1. Home
  2. ਖੇਤੀ ਬਾੜੀ

Irrigation Pump: ਸਿੰਚਾਈ ਪੰਪ ਲਗਾਉਣ ਤੇ ਚਲਾਉਣ ਬਾਰੇ ਕੁਝ ਵਿਸ਼ੇਸ਼ ਗੱਲਾਂ

ਫਸਲਾਂ ਦੀ ਸੁਚੱਜੀ ਸਿੰਚਾਈ ਲਈ ਅਪਣਾਓ ਇਹ ਤਰੀਕੇ, ਸਿੰਚਾਈ ਕਰਨਾ ਹੋ ਜਾਵੇਗਾ ਆਸਾਨ...

Priya Shukla
Priya Shukla
ਫਸਲਾਂ ਦੀ ਸੁਚੱਜੀ ਸਿੰਚਾਈ

ਫਸਲਾਂ ਦੀ ਸੁਚੱਜੀ ਸਿੰਚਾਈ

ਪੰਜਾਬ ਵਿੱਚ ਸਿੰਚਾਈ ਲਈ ਚਾਰ ਤਰ੍ਹਾਂ ਦੇ ਪੰਪ ਵਰਤੇ ਜਾਂਦੇ ਹਨ ਜਿਵੇਂ ਕਿ ਸੈਂਟਰੀਫਿਊਗਲ ਪੰਪ, ਪਰੋਪੈਲਰ ਪੰਪ, ਟਰਬਾਈਨ ਪੰਪ ਅਤੇ ਸਬਮਰਸੀਬਲ ਪੰਪ। ਸੈਂਟਰੀਫਿਊਗਲ ਪੰਪਾਂ (Centrifugal pump) ਦੀ ਵਰਤੋਂ ਵਧੇਰੇ ਕੀਤੀ ਜਾਂਦੀ ਹੈ। ਇਹ ਪੰਪ ਬਣਤਰ ਵਿੱਚ ਸਧਾਰਣ, ਚਲਾਉਣੇ ਸੌਖੇ, ਸਸਤੇ ਅਤੇ ਲਗਾਤਾਰ ਚੰਗਾ ਪਾਣੀ ਕੱਢਦੇ ਹਨ। ਇਹ ਪੰਪ ਆਮ ਤੌਰ ਤੇ 4 ਮੀਟਰ ਤੋਂ 60 ਮੀਟਰ ਤੱਕ ਡੂੰਘਾਈ ਤੋਂ ਪਾਣੀ ਚੁੱਕਣ ਲਈ ਵਰਤੇ ਜਾਂਦੇ ਹਨ।

ਪ੍ਰੋਪੈਲਰ ਪੰਪ (Propeller Pump) ਆਮ ਤੌਰ ਤੇ 4 ਮੀਟਰ ਤੋਂ ਘੱਟ ਡੂੰਘਾਈ ਤੋਂ ਪਾਣੀ ਕੱਢਣ ਲਈ ਵਰਤੇ ਜਾਂਦੇ ਹਨ। ਇਹ ਪੰਪ ਖਾਲਾਂ, ਨਾਲਿਆਂ, ਟੋਭਿਆਂ ਜਾਂ ਦਰਿਆਵਾਂ ਆਦਿ ਵਿੱਚੋਂ ਪਾਣੀ ਕੱਢਣ ਲਈ ਵਰਤੇ ਜਾਂਦੇ ਹਨ। ਇਸ ਪੰਪ ਦੀ ਬਣਤਰ ਸਧਾਰਣ ਹੈ ਅਤੇ ਇਸ ਦੀ ਦੇਖਭਾਲ ਅਤੇ ਮੁਰੰਮਤ ਵੀ ਸੌਖੀ ਹੈ। ਜਦੋਂ ਪਾਣੀ ਦੀ ਸਤ੍ਹਾ ਸੈਂਟਰੀਫਿਊਗਲ ਪੰਪ (Centrifugal pump) ਦੀ ਸਮਰੱਥਾ ਤੋਂ ਦੂਰ ਹੋਵੇ ਜਾਂ ਪਾਣੀ ਦੀ ਸਤ੍ਹਾ ਵੱਧਦੀ ਘੱਟਦੀ ਹੋਵੇ ਤਾਂ ਉਥੇ ਟਰਬਾਈਨ ਪੰਪ (Turbine pump) ਜਾਂ ਸਬਮਰਸੀਬਲ ਪੰਪ (Submersible Pump) ਵਰਤਿਆ ਜਾਂਦਾ ਹੈ। ਇਹ ਪੰਪ ਕਾਫੀ ਮਹਿੰਗੇ ਹੁੰਦੇ ਹਨ ਅਤੇ ਸੈਂਟਰੀਫਿਊਗਲ ਪੰਪ ਦੇ ਮੁਕਾਬਲੇ ਲਾਉਣੇ ਅਤੇ ਮੁਰੰਮਤ ਕਰਨੇ ਵੀ ਔਖੇ ਹਨ।

ਸਿੰਚਾਈ ਪੰਪਾਂ ਦੀ ਚੋਣ:

ਪੰਪ ਦੀ ਚੋਣ ਕਰਨ ਲਈ ਇਲਾਕੇ ਅਤੇ ਰਕਬੇ ਦੇ ਨਾਲ, ਪਾਣੀ ਦੀ ਡੂੰਘਾਈ ਅਤੇ ਪਾਣੀ ਦੇ ਨਿਕਾਸ ਦੀ ਮਾਤਰਾ ਬਾਰੇ ਜਾਨਣਾ ਬਹੁਤ ਜ਼ਰੂਰੀ ਹੈ। ਇਸ ਜਾਣਕਾਰੀ ਦੇ ਅਧਾਰ ਤੇ ਵੱਧ ਤੋਂ ਵੱਧ ਸਮਰੱਥਾ ਵਾਲੇ ਪੰਪ ਦੀ ਚੋਣ ਕੀਤੀ ਜਾਂਦੀ ਹੈ। ਮਸ਼ਹੂਰ ਪੰਪ ਬਨਾਉਣ ਵਾਲੀਆਂ ਕੰਪਨੀਆਂ ਪੰਪ ਦੀਆਂ ਲਕਸ਼ਨਿਕ ਕਰਵਜ਼ (Characteristics Operational Curves) ਅਤੇ ਹੋਰ ਜਾਣਕਾਰੀ ਜਿਹੜੀ ਮੁੱਖ ਲੱਛਣਾਂ ਦਾ ਨਿਚੋੜ ਦੱਸਦੀ ਹੈ, ਦਿੰਦੀਆਂ ਹਨ।

ਅਲੱਗ-ਅਲੱਗ ਫਰਮਾਂ ਦੇ ਬਣਾਏ ਹੋਏ ਪੰਪ ਇਕ ਦੂਜੇ ਤੋਂ ਕੀਮਤ, ਕੰਮ ਕਰਨ ਦੀ ਯੋਗਤਾ ਅਤੇ ਉਪਯੋਗਤਾ ਵਿੱਚ ਅਲੱਗ-ਅਲੱਗ ਹੁੰਦੇ ਹਨ। ਪੰਪ ਦੀ ਉਪਯੋਗਤਾ 50-70 ਫ਼ੀਸਦੀ ਤੱਕ ਹੋ ਸਕਦੀ ਹੈ। ਖਰੀਦਣ ਵੇਲੇ ਜ਼ਿਆਦਾ ਤੋਂ ਜ਼ਿਆਦਾ ਉਪਯੋਗਤਾ ਵਾਲੇ ਪੰਪ ਚੁਣਨੇ ਚਾਹੀਦੇ ਹਨ। ਜਿਥੋਂ ਤੱਕ ਉਪਯੋਗਤਾ ਦਾ ਸਬੰਧ ਹੈ ਬੀ.ਆਈ.ਐਸ (BIS) ਅਤੇ ਪੰਜਾਬ ਕੁਆਲਿਟੀ ਦੇ ਨਿਸ਼ਾਨ ਵਾਲੇ ਪੰਪਾਂ `ਤੇ ਭਰੋਸਾ ਕੀਤਾ ਜਾ ਸਕਦਾ ਹੈ।

ਪੰਪ ਖ਼ਰੀਦਣ ਵੇਲੇ ਪੰਪ ਬਣਾਉਣ ਜਾਂ ਵਿਕਰੇਤਾ ਦੀ ਜਾਣਕਾਰੀ ਲਈ ਕਿਸਾਨ ਨੂੰ ਹੇਠ ਲਿਖੀਆਂ ਗੱਲਾਂ ਦਾ ਪਤਾ ਹੋਣਾ ਜ਼ਰੂਰੀ ਹੈ ਤਾਂ ਕਿ ਉਹ ਉਸ ਨੂੰ ਚੰਗਾ ਪੰਪ ਦੇ ਸਕਣ।
• ਪਾਣੀ ਦਾ ਸਾਧਨ (ਖੁੱਲਾ ਖੂਹ, ਟਿਊਵੈੱਲ ਜਾਂ ਬੋਰ)
• ਪਾਣੀ ਦੇ ਖਿਚਾਓ ਦੀ ਉਚਾਈ
• ਪਾਣੀ ਦੀ ਲੋੜੀਂਦੀ ਮਾਤਰਾ, ਫਾਰਮ ਦਾ ਰਕਬਾ, ਬੀਜਣ ਵਾਲੀਆਂ ਫ਼ਸਲਾਂ ਅਤੇ ਫ਼ਸਲਾਂ ਹੇਠ ਰਕਬੇ ਤੇ ਨਿਰਭਰ ਕਰਦੀ ਹੈ
• ਧਰਤੀ ਹੇਠਲੇ ਪਾਣੀ ਦੇ ਸੋਮੇ ਦੀ ਰੇਤੇ ਦੀ ਤਹਿ ਦੀ ਬਣਤਰ (ਰੇਤੇ ਦੀ ਮੋਟਾਈ ਅਤੇ ਤਹਿ ਦੀ ਲੰਬਾਈ)
• ਚਲਾਉਣ ਦਾ ਸਾਧਨ (ਇੰਜਣ ਜਾਂ ਮੋਟਰ) ਬਿਜਲੀ ਵਾਲੀ ਮੋਟਰ ਦੀ ਸੂਰਤ ਵਿੱਚ ਬਿਜਲੀ ਆਉਣ ਦਾ ਸਮਾਂ
• ਖੇਤ ਵਿੱਚ ਟਿਊਬਵੈੱਲ ਦੀ ਸਥਿਤੀ
• ਚਲਾਉਣ ਦਾ ਢੰਗ (ਪਟੇ ਨਾਲ, ਪੱਖਾ ਮੋਟਰ ਜੋੜ ਕੇ ਜਾਂ ਮੋਨੋਬਲਾਕ)
• ਪਾਣੀ ਲਿਜਾਣ ਦਾ ਤਰੀਕਾ, ਪੱਕੀਆਂ ਖਾਲਾਂ, ਕੱਚੀਆਂ ਖਾਲਾਂ, ਜਾਂ ਜ਼ਮੀਨ ਅੰਦਰ ਪਾਈਪਾਂ ਰਾਹੀਂ
• ਇਲਾਕੇ ਵਿੱਚ ਜ਼ਮੀਨ ਹੇਠਲੇ ਪਾਣੀ ਦੀ ਕਿਸਮ

ਪੰਪਾਂ ਦੀ ਠੀਕ ਵਰਤੋਂ ਲਈ ਹਦਾਇਤਾਂ:

• ਸੈਂਟਰੀਫਿਊਗਲ ਪੰਪ ਨੂੰ ਪਾਣੀ ਦੀ ਸਤ੍ਹਾ ਤੋਂ 1-2 ਮੀਟਰ ਉੱਚਾ ਰੱਖੋ।
• ਵਿਕਰੇਤਾ ਕੋਲੋਂ ਵੱਖ-ਵੱਖ ਤਰ੍ਹਾਂ ਦੇ ਡਿਜ਼ਾਈਨ ਦੇਖ ਕੇ ਪੰਪ ਦੀ ਚੋਣ, ਪਾਣੀ ਦੀ ਲੋੜੀਂਦੀ ਮਿਕਦਾਰ, ਪਾਣੀ ਦੀ ਡੂੰਘਾਈ ਅਤੇ ਪ੍ਰਾਪਤ ਸ਼ਕਤੀ ਦੇ ਸੋਮੇ ਦੇ ਮੁਤਾਬਕ ਕਰੋ।
• ਵੱਧ ਵਿਆਸ ਵਾਲੇ ਪਾਈਪ ਬੈਂਡਾਂ ਦੀ ਵਰਤੋਂ ਕਰੋ।
• ਪਾਣੀ ਨਿਕਾਸ ਪਾਈਪ ਨੂੰ ਜ਼ਮੀਨ ਤੋਂ ਘੱਟ ਤੋਂ ਘੱਟ ਸੰਭਵ ਉਚਾਈ ਤੇ ਰੱਖੋ।
• ਜੁਆਇੰਟ ਡੋਰੀ ਚੰਗੀ ਕਿਸਮ ਦੀ ਵਰਤੋਂ।
• ਜੁਆਇੰਟ ਡੋਰੀ ਨੂੰ ਇਸ ਤਰੀਕੇ ਨਾਲ ਲਾਓ ਕਿ ਇਸ ਵਿੱਚੋਂ ਤਕਰੀਬਨ 15-20 ਬੂੰਦਾਂ ਪ੍ਰਤੀ ਮਿੰਟ ਪਾਣੀ ਡਿੱਗੇ।
• ਜੁਆਇੰਟ ਡੋਰੀ ਟੁਕੜਿਆਂ ਵਿੱਚ ਜਿਹੜੇ ਪੰਪ ਸ਼ਾਫਟ ਦੇ ਘੇਰੇ ਦੇ ਬਰਾਬਰ ਹੋਣ, ਪਾਓ। ਹਰ ਟੁਕੜੇ ਦੇ ਸਿਰੇ ਇਕ ਦੂਜੇ ਟੁਕੜੇ ਦੇ ਸਿਰੇ ਤੋਂ ਅਲੱਗ ਕਰਕੇ ਪਾਓ।
• ਪੰਪ ਦੀ ਮੁਰੰਮਤ ਅਤੇ ਦੇਖਭਾਲ ਪੰਪ ਬਨਾਉਣ ਵਾਲਿਆਂ ਦੀਆਂ ਹਦਾਇਤਾਂ ਅਨੁਸਾਰ ਕਰੋ।
• ਪੰਪ ਦੇ ਸਕਸ਼ਨ ਪਾਸੇ ਦੇ ਸਾਰੇ ਜੋੜਾਂ ਨੂੰ ਹਵਾ ਬੰਦ (ਏਅਰ ਟਾਈਟ) ਕਰੋ।
• ਪੰਪ ਸਿਫ਼ਾਰਸ਼ ਕੀਤੀ ਚਾਲ ਤੇ ਚਲਾਓ।
• ਪਟੇ ਨਾਲ ਚੱਲਣ ਵਾਲੇ ਪੰਪਾਂ ਲਈ ਚੰਗੀ ਕਿਸਮ ਦੇ ਪਟੇ ਵਰਤੋ।
• ਸਕਸ਼ਨ ਅਤੇ ਨਿਕਾਸ ਪਾਈਪ ਨਾਲੀਆਂ ਠੀਕ ਆਕਾਰ ਦੀਆਂ ਵਰਤੋ।
• ਰੀਫਲੈਕਸ ਵਾਲਵ ਚੰਗੀ ਕਿਸਮ ਦਾ ਵਰਤੋ ਜਿਸ ਦਾ ਫਲੈਪ (ਟਿੱਕੀ) ਪੂਰੀ ਤਰ੍ਹਾਂ ਖੁੱਲ੍ਹੇ।
• ਪੰਪ ਫਿਟ ਕਰਨ ਵਾਲੀ ਥਾਂ ਪੱਕੀ ਅਤੇ ਪੱਧਰੀ ਹੋਵੇ ਅਤੇ ਜਿਸ ਵਿੱਚ ਸਰੀਏ ਦਿੱਤੇ ਹੋਏ ਹੋਣ।
• ਪੰਪ ਅਤੇ ਮੋਟਰ ਦੀ ਅਲਾਈਨਮੈਂਟ (ਸੇਧ) ਠੀਕ ਰੱਖੋ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਸਰਕਾਰ ਵੱਲੋਂ ਫ਼ਸਲਾਂ ਦੀ ਸਿੰਚਾਈ ਲਈ ਮਿਲੇਗਾ ਬਿਜਲੀ ਪੰਪ ਦਾ ਕੁਨੈਕਸ਼ਨ

ਟਿਊਬਵੈਲਾਂ ਦੇ ਖੂਹਾਂ ਵਿੱਚ ਗੈਸ ਦੀ ਸਮੱਸਿਆ:

ਕਈ ਥਾਵਾਂ ਤੇ ਦੇਖਿਆ ਗਿਆ ਹੈ ਕਿ ਗੈਸ ਖਾਸ ਕਰਕੇ ਕਾਰਬਨਡਾਈਆਕਸਾਈਡ ਖੂਹੀ ਵਿੱਚ ਜਮ੍ਹਾਂ ਹੋ ਜਾਂਦੀ ਹੈ। ਜਦੋਂ ਕੋਈ ਆਦਮੀ ਪੰਪ ਨੂੰ ਠੀਕ ਕਰਨ ਲਈ ਖੂਹੀ ਵਿੱਚ ਉਤਰਦਾ ਹੈ ਤਾਂ ਉਸਨੂੰ ਸਾਹ ਲੈਣਾ ਔਖਾ ਹੁੰਦਾ ਹੈ ਅਤੇ ਕੁਝ ਮਿੰਟਾਂ ਵਿੱਚ ਉਹ ਬੇਹੋਸ਼ ਹੋ ਜਾਂਦਾ ਹੈ। ਜੇਕਰ ਕਿਸੇ ਨਾਲ ਅਜਿਹਾ ਵਾਪਰੇ, ਤਾਂ ਉਸ ਨੂੰ ਖੂਹੀ ਵਿੱਚੋਂ ਉਸੇ ਸਮੇਂ ਬਾਹਰ ਨਿਕਲ ਆਉਣਾ ਚਾਹੀਦਾ ਹੈ।

ਗੈਸ ਦੀ ਪਰਖ਼ ਕਰਨ ਲਈ, ਮਿੱਟੀ ਦੇ ਤੇਲ ਵਾਲੀ ਲੈਂਪ ਬਾਲ ਕੇ ਇਸ ਨੂੰ ਹੌਲੀ-ਹੌਲੀ ਖੂਹੀ ਵਿੱਚ ਉਤਾਰੋ। ਜਿਥੇ ਜਾ ਕੇ ਇਹ ਬੁਝ ਜਾਵੇ ਤਾਂ ਸਮਝੋ ਉਸ ਤੋਂ ਥੱਲੇ ਕਾਰਬਨਡਾਈਆਕਸਾਈਡ ਗੈਸ ਹੈ। ਇਸ ਗੈਸ ਨੂੰ ਹੇਠ ਲਿਖੇ ਤਰੀਕਿਆਂ ਨਾਲ ਖਤਮ ਕੀਤਾ ਜਾ ਸਕਦਾ ਹੈ।
• ਹਵਾ ਬਾਹਰ ਕੱਢਣ ਵਾਲੇ ਪੱਖੇ ਦੀ ਵਰਤੋਂ ਕਰੋ ਜਿਸ ਨੂੰ ਹੇਠਾਂ ਤੱਕ ਪੀ ਵੀ ਸੀ ਪਾਈਪ ਨਾਲ ਜੋੜ ਦਿਓ।
• ਖਾਲੀ ਬੋਰੀ ਜਾਂ ਬਾਲਟੀ ਜਾਂ ਛਤਰੀ ਨਾਲ ਗੈਸ ਕੱਢਣ ਲਈ, ਇਨ੍ਹਾਂ ਨੂੰ ਖੂਹ ਵਿੱਚ ਹੇਠਾਂ ਉੱਤੇ ਕਰੋ।
• ਜੇਕਰ ਪੰਪ ਪਟੇ ਨਾਲ ਚਲਦਾ ਹੋਵੇ ਤਾਂ ਪੰਪ ਨੂੰ 15 ਮਿੰਟ ਤੱਕ ਖਾਲੀ ਚਲਾਓ ਅਤੇ ਇਹ ਗੈਸ ਬਾਹਰ ਨਿਕਲ ਜਾਵੇਗੀ
ਬਲੋਅਰ ਨਾਲ ਇਕ ਲੰਮੀ ਰਬੜ ਜਾਂ ਕੱਪੜੇ ਦੀ ਪਾਈਪ ਜੋੜ ਕੇ ਖੂਹੀ ਵਿੱਚ ਹਵਾ ਮਾਰੋ। ਇਨ੍ਹਾਂ ਤਰੀਕਿਆਂ ਦੀ ਵਰਤੋਂ ਪਿਛੋਂ ਖੂਹੀ ਵਿੱਚ ਉਤਰਨ ਤੋਂ ਪਹਿਲਾਂ ਖੂਹੀ ਵਿੱਚ ਗੈਸ ਦੀ ਹੋਂਦ ਦਾ ਪਤਾ, ਮਿੱਟੀ ਦੇ ਤੇਲ ਵਾਲੀ ਲੈਂਪ ਨਾਲ ਲਾ ਲੈਣਾ ਚਾਹੀਦਾ ਹੈ।

ਸਿੰਚਾਈ ਲਈ ਪਾਣੀ ਦੀ ਸੁਚੱਜੀ ਵਰਤੋਂ:

ਕਿਆਰਿਆਂ ਵਿੱਚ ਖੁੱਲਾ ਪਾਣੀ, ਖਾਲੀਆਂ ਵਿੱਚ ਪਾਣੀ, ਫੁਹਾਰਾ ਸਿੰਜਾਈ ਪ੍ਰਣਾਲੀ ਅਤੇ ਤੁਪਕਾ ਸਿੰਜਾਈ ਪ੍ਰਣਾਲੀ ਆਦਿ ਖੇਤੀ ਸਿੰਜਾਈ ਦੇ ਮੁੱਖ ਤਰੀਕੇ ਹਨ ਪਰ ਕਿਆਰਿਆਂ ਵਿੱਚ ਫ਼ਸਲ ਨੂੰ ਖੁੱਲਾ ਪਾਣੀ ਛੱਡ ਕੇ ਸਿੰਜਾਈ ਕਰਨੀ ਹੀ ਕਿਸਾਨਾਂ ਵਿੱਚ ਬਹੁਤ ਪ੍ਰਚਲਤ ਤਰੀਕਾ ਹੈ। ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਇਹ ਜਰੂਰੀ ਹੁੰਦਾ ਹੈ ਕਿ ਵੱਧ ਤੋਂ ਵੱਧ ਪਾਣੀ ਫ਼ਸਲ ਦੇ ਜੜ੍ਹ-ਖੇਤਰ ਵਿੱਚ ਪਹੁੰਚੇ ਅਤੇ ਜਮ੍ਹਾਂ ਹੋਵੇ। ਇਹ ਸਭ ਜ਼ਮੀਨ ਦੀ ਕਿਸਮ, ਖੇਤ ਦੀ ਢਲਾਣ, ਖੇਤ ਦੇ ਆਕਾਰ, ਸਿੰਜਾਈ ਲਈ ਉਪਲਬਧ ਪਾਣੀ ਦੀ ਮਾਤਰਾ ਅਤੇ ਫ਼ਸਲ ਉਪਰ ਨਿਰਭਰ ਕਰਦਾ ਹੈ। ਸਿੰਜਾਈ ਵਾਲੇ ਪਾਣੀ ਦਾ ਬਿਹਤਰ ਫਾਇਦਾ ਲੈਣ ਲਈ ਜਰੂਰੀ ਹੈ ਕਿ ਸਿੰਜਾਈ ਦੇ ਸਹੀ ਢੰਗ ਦੀ ਚੋਣ ਕੀਤੀ ਜਾਵੇ। ਅੱਜਕੱਲ ਪੰਜਾਬ ਵਿੱਚ ਸਿੰਜਾਈ ਕਾਰਜ-ਕੁਸ਼ਲਤਾ 30 ਤੋਂ 40 ਪ੍ਰਤੀਸ਼ਤ ਤੱਕ ਹੀ ਦੇਖਣ ਵਿੱਚ ਆ ਰਹੀ ਹੈ ਜਦਕਿ ਸਿੰਜਾਈ ਦੇ ਸਹੀ ਢੰਗ ਦੀ ਚੋਣ ਸਦਕਾ ਇਸ ਨੂੰ 60 ਤੋਂ 70 ਪ੍ਰਤੀਸ਼ਤ ਤੱਕ ਵਧਾਇਆ ਜਾ ਸਕਦਾ ਹੈ।

ਸੂਰਜਮੁਖੀ ਦੀ ਫ਼ਸਲ ਲਈ ਖਾਲੀਆਂ ਵਿੱਚ ਪਾਣੀ ਲਗਾਉਣਾ ਹਰ ਕਿਸਮ ਦੀਆਂ ਜ਼ਮੀਨਾਂ ਵਿੱਚ ਢੁਕਵਾਂ ਹੈ। ਹਲਕੀਆਂ, ਰੇਤਲੀਆਂ ਅਤੇ ਉੱਚੀਆਂ-ਨੀਵੀਆਂ ਜ਼ਮੀਨਾਂ ਜਾਂ ਫਿਰ ਜਿੱਥੇ ਪਾਣੀ ਦੀ ਕਮੀ ਹੋਵੇ, ਫੁਹਾਰਾ ਸਿੰਜਾਈ ਪ੍ਰਣਾਲੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਪ੍ਰਣਾਲੀ ਦੀ ਮੁਢਲੀ ਲਾਗਤ ਕੁਝ ਜਿਆਦਾ ਹੈ। ਵੱਖ-ਵੱਖ ਜ਼ਮੀਨੀ ਹਾਲਤਾਂ ਅਧੀਨ ਖੁੱਲ੍ਹਾ ਪਾਣੀ ਦੇਣ ਲਈ ਕਿਆਰਿਆਂ ਦਾ ਢੁਕਵਾਂ ਆਕਾਰ ਹੇਠਾਂ ਦੱਸਿਆ ਗਿਆ ਹੈ।

ਹਲਕੀਆਂ, ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਲਈ ਕ੍ਰਮਵਾਰ 0.4, 0.3 ਅਤੇ 0.15 ਪ੍ਰਤੀਸ਼ਤ ਢਲਾਣ, ਭਾਵ ਇੱਕ ਏਕੜ ਖੇਤ ਦੇ ਕਿਆਰਿਆਂ ਦੇ ਪਹਿਲੇ ਅਤੇ ਆਖਰੀ ਸਿਰੇ ਵਿੱਚ ਜ਼ਮੀਨੀ ਪੱਧਰ ਦਾ 9.6, 7.2 ਅਤੇ 3.6 ਇੰਚ ਫਰਕ ਰੱਖਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਟਿਊਬਵੈੱਲ ਸਿੰਜਾਈ ਅਧੀਨ ਕ੍ਰਮਵਾਰ ਹਲਕੀਆਂ, ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਲਈ ਟਿਊਬਵੈੱਲ ਡਲਿਵਰੀ ਪਾਈਪ ਦੇ 3-4 ਇੰਚ ਮੂੰਹ (7.5 ਤੋਂ 10 ਲਿਟਰ ਪ੍ਰਤੀ ਸੈਕਿੰਡ) ਅਤੇ 6 ਇੰਚ ਮੂੰਹ (20 ਲਿਟਰ ਪ੍ਰਤੀ ਸੈਕਿੰਡ) ਲਈ 16, 10, 8 ਅਤੇ 10, 5, 4 ਕਿਆਰੇ ਪ੍ਰਤੀ ਏਕੜ ਬਣਾਉਣੇ ਚਾਹੀਦੇ ਹਨ। ਇਸੇ ਤਰ੍ਹਾਂ ਨਹਿਰੀ ਸਿੰਜਾਈ ਅਧੀਨ ਮੋਘੇ ਤੋਂ 30 ਲਿਟਰ ਪ੍ਰਤੀ ਸਕਿੰਟ ਪਾਣੀ ਲਈ ਇਨ੍ਹਾਂ ਜ਼ਮੀਨਾਂ ਲਈ ਕ੍ਰਮਵਾਰ 7, 4 ਅਤੇ 3 ਕਿਆਰੇ ਪ੍ਰਤੀ ਏਕੜ ਬਣਾਉਣੇ ਚਾਹੀਦੇ ਹਨ।

Summary in English: Some special things about installing and operating an irrigation pump

Like this article?

Hey! I am Priya Shukla. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters