Crop Protection: ਕਣਕ ਦੀ ਫ਼ਸਲ ਵਿੱਚ ਕਈ ਤਰ੍ਹਾਂ ਦੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਵੇਖਣ ਨੂੰ ਮਿਲਦਾ ਹੈ। ਕੀੜੇ-ਮਕੌੜਿਆਂ ਵਿੱਚ ਗੁਲਾਬੀ ਸੁੰਡੀ, ਚੇਪਾ ਅਤੇ ਸਿਉਂਕ ਜ਼ਿਆਦਾ ਨੁਕਸਾਨਦੇਹ ਹਨ। ਇਸ ਤੋਂ ਇਲਾਵਾ ਕਈ ਤਰ੍ਹਾਂ ਦੇ ਉੱਲੀ ਰੋਗ ਵੀ ਕਣਕ ਦਾ ਵੱਖ-ਵੱਖ ਸਮੇਂ 'ਤੇ ਨੁਕਸਾਨ ਕਰਦੇ ਹਨ। ਇਸ ਲੇਖ ਵਿੱਚ ਇਨ੍ਹਾਂ ਦੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਲੱਛਣਾਂ ਦੇ ਨਾਲ-ਨਾਲ ਉਨ੍ਹਾਂ ਦੀ ਸੁਚੱਜੀ ਰੋਕਥਾਮ ਬਾਰੇ ਦੱਸਿਆ ਗਿਆ ਹੈ।
ਕਣਕ ਦੀ ਫ਼ਸਲ ਦੇ ਕੀੜਿਆਂ ਦੀ ਸਮੁੱਚੀ ਰੋਕਥਾਮ
ਸਿਉਂਕ: ਸਿਉਂਕ ਫ਼ਸਲ ਬੀਜਣ ਦੇ ਛੇਤੀ ਪਿੱਛੋਂ ਤੇ ਫੇਰ ਪੱਕਣ ਸਮੇਂ ਬਹੁਤ ਨੁਕਸਾਨ ਕਰਦੀ ਹੈ। ਇਸ ਦੇ ਹਮਲੇ ਨਾਲ ਬੂਟੇ ਸੁੱਕ ਜਾਂਦੇ ਹਨ ਅਤੇ ਮਰੇ ਹੋਏ ਬੂਟੇ ਸੌਖੇ ਹੀ ਪੁੱਟੇ ਜਾ ਸਕਦੇ ਹਨ। ਜੇਕਰ ਹਮਲਾ ਫ਼ਸਲ ਦੇ ਸਿੱਟਿਆਂ ਪੈਣ ਸਮੇਂ ਹੋਵੇ ਤਾਂ ਸਿੱਟੇ ਚਿੱਟੇ ਰੰਗ ਦੇ ਹੋ ਜਾਂਦੇ ਹਨ ਅਤੇ ਉਹਨਾਂ ਵਿੱਚ ਦਾਣੇ ਨਹੀਂ ਪੈਂਦੇ।
ਰੋਕਥਾਮ
● ਇਸ ਦੀ ਰੋਕਥਾਮ ਲਈ 40 ਗ੍ਰਾਮ ਕਰੂਜ਼ਰ (ਥਾਇਆਮੀਥੋਕਸਮ) ਜਾਂ 160 ਮਿਲੀਲਿਟਰ ਰੂਬਾਨ/ਡਰਮਟ 20 ਈ ਸੀ (ਕਲੋਰਪਾਈਰੀਫ਼ਾਸ) ਜਾਂ 80 ਮਿਲੀਲਿਟਰ ਨਿਉਨਿਕਸ 20 ਐਫ ਐਸ (ਇਮਿਡਾਕਲੋਪਰਿਡ+ਹੈਕਸਾਕੋਨਾਜ਼ੋਲ) ਲੈ ਕੇ ਇੱਕ ਲਿਟਰ ਪਾਣੀ ਵਿੱਚ ਘੋਲ ਕੇ 40 ਕਿਲੋ ਬੀਜ ਦੀ ਪੱਕੇ ਫਰਸ਼, ਤਰਪਾਲ ਜਾਂ ਪਲਾਸਟਿਕ ਦੀ ਸ਼ੀਟ ਤੇ ਪਤਲੀ ਤਹਿ ਵਿਛਾ ਕੇ ਛਿੜਕਾਅ ਕਰਕੇ ਬੀਜ ਨੂੰ ਸੋਧੋ। ਨਿਉਨਿਕਸ ਨਾਲ ਸੋਧੇ ਬੀਜ ਨੂੰ ਕਾਂਗਿਆਰੀ ਵੀ ਨਹੀਂ ਲਗਦੀ। ਕੀਟਨਾਸ਼ਕ ਨਾਲ ਸੋਧੇ ਹੋਏ ਬੀਜ ਦਾ ਉੱਗਣ ਸਮੇਂ ਪੰਛੀ ਘੱਟ ਨੁਕਸਾਨ ਕਰਦੇ ਹਨ।
● ਆਮ ਤੌਰ ਤੇ ਸਿਉਂਕ ਦਾ ਹਮਲਾ ਰੇਤਲੀਆਂ ਜ਼ਮੀਨਾਂ ਵਿੱਚ ਜ਼ਿਆਦਾ ਹੁੰਦਾ ਹੈ ਅਤੇ ਪਾਣੀ ਲਗਾਉਣ ਨਾਲ ਇਹ ਕੁੱਝ ਹੱਦ ਤੱਕ ਠੀਕ ਹੋ ਜਾਦਾਂ ਹੈ। ਜੇਕਰ ਹਮਲਾ ਜ਼ਿਆਦਾ ਹੋਵੇ ਤਾਂ 7 ਕਿਲੋ ਮੋਰਟਲ 0.3 ਜੀ (ਫਿਪਰੋਨਿਲ) ਜਾਂ 1.2 ਲਿਟਰ ਡਰਸਬਾਨ 20 ਈ ਸੀ (ਕਲੋਰਪਾਈਰੀਫ਼ਾਸ) ਨੂੰ 20 ਕਿਲੋ ਸਲ੍ਹਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਹਿਲੇ ਪਾਣੀ ਲਗਾਉਣ ਤੋਂ ਪਹਿਲਾ ਛਿੱਟਾ ਦੇਵੋ।
ਤਣੇ ਦੀ ਗੁਲਾਬੀ ਸੁੰਡੀ: ਇਸ ਦੀਆਂ ਸੁੰਡੀਆਂ ਛੋਟੇ ਬੂਟਿਆਂ ਦੇ ਤਣਿਆਂ ਵਿੱਚ ਮੋਰੀਆਂ ਕਰਕੇ ਅੰਦਰ ਚਲੀਆਂ ਜਾਂਦੀਆਂ ਹਨ ਅਤੇ ਅੰਦਰਲਾ ਮਾਦਾ ਖਾਂਦੀਆਂ ਹਨ, ਜਿਸ ਨਾਲ ਬੂਟੇ ਪੀਲੇ ਪੈ ਜਾਂਦੇ ਹਨ, ਸੁੱਕ ਜਾਂਦੇ ਹਨ ਅਤੇ ਅਖੀਰ ਵਿੱਚ ਮਰ ਜਾਂਦੇ ਹਨ।
ਰੋਕਥਾਮ
● ਜੇਕਰ ਪਿਛਲੀ ਝੋਨੇ ਦੀ ਫਸਲ਼ ਉਪਰ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਜ਼ਿਆਦਾ ਹੋਵੇ ਤਾਂ ਕਣਕ ਦੀ ਬਿਜਾਈ ਅਕਤੂਬਰ ਵਿੱਚ ਨਾ ਕਰੋ।
● ਕਣਕ ਦੀ ਫ਼ਸਲ ਨੂੰ ਦਿਨ ਸਮੇ ਪਾਣੀ ਲਗਾਉਣ ਨੂੰ ਤਰਜ਼ੀਹ ਦੇਵੋ ਤਾਂਕਿ ਪੰਛੀ ਵੱਧ ਤੋ ਵੱਧ ਸੁੰਡੀਆਂ ਦਾ ਸ਼ਿਕਾਰ ਕਰ ਸਕਣ।
ਇਹ ਵੀ ਪੜ੍ਹੋ: ਕਣਕ ਵਿੱਚ ਗੁੱਲੀ ਡੰਡੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਸਿਫ਼ਾਰਿਸ਼ਾਂ
ਚੇਪਾ: ਕਣਕ ਦਾ ਚੇਪਾ ਠੰਢ ਦੇ ਮੌਸਮ ਵਿੱਚ ਬਹੁਤ ਤੇਜ਼ੀ ਨਾਲ ਵਧਦਾ ਹੈ ਅਤੇ ਕਣਕ ਦੇ ਸਿੱਟੇ ਪੈਣ ਵੇਲੇ, ਫ਼ਰਵਰੀ-ਮਾਰਚ ਦੇ ਸਮੇਂ ਦੌਰਾਨ ਇਸ ਦੀ ਸੰਖਿਆ ਬਹੁਤ ਜ਼ਿਆਦਾ ਵਧ ਜਾਂਦੀ ਹੈ। ਮਾਦਾ ਚੇਪਾ ਸੰਭੋਗ ਕੀਤੇ ਬਿਨ੍ਹਾਂ ਹੀ ਪ੍ਰਜਣਨ ਦੇ ਸਮਰੱਥ ਹੁੰਦੀ ਹੈ ਅਤੇ ਬੱਚੇ ਪੈਦਾ ਕਰਦੀ ਹੈ। ਕਣਕ ਦੇ ਪੱਕਣ ਸਮੇਂ, ਖੰਭਾਂ ਵਾਲੇ ਨਰ ਅਤੇ ਮਾਦਾ ਚੇਪਾ ਬਣ ਜਾਂਦੇ ਹਨ ਜੋ ਕਿ ਦੂਜੀਆਂ ਫ਼ਸਲਾਂ ਤੇ ਪ੍ਰਵਾਸ ਕਰ ਜਾਂਦੇ ਹਨ।
ਹਮਲੇ ਦੀਆਂ ਨਿਸ਼ਾਨੀਆਂ
● ਚੇਪੇ ਦੇ ਬੱਚੇ ਅਤੇ ਬਾਲਗ ਦੋਨੋਂ ਹੀ ਪੱਤਿਆਂ ਦਾ ਰਸ ਚੂਸਦੇ ਹਨ ਜਿਸ ਨਾਲ ਪੱਤੇ ਪੀਲੇ ਪੈ ਜਾਂਦੇ ਹਨ ਅਤੇ ਫ਼ਸਲ ਦਾ ਝਾੜ ਘੱਟ ਜਾਂਦਾ ਹੈ।
● ਚੇਪੇ ਦਾ ਜ਼ਿਆਦਾ ਅਤੇ ਲੰਬੇ ਸਮੇਂ ਤੱਕ ਹਮਲਾ ਉਸ ਫ਼ਸਲ ਵਿੱਚ ਹੁੰਦਾ ਹੈ ਜਿਸ ਵਿੱਚ ਸਿਫ਼ਾਰਿਸ਼ ਤੋਂ ਜ਼ਿਆਦਾ ਖਾਦਾਂ ਅਤੇ ਪਾਣੀ ਦੀ ਵਰਤੋਂ ਕੀਤੀ ਹੋਵੇ ਜਿਸ ਨਾਲ ਫ਼ਸਲ ਦਾ ਹਰਾ ਮਾਦਾ ਅਤੇ ਰਸ ਵੱਧ ਜਾਂਦਾ ਹੈ।
ਰੋਕਥਾਮ
ਜੇਕਰ 5 ਚੇਪੇ ਪ੍ਰਤੀ ਸਿੱਟਾ ਹੋਣ (ਇੱਕ ਏਕੜ ਖੇਤ ਦੇ ਹਰੇਕ ਚਾਰ ਹਿੱਸਿਆਂ ਵਿੱਚੋਂ ਚੁਣੇ 10-10 ਸਿੱਟਿਆਂ ਦੇ ਆਧਾਰ ਤੇ) ਤਾਂ ਇਨ੍ਹਾਂ ਦੀ ਰੋਕਥਾਮ ਲਈ 2 ਲਿਟਰ ਘਰ ਬਣਾਏ ਨਿੰਮ ਦਾ ਘੋਲ ਦੇ ਹਫਤੇ-ਹਫਤੇ ਦੇ ਵਕਫੇ ਤੇ ਦੋ ਛਿੜਕਾਅ ਜਾਂ 20 ਗ੍ਰਾਮ ਐਕਟਾਰਾ/ਤਾਇਓ 25 ਡਬਲਯੂ ਜੀ (ਥਾਇਆਮੈਥੋਕਸਮ) ਦਾ ਇਕ ਛਿੜਕਾਅ, 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਨੈਪਸੈਕ ਪੰਪ ਨਾਲ ਕਰੋ। ਘਰ ਬਣਾਏ ਨਿੰਮ ਦਾ ਘੋਲ ਤਿਆਰ ਕਰਨ ਦੀ ਵਿਧੀ: ਚਾਰ ਕਿਲੋ ਨਿੰਮ ਦੀਆਂ ਕਰੂੰਬਲਾਂ (ਪੱਤੇ, ਹਰੀਆਂ ਟਹਿਣੀਆਂ ਅਤੇ ਨਿਮੋਲੀਆਂ) ਨੂੰ 10 ਲਿਟਰ ਪਾਣੀ ਵਿੱਚ 30 ਮਿੰਟ ਲਈ ਉਬਾਲੋ। ਇਸ ਘੋਲ ਨੂੰ ਕੱਪੜ ਛਾਣ ਕਰ ਲਓ ਅਤੇ ਤਰਲ ਨੂੰ ਸਿਫਾਰਸ਼ ਕੀਤੀ ਮਾਤਰਾ ਮੁਤਾਬਕ ਛਿੜਕਾਅ ਕਰੋ।
ਇਹ ਵੀ ਪੜ੍ਹੋ: Wheat ਦੇ ਬਦਲ ਵਜੋਂ ਦੂਸਰੀਆਂ ਫ਼ਸਲਾਂ ਦਾ ਮੁਲਾਂਕਣ
ਚੇਪੇ ਦੀ ਰੋਕਥਾਮ ਲਈ ਸਿਫ਼ਾਰਿਸ਼ ਕੀਟਨਾਸ਼ਕਾਂ ਦੀ ਵਰਤੋਂ ਸਮੇਂ ਸਾਵਧਾਨੀਆਂ
ਚੇਪੇ ਦੀ ਕੀਟਨਾਸ਼ਕਾਂ ਨਾਲ ਰੋਕਥਾਮ ਸਿੱਟੇ ਪੈਣ ਵੇਲੇ ਕਰੋ। ਕਿਉਂਕਿ ਚੇਪੇ ਦਾ ਹਮਲਾ ਪਹਿਲਾਂ ਖੇਤ ਦੇ ਬਾਹਰਲੇ ਹਿੱਸਿਆਂ ਤੇ ਹੁੰਦਾ ਹੈ। ਇਸ ਲਈ ਕੀਟਨਾਸ਼ਕ ਦਾ ਛਿੜਕਾਅ ਸਿਰਫ਼ ਅਜਿਹੇ ਹਮਲੇ ਵਾਲੇ ਹਿੱਸੇ ਤੇ ਹੀ ਕਰੋ ਤਾਂ ਕਿ ਚੇਪੇ ਦਾ ਹਮਲਾ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।
ਸੈਨਿਕ ਸੁੰਡੀ: ਇਹ ਸੁੰਡੀ ਕਣਕ, ਮੱਕੀ, ਬਾਜਰਾ, ਜੌਂਆਂ ਆਦਿ ਦੀ ਫ਼ਸਲਾਂ ਦਾ ਨੁਕਸਾਨ ਕਰਦੀ ਹੈ। ਇਸ ਦੇ ਬਾਲਗ ਫ਼ਿੱਕੇ ਭੂਰੇ ਰੰਗ ਦੇ ਹੁੰਦੇ ਹਨ ਜਦੋਂ ਕਿ ਨਵੀਆਂ ਸੁੰਡੀਆਂ ਘਸਮੈਲੇ ਚਿੱਟੇ ਰੰਗ ਦੀਆਂ ਹੁੰਦੀਆਂ ਹਨ ਅਤੇ ਬਾਅਦ ਵਿੱਚ ਹਰੇ ਰੰਗ ਦੀਆਂ ਹੋ ਜਾਂਦੀਆਂ ਹਨ। ਇਸ ਸੁੰਡੀ ਦਾ ਹਮਲਾ ਮਾਰਚ-ਅਪ੍ਰੈਲ ਦੇ ਮਹੀਨੇ ਵਿੱਚ ਜ਼ਿਆਦਾ ਹੁੰਦਾ ਹੈ।
ਹਮਲੇ ਦੀਆਂ ਨਿਸ਼ਾਨੀਆਂ
● ਫ਼ਸਲ ਦੇ ਸ਼ੁਰੂਆਤੀ ਸਮੇਂ ਦੌਰਾਨ, ਨਵੀਆਂ ਸੁੰਡੀਆਂ ਨਰਮ ਪੱਤਿਆਂ ਨੂੰ ਖਾਂਦੀਆਂ ਹਨ।
● ਵੱਡੀਆਂ ਸੁੰਡੀਆਂ ਪੁਰਾਣੇ ਪੱਤਿਆਂ ਨੂੰ ਖਾ ਕੇ ਫ਼ਸਲ ਦਾ ਬੁਰੀ ਤਰ੍ਹਾਂ ਨੁਕਸਾਨ ਕਰ ਦਿੰਦੀਆਂ ਹਨ।ਇਹ ਸੁੰਡੀਆਂ ਕਾਫੀ ਮਾਤਰਾ ਵਿੱਚ ਮਲ-ਮੂਤਰ ਛੱਡ ਦਿੰਦੀਆਂ ਹਨ ਜਿਸ ਦਾ ਅਸਾਨੀ ਨਾਲ ਪਤਾ ਲੱਗ ਜਾਂਦਾ ਹੈ।
● ਜ਼ਿਆਦਾ ਹਮਲੇ ਦੀ ਸੂਰਤ ਵਿੱਚ ਸਾਰੇ ਪੱਤੇ ਖਾਧੇ ਜਾਂਦੇ ਹਨ ਅਤੇ ਖੇਤ ਨੂੰ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਪਸ਼ੂਆਂ ਦੁਆਰਾ ਚਰਿਆ ਹੋਵੇ।
● ਇਸ ਦੀਆਂ ਸੁੰਡੀਆਂ ਸਿੱਟੇ ਅਤੇ ਦਾਣਿਆਂ ਤੇ ਵੀ ਹਮਲਾ ਕਰ ਕੇ ਉਹਨਾਂ ਨੂੰ ਖਾਂਦੀਆਂ ਹਨ।
ਰੋਕਥਾਮ
ਇਸ ਦੀ ਰੋਕਥਾਮ ਲਈ 400 ਮਿਲੀਲਿਟਰ ਏਕਾਲਕਸ 25 ਈ ਸੀ (ਕੁਇਨਲਫ਼ਾਸ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ, ਪ੍ਰਤੀ ਏਕੜ ਦੇ ਹਿਸਾਬ ਨਾਲ ਨੈਪਸੈਕ ਪੰਪ ਨਾਲ ਛਿੜਕਾਅ ਕਰੋ।
ਭੂਰੀ ਜੂੰ: ਇਸ ਦੇ ਹਮਲੇ ਨਾਲ ਪੱਤੇ ਪੀਲੇ ਪੈ ਜਾਂਦੇ ਹਨ। ਇਹ ਬਹੁਤ ਹੀ ਛੋਟੇ ਆਕਾਰ ਦੀ ਜੂੰ ਹੈ ਅਤੇ ਇਸ ਦਾ ਹਮਲਾ ਬਰਾਨੀ ਫਸਲ ਉੱਪਰ ਜ਼ਿਆਦਾ ਹੁੰਦਾ ਹੈ।
ਜਗਦੀਪ ਕੌਰ, ਰਾਕੇਸ਼ ਕੁਮਾਰ ਸ਼ਰਮਾ ਅਤੇ ਬੇਅੰਤ ਸਿੰਘ, ਕ੍ਰਿਸ਼ੀ ਵਿਗਆਨ ਕੇਂਦਰ, ਸਮਰਾਲਾ (ਲੁਧਿਆਣਾ)
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)
Summary in English: Prevention of wheat crop pests