77th Independence Day: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ 77ਵਾਂ ਆਜ਼ਾਦੀ ਦਿਹਾੜਾ ਬੜੇ ਉਤਸਾਹ ਭਰਪੂਰ ਮਾਹੌਲ ਵਿੱਚ ਮਨਾਇਆ ਗਿਆ। ਡਾ. ਇੰਦਰਜੀਤ ਸਿੰਘ, ਉਪ-ਕੁਲਪਤੀ ਨੇ ਰਾਸ਼ਟਰੀ ਝੰਡਾ ਫਹਿਰਾਇਆ ਅਤੇ ਨਮਨ ਕੀਤਾ। ਉਨ੍ਹਾਂ ਨੇ ਦੇਸ਼ ਭਗਤਾਂ ਅਤੇ ਸੂਰਵੀਰਾਂ ਨੂੰ ਯਾਦ ਕੀਤਾ ਜਿਨ੍ਹਾਂ ਆਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਯੋਧਿਆਂ ਨੂੰ ਕਦੇ ਵੀ ਭੁਲਾਉਣਾ ਨਹੀਂ ਚਾਹੀਦਾ।
ਆਪਣੇ ਸੰਬੋਧਨ ਵਿੱਚ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਇਸ ਵਰ੍ਹੇ ਅਸੀਂ ਯੂਨੀਵਰਸਿਟੀ ਵਿਚ ਨਵੇਂ ਜਿਮਨੇਜ਼ੀਅਮ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀ ਸਹੂਲਤਾਂ ਨੂੰ ਹੋਰ ਸੁਦ੍ਰਿੜ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਨੂੰ ਹੋਰ ਨਿਖਾਰਿਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਰਾਸ਼ਟਰੀ ਪੱਧਰ ’ਤੇ ਬੈਚਲਰ ਆਫ ਵੈਟਨਰੀ ਸਾਇੰਸ ਦੇ ਪਾਠਕ੍ਰਮ ਦੀ ਸੁਧਾਈ ਕੀਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਗ੍ਰਹਿਣ ਕਰਨ ਦੇ ਨਾਲ ਨਾਲ ਸ਼ਖ਼ਸੀਅਤ ਵਿਕਾਸ ਲਈ ਵਧੇਰੇ ਸਮਾਂ ਮਿਲ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਮੁੱਢੋਂ ਖ਼ਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਆਪਣਾ ਨਿੱਗਰ ਯੋਗਦਾਨ ਪਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੀਏਯੂ ਵਿਖੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ 77th Independence Day
ਉਨ੍ਹਾਂ ਇਸ ਗੱਲ ਦਾ ਵੀ ਭਰੋਸਾ ਦਿਵਾਇਆ ਕਿ ਪਰਾਲੀ ਦੇ ਸਹੀ ਉਪਯੋਗ ਵਾਸਤੇ ਨਵੀਆਂ ਤਕਨਾਲੋਜੀਆਂ ਵਿਕਸਤ ਕਰਨੀਆਂ ਉਨ੍ਹਾਂ ਦੇ ਪਹਿਲ ਵਾਲੇ ਕੰਮਾਂ ਵਿਚ ਸ਼ੁਮਾਰ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਗੱਲ ਲਈ ਪ੍ਰੇਰਿਤ ਕੀਤਾ ਕਿ ਇਸ ਧਰਤੀ ਤੋਂ ੳੇੁਚੇਰੀ ਸਿੱਖਿਆ ਲੈ ਕੇ ਉਹ ਆਪਣੇ ਰਾਸ਼ਟਰ ਦੀ ਸੇਵਾ ਕਰਨ। ਉਨ੍ਹਾਂ ਨੇ ਯੂਨੀਵਰਸਿਟੀ ਦੇ ਵਿਗਿਆਨੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਸੰਸਥਾ ਦੀ ਮਜ਼ਬੂਤੀ ਲਈ ਆਪਣਾ ਸਰਵਸ੍ਰੇਸ਼ਠ ਯੋਗਦਾਨ ਪਾਉਣ।
ਇਹ ਵੀ ਪੜ੍ਹੋ : ਕਿਰਤ ਨਾਲ ਕਿਸਾਨੀ ਦੀ ਖੁਸ਼ਹਾਲੀ ਸੰਭਵ: PAU Vice Chancellor
ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਦੀ ਬਿਹਤਰੀ ਲਈ ਅਨੁਸ਼ਾਸਿਤ ਅਤੇ ਉਸਾਰੂ ਜੀਵਨ ਜੀਣ ਲਈ ਉਤਸਾਹਿਤ ਕੀਤਾ। ਡਾ. ਇੰਦਰਜੀਤ ਸਿੰਘ ਅਤੇ ਯੂਨੀਵਰਸਿਟੀ ਅਧਿਕਾਰੀਆਂ ਨੇ ਗ਼ੈਰ-ਅਧਿਆਪਨ ਕਰਮਚਾਰੀਆਂ ਨੂੰ ਉਨ੍ਹਾਂ ਦੇ ਪ੍ਰਸ਼ਾਸਕੀ ਯੋਗਦਾਨ, ਪ੍ਰਾਪਤੀਆਂ ਅਤੇ ਮਿਸਾਲੀ ਕਾਰਜਾਂ ਲਈ ਸਨਮਾਨਿਤ ਵੀ ਕੀਤਾ।
ਉਪ-ਕੁਲਪਤੀ ਦੇ ਸੰਬੋਧਨ ਤੋਂ ਬਾਅਦ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਹੋਏ ਗੀਤ, ਨ੍ਰਿਤ ਲੇਖਣ ਅਤੇ ਕਵਿਤਾਵਾਂ ਪੇਸ਼ ਕਰਕੇ ਵਿਦਿਆਰਥੀਆਂ ਨੇ ਸਮਾਗਮ ਨੂੰ ਸੰਗੀਤਮਈ ਢੰਗ ਨਾਲ ਦੇਸ਼ ਪਿਆਰ ਨਾਲ ਜੋੜ ਦਿੱਤਾ।ਆਜ਼ਾਦੀ ਦਿਵਸ ਨੂੰ ਸਮਰਪਿਤ ਇਸ ਸਮਾਰੋਹ ਵਿਚ ਯੂਨੀਵਰਸਿਟੀ ਦੇ ਅਧਿਕਾਰੀਆਂ, ਵਿਭਾਗ ਮੁਖੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।ਸਾਰੇ ਸਮਾਰੋਹ ਦਾ ਪ੍ਰਬੰਧ ਡਾ. ਸਤਿਆਵਾਨ ਰਾਮਪਾਲ, ਨਿਰਦੇਸ਼ਕ ਵਿਦਿਆਰਥੀ ਭਲਾਈ ਦੀ ਅਗਵਾਈ ਵਿਚ ਬਹੁਤ ਸੁਚੱਜੇ ਢੰਗ ਨਾਲ ਕੀਤਾ ਗਿਆ ਸੀ।
ਸਰੋਤ: ਇਹ ਜਾਣਕਾਰੀ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ (GADVASU) ਤੋਂ ਮਿਲੀ ਹੈ।
Summary in English: 77th Independence Day celebrations at Veterinary University