1. Home
  2. ਖੇਤੀ ਬਾੜੀ

Punjab Wheat: ਕਣਕ ਦੀ ਫ਼ਸਲ ਨੂੰ ਖ਼ਤਰੇ ਤੋਂ ਬਚਾਓ, ਇਹ ਤਰੀਕਾ ਅਪਣਾਓ ਹੋਵੇਗੀ ਬੰਪਰ ਪੈਦਾਵਾਰ

ਬਦਲਵੇਂ ਮੌਸਮ ਦਾ ਅਸਰ ਕਣਕ ਦੀ ਫ਼ਸਲ 'ਤੇ ਪੈਣਾ ਲਾਜ਼ਮੀ ਹੈ। ਅਜਿਹੇ 'ਚ ਅੱਜ ਅਸੀਂ ਆਪਣੇ ਕਿਸਾਨ ਭਰਾਵਾਂ ਨਾਲ ਕਣਕ ਦੀ ਫ਼ਸਲ ਦੇ ਬੰਪਰ ਝਾੜ ਲਈ ਕੁਝ ਵਧੀਆ ਸੁਝਾਅ ਸਾਂਝੇ ਕਰਨ ਜਾ ਰਹੇ ਹਾਂ।

Gurpreet Kaur Virk
Gurpreet Kaur Virk
ਇਸ ਤਰੀਕੇ ਨਾਲ ਹੋਵੇਗੀ ਕਣਕ ਦੀ ਬੰਪਰ ਪੈਦਾਵਾਰ

ਇਸ ਤਰੀਕੇ ਨਾਲ ਹੋਵੇਗੀ ਕਣਕ ਦੀ ਬੰਪਰ ਪੈਦਾਵਾਰ

Wheat Crop in Punjab: ਕਣਕ ਦੀ ਫ਼ਸਲ ਵਿੱਚ ਕਈ ਤਰ੍ਹਾਂ ਦੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਵੇਖਣ ਨੂੰ ਮਿਲਦਾ ਹੈ। ਕੀੜੇ-ਮਕੌੜਿਆਂ ਵਿੱਚ ਗੁਲਾਬੀ ਸੁੰਡੀ, ਚੇਪਾ ਅਤੇ ਸਿਉਂਕ ਜ਼ਿਆਦਾ ਨੁਕਸਾਨਦੇਹ ਹਨ। ਇਸ ਤੋਂ ਇਲਾਵਾ ਕਈ ਤਰ੍ਹਾਂ ਦੇ ਉੱਲੀ ਰੋਗ ਵੀ ਕਣਕ ਦਾ ਵੱਖ-ਵੱਖ ਸਮੇਂ ਤੇ ਨੁਕਸਾਨ ਕਰਦੇ ਹਨ। ਇਸ ਲੇਖ ਵਿੱਚ ਇਨ੍ਹਾਂ ਦੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਲੱਛਣਾਂ ਦੇ ਨਾਲ ਨਾਲ ਉਨ੍ਹਾਂ ਦੀ ਸੁਚੱਜੀ ਰੋਕਥਾਮ ਬਾਰੇ ਦੱਸਿਆ ਗਿਆ ਹੈ।

ਤਣੇ ਦੀ ਗੁਲਾਬੀ ਸੁੰਡੀ

ਤਣੇ ਦੀ ਗੁਲਾਬੀ ਸੁੰਡੀ

ਕਣਕ ਦੀ ਫ਼ਸਲ ਨੂੰ ਖ਼ਤਰੇ ਤੋਂ ਬਚਾਓ

ਕੀੜੇ-ਮਕੌੜੇ

● ਤਣੇ ਦੀ ਗੁਲਾਬੀ ਸੁੰਡੀ: ਇਸ ਦੀਆਂ ਸੁੰਡੀਆਂ ਛੋਟੇ ਬੂਟਿਆਂ ਦੇ ਤਣਿਆਂ ਵਿੱਚ ਮੋਰੀਆਂ ਕਰਕੇ ਅੰਦਰ ਚਲੀਆਂ ਜਾਂਦੀਆਂ ਹਨ ਅਤੇ ਅੰਦਰਲਾ ਮਾਦਾ ਖਾਂਦੀਆਂ ਹਨ, ਜਿਸ ਨਾਲ ਬੂਟੇ ਪੀਲੇ ਪੈ ਜਾਂਦੇ ਹਨ, ਸੁੱਕ ਜਾਂਦੇ ਹਨ ਅਤੇ ਅਖੀਰ ਵਿੱਚ ਮਰ ਜਾਂਦੇ ਹਨ। ਜੇਕਰ ਪਿਛਲੀ ਝੋਨੇ ਦੀ ਫਸਲ਼ ਉਪਰ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਜ਼ਿਆਦਾ ਹੋਵੇ ਤਾਂ ਅਕਤੁਬਰ ਵਿੱਚ ਬਿਜਾਈ ਨਾ ਕਰੋ। ਦਿਨ ਸਮੇ ਪਾਣੀ ਲਗਾਉਣ ਨੂੰ ਤਰਜ਼ੀਹ ਦੇਵੋ ਤਾਂਕਿ ਪੰਛੀ ਵੱਧ ਤੋ ਵੱਧ ਸੁੰਡੀਆਂ ਦਾ ਸ਼ਿਕਾਰ ਕਰ ਸਕਣ।

ਜੇਕਰ ਹਮਲਾ ਜਿਆਦਾ ਹੋਵੇ ਤਾਂ 7 ਕਿਲੋ ਮੋਰਟੈਲ/ ਰੀਜੈਂਟ 0.3 ਜੀ (ਫਿਪਰੋਨਿਲ) ਜਾਂ 1 ਲਿਟਰ ਡਰਸਬਾਨ 20 ਈ ਸੀ (ਕਲੋਰਪਾਈਰੀਫ਼ਾਸ) ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਹਿਲਾ ਪਾਣੀ ਲਗਾਉਣ ਤੋ ਪਹਿਲਾਂ ਛੱਟਾ ਦੇਵੋ। ਇਸ ਦੇ ਬਦਲ ਵਿੱਚ 50 ਮਿਲੀਲਿਟਰ ਪ੍ਰਤੀ ਏਕੜ ਕੋਰਾਜਨ 18.5 ਐਸ ਸੀ (ਕਲੋਰਐਂਟਰਾਨਿਲੀਪਰੋਲ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਨੈਪਸੈਕ ਪੰਪ ਨਾਲ ਛਿੜਕਾਅ ਕਰੋ।

ਚੇਪਾ

ਚੇਪਾ

● ਚੇਪਾ: ਚੇਪੇ ਦੇ ਹਮਲੇ ਨਾਲ ਪੱਤੇ ਪੀਲੇ ਪੈ ਜਾਂਦੇ ਹਨ । ਜੇਕਰ 5 ਚੇਪੇ ਪ੍ਰਤੀ ਸਿੱਟਾ ਹੋਣ (ਇੱਕ ਏਕੜ ਖੇਤ ਦੇ ਹਰੇਕ ਚਾਰ ਹਿੱਸਿਆਂ ਵਿੱਚੋਂ ਚੁਣੇ 10-10 ਸਿੱਟਿਆਂ ਦੇ ਆਧਾਰ ਤੇ) ਤਾਂ ਇਨ੍ਹਾਂ ਦੀ ਰੋਕਥਾਮ ਲਈ 2 ਲਿਟਰ ਘਰ ਬਣਾਏ ਨਿੰਮ ਦਾ ਘੋਲ ਦੇ ਹਫਤੇ-ਹਫਤੇ ਦੇ ਵਕਫੇ ਤੇ ਦੋ ਛਿੜਕਾਅ ਜਾਂ 20 ਗ੍ਰਾਮ ਐਕਟਾਰਾ/ਤਾਇਓ 25 ਡਬਲਯੂ ਜੀ (ਥਾਇਆਮੈਥੋਕਸਮ) ਦਾ ਇਕ ਛਿੜਕਾਅ, 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਨੈਪਸੈਕ ਪੰਪ ਨਾਲ ਕਰੋ।

ਮੋਟਰ ਵਾਲੇ ਪੰਪ ਦੀ ਵਰਤੋਂ ਲਈ ਪਾਣੀ ਦੀ ਮਾਤਰਾ 30 ਲਿਟਰ ਤੱਕ ਘਟਾਈ ਜਾ ਸਕਦੀ ਹੈ। ਚੇਪੇ ਦੀ ਰੋਕਥਾਮ ਸਿੱਟੇ ਪੈਣ ਵੇਲੇ ਕਰੋ।ਕਿਉਂਕਿ ਚੇਪੇ ਦਾ ਹਮਲਾ ਪਹਿਲਾਂ ਖੇਤ ਦੇ ਬਾਹਰਲੇ ਹਿੱਸਿਆਂ ਤੇ ਹੁੰਦਾ ਹੈ। ਇਸ ਲਈ ਛਿੜਕਾਅ ਸਿਰਫ਼ ਅਜਿਹੇ ਹਮਲੇ ਵਾਲੇ ਹਿੱਸੇ ਤੇ ਹੀ ਕਰੋ ਤਾਂ ਕਿ ਚੇਪੇ ਦਾ ਹਮਲਾ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਘਰ ਬਣਾਏ ਨਿੰਮ ਦਾ ਘੋਲ ਤਿਆਰ ਕਰਨ ਦੀ ਵਿਧੀ: ਚਾਰ ਕਿਲੋ ਨਿੰਮ ਦੀਆਂ ਕਰੰੂਬਲਾਂ (ਪੱਤੇ, ਹਰੀਆਂ ਟਹਿਣੀਆਂ ਅਤੇ ਨਿਮੋਲੀਆਂ) ਨੂੰ 10 ਲਿਟਰ ਪਾਣੀ ਵਿੱਚ 30 ਮਿੰਟ ਲਈ ਉਬਾਲੋ। ਇਸ ਘੋਲ ਨੂੰ ਕੱਪੜ ਛਾਣ ਕਰ ਲਓ ਅਤੇ ਤਰਲ ਨੂੰ ਸਿਫਾਰਸ਼ ਕੀਤੀ ਮਾਤਰਾ ਮੁਤਾਬਕ ਛਿੜਕਾਅ ਕਰੋ।

ਇਹ ਵੀ ਪੜ੍ਹੋ : ਕਣਕ ਦੀ ਫਸਲ ਦੇ ਪੀਲੇ ਪੈਣ ਦਾ ਮਿਲਿਆ ਇਲਾਜ, ਹੁਣ ਚੰਗੇ ਝਾੜ ਨਾਲ ਕਿਸਾਨ ਹੋਣਗੇ ਖੁਸ਼ਹਾਲ

ਸਿਉਂਕ

ਸਿਉਂਕ

● ਸਿਉਂਕ: ਸਿਉਂਕ ਫ਼ਸਲ ਬੀਜਣ ਦੇ ਛੇਤੀ ਪਿੱਛੋਂ ਅਤੇ ਫੇਰ ਪੱਕਣ ਸਮੇਂ ਬਹੁਤ ਨੁਕਸਾਨ ਕਰਦੀ ਹੈ। ਇਸ ਦੇ ਹਮਲੇ ਨਾਲ ਬੂਟੇ ਸੁੱਕ ਜਾਂਦੇ ਹਨ ਅਤੇ ਮਰੇ ਬੂਟੇ ਸੌਖੇ ਹੀ ਪੁੱਟੇ ਜਾ ਸਕਦੇ ਹਨ। ਇਸ ਦੀ ਰੋਕਥਾਮ ਲਈ 40 ਗ੍ਰਾਮ ਕਰੂਜ਼ਰ (ਥਾਇਆਮੀਥੋਕਸਮ) ਜਾਂ 160 ਮਿਲੀਲਿਟਰ ਡਰਸਬਾਨ/ਰੂਬਾਨ/ਡਰਮਟ 20 ਈ ਸੀ (ਕਲੋਰਪਾਈਰੀਫ਼ਾਸ) ਜਾਂ 80 ਮਿਲੀਲਿਟਰ ਨਿਉਨਿਕਸ 20 ਐਫ ਐਸ (ਇਮਿਡਾਕਲੋਪਰਿਡ+ਹੈਕਸਾਕੋਨਾਜ਼ੋਲ) ਲੈ ਕੇ ਇੱਕ ਲਿਟਰ ਪਾਣੀ ਵਿੱਚ ਘੋਲ ਕੇ 40 ਕਿਲੋ ਬੀਜ ਦੀ ਪੱਕੇ ਫਰਸ਼, ਤਰਪਾਲ ਜਾਂ ਪਲਾਸਟਿਕ ਦੀ ਸ਼ੀਟ ਤੇ ਪਤਲੀ ਤਹਿ ਵਿਛਾ ਕੇ ਛਿੜਕਾਅ ਕਰਕੇ ਬੀਜ ਨੂੰ ਸੋਧੋ।

ਨਿਉਨਿਕਸ ਨਾਲ ਸੋਧੇ ਬੀਜ ਨੂੰ ਕਾਂਗਿਆਰੀ ਵੀ ਨਹੀਂ ਲਗਦੀ। ਕੀਟਨਾਸ਼ਕ ਨਾਲ ਸੋਧੇ ਹੋਏ ਬੀਜ ਦਾ ਉੱਗਣ ਸਮੇਂ ਪੰਛੀ ਘੱਟ ਨੁਕਸਾਨ ਕਰਦੇ ਹਨ। ਆਮ ਤੌਰ ਤੇ ਸਿਉਂਕ ਦਾ ਹਮਲਾ ਰੇਤਲੀਆਂ ਜ਼ਮੀਨਾਂ ਵਿੱਚ ਜਿਆਦਾ ਹੁੰਦਾ ਹੈ ਅਤੇ ਪਾਣੀ ਲਗਾਉਣ ਨਾਲ ਇਹ ਕੁੱਝ ਹੱਦ ਤੱਕ ਠੀਕ ਹੋ ਜਾਦਾਂ ਹੈ। ਜੇਕਰ ਹਮਲਾ ਜ਼ਿਆਦਾ ਹੋਵੇ ਤਾਂ 7 ਕਿਲੋ ਮੋਰਟਲ 0.3 ਜੀ (ਫਿਪਰੋਨਿਲ) ਜਾਂ 1.2 ਲਿਟਰ ਡਰਸਬਾਨ 20 ਈ ਸੀ (ਕਲੋਰਪਾਈਰੀਫ਼ਾਸ) ਨੂੰ 20 ਕਿਲੋ ਸਲ੍ਹਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਹਿਲੇ ਪਾਣੀ ਲਗਾਉਣ ਤੋ ਪਹਿਲਾ ਛੱਟਾ ਦੇਵੋ।

ਸੈਨਿਕ ਸੁੰਡੀ

ਸੈਨਿਕ ਸੁੰਡੀ

● ਸੈਨਿਕ ਸੁੰਡੀ: ਇਹ ਸੁੰਡੀ ਕਣਕ ਦੀ ਫਸਲ਼ ਦੇ ਪੱਤੇ ਅਤੇ ਸਿੱਟੇ ਮਾਰਚ-ਅਪੈ੍ਰਲ ਦੇ ਮਹੀਨੇ ਬਹੁਤ ਬੁਰੀ ਤਰਾਂ ਖਾਦੀ ਹੈ ਜਦੋਂਕਿ ਪਰਾਲੀ ਵਾਲੇ ਖੇਤਾਂ ਵਿੱਚ ਇਸ ਦਾ ਹਮਲਾ ਦਸੰਬਰ ਵਿੱਚ ਵੇਖਿਆ ਜਾਂਦਾ ਹੈ। ਇਸ ਦੀ ਰੋਕਥਾਮ ਲਈ 40 ਮਿਲੀਲਿਟਰ ਕੋਰਾਜਨ 18.5 ਐਸ ਸੀ (ਕਲੋਰਐਂਟਰਾਨਿਲੀਪਰੋਲ*) ਜਾਂ 400 ਮਿਲੀਲਿਟਰ ਏਕਾਲਕਸ 25 ਈ ਸੀ (ਕੁਇਨਲਫ਼ਾਸ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਨੈਪਸੈਕ ਪੰਪ ਨਾਲ ਛਿੜਕਾਅ ਕਰੋ। ਮੋਟਰ ਵਾਲੇ ਪੰਪ ਲਈ 30 ਲਿਟਰ ਪਾਣੀ ਹੀ ਕਾਫੀ ਹੈ। ਚੰਗੇ ਨਤੀਜੇ ਲੈਣ ਲਈ ਛਿੜਕਾਅ ਸ਼ਾਮ ਵੇਲੇ ਕਰੋ। ਇਹ ਕੀਟਨਾਸ਼ਕਾਂ ਚੇਪੇ ਦੀ ਰੋਕਥਾਮ ਵੀ ਕਰਦੀਆਂ ਹਨ। ਇਸ ਦੇ ਬਦਲ ਵਿੱਚ 7 ਕਿਲੋ ਮੋਰਟੈਲ/ਰੀਜੈਂਟ 0.3 ਜੀ (ਫਿਪਰੋਨਿਲ) ਜਾਂ 1 ਲਿਟਰ ਡਰਸਬਾਨ 20 ਈ ਸੀ (ਕਲੋਰਪਾਈਰੀਫ਼ਾਸ) ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਹਿਲਾ ਪਾਣੀ ਲਗਾਉਣ ਤੋ ਪਹਿਲਾਂ ਛੱਟਾ ਦੇਵੋ।

ਇਹ ਵੀ ਪੜ੍ਹੋਕਣਕ ਦੀ ਫ਼ਸਲ ਦੇ ਦੁਸ਼ਮਣ ਭੂਰੀ, ਕਾਲੀ ਅਤੇ ਪੀਲੀ ਕੁੰਗੀ, ਜਾਣੋ ਇਸਦੇ ਲੱਛਣ ਅਤੇ ਰੋਕਥਾਮ

ਅਮਰੀਕਣ ਸੁੰਡੀ

ਅਮਰੀਕਣ ਸੁੰਡੀ

● ਅਮਰੀਕਣ ਸੁੰਡੀ: ਇਸ ਦਾ ਹਮਲਾ ਕਣਕ ਪੱਕਣ ਵੇਲੇ ਸਿੱਟਿਆਂ ਵਿੱਚ ਦਾਣਿਆਂ ਤੇ ਹੁੰਦਾ ਹੈ। ਕਪਾਹ ਤੋਂ ਬਾਅਦ ਬੀਜੀ ਕਣਕ ਤੇ ਇਸ ਦਾ ਨੁਕਸਾਨ ਜ਼ਿਆਦਾ ਹੁੰਦਾ ਹੈ। ਇਸ ਤੇ ਕਾਬੂ ਪਾਉਣ ਲਈ 800 ਮਿਲੀਲਿਟਰ ਏਕਾਲਕਸ 25 ਈ ਸੀ (ਕੁਇਨਲਫ਼ਾਸ) ਨੂੰ 100 ਲਿਟਰ ਪਾਣੀ ਵਿੱਚ ਪ੍ਰਤੀ ਏਕੜ ਲਈ ਘੋਲ ਕੇ ਪਿੱਠੂ ਪੰਪ ਨਾਲ ਛਿੜਕਾਅ ਕਰੋ।

ਬਿਮਾਰੀਆਂ

● ਪੀਲੀ ਕੁੰਗੀ: ਪੱਤਿਆਂ ਤੇ ਪੀਲੇ ਧੱਬੇ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਦਿਖਾਈ ਦਿੰਦੇ ਹਨ ਜਿਨ੍ਹਾਂ ਤੇ ਪੀਲਾ ਹਲਦੀ ਨੁਮਾ ਧੂੜਾ ਨਜ਼ਰ ਆਉਂਦਾ ਹੈ ਪੀਲੀ ਕੁੰਗੀ ਦਾ ਹਮਲਾ ਨੀਮ ਪਹਾੜੀ ਇਲਾਕਿਆਂ ਵਿੱਚ ਸਭ ਤੋਂ ਪਹਿਲਾਂ ਹੁੰਦਾ ਹੈ। ਰਾਤ ਦਾ ਤਾਪਮਾਨ 7-130 ਸੈਂਟੀਗ੍ਰੇਡ, ਦਿਨ ਦਾ ਤਾਪਮਾਨ 15-240 ਸੈਂਟੀਗ੍ਰੇਡ ਅਤੇ ਹਵਾ ਵਿੱਚ ਨਮੀ ਦੀ 85-100% ਤੱਕ ਮਾਤਰਾ ਪੀਲੀ ਕੁੰਗੀ ਦੇ ਹਮਲੇ ਅਤੇ ਵਾਧੇ ਲਈ ਅਨੁਕੂਲ ਹਨ।ਖਾਸ ਕਰਕੇ ਨੀਮ ਪਹਾੜੀ ਇਲਾਕਿਆਂ ਵਿੱਚ ਪੀਲੀ ਕੁੰਗੀ ਤੋਂ ਬਚਾਅ ਲਈ ਬਿਮਾਰੀ ਦਾ ਟਾਕਰਾ ਕਰਨ ਵਾਲੀਆਂ ਕਿਸਮਾਂ ਦੀ ਕਾਸ਼ਤ ਕਰੋ।ਅੱਧ ਦਸੰਬਰ ਤੋਂ ਬਾਅਦ ਖੇਤਾਂ ਦਾ ਲਗਾਤਾਰ ਸਰਵੇਖਣ ਕਰੋ ਅਤੇ ਪੀਲੀ ਕੁੰਗੀ ਦੀ ਆਮਦ ਨੂੰ ਧੋੜ੍ਹੀਆਂ ਵਿੱਚ ਹੀ ਸਿਫ਼ਾਰਸ਼ ਉੱਲੀਨਾਸ਼ਕਾਂ ਨਾਲ ਰੋਕੋ।

ਪੀਲੀ ਕੁੰਗੀ ਤੋਂ ਬਚਾਅ ਲਈ ਰੋਗ ਰਹਿਤ ਕਿਸਮਾਂ ਜਿਵੇਂ ਕਿ ਪੀ ਬੀ ਡਬਲਯੂ 725, ਉੱਨਤ ਪੀ ਬੀ ਡਬਲਯੂ 550, ਪੀ ਬੀ ਡਬਲਯੂ 752, ਡਬਲਯੂ ਐਚ ਡੀ 943, ਪੀ ਡੀ ਡਬਲਯੂ 291 ਅਤੇ ਪੀ ਬੀ ਡਬਲਯੂ 660 ਬੀਜੋ। ਖਾਸ ਤੌਰ ਤੇ ਨੀਮ ਪਹਾੜੀ ਇਲਾਕਿਆਂ ਵਿੱਚ ਅਕਤੂਬਰ ਦੇ ਮਹੀਨੇ ਕਣਕ ਦੀ ਬਿਜਾਈ ਨਾ ਕਰੋ।ਇਹਨਾਂ ਖੇਤਰਾਂ ਵਿੱਚ ਪਾਣੀ ਲਾਉਣ/ਮੀਂਹ ਪੈਣ ਤੋਂ ਬਾਅਦ ਪੀਲੀ ਕੁੰਗੀ ਦੀ ਆਮਦ ਦੇਖਣ ਲਈ ਅੱਧ ਦਸੰਬਰ ਤੋਂ ਬਾਅਦ ਖੇਤਾਂ ਦਾ ਸਰਵੇਖਣ ਕਰੋ।

ਬਿਮਾਰੀ ਨਜ਼ਰ ਆਉਣ ਤੇ 200 ਗ੍ਰਾਮ ਕੈਵੀਅਟ 25 ਡਬਲਯੂ ਜੀ (ਟੈਬੂਕੋਨਾਜ਼ੋਲ) ਜਾਂ 120 ਗ੍ਰਾਮ ਨਟੀਵੋ 75 ਡਬਲਯੂ ਜੀ (ਟ੍ਰਾਈਫਲੋਕਸੀਸਟ੍ਰੋਬਿਨ+ਟੈਬੂਕੋਨਾਜ਼ੋਲ) ਜਾਂ 200 ਮਿਲੀਲਿਟਰ ਅੰਮਪੈਕਟ ਐਕਸਟਰਾ (ਐਜ਼ੋਕਸੀਸਟ੍ਰੋਬਿਨ +ਸਾਇਪਰਾਕੋਨਾਜ਼ੋਲ) ਜਾਂ 200 ਮਿਲੀਲਿਟਰ ਉਪੇਰਾ 18.3 ਐਸ ਈ (ਪਾਈਰੈਕਲੋਸ ਟ੍ਰੋਬਿਨ+ਇਪੋਕਸੀਕੋਨਾਜ਼ੋਲ) ਜਾਂ 200 ਮਿਲੀਲਿਟਰ ਕਸਟੋਡੀਆ 320 ਐਸ ਸੀ (ਐਜ਼ੋਕਸੀਸਟ੍ਰੋਬਿਨ + ਟੈਬੂਕੋਨਾਜ਼ੋਲ) ਜਾਂ 200 ਮਿਲੀਲਿਟਰ ਟਿਲਟ 25 ਈ ਸੀ/ਸ਼ਾਈਨ 25 ਈ ਸੀ/ਬੰਪਰ 25 ਈ ਸੀ/ਸਟਿਲਟ 25 ਈ ਸੀ/ਕੰਪਾਸ 25 ਈ ਸੀ/ਮਾਰਕਜ਼ੋਲ 25 ਈ ਸੀ (ਪ੍ਰੋਪੀਕੋਨਾਜ਼ੋਲ) ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ। ਸ਼ੁਰੂ ਵਿੱਚ ਪੀਲੀ ਕੁੰਗੀ ਦੇ ਹਮਲੇ ਵਾਲੀਆਂ ਧੌੜੀਆਂ ਤੇ ਹੀ ਉੱਲੀਨਾਸ਼ਕਾਂ ਦਾ ਛਿੜਕਾਅ ਕਰੋ।ਖੇਤਾਂ ਦਾ ਲਗਾਤਾਰ ਸਰਵੇਖਣ ਕਰੋ ਅਤੇ ਲੋੜ ਪੈਣ ਤੇ ਇਹ ਛਿੜਕਾਅ ਫਿਰ ਦੁਹਰਾਉ ਤਾਂ ਜੋ ਟੀਸੀ ਵਾਲਾ ਪੱਤਾ ਬਿਮਾਰੀ ਰਹਿਤ ਰਹੇ।

● ਭੂਰੀ ਕੁੰਗੀ: ਗੋਲ ਸੰਤਰੀ ਰੰਗ ਦੇ ਧੱਬੇ ਜੋ ਕਿ ਬੇਤਰਤੀਬੇ ਜਾਂ ਇਕੱਠੇ ਹੁੰਦੇ ਹਨ, ਪੱਤਿਆਂ ਤੇ ਪੈ ਜਾਂਦੇ ਹਨ ਜਿਨ੍ਹਾਂ ਤੇ ਸੰਤਰੀ ਰੰਗਾ ਧੂੜਾ ਨਜ਼ਰ ਆਉਂਦਾ ਹੈ। ਭੂਰੀ ਕੁੰਗੀ ਤੋਂ ਬਚਾਅ ਲਈ ਰੋਗ ਰਹਿਤ ਕਿਸਮਾਂ ਜਿਵੇਂ ਕਿ ਪੀ ਬੀ ਡਬਲਯੂ 824, ਪੀ ਬੀ ਡਬਲਯੂ 869, ਪੀ ਬੀ ਡਬਲਯੂ 803, ਡੀ ਬੀ ਡਬਲਯੂ 222, ਡੀ ਬੀ ਡਬਲਯੂ 187, ਪੀ ਬੀ ਡਬਲਯੂ 725, ਉੱਨਤ ਪੀ ਬੀ ਡਬਲਯੂ 343, ਉੱਨਤ ਪੀ ਬੀ ਡਬਲਯੂ 550, ਐਚ ਡੀ 3226, ਪੀ ਬੀ ਡਬਲਯੂ 771, ਪੀ ਬੀ ਡਬਲਯੂ 757, ਡਬਲਯੂ ਐਚ ਡੀ 943, ਪੀ ਡੀ ਡਬਲਯੂ 291 ਅਤੇ ਪੀ ਬੀ ਡਬਲਯੂ 660 ਬੀਜੋ।

ਬਿਮਾਰੀ ਨਜ਼ਰ ਆਉਣ ਤੇ 200 ਮਿਲੀਲਿਟਰ ਟਿਲਟ 25 ਈ ਸੀ/ਸ਼ਾਈਨ 25 ਈ ਸੀ/ਬੰਪਰ 25 ਈ ਸੀ/ ਸਟਿਲਟ 25 ਈ ਸੀ/ਕੰਪਾਸ 25 ਈ ਸੀ/ਮਾਰਕਜ਼ੋਲ 25 ਈ ਸੀ (ਪ੍ਰੋਪੀਕੋਨਾਜ਼ੋਲ) ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਛਿੜਕਾਅ ਕਰੋ।

● ਕਣਕ ਦਾ ਪੀਲਾ ਪੈਣਾ: ਇਸ ਦੇ ਮੁੱਖ ਕਾਰਨ ਖੁਰਾਕੀ ਤੱਤਾਂ ਦੀ ਘਾਟ, ਖਰਾਬ ਮੌਸਮ, ਪਾਣੀ ਦੀ ਘੱਟ ਨਿਕਾਸੀ, ਸਿਸਟ ਨੀਮਾਟੋਡ ਦਾ ਹਮਲਾ, ਆਲਟਰਨੇਰੀਆ ਅਤੇ ਡਰੈਚਸਲੈਰਾ ਉੱਲੀਆਂ ਦਾ ਹਮਲਾ ਆਦਿ ਹਨ। ਆਮ ਤੌਰ ਤੇ ਪੱਤੇ ਜਾਂ ਪੱਤਿਆਂ ਦੀਆਂ ਨੋਕਾਂ ਪੀਲੀਆਂ ਹੋ ਜਾਂਦੀਆਂ ਹਨ। ਇਸ ਪਿੱਛੋਂ ਪੱਤਿਆਂ ਉਪਰ ਚਟਾਖ ਜਾਂ ਦਾਗ ਜਿਹੇ ਨਜ਼ਰ ਆਉਂਦੇ ਹਨ। ਫ਼ਸਲ ਵੱਧਦੀ ਨਹੀਂ ਅਤੇ ਇਸ ਦੇ ਮਰਨ ਦਾ ਡਰ ਹੁੰਦਾ ਹੈ। ਜ਼ਿੰਕ ਦੀ ਘਾਟ ਕਾਰਨ ਵੀ ਫ਼ਸਲ ਵੱਧਦੀ ਨਹੀਂ ਅਤੇ ਝਾੜੀਦਾਰ ਰਹਿੰਦੀ ਹੈ ਅਤੇ ਪੱਤਿਆਂ ਤੇ ਚਟਾਖ ਪੈ ਜਾਂਦੇ ਹਨ। ਪੱਤੇ ਵਿਚਕਾਰੋਂ ਟੁੱਟ ਜਾਂਦੇ ਹਨ।

ਨਵੇਂ ਪੱਤਿਆਂ ਦੇ ਪੀਲੇਪਣ ਦਾ ਕਾਰਨ ਗੰਧਕ ਦੀ ਘਾਟ, ਜਦ ਕਿ ਪੁਰਾਣੇ ਪੱਤਿਆਂ ਵਿੱਚ ਇਹ ਨਿਸ਼ਾਨੀਆਂ ਨਾਈਟ੍ਰੋਜਨ ਦੀ ਘਾਟ ਕਰਕੇ ਹੁਂੰਦੀਆਂ ਹਨ। ਹਲਕੀ ਜ਼ਮੀਨ ਵਿੱਚ ਪ੍ਰਤੀ ਏਕੜ 25 ਕਿਲੋ ਜ਼ਿੰਕ ਸਲਫੇਟ ਪਾਓ। ਇਹ 2-3 ਸਾਲ ਲਈ ਕਾਫ਼ੀ ਰਹੇਗਾ। ਨਾਈਟ੍ਰੋਜਨ ਤੱਤ ਦੀ ਘਾਟ ਪੂਰੀ ਕਰਨ ਲਈ 3% ਯੂਰੀਏ (3 ਕਿਲੋ ਯੂਰੀਆ 100 ਲਿਟਰ ਪਾਣੀ ਵਿੱਚ) ਦਾ ਛਿੜਕਾਅ ਕੀਤਾ ਜਾ ਸਕਦਾ ਹੈ।

ਫ਼ਸਲ ਤੇ ਦੋ ਪਾਸਾ ਛਿੜਕਾਅ ਕਰੋ ਅਤੇ 300 ਲਿਟਰ ਘੋਲ ਪ੍ਰਤੀ ਏਕੜ ਵਰਤੋ। ਠੰਢ, ਕੋਰੇ ਆਦਿ ਦੇ ਮਾੜੇ ਅਸਰ ਨੂੰ ਦੂਰ ਕਰਨ ਲਈ ਲੋੜੀਂਦੀ ਮਾਤਰਾ ਵਿੱਚ ਪਾਣੀ ਦਿਓ। ਜੇ ਜ਼ਮੀਨ ਵਿੱਚ ਸਿਸਟ ਨੀਮਾਟੋਡ ਹੋਣ ਤਾਂ ਬਿਜਾਈ ਸਮੇਂ 13 ਕਿਲੋ ਪ੍ਰਤੀ ਏਕੜ ਫੂਰਾਡਾਨ 3 ਜੀ ਪਾਓ। ਗੰਧਕ ਦੀ ਘਾਟ ਨੂੰ ਦੂਰ ਕਰਨ ਲਈ 100 ਕਿਲੋ ਜਿਪਸਮ ਪ੍ਰਤੀ ਏਕੜ ਪਾਓ।

● ਕਰਨਾਲ ਬੰਟ: ਇਸ ਬਿਮਾਰੀ ਨਾਲ ਸਿੱਟਿਆਂ ਵਿੱਚ ਕੁਝ ਦਾਣਿਆਂ ਦੇ ਹਿੱਸੇ ਤੇ ਅਸਰ ਹੁੰਦਾ ਹੈ। ਜੇਕਰ ਬਿਮਾਰੀ ਵਾਲੇ ਦਾਣਿਆਂ ਨੂੰ ਹੱਥਾਂ ਵਿੱਚ ਲੈ ਕੇ ਮਲਿਆ ਜਾਵੇ ਤਾਂ ਕਾਲੇ ਰੰਗ ਦੇ ਕਿਣਕੇ ਬਾਹਰ ਨਿੱਕਲਦੇ ਹਨ ਜਿਨ੍ਹਾਂ ਦੀ ਭੈੜੀ ਦੁਰਗੰਧ ਹੁੰਦੀ ਹੈ। ਇਸ ਰੋਗ ਦਾ ਟਾਕਰਾ ਕਰਨ ਵਾਲੀਆਂ ਕਿਸਮਾਂ ਜਿਵੇਂ ਕਿ ਡਬਲਯੂ ਐਚ ਡੀ 943 ਅਤੇ ਪੀ ਡੀ ਡਬਲਯੂ 291 ਬੀਜੋ। ਬੀਜ ਵਾਲੀ ਫ਼ਸਲ ਤੇ ਇਸ ਬਿਮਾਰੀ ਦੀ ਰੋਕਥਾਮ ਲਈ 200 ਮਿਲੀਲਿਟਰ ਟਿਲਟ 25 ਈ ਸੀ (ਪ੍ਰੋਪੀਕੋਨਾਜ਼ੋਲ) ਪ੍ਰਤੀ ਏਕੜ ਦੇ ਹਿਸਾਬ 200 ਲਿਟਰ ਪਾਣੀ ਵਿੱਚ ਘੋਲ ਕੇ ਸਿੱਟੇ ਨਿੱਕਲਣ ਵੇਲੇ ਇੱਕ ਛਿੜਕਾਅ ਕਰੋ।

● ਕਾਂਗਿਆਰੀ: ਇਹ ਉੱਲੀ ਸਿੱਟਿਆਂ ਨੂੰ ਬਿਲਕੁਲ ਤਬਾਹ ਕਰ ਦੇਂਦੀ ਹੈ ਅਤੇ ਉਨ੍ਹਾਂ ਅੰਦਰ ਦਾਣਿਆਂ ਦੀ ਥਾਂ ਕਾਲਾ ਧੂੜਾ ਬਣ ਜਾਂਦਾ ਹੈ। ਰੋਗ ਰਹਿਤ ਕਿਸਮਾਂ ਜਿਵੇਂ ਕਿ ਡਬਲਯੂ ਐਚ ਡੀ 943 ਅਤੇ ਪੀ ਡੀ ਡਬਲਯੂ 291 ਬੀਜਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਮਈ-ਜੂਨ ਦੇ ਮਹੀਨੇ ਕਣਕ ਦੇ ਬੀਜ ਨੂੰ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ ਦੇ 12 ਵਜੇ ਤੱਕ ਪਾਣੀ ਵਿੱਚ ਭਿਉਂ ਕੇ ਰੱਖੋ। ਉਸ ਦਿਨ ਧੁੱਪ ਖੂਬ ਹੋਵੇ। ਪਿੱਛੋਂ ਇਹ ਬੀਜ ਪੱਕੇ ਫਰਸ਼, ਚਟਾਈਆਂ ਜਾ ਤਰਪਾਲਾਂ ਉੱਪਰ ਧੁੱਪ ਵਿੱਚ ਸੁੱਕਣੇ ਪਾ ਦਿਓ। ਬੀਜ ਦੀ ਪਤਲੀ ਤਹਿ ਵਿਛਾਉਣੀ ਚਾਹੀਦੀ ਹੈ। ਕਣਕ ਨੂੰ ਚੰਗੀ ਤਰ੍ਹਾਂ ਸੁਕਾ ਕੇ ਖੁਸ਼ਕ ਥਾਂ ਤੇ ਰੱਖੋ। ਬੀਜ ਨੂੰ ਸਿਫ਼ਾਰਸ਼ ਕੀਤੇ ਉੱਲੀ ਨਾਸ਼ਕਾਂ ਨਾਲ ਸੋਧੋ।

Summary in English: Save wheat crop from danger, adopt this method and you will get bumper crop

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters