1. Home
  2. ਖੇਤੀ ਬਾੜੀ

ਪੀ.ਏ.ਯੂ ਵੱਲੋਂ ਕਿਸਾਨਾਂ ਨੂੰ ਸਲਾਹ, ਕਣਕ ਦੇ ਵੱਧ ਝਾੜ ਲਈ ਇਸ ਮਿਤੀ ਤੱਕ ਕਰੋ ਬਿਜਾਈ

ਜਾਣੋ ਕਣਕ ਦੀ ਬਿਜਾਈ ਦਾ ਸਹੀ ਸਮਾਂ ਤੇ ਕਾਸ਼ਤ ਦੇ ਇਨ੍ਹਾਂ ਫਾਇਦੇਮੰਦ ਤਰੀਕਿਆਂ ਨਾਲ ਵਧਾਓ ਕਣਕ ਦਾ ਝਾੜ...

Priya Shukla
Priya Shukla
ਜਾਣੋ ਕਣਕ ਦੀ ਬਿਜਾਈ ਦਾ ਸਹੀ ਸਮਾਂ ਤੇ ਕਾਸ਼ਤ ਦੇ ਇਨ੍ਹਾਂ ਫਾਇਦੇਮੰਦ ਤਰੀਕਿਆਂ ਨਾਲ ਵਧਾਓ ਕਣਕ ਦਾ ਝਾੜ

ਜਾਣੋ ਕਣਕ ਦੀ ਬਿਜਾਈ ਦਾ ਸਹੀ ਸਮਾਂ ਤੇ ਕਾਸ਼ਤ ਦੇ ਇਨ੍ਹਾਂ ਫਾਇਦੇਮੰਦ ਤਰੀਕਿਆਂ ਨਾਲ ਵਧਾਓ ਕਣਕ ਦਾ ਝਾੜ

ਝੋਨੇ ਤੋਂ ਬਾਅਦ ਕਣਕ ਭਾਰਤ ਦੀ ਸੱਭ ਤੋਂ ਮਹੱਤਵਪੂਰਨ ਅਨਾਜ ਦੀ ਫਸਲ ਹੈ। ਇਸਦੇ ਨਾਲ ਹੀ ਇਹ ਭਾਰਤ ਦੇ ਉੱਤਰੀ ਤੇ ਉੱਤਰੀ ਪੱਛਮੀ ਸੂਬਿਆਂ ਦੇ ਲੋਕਾਂ ਦਾ ਮੁੱਖ ਭੋਜਨ ਹੈ। ਪੰਜਾਬ ਦੇ ਕਿਸਾਨਾਂ ਲਈ ਕਣਕ ਦੀ ਬਿਜਾਈ ਦਾ ਸਮਾਂ ਆ ਗਿਆ ਹੈ। ਪੀ.ਏ.ਯੂ ਵੱਲੋਂ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਲਈ ਸਲਾਹ ਜਾਰੀ ਹੋਈ ਹੈ। ਇਸ ਅਨੁਸਾਰ ਕਿਸਾਨਾਂ ਨੂੰ ਜੇਕਰ ਵੱਧ ਝਾੜ ਪ੍ਰਾਪਤ ਕਰਨਾ ਹੈ ਤਾਂ ਉਨ੍ਹਾਂ ਨੂੰ ਹੁਣ ਕਣਕ ਦੀ ਬਿਜਾਈ ਸ਼ੁਰੂ ਕਰ ਦੇਣੀ ਚਾਹੀਦੀ ਹੈ।

ਕਣਕ ਪ੍ਰੋਟੀਨ, ਵਿਟਾਮਿਨ ਤੇ ਕਾਰਬੋਹਾਈਡ੍ਰੇਟਸ ਦਾ ਮੁੱਖ ਸ੍ਰੋਤ ਹੈ ਤੇ ਸੰਤੁਲਿਤ ਭੋਜਨ ਪ੍ਰਦਾਨ ਕਰਦੀ ਹੈ। ਰੂਸ, ਅਮਰੀਕਾ ਤੇ ਚੀਨ ਤੋਂ ਬਾਅਦ ਭਾਰਤ ਦੁਨੀਆਂ ਦਾ ਚੌਥਾ ਸਭ ਤੋਂ ਵੱਡਾ ਕਣਕ ਉਤਪਾਦਕ ਦੇਸ਼ ਹੈ। ਵਿਸ਼ਵ `ਚ ਪੈਦਾ ਹੋਣ ਵਾਲੀ ਕਣਕ ਦੀ ਪੈਦਾਵਾਰ `ਚ ਭਾਰਤ ਦਾ ਯੋਗਦਾਨ 8.7 ਫੀਸਦੀ ਹੈ। ਤਾਂ ਆਓ ਜਾਣਦੇ ਹਾਂ ਕਣਕ ਦੀ ਉੱਨਤ ਕਾਸ਼ਤ ਲਈ ਉੱਨਤ ਢੰਗ।

ਜ਼ਮੀਨ: ਕੱਲਰ ਤੇ ਸੇਮ ਵਾਲੀਆਂ ਜ਼ਮੀਨਾਂ ਤੋਂ ਬਿਨਾਂ ਕਣਕ ਹਰ ਕਿਸਮ ਦੀ ਜ਼ਮੀਨ `ਚ ਪੈਦਾ ਕੀਤੀ ਜਾ ਸਕਦੀ ਹੈ।

ਬਿਜਾਈ ਦਾ ਸਮਾਂ: ਕਿਸਾਨਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਝਾੜ ਲੈਣ ਲਈ 15 ਨਵੰਬਰ ਤੋਂ ਪਹਿਲਾਂ ਕਣਕ ਦੀ ਬਿਜਾਈ ਕਰ ਲੈਣ।

ਅਨੁਕੂਲ ਕਿਸਮਾਂ:

ਪੀ ਬੀ ਡਬਲਯੂ 826 (2022): ਇਸ ਕਿਸਮ ਦੀ ਸਿਫ਼ਾਰਸ਼ ਸੇਂਜੂ ਹਾਲਤਾਂ `ਚ ਸਮੇਂ ਸਿਰ ਬਿਜਾਈ ਲਈ ਕੀਤੀ ਜਾਂਦੀ ਹੈ। ਇਹ ਕਿਸਮ ਤਕਰੀਬਨ 148 ਦਿਨਾਂ `ਚ ਪੱਕ ਜਾਂਦੀ ਹੈ। ਇਹ ਕਿਸਮ ਪੀਲ਼ੀ ਤੇ ਭੂਰੀ ਕੁੰਗੀ ਦਾ ਕਾਫ਼ੀ ਹੱਦ ਤੱਕ ਟਾਕਰਾ ਕਰ ਸਕਦੀ ਹੈ। ਇਸ ਦਾ ਔਸਤਨ ਝਾੜ 24.0 ਕੁਇੰਟਲ ਪ੍ਰਤੀ ਏਕੜ ਹੈ।
ਪੀ ਬੀ ਡਬਲਯੂ 824 (2021): ਇਹ ਕਿਸਮ ਪੱਕਣ ਲਈ ਤਕਰੀਬਨ 156 ਦਿਨ ਲੈਂਦੀ ਹੈ। ਇਹ ਭੂਰੀ ਕੂੰਗੀ ਤੋਂ ਰਹਿਤ ਹੈ ਤੇ ਪੀਲੀ ਕੂੰਗੀ ਦਾ ਟਾਕਰਾ ਕਰਨ ਦੀ ਦਰਮਿਆਨੀ ਸਮਰੱਥਾ ਰੱਖਦੀ ਹੈ। ਇਸ ਦਾ ਔਸਤ ਝਾੜ 23.3 ਕੁਇੰਟਲ ਪ੍ਰਤੀ ਏਕੜ ਹੈ।
ਸੁਨਹਿਰੀ (ਪੀ ਬੀ ਡਬਲਯੂ 766) (2020): ਇਹ ਕਿਸਮ ਤਕਰੀਬਨ 155 ਦਿਨਾਂ `ਚ ਪੱਕ ਜਾਂਦੀ ਹੈ। ਇਹ ਕਿਸਮ ਪੀਲੀ ਕੁੰਗੀ ਦਾ ਕਾਫ਼ੀ ਹੱਦ ਤੱਕ ਅਤੇ ਭੂਰੀ ਕੁੰਗੀ ਦਾ ਪੂਰੀ ਤਰ੍ਹਾਂ ਟਾਕਰਾ ਕਰਦੀ ਹੈ। ਇਸ ਦਾ ਔਸਤ ਝਾੜ 23.1 ਕੁਇੰਟਲ ਪ੍ਰਤੀ ਏਕੜ ਹੈ।
ਪੀ ਬੀ ਡਬਲਯੂ 725 (2015): ਇਹ ਕਿਸਮ ਤਕਰੀਬਨ 154 ਦਿਨਾਂ `ਚ ਪੱਕ ਜਾਂਦੀ ਹੈ। ਇਹ ਕਿਸਮ ਪੀਲੀ ਤੇ ਭੂਰੀ ਕੁੰਗੀ ਦਾ ਟਾਕਰਾ ਕਰ ਸਕਦੀ ਹੈ। ਇਸ ਦਾ ਔਸਤ ਝਾੜ 22.9 ਕੁਇੰਟਲ ਪ੍ਰਤੀ ਏਕੜ ਹੈ।

ਕਾਸ਼ਤ ਦੇ ਉੱਨਤ ਢੰਗ:

ਖੇਤ ਦੀ ਤਿਆਰੀ: ਪਿਛਲੀ ਫ਼ਸਲ ਨੂੰ ਕੱਟਣ ਮਗਰੋਂ ਖੇਤ ਨੂੰ ਚੰਗੇ ਤਰੀਕੇ ਨਾਲ ਟਰੈਕਟਰ ਦੀ ਮਦਦ ਨਾਲ ਤਵੀਆਂ ਨਾਲ ਵਾਹਿਆ ਜਾਣਾ ਚਾਹੀਦਾ ਹੈI ਬੀਜ ਬੀਜਣ ਲਈ ਜ਼ਮੀਨ ਪੱਧਰੀ ਕਰਨ ਲਈ ਇਸ ਨੂੰ ਟਰੈਕਟਰ ਨਾਲ ਸੁਹਾਗਾ ਮਾਰ ਕੇ ਖੇਤ ਨੂੰ ਵਾਹੁਣ ਤੋਂ ਬਾਅਦ ਦੋ-ਤਿੰਨ ਵਾਰੀ ਹਲ਼ ਨਾਲ ਵਾਹੁਣਾ ਚਾਹੀਦਾ ਹੈ I ਖੇਤ ਦੀ ਵਾਹੀ ਸ਼ਾਮ ਸਮੇਂ ਕੀਤੀ ਜਾਣੀ ਚਾਹੀਦੀ ਹੈ ਅਤੇ ਰੌਣੀ ਕੀਤੀ ਜਮੀਨ ਨੂੰ ਪੂਰੀ ਰਾਤ ਖੁੱਲ੍ਹਾ ਛੱਡ ਦੇਣਾ ਚਾਹੀਦਾ ਹੈ ਤਾਂ ਜੋ ਉਹ ਤਰੇਲ ਦੀਆਂ ਬੂੰਦਾਂ ਤੋਂ ਨਮੀ ਸੋਖ ਸਕੇ|

ਬੀਜ ਦੀ ਮਾਤਰਾ: ਰਵਾਇਤੀ ਬਿਜਾਈ ਲਈ ਪੀ ਬੀ ਡਬਲਯੂ 869 ਤੇ ਉੱਨਤ ਪੀ ਬੀ ਡਬਲਯੂ 550 ਕਿਸਮਾਂਦਾ 45 ਕਿਲੋ ਬੀਜ ਪ੍ਰਤੀ ਏਕੜ ਤੇ ਬਾਕੀ ਸਾਰੀਆਂ ਕਿਸਮਾਂ ਲਈ 40 ਕਿਲੋ ਬੀਜ ਪ੍ਰਤੀ ਏਕੜ ਦੀ ਵਰਤੋਂ ਕਰੋ। ਹੈਪੀ ਸੀਡਰ ਨਾਲ ਬਿਜਾਈ ਕਰਨ ਲਈ ਉੱਨਤ ਪੀ ਬੀ ਡਬਲਯੂ 550 ਕਿਸਮ ਦਾ 50 ਕਿਲੋ ਬੀਜ ਤੇ ਬਾਕੀ ਸਾਰੀਆਂ ਕਿਸਮਾਂ ਲਈ 45 ਕਿਲੋ ਬੀਜ ਪ੍ਰਤੀ ਏਕੜ ਦੀ ਵਰਤੋਂ ਕਰੋ। ਬੀਜਣ ਤੋਂ ਪਹਿਲਾਂ ਬੀਜ ਨੂੰ ਚੰਗੀ ਤਰ੍ਹਾਂ ਸਾਫ਼ ਤੇ ਗਰੇਡ ਕਰਨਾ ਚਾਹੀਦਾ ਹੈ। ਛੋਟੇ ਝੁਰੜੇ ਬੀਜ ਤੇ ਨਦੀਨਾਂ ਦੇ ਬੀਜ ਪੂਰੀ ਤਰ੍ਹਾਂ ਕੱਢ ਲੈਣੇ ਚਾਹੀਦੇ ਹਨ।

ਬਿਜਾਈ ਦਾ ਢੰਗ ਤੇ ਫ਼ਾਸਲਾ:

ਆਮ ਰਵਾਇਤੀ ਬਿਜਾਈ: ਕਣਕ ਦੀ ਬਿਜਾਈ ਬੀਜ-ਖਾਦ ਡਰਿੱਲ ਨਾਲ 4-6 ਸੈਂਟੀਮੀਟਰ ਡੂੰਘੀ ਕਰੋ। ਸਿਆੜਾਂ ਦਰਮਿਆਨ 15 ਤੋਂ 20 ਸੈਂਟੀਮੀਟਰ ਦਾ ਫ਼ਾਸਲਾ ਰੱਖੋ। ਜੇ ਬਿਜਾਈ ਵੇਲੇ ਨਦੀਨ-ਨਾਸ਼ਕਾਂ ਦੀ ਵਰਤੋਂ ਕਰਨੀ ਹੋਵੇ ਤਾਂ ਲੱਕੀ ਸੀਡ ਡਰਿੱਲ ਦੀ ਵਰਤੋਂ ਨੂੰ ਤਰਜੀਹ ਦਿਉ।
ਹੈਪੀ ਸੀਡਰ ਜਾਂ ਸੁਪਰ ਸੀਡਰ ਜਾਂ ਪੀ ਏ ਯੂ ਸਮਾਰਟ ਸੀਡਰ ਨਾਲ ਬਿਜਾਈ: ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ `ਚ ਕਣਕ ਦੀ ਸਿੱਧੀ ਬਿਜਾਈ ਕਰਨ ਲਈ ‘ਹੈਪੀ ਸੀਡਰ’ ਜਾਂ ‘ਸੁਪਰ ਸੀਡਰ’ ਜਾਂ ‘ਪੀ ਏ ਯੂ ਸਮਾਰਟ ਸੀਡਰ’ ਦੀ ਵਰਤੋਂ ਬੜੀ ਲਾਹੇਵੰਦ ਹੈ ਕਿਉਂਕਿ ਇਸ `ਚ ਪਰਾਲੀ ਸਾੜਨ ਦੀ ਲੋੜ ਨਹੀਂ ਪੈਂਦੀ ਤੇ ਨਦੀਨ ਵੀ ਘੱਟ ਹੁੰਦੇ ਹਨ। ਕਣਕ ਦੀ ਬਿਜਾਈ ਸਮੇਂ ਖੇਤ ਵਿੱਚ ਪੂਰੇ ਵੱਤਰ ਲਈ ਝੋਨੇ ਦੀ ਫ਼ਸਲ ਨੂੰ ਵਾਢੀ ਤੋਂ ਦੋ ਹਫ਼ਤੇ ਪਹਿਲਾਂ ਅਖੀਰਲਾ ਪਾਣੀ ਲਗਾਉ।

ਇਹ ਵੀ ਪੜ੍ਹੋ : ਡੀਬੀਡਬਲਯੂ 327 ਕਣਕ ਦੀ ਕਿਸਮ 87.7 ਕੁਇੰਟਲ ਪ੍ਰਤੀ ਹੈਕਟੇਅਰ ਝਾੜ ਦੇਣ ਲਈ ਤਿਆਰ, ਜਾਣੋ ਵਿਸ਼ੇਸ਼ਤਾਵਾਂ

ਖਾਦਾਂ:
● ਤੱਤਾਂ ਦੀ ਪੂਰਤੀ ਲਈ ਜੈਵਿਕ, ਜੀਵਾਣੂੰ ਤੇ ਰਸਾਇਣਕ ਖਾਦਾਂ ਦੇ ਸੁਮੇਲ ਦੀ ਵਰਤੋਂ ਕਰੋ।
● ਦਰਮਿਆਨੀਆਂ ਜ਼ਮੀਨਾਂ `ਚ 90 ਕਿਲੋ ਯੂਰੀਆ ਤੇ 55 ਕਿਲੋ ਡੀ ਏ ਪੀ ਦੀ ਵਰਤੋਂ ਕਰੋ।
● ਪੋਟਾਸ਼ ਖਾਦ ਦੀ ਵਰਤੋਂ ਸਿਰਫ਼ ਘਾਟ ਵਾਲੀਆਂ ਜ਼ਮੀਨਾਂ `ਚ ਹੀ ਕਰੋ।
● ਲੋੜ ਮੁਤਾਬਿਕ ਯੂਰੀਆ ਪਾਉਣ ਲਈ ਪੱਤਾ ਰੰਗ ਚਾਰਟ ਜਾਂ ਗਰੀਨ ਸੀਕਰ ਦੀ ਵਰਤੋਂ ਕਰੋ।
● ਘਾਟ ਵਾਲੀਆਂ ਜ਼ਮੀਨਾਂ `ਚ ਮੈਂਗਨੀਜ਼, ਜ਼ਿੰਕ ਤੇ ਗੰਧਕ ਦੀ ਪੂਰਤੀ ਕਰੋ।
● ਦਾਣੇ ਭਰਨ ਸਮੇਂ ਵੱਧ ਤਾਪਮਾਨ ਤੋਂ ਹੋਣ ਵਾਲੇ ਨੁਕਸਾਨ ਤੋਂ ਫ਼ਸਲ ਨੂੰ ਬਚਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ ਜਾਂ ਸੈਲੀਸਲਿਕ ਐਸਿਡ ਦੇ ਸਪਰੇਅ ਸਿਫਾਰਿਸ਼ ਮੁਤਾਬਕ ਕਰੋ।

ਨਦੀਨਾਂ ਦੀ ਰੋਕਥਾਮ: ਘੱਟ ਮਿਹਨਤ ਤੇ ਹੱਥੀਂ ਨਦੀਨਾਂ ਨੂੰ ਪੁੱਟਣ ਨਾਲ ਹੋਣ ਵਾਲੀ ਹਾਨੀ ਨਾ ਹੋਣ ਕਰਕੇ ਜ਼ਿਆਦਾਤਰ ਰਸਾਇਣਾਂ ਨਾਲ ਨਦੀਨਾਂ ਦੀ ਰੋਕਥਾਮ ਕੀਤੀ ਜਾਂਦੀ ਹੈ। ਨੁਕਸਾਨ ਤੋਂ ਬਚਣ ਲਈ ਇੱਕ ਏਕੜ ਪਿੱਛੇ ਪੈਂਡੀਮੈਥਾਲਿਨ 1 ਲੀਟਰ ਨੂੰ 200 ਲੀਟਰ ਪਾਣੀ `ਚ ਮਿਲਾ ਕੇ ਬੀਜਣ ਤੋਂ 3 ਦਿਨਾਂ ਤੋਂ ਪਹਿਲਾਂ ਜਾਂ ਬਾਅਦ `ਚ ਛਿੜਕਾਅ ਕਰਨਾ ਚਾਹੀਦਾ ਹੈ। ਚੌੜੇ ਪੱਤਿਆਂ ਵਾਲੇ ਨਦੀਨਾਂ ਦੀ ਰੋਕਥਾਮ ਲਈ 2,4-D 250 ਮਿ.ਲੀ. ਨੂੰ 150 ਲੀਟਰ ਪਾਣੀ `ਚ ਘੋਲ ਕੇ ਪ੍ਰਯੋਗ ਕਰੋ।

ਨਦੀਨ ਨਾਸ਼ਕਾਂ ਵਰਤੋਂ ਸੰਬੰਧੀ ਧਿਆਨ ਯੋਗ ਗੱਲਾਂ:
● ਛਿੜਕਾਅ ਸਾਫ ਮੌਸਮ `ਚ ਕਰੋ ਤੇ ਇਕਸਾਰ ਕਰੋ।
● ਛਿੜਕਾਅ ਤੋਂ ਬਾਅਦ ਪਾਣੀ ਹਲਕਾ ਲਾਓ ਕਿਉਂਕਿ ਭਰਵਾਂ ਪਾਣੀ ਲਾਉਣ ਨਾਲ ਨਦੀਨ-ਨਾਸ਼ਕ ਦਾ ਅਸਰ ਘੱਟ ਜਾਂਦਾ ਹੈ।
● ਨਦੀਨ ਨਾਸ਼ਕਾਂ ਦੇ ਛਿੜਕਾਅ ਤੋਂ ਬਾਅਦ ਸਪਰੇਅ ਪੰਪ ਨੂੰ ਪਾਣੀ ਨਾਲ ਧੋ ਕੇ ਤੇ ਫਿਰ ਕੱਪੜੇ ਧੋਣ ਵਾਲੇ ਸੋਡੇ ਦੇ 0.5 ਪ੍ਰਤੀਸ਼ਤ ਘੋਲ ਨਾਲ ਚੰਗੀ ਤਰ੍ਹਾਂ ਧੋ ਲੈਣਾ ਚਾਹੀਦਾ ਹੈ।
● ਜਿਹਨਾਂ ਖੇਤਾਂ `ਚ ਰਾਇਆ/ਸਰੋਂ/ਗੋਭੀ ਸਰੋਂ ਕਣਕ ਦੇ ਨਾਲ ਰਲਾ ਕੇ ਬੀਜੀ ਹੋਵੇ ਉਥੇ ਸਿਰਫ ਆਈਸੋਪ੍ਰੋਟਯੂਰਾਨ/ਕਲੋਡੀਨਾਫੌਪ/ਫਿਨੌਕਸਾਪ੍ਰੋਪ ਗਰੁੱਪ ਦੇ ਨਦੀਨ ਨਾਸ਼ਕ ਦੀ ਵਰਤੋਂ ਕਰੋ।
● ਜਿਹਨਾਂ ਖੇਤਾਂ `ਚ ਆਈਸੋਪ੍ਰੋਟਯੂਰਾਨ ਗਰੁੱਪ ਦੇ ਰਸਾਇਣਾਂ ਦੀ ਵਰਤੋਂ ਨਾਲ ਗੁੱਲੀ ਡੰਡਾ ਨਾ ਮਰਦਾ ਹੋਵੇ ਉਥੇ ਇਸ ਰਸਾਇਣ ਦੀ ਵਰਤੋਂ ਨਾ ਕੀਤੀ ਜਾਵੇ।
● ਨਦੀਨ ਉੱਗਣ ਤੋਂ ਪਹਿਲਾਂ ਵਰਤਣ ਵਾਲੇ ਨਦੀਨ ਨਾਸ਼ਕਾਂ ਦੇ ਛਿੜਕਾਅ ਲਈ ਫਲੈਟ ਫੈਨ ਜਾਂ ਫਲੱਡ ਜੈਟ ਨੋਜ਼ਲ ਤੇ ਨਦੀਨ ਉੱਗਣ ਤੋਂ ਬਾਅਦ ਵਰਤਣ ਵਾਲੇ ਨਦੀਨ ਨਾਸ਼ਕਾਂ ਲਈ ਫਲੈਟ ਫੈਨ ਨੋਜ਼ਲ ਨੂੰ ਪਹਿਲ ਦਿਓ।
● ਨਦੀਨਾਂ `ਚ ਰੋਧਣ ਸ਼ਕਤੀ ਪੈਦਾ ਹੋਣ ਤੋਂ ਰੋਕਣ ਲਈ ਨਦੀਨ ਨਾਸ਼ਕਾਂ ਦੀ ਹਰ ਸਾਲ ਅਦਲ-ਬਦਲ ਕੇ ਵਰਤੋਂ ਕਰੋ।
● ਨਦੀਨ ਨਾਸ਼ਕਾਂ ਦੀ ਵਰਤੋਂ ਤੋਂ ਬਾਅਦ ਨਦੀਨਾਂ ਦੇ ਜਿਹੜੇ ਬੂਟੇ ਬਚ ਜਾਂਦੇ ਹਨ ਉਹਨਾਂ ਨੂੰ ਬੀਜ ਬਣਨ ਤੋਂ ਪਹਿਲਾਂ ਪੁੱਟ ਦਿਉ ਤਾਂ ਜੋ ਕਣਕ ਦੀ ਅਗਲੀ ਫ਼ਸਲ `ਚ ਨਦੀਨਾਂ ਦੀ ਸਮੱਸਿਆ ਘਟ ਸਕੇ। ਹਰ ਸਾਲ ਇਸ ਤਰ੍ਹਾਂ ਕਰਨ ਨਾਲ ਨਦੀਨਾਂ ਦੀ ਸਮੱਸਿਆ ਕਾਫ਼ੀ ਹੱਦ ਤੱਕ ਘਟਾਈ ਜਾ ਸਕਦੀ ਹੈ।

ਸਿੰਚਾਈ:
ਕਣਕ ਦੀ ਬਿਜਾਈ 10 ਸੈਂਟੀਮੀਟਰ ਦੀ ਭਰਵੀਂ ਰੌਣੀ ਪਿੱਛੋਂ ਕਰੋ। ਜਦੋਂ ਕਣਕ ਝੋਨੇ ਪਿੱਛੋਂ ਬੀਜਣੀ ਹੋਵੇ ਤਾਂ ਭਰਵੀਂ ਰੌਣੀ ਦੀ ਲੋੜ ਨਹੀਂ। ਪਾਣੀ ਦੀ ਸੁਚੱਜੀ ਵਰਤੋਂ ਵਾਸਤੇ ਭਾਰੀਆਂ ਜ਼ਮੀਨਾਂ `ਚ 8 ਕਿਆਰੇ ਪ੍ਰਤੀ ਏਕੜ ਤੇ ਰੇਤਲੀਆਂ ਜ਼ਮੀਨਾਂ `ਚ 16 ਕਿਆਰੇ ਪ੍ਰਤੀ ਏਕੜ ਬਣਾਉਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਕਣਕ ਦੀ ਫ਼ਸਲ ਨੂੰ ਪਹਿਲਾ ਪਾਣੀ ਹਲਕਾ ਦਿਓ। ਅਕਤੂਬਰ ਵਿੱਚ ਬੀਜੀ ਫ਼ਸਲ ਨੂੰ ਬਿਜਾਈ ਤੋਂ ਤਿੰਨ ਹਫ਼ਤੇ ਬਾਅਦ ਅਤੇ ਇਸ ਤੋਂ ਪਿੱਛੋਂ ਬੀਜੀ ਨੂੰ ਚਾਰ ਹਫ਼ਤੇ ਬਾਅਦ ਪਾਣੀ ਦਿਓ। ਇਸ ਤੋਂ ਬਾਅਦ ਦੇ ਪਾਣੀ ਕਣਕ ਦੀ ਬਿਜਾਈ ਦੇ ਸਮੇਂ ਨਾਲ ਸਬੰਧਤ ਹਨ।

Summary in English: PAU advises farmers, sow by this date for higher yield of wheat

Like this article?

Hey! I am Priya Shukla. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters