Cultivation of Chillies: ਫਿਰੋਜ਼ਪੁਰ ਪੱਟੀ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਹੈ। ਦਰਅਸਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਿਰੋਜ਼ਪੁਰ ਪੱਟੀ ਅਤੇ ਸਰਹੱਦੀ ਖੇਤਰ ਦੇ ਮਿਰਚ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
ਵਿਧਾਨ ਸਭਾ ਸਕੱਤਰੇਤ ਵਿਖੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ, ਪੰਜਾਬ ਮਾਰਕੀਟ ਬੋਰਡ, ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਅਤੇ ਮਾਰਕਫੈੱਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ੍ਰੀ ਸੰਧਵਾਂ ਨੇ ਕਿਹਾ ਕਿ ਫਿਰੋਜ਼ਪੁਰ ਪੱਟੀ ਅਤੇ ਸਰਹੱਦੀ ਖੇਤਰ ਵਿੱਚ ਮਿਰਚਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਕੋਲਡ ਸਟੋਰ ਅਤੇ ਮਿਰਚਾਂ ਸੁਕਾਉਣ ਲਈ ਘੱਟ ਲਾਗਤ ਵਾਲੇ ਸੋਲਰ ਡਰਾਇਰ ਸਥਾਪਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਪੰਜਾਬ ਸਰਕਾਰ ਮਿਰਚਾਂ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦੇਵੇਗੀ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਰਕਫੈੱਡ ਅਤੇ ਪੰਜਾਬ ਐਗਰੋ ਵੱਲੋਂ ਪ੍ਰਸਤਾਵ ਤਿਆਰ ਕਰਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਿਰਚ ਦੇ ਕਿਸਾਨਾਂ ਦੀ ਆਮਦਨ ਵਧਾਉਣ, ਵਧੀਆ ਅਤੇ ਵੱਧ ਝਾੜ ਦੇਣ ਵਾਲੇ ਬੀਜ ਮੁਹੱਈਆ ਕਰਵਾਉਣ ਅਤੇ ਪ੍ਰੋਸੈਸਿੰਗ ਅਤੇ ਵਿਕਰੀ ਲਈ ਹਰ ਤਰ੍ਹਾਂ ਦੀ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਸਪੀਕਰ ਨੇ ਕਿਹਾ ਕਿ ਸੂਬਾ ਸਰਕਾਰ ਮਿਰਚ ਦੀ ਚੰਗੀ ਫ਼ਸਲ, ਸਮੇਂ ਸਿਰ ਮੰਡੀਕਰਨ ਅਤੇ ਪ੍ਰੋਸੈਸਿੰਗ, ਢੁਕਵੀਂ ਕੀਮਤ ਅਤੇ ਕਾਸ਼ਤ ਦੇ ਮੁਨਾਫ਼ੇ ਲਈ ਮਿਰਚ ਦੇ ਕਿਸਾਨਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਫਿਰੋਜ਼ਪੁਰ ਖੇਤਰ ਵਿੱਚ ਮਿਰਚਾਂ ਤੋਂ ਇਲਾਵਾ ਹੋਰ ਸਬਜ਼ੀਆਂ ਦੀ ਚੰਗੀ ਪੈਦਾਵਾਰ ਹੁੰਦੀ ਹੈ, ਇਸ ਲਈ ਮਿਰਚਾਂ ਦੇ ਨਾਲ-ਨਾਲ ਹੋਰ ਸਬਜ਼ੀਆਂ ਦੀ ਕਾਸ਼ਤ ਲਈ ਵੀ ਯੋਗ ਉਪਰਾਲੇ ਕੀਤੇ ਜਾਣ।
ਇਹ ਵੀ ਪੜ੍ਹੋ : ਪੀਏਯੂ ਵੱਲੋਂ ਪੇਂਡੂ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਕੋਰਸ
ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਫਿਰੋਜ਼ਪੁਰ ਖੇਤਰ ਵਿੱਚ ਮਿਰਚਾਂ ਦਾ ਵੱਡਾ ਕਾਰੋਬਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮਿਰਚਾਂ ਦੀ ਕਾਸ਼ਤ, ਪ੍ਰੋਸੈਸਿੰਗ ਅਤੇ ਬ੍ਰਾਂਡਿੰਗ ਸਬੰਧੀ ਕਿਸਾਨਾਂ ਨੂੰ ਸਿਖਲਾਈ ਦੇਣ ਲਈ ਤਿਆਰ ਹਨ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਮੁਨਾਫ਼ਾ ਮਿਲ ਸਕੇ।
ਇਹ ਵੀ ਪੜ੍ਹੋ : Project ‘ਪਹੁੰਚ’ ਕਿਸਾਨਾਂ ਅਤੇ ਆਮ ਲੋਕਾਂ ਲਈ ਲਾਹੇਵੰਦ
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਅਤੇ ਮਾਰਕਫੈੱਡ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇਗੀ, ਜੋ ਮਿਰਚ ਉਤਪਾਦਕਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪ੍ਰਬੰਧਾਂ ਬਾਰੇ ਆਪਣੇ ਸੁਝਾਅ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨ੍ਹਾਂ ਰਸੀਦ ਤੋਂ ਬੀਜ ਵੇਚਣ ਵਾਲੇ ਵਿਕਰੇਤਾਵਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਾਲੀ ਮਿਰਚ ਦਾ ਬੀਜ ਨਿਸ਼ਚਿਤ ਕੀਮਤ 'ਤੇ ਉਪਲਬਧ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਰੀਦਕੋਟ (District Public Relations Office, Faridkot)
Summary in English: Farmers of Ferozepur belt will get all possible help for cultivation of chillies