Punjab Big News: ਸਾਉਣੀ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ-ਖੂੰਹਦ ਖੇਤ ਵਿੱਚ ਹੀ ਰਹਿ ਜਾਂਦੀ ਹੈ, ਜਿਸ ਨੂੰ ਪਰਾਲੀ ਕਿਹਾ ਜਾਂਦਾ ਹੈ। ਇਸ ਨੂੰ ਨਸ਼ਟ ਕਰਨ ਤੋਂ ਬਾਅਦ ਹੀ ਕਿਸਾਨ ਖੇਤ ਵਿੱਚ ਅਗਲੀ ਫ਼ਸਲ ਦੀ ਤਿਆਰੀ ਸ਼ੁਰੂ ਕਰਦੇ ਹਨ। ਪਰਾਲੀ ਨੂੰ ਨਸ਼ਟ ਕਰਨ ਲਈ ਜ਼ਿਆਦਾਤਰ ਕਿਸਾਨ ਇਸ ਨੂੰ ਸਾੜਨ ਦੀ ਕੋਸ਼ਿਸ਼ ਕਰਦੇ ਹਨ। ਪਰ ਇਸ ਵਾਰ ਕਿਸਾਨਾਂ ਨੂੰ ਪਰਾਲੀ ਸਾੜਨਾ ਭਾਰੀ ਪੈ ਸਕਦਾ ਹੈ।
ਝੋਨੇ ਦੇ ਸੀਜ਼ਨ ਵਿੱਚ ਪਰਾਲੀ ਦੇ ਪ੍ਰਦੂਸ਼ਣ ਨੂੰ ਠੱਲ੍ਹਣਾ ਚੁਣੌਤੀ ਬਣ ਗਿਆ ਹੈ। ਦੱਸ ਦੇਈਏ ਕਿ ਹਰ ਸਾਲ ਦਿੱਲੀ-ਐਨਸੀਆਰ ਦੇ ਨਾਲ ਲੱਗਦੇ ਸੂਬਿਆਂ 'ਚ ਪਰਾਲੀ ਇੱਕ ਵੱਡੀ ਸਮੱਸਿਆ ਬਣ ਜਾਂਦੀ ਹੈ। ਹਰਿਆਣਾ ਤੇ ਪੰਜਾਬ ਦੇ ਖੇਤਾਂ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਦਾ ਪੱਧਰ ਕਾਫੀ ਗਿਰ ਜਾਂਦਾ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਹੁਣ ਪਰਾਲੀ ਸਾੜਨ ਵਾਲੇ ਕਿਸਾਨ ਸਾਵਧਾਨ ਹੋ ਜਾਣ, ਕਿਉਂਕਿ ਹੁਣ ਤੁਸੀਂ ਪਰਾਲੀ ਸਾੜਦੇ ਹੋਏ ਫੜੇ ਗਏ ਤਾਂ ਤੁਹਾਨੂੰ ਭਾਰੀ ਜੁਰਮਾਨਾ, ਕਾਨੂੰਨੀ ਕਾਰਵਾਈ ਦੇ ਨਾਲ ਅਸਲਾ ਲਾਇਸੈਂਸ ਰੱਦ ਹੋਣ ਤੱਕ ਦੀ ਸਥਿਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦੱਸ ਦੇਈਏ ਕਿ ਫਾਜਿ਼ਲਕਾ ਦੇ ਜਿ਼ਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹਾ ਵਾਸੀਆਂ ਨੂੰ ਝੋਨੇ ਦੀ ਅਗਾਮੀ ਸੀਜਨ ਦੌਰਾਨ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜ਼ੇਕਰ ਕਿਸੇ ਅਸਲਾ ਲਾਇਸੈਂਸ ਧਾਰਕ ਨੇ ਇਸ ਵਾਰ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਅਸਲਾ ਲਾਇਸੈਂਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।
ਜਿ਼ਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਜਿੱਥੇ ਨੁਕਸਾਨ ਹੁੰਦਾ ਹੈ, ਉਥੇ ਹੀ ਇਸ ਨਾਲ ਸਾਡੀਆਂ ਜਮੀਨਾਂ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ, ਜਿਸਦੇ ਮੱਦੇਨਜ਼ਰ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਬਾਰੇ ਜਾਗਰੂਕ ਕਰ ਰਹੀ ਹੈ।
ਇਹ ਵੀ ਪੜ੍ਹੋ : ਪੀਏਯੂ ਨੇ ਪਰਾਲੀ ਸਾੜਨ ਦੀ ਸਮੱਸਿਆ ਦਾ ਕੀਤਾ ਹੱਲ, ਹੁਣ ਪ੍ਰਦੂਸ਼ਣ ਦੀ ਸਮੱਸਿਆ ਤੋਂ ਮਿਲੇਗਾ ਛੁਟਕਾਰਾ
ਅੱਗੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਵੱਡੇ ਪੱਧਰ ਤੇ ਮਸ਼ੀਨਾਂ ਸਬਸਿਡੀ ਤੇ ਮੁਹਈਆ ਕਰਵਾਈਆਂ ਗਈਆਂ ਹਨ। ਇਸ ਲਈ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੇਤੀਬਾੜੀ ਵਿਭਾਗ ਦੀ ਸਲਾਹ ਨਾਲ ਪਰਾਲੀ ਦਾ ਪ੍ਰਬੰਧਨ ਕਰਨ ਅਤੇ ਕੋਈ ਵੀ ਪਰਾਲੀ ਨੂੰ ਅੱਗ ਨਾ ਲਗਾਵੇ।
ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਪਿੰਡ ਲਈ ਨੋਡਲ ਅਫ਼ਸਰ ਦੀ ਅਗਵਾਈ ਵਿਚ ਟੀਮਾਂ ਪਹਿਲਾਂ ਹੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਜਿ਼ਲ੍ਹਾ ਮੈਜਿਸਟ੍ਰੇਟ ਨੇ ਅਪੀਲ ਕੀਤੀ ਹੈ ਕਿ ਇਸ ਵਾਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਕ ਜਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਵੇ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫ਼ਾਜ਼ਿਲਕਾ (District Public Relations Office Fazilka)
Summary in English: Arms holders Alert! license will be canceled and heavy fines will be imposed