੋਕਥਾਮ ਲਈ ਰੋਗ ਰਹਿਤ ਬੀਜ ਦੀ ਵਰਤੋਂ ਕਰੋ।

2. ਭੂਰੀ ਜਾਲੇਦਾਰ ਉੱਲੀ:

ਪੱਤਿਆਂ ਦੀਆਂ ਨਾੜੀਆਂ ਦੇ ਵਿਚਕਾਰਲੇ ਹਿੱਸੇ ਵਿੱਚ ਨੇੜੇ-ਨੇੜੇ ਭੂਰੀਆਂ ਧਾਰੀਆਂ ਪੈ ਜਾਂਦੀਆਂ ਹਨ। ਧਿਆਨ ਨਾਲ ਵੇਖਣ ਤੇ ਧਾਰੀਆਂ ਦੇ ਥੱਲੇ ਪੱਤੇ ਦੇ ਦੂਜੇ ਪਾਸੇ ਚਿੱਟੀ ਉੱਲੀ ਵੀ ਨਜ਼ਰ ਆਉਂਦੀ ਹੈ।

ਇਸ ਬਿਮਾਰੀ ਦੀ ਰੋਕਥਾਮ ਲਈ:

ਮੱਕੀ ਦੇ ਖੇਤਾਂ ਵਿੱਚੋਂ ਤੱਕੜੀ ਘਾਹ ਨੂੰ ਖਤਮ ਕਰੋ। ਖੇਤ ਵਿੱਚ ਪਾਣੀ ਦਾ ਨਿਕਾਸ ਠੀਕ ਰੱਖੋ ।
• ਬਿਜਾਈ ਤੋਂ 15 ਦਿਨਾਂ ਬਾਅਦ 200 ਗ੍ਰਾਮ ਇੰਡੋਫਿਲ ਐਮ-45 (ਮੈਂਕੋਜ਼ੇਬ) ਦਾ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ਇਸ ਦਵਾਈ ਦੇ 10-10 ਦਿਨਾਂ ਦੀ ਵਿੱਥ ਤੇ ਦੋ ਛਿੜਕਾਅ ਹੋਰ ਕਰੋ।
• ਸਿਫ਼ਾਰਿਸ਼ ਕੀਤੀਆਂ ਕਿਸਮਾਂ ਬੀਜੋ।

3. ਟਾਂਡੇ ਗਲਣਾ:

• ਤਣੇ ਤੇ ਪਾਣੀ ਭਿੱਜੇ ਨਿਸ਼ਾਨ ਪੈ ਜਾਂਦੇ ਹਨ ਅਤੇ ਹੌਲੀ-ਹੌਲੀ ਤਣੇ ਦਾ ਹੇਠਲਾ ਹਿੱਸਾ ਵੀ ਗਲਣਾ ਸ਼ੁਰੂ ਹੋ ਜਾਂਦਾ ਹੈ। ਤਣੇ ਦਾ ਗਲਣਾ ਬਹੁਤ ਤੇਜ਼ੀ ਨਾਲ ਵਧਦਾ ਹੋਇਆ ਕਾਫ਼ੀ ਹਿੱਸੇ ਤੱਕ ਫੈਲ ਜਾਂਦਾ ਹੈ । ਤਣੇ ਦੇ ਬਾਹਰੀ ਭਾਗ ਦਾ ਕੁਦਰਤੀ ਹਰਾ ਪਨ ਖਤਮ ਹੋ ਜਾਂਦਾ ਹੈ ਤੇ ਉਹ ਪਾਣੀ ਵਿੱਚ ਉਬਾਲਿਆ ਲੱਗਦਾ ਹੈ । ਗਲਿਆ ਹੋਇਆ ਤਣਾ ਬਦਬੂ ਮਾਰਦਾ ਹੈ ਤੇ ਮੁੱਢ ਤੋਂ ਦੂਜੀ ਜਾਂ ਤੀਜੀ ਗੰਢ ਦੇ ਵਿਚਕਾਰੋਂ ਟੁੱਟ ਵੀ ਸਕਦਾ ਹੈ । ਹਮਲੇ ਦੀ ਮਾਰ ਹੇਠ ਆਏ ਪੌਦੇ ਮੁਰਝਾਅ ਜਾਂਦੇ ਹਨ।

ਇਸ ਦੀ ਰੋਕਥਾਮ ਲਈ:
• ਬਿਮਾਰੀ ਵਾਲੀ ਫ਼ਸਲ ਦੇ ਪੌਦਿਆਂ ਦੇ ਮੁੱਢਾਂ ਨੂੰ ਨਸ਼ਟ ਕਰ ਦਿਉ।
• ਖੇਤ ਵਿੱਚ ਪਾਣੀ ਦਾ ਨਿਕਾਸ ਠੀਕ ਰੱਖੋ ਅਤੇ ਸੁਧਰੀਆਂ ਕਿਸਮਾਂ ਬੀਜੋ।

4. ਪੱਤਾ ਝੁਲਸ ਰੋਗ:

• ਇਸ ਬਿਮਾਰੀ ਨਾਲ ਪੱਤਿਆਂ ਉੱਤੇ ਤੱਕਲਿਆਂ ਵਰਗੇ ਧੱਬੇ ਪੈ ਜਾਂਦੇ ਹਨ ਤੇ ਧੱਬਿਆਂ ਦੁਆਲੇ ਪੀਲੇ ਤੇ ਭੂਰੇ ਰੰਗ ਦੇ ਘੇਰੇ ਬਣ ਜਾਂਦੇ ਹਨ। ਇਹ ਘੇਰੇ ਵੱਡੇ ਹੋ ਕੇ ਇੱਕ ਦੂਜੇ ਨਾਲ ਮਿਲ ਕੇ ਬੇਢੱਬੀ ਜਿਹੀ ਸ਼ਕਲ ਬਣਾ ਲੈਂਦੇ ਹਨ । ਇਹ ਨਿਸ਼ਾਨੀਆਂ ਪੱਤੇ ਅਤੇ ਛੱਲੀਆਂ ਦੇ ਪਰਦਿਆਂ ਤੇ ਵੀ ਪੈ ਜਾਂਦੀਆਂ ਹਨ ।ਪਿਛੇਤੀ ਬਿਜਾਈ, ਵਾਤਾਵਰਨ ਵਿੱਚ ਜ਼ਿਆਦਾ ਨਮੀਂ (80%) ਅਤੇ 25±20 ਸੈਂਟੀਗ੍ਰੇਡ ਤਾਪਮਾਨ ਬਿਮਾਰੀ ਦੇ ਵਾਧੇ ਲਈ ਅਨੁਕੂਲ ਹਨ।

ਇਸ ਬਿਮਾਰੀ ਦੀ ਰੋਕਥਾਮ ਲਈ:
• ਬਿਮਾਰੀ ਵਾਲੀ ਫ਼ਸਲ ਦੇ ਮੁੱਢਾਂ ਦਾ ਨਾਸ਼ ਕਰ ਦਿਉ।
• ਸੁਧਰੀਆਂ ਕਿਸਮਾਂ ਬੀਜੋ।
• ਭੂਰੀ ਜਾਲੇਦਾਰ ਉੱਲੀ ਦੇ ਛਿੜਕਾਅ ਵਾਲਾ ਢੰਗ ਅਪਣਾਉ।

5. ਟਾਂਡਿਆਂ ਦਾ ਸੁੱਕਣਾ:

• ਬੂਰ ਆਉਣ ਤੋਂ ਬਾਅਦ ਬੂਟੇ ਮੁਰਝਾਅ ਜਾਂਦੇ ਹਨ। ਟਾਂਡੇ ਦੀਆਂ ਹੇਠਲੀਆਂ ਪੋਰੀਆਂ ਦਾ ਰੰਗ ਬਦਲ ਜਾਂਦਾ ਹੈ। ਟਾਂਡੇ ਨੂੰ ਪਾੜਨ ਤੇ ਵਿਚਲੇ ਹਿੱਸੇ ਦਾ ਰੰਗ ਹੇਠੋਂ ਉੱਪਰ ਨੂੰ ਖਰਾਬ ਹੁੰਦਾ ਲੱਗਦਾ ਹੈ।
• ਇਸ ਬਿਮਾਰੀ ਦੀ ਰੋਕਥਾਮ ਲਈ ਸੁਧਰੀਆਂ ਕਿਸਮਾਂ (ਪੀ ਐਮ ਐਚ 13, ਪੀ ਐਮ ਐਚ 11 ਅਤੇ ਪੀ ਐਮ ਐਚ 1) ਬੀਜੋ।
• ਬੰਦ ਪੱਤਾ ਤੇ ਤਣੇ ਦੁਆਲੇ ਪੱਤਾ ਝੁਲਸ ਰੋਗ: ਇਸ ਬਿਮਾਰੀ ਨਾਲ ਪੱਤੇ, ਤਣੇ ਦੁਆਲੇ ਪੱਤੇ, ਟਾਂਡੇ ਅਤੇ ਛੱਲੀਆਂ ਦੁਆਲੇ ਪੱਤਿਆਂ ਉੱਤੇ ਫਿੱਕੇ ਅਤੇ ਗੂੜੇ ਸਲੇਟੀ ਰੰਗ ਦੇ ਧੱਬੇ ਪੈ ਜਾਂਦੇ ਹਨ। ਬਾਅਦ ਵਿੱਚ ਇਹ ਧੱਬੇ ਇੱਕ ਦੂਜੇ ਨਾਲ ਮਿਲ ਕੇ ਕੌਡੀਆਂ ਵਰਗੇ ਨਜ਼ਰ ਆਂਉਦੇ ਹਨ। ਅਖੀਰ ਵਿੱਚ ਕਾਲੇ ਰੰਗ ਦੇ ਬੀਜਾਣੂੰ (ਸਕਲਰੋਸ਼ੀਆ) ਵੀ ਛੱਲੀਆਂ ਅਤੇ ਦਾਣਿਆਂ ਤੇ ਦਿਖਾਈ ਦਿੰਦੇ ਹਨ। ਗੰਭੀਰ ਹਾਲਤਾਂ ਵਿੱਚ ਹਮਲੇ ਹੇਠ ਆਈਆਂ ਛੱਲੀਆਂ ਦੇ ਦਾਣੇ ਸੁੱਕ ਜਾਂਦੇ ਹਨ।

ਇਸ ਰੋਗ ਦੀ ਰੋਕਥਾਮ ਲਈ:
• ਇਸ ਦੀ ਰੋਕਥਾਮ ਲਈ ਸੁਧਰੀਆਂ ਕਿਸਮਾਂ ਬੀਜੋ।
• ਜਿਉਂ ਹੀ ਬਿਮਾਰੀ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਐਮੀਸਟਾਰ ਟੌਪ 325 ਐਸ ਸੀ (ਅਜ਼ੋਕਸੀਸਟਰੋਬਿਨ +ਡਾਈਫਿਨੋਕੋਨਾਜ਼ੋਲ) ਨੂੰ 100 ਲਿਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।ਲੋੜ ਪੈਣ ਤੇ ਦੂਜਾ ਛਿੜਕਾਅ 15 ਦਿਨ ਦੇ ਵਕਫ਼ੇ ਤੇ ਕਰੋ।

ਪ੍ਰਭਜੋਤ ਕੌਰ ਅਤੇ ਮਨਿੰਦਰ ਸਿੰਘ ਬੌਂਸ
ਕੇ. ਵੀ. ਕੇ. ਹੁਸ਼ਿਆਰਪੁਰ (ਬਾਹੋਵਾਲ)

Summary in English: Maize Diseases: Comprehensive control of maize pests and diseases!

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters