ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਕਿਸਾਨਾਂ ਦਾ ਧਰਨਾ ਜਾਰੀ ਹੈ। ਦੱਸ ਦੇਈਏ ਕਿ ਚੱਲ ਰਹੇ ਇਸ ਪੱਕੇ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮੋਰਚੇ ਦੌਰਾਨ ਹਜ਼ਾਰਾਂ ਕਿਸਾਨਾਂ ਨੇ ਮੌਨ ਰੱਖ ਕੇ ਸ਼ਹੀਦ ਕਿਸਾਨ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
ਜ਼ਿਕਰਯੋਗ ਹੈ ਕਿ ਇਸ ਮੋਰਚੇ ਨੂੰ ਅੱਜ 14 ਦਿਨ ਹੋ ਗਏ ਹਨ। ਇਸ ਤੋਂ ਪਹਿਲਾਂ ਵੀ ਪੱਕੇ ਮੋਰਚੇ ਦੌਰਾਨ ਸੱਪ ਦੇ ਡੱਸਣ ਕਾਰਨ ਕਿਸਾਨ ਗੁਰਚਰਨ ਸਿੰਘ ਦੀ ਮੌਤ ਹੋ ਗਈ ਸੀ, ਜਿਸ ਦੀ ਮ੍ਰਿਤਕ ਦੇਹ ਰਾਜਿੰਦਰਾ ਹਸਪਤਾਲ ਪਟਿਆਲਾ `ਚ ਰੱਖੀ ਹੋਈ ਹੈ। ਇਸ ਤੋਂ ਬਾਅਦ ਹੁਣ ਕਰਨੈਲ ਸਿੰਘ ਦੀ ਵੀ ਮੌਤ ਹੋ ਗਈ। ਦੱਸ ਦੇਈਏ ਕਿ ਕਰਨੈਲ ਸਿੰਘ ਦੀ ਗੁਰੂ ਘਰ ਸਾਹਮਣੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਰਨੈਲ ਸਿੰਘ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਸੰਗਰੂਰ `ਚ ਰਖਵਾਈ ਗਈ ਹੈ।
ਜਥੇਬੰਦੀ ਨੇ ਕਰਨੈਲ ਸਿੰਘ ਦੀ ਮੌਤ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਰਕਾਰ ਤੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ, ਕਰਜ਼ਾ ਮੁਆਫ਼ੀ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ ਹੈ। ਜਥੇਬੰਦੀ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਕਿਸਾਨਾਂ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਰਾਜਪਾਲ ‘ਆਪ’ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਮੈਦਾਨ `ਚ ਆਏ, ਕਾਨੂੰਨੀ ਮਸ਼ਵਰਾ ਲੈਣ ਦਾ ਐਲਾਨ
ਕਿਸਾਨਾਂ ਦੀਆਂ ਮੰਗਾਂ ਪ੍ਰਤੀ ਲਗਾਤਾਰ ਸਰਕਾਰ ਨੇ ਚੁੱਪ ਵੱਟੀ ਹੋਈ ਹੈ। ਇਸ ਕਾਰਨ ਸਰਕਾਰ ਪ੍ਰਤੀ ਕਿਸਾਨਾਂ ਦਾ ਰੋਹ ਵੀ ਵੱਧਦਾ ਜਾ ਰਿਹਾ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪੱਕਾ ਮੋਰਚਾ ਤੇ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਲਗਾਤਾਰ ਜਾਰੀ ਰਹੇਗਾ। ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਤੇ ਦੋਵੇਂ ਸ਼ਹੀਦ ਕਿਸਾਨਾਂ ਨਾਲ ਸਬੰਧਤ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤਿੱਖਾ ਹੋ ਜਾਵੇਗਾ।
Summary in English: Another farmer died during the dharna in front of Bhagwant Mann's residence