1. Home
  2. ਖਬਰਾਂ

Sangrur ਵਿਖੇ ਸੀ.ਆਰ.ਐਮ. ਪ੍ਰੋਜੈਕਟ ਅਧੀਨ ਜ਼ਿਲਾ ਪੱਧਰੀ ਕੈਂਪ ਦਾ ਆਯੋਜਨ, 150 ਤੋਂ ਵੱਧ ਕਿਸਾਨਾਂ ਨੇ ਲਿਆ ਹਿੱਸਾ

ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਲਗਾਤਾਰ ਸਾਂਭਣ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਖੇਤ ਵਿੱਚ ਸਾਂਭਣ ਨਾਲ ਜ਼ਮੀਨ ਵਿੱਚ ਜੈਵਿਕ ਕਾਰਬਨ ਅਤੇ ਹੋਰ ਤੱਤਾਂ ਵਿੱਚ ਵਾਧਾ ਹੁੰਦਾ ਹੈ, ਜਿਸ ਨਾਲ ਫ਼ਸਲ ਦੀ ਪੈਦਾਵਾਰ ਵਧਦੀ ਹੈ ਅਤੇ ਰਸਾਇਣਕ ਖਾਦਾਂ ਦਾ ਖਰਚਾ ਘਟਦਾ ਹੈ।

Gurpreet Kaur Virk
Gurpreet Kaur Virk
ਸੰਗਰੂਰ ਵਿਖੇ ਜ਼ਿਲਾ ਪੱਧਰੀ ਕੈਂਪ ਦਾ ਆਯੋਜਨ, 150 ਤੋਂ ਵੱਧ ਕਿਸਾਨਾਂ ਨੇ ਲਿਆ ਹਿੱਸਾ

ਸੰਗਰੂਰ ਵਿਖੇ ਜ਼ਿਲਾ ਪੱਧਰੀ ਕੈਂਪ ਦਾ ਆਯੋਜਨ, 150 ਤੋਂ ਵੱਧ ਕਿਸਾਨਾਂ ਨੇ ਲਿਆ ਹਿੱਸਾ

KVK Sangrur: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਰਾਲੀ ਪ੍ਰਬੰਧਨ ਪ੍ਰੋਜੈਕਟ (2025-26) ਅਧੀਨ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਪਿੰਡ ਜਖੇਪਲ, ਬਲਾਕ ਸੁਨਾਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 150 ਕਿਸਾਨਾਂ ਨੇ ਭਾਗ ਲਿਆ।

ਇਸ ਸਿਖਲਾਈ ਕੈਂਪ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਪ੍ਰੋਜੈਕਟ ਅਧੀਨ ਕੀਤੀਆਂ ਜਾ ਰਹੀਆਂ ਸੂਚਨਾ, ਸਿੱਖਿਆ ਅਤੇ ਸੰਚਾਰ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸਾਂਭਣ ਲਈ ਪ੍ਰੇਰਿਤ ਕੀਤਾ।

ਉਹਨਾਂ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਲਗਾਤਾਰ ਸਾਂਭਣ ਦੇ ਫਾਇਦਿਆਂ ਬਾਰੇ ਵੀ ਜਾਗਰੂਕ ਕੀਤਾ। ਉਹਨਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਖੇਤ ਵਿੱਚ ਸਾਂਭਣ ਨਾਲ ਜ਼ਮੀਨ ਵਿੱਚ ਜੈਵਿਕ ਕਾਰਬਨ ਅਤੇ ਹੋਰ ਤੱਤਾਂ ਵਿੱਚ ਵਾਧਾ ਹੁੰਦਾ ਹੈ। ਜਿਸ ਨਾਲ ਫ਼ਸਲ ਦੀ ਪੈਦਾਵਾਰ ਵਧਦੀ ਹੈ ਅਤੇ ਰਸਾਇਣਕ ਖਾਦਾਂ ਦਾ ਖਰਚਾ ਘਟਦਾ ਹੈ। ਉਹਨਾਂ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਾਲਾਨਾ ਸਿਖਲਾਈ ਪ੍ਰੋਗਰਾਮਾਂ, ਕਿੱਤਾਮੁਖੀ ਸਿਖਲਾਈ ਕੋਰਸਾਂ, ਮਿੱਟੀ-ਪਾਣੀ ਪਰਖ, ਖੇਤੀ ਸੰਦੇਸ਼ (ਹਫਤਾਵਾਰੀ ਡਿਜੀਟਲ ਅਖ਼ਬਾਰ) ਅਤੇ ਮਿਆਰੀ ਬੀਜਾਂ ਦੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਸੁਪਰ ਸੀਡਰ, ਮਲਚਰ, ਪਲਟਾਊ ਹਲ, ਆਦਿ ਬਾਰੇ ਵਿਸਥਾਰਪੂਵਕ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਕੇ.ਵੀ.ਕੇ. ਵਿਖੇ ਸਥਾਪਿਤ ਸੀ.ਆਰ.ਐਮ. ਮਸ਼ੀਨਰੀ ਬੈਂਕ ਅਤੇ ਸਿਖਲਾਈ ਪਲੇਟਫਾਰਮ ਬਾਰੇ ਵੀ ਜਾਣਕਾਰੀ ਦਿੱਤੀ।

ਡਾ ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਬਾਗਬਾਨੀ ਫ਼ਸਲ ਵਿੱਚ ਪਰਾਲੀ ਦੀ ਵਰਤੋਂ, ਸਬਜ਼ੀਆਂ ਦੀਆਂ ਨਵੀਆਂ ਕਿਸਮਾਂ ਅਤੇ ਪਨੀਰੀ ਤਿਆਰ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਸਾਨਾਂ ਨੂੰ ਘਰੇਲੂ ਸਬਜੀ ਅਤੇ ਫ਼ਲਾਂ ਦੀ ਪੌਸ਼ਟਿਕ ਬਗੀਚੀ ਲਗਾਉਣ ਲਈ ਵੀ ਪ੍ਰੇਰਿਤ ਕੀਤਾ।

ਡਾ. ਰੁਕਿੰਦਰ ਪ੍ਰੀਤ ਸਿੰਘ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਵਿੱਚ ਨਦੀਨ ਪ੍ਰਬੰਧ, ਖਾਦ ਪ੍ਰਬੰਧ, ਸਿੰਚਾਈ ਪ੍ਰਬੰਧ ਅਤੇ ਸੁਧਰੀਆਂ ਸਪਰੇਅ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਕਣਕ ਦੀ ਫਸਲ ਵਿੱਚ ਮੈਂਗਨੀਜ਼ ਦੀ ਘਾਟ ਅਤੇ ਰੋਕਥਾਮ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਕਣਕ ਨੂੰ ਉੱਚ ਤਾਪਮਾਨ ਤੋਂ ਬਚਾਉਣ ਅਤੇ ਵਧੇਰੇ ਝਾੜ ਲਈ ਪੋਟਾਸ਼ੀਅਮ ਨਾਈਟ੍ਰੇਟ ਦੀ ਵਰਤੋਂ ਬਾਰੇ ਵੀ ਦੱਸਿਆ।

 

ਡਾ. ਨਰਿੰਦਰਪਾਲ ਸਿੰਘ ਚੀਮਾ, ਖੇਤੀਬਾੜੀ ਵਿਕਾਸ ਅਫਸਰ, ਸੁਨਾਮ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਕੀਮਾਂ ਜਿਵੇਂ ਕਿ ਜਿਪਸਮ ਦੀ ਸਬਸਿਡੀ ਉੱਤੇ ਉਪਲਬਧਤਾ, ਪੀ ਐਮ ਕਿਸਾਨ ਸਕੀਮ, ਝੋਨੇ ਦੀ ਸਿੱਧੀ ਬਿਜਾਈ ਅਤੇ ਸਾਉਣੀ ਰੁੱਤ ਦੀ ਮੱਕੀ ਉੱਤੇ ਵਿੱਤੀ ਸਹਾਇਤਾ, ਆਦਿ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨਾਂ ਨੂੰ ਪੀ.ਏ.ਯੂ. ਦਾ ਖੇਤੀ ਸਾਹਿਤ ਵੀ ਦਿੱਤਾ ਗਿਆ। ਕਿਸਾਨਾਂ ਵੱਲੋਂ ਪੁੱਛੇ ਸੁਆਲਾਂ ਜਿਵੇਂ ਕਿ ਗੁੱਲੀਡੰਡੇ ਵਿੱਚ ਨਦੀਨਨਾਸ਼ਕਾਂ ਪ੍ਰਤੀ ਸਹਿਣਸ਼ੀਲਤਾ, ਇੱਕ ਤੋਂ ਨਦੀਨਨਾਸ਼ਕ ਨੂੰ ਰਲਾ ਕੇ ਸਪਰੇਅ ਕਰਨਾ, ਕਣਕ ਵਿੱਚ ਸਲਫ਼ਰ ਤੱਤ ਦੀ ਵਰਤੋਂ, ਝੋਨੇ ਵਿੱਚ ਮਧਰੇਪਨ ਦੀ ਸੱਮਸਿਆ, ਅਮਰੂਦਾਂ ਵਿੱਚ ਫਲ ਦੀ ਮੱਖੀ ਦੀ ਰੋਕਥਾਮ, ਆਦਿ ਦੇ ਜਵਾਬ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ। ਇਸ ਕੈਂਪ ਨੂੰ ਕਾਮਯਾਬ ਕਰਨ ਵਿੱਚ ਪਿੰਡ ਦੇ ਸਰਪੰਚ ਸ. ਗੁਰਚਰਨ ਸਿੰਘ, ਅਤੇ ਖੇਤੀਬਾੜੀ ਵਿਭਾਗ, ਸੁਨਾਮ ਦੇ ਕਰਮਚਾਰੀਆਂ ਨੇ ਵਿਸ਼ੇਸ ਯੋਗਦਾਨ ਪਾਇਆ।

ਸਰੋਤ: ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University)

Summary in English: District level camp organized under CRM project at Sangrur, more than 150 farmers participated

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters