ਧਰਤੀ ਹੇਠਲੇ ਪਾਣੀ ਦੀ ਬੱਚਤ ਅਤੇ ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਰਾਹਤ ਦਿਵਾਉਣ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦਰਅਸਲ, ਮੁੱਖ ਮੰਤਰੀ ਮਾਨ ਨੇ ਸੂਬੇ ਵਿਚ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਉਤੇ ਖਰੀਦਣ ਦਾ ਐਲਾਨ ਕੀਤਾ ਹੈ।
ਪੰਜਾਬ ਵਿੱਚ ਖੇਤੀ ਵੰਨ-ਸੁਵੰਨਤਾ ਨੂੰ ਵੱਡੀ ਪੱਧਰ ਉਤੇ ਹੁਲਾਰਾ ਦੇਣ ਅਤੇ ਬਹੁਮੁੱਲੇ ਕੁਦਰਤੀ ਸਰੋਤ ਪਾਣੀ ਦੀ ਵੱਧ ਤੋਂ ਵੱਧ ਬੱਚਤ ਕਰਨ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਉਤੇ ਖਰੀਦਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਵਿਸ਼ੇਸ਼ ਕਰਕੇ ਕਿਸਾਨਾਂ ਤੋਂ ਮੂੰਗੀ ਦੀ ਖੇਤੀ ਕਰਨ ਦਾ ਸੁਝਾਵ ਦਿੱਤਾ, ਜੋ ਸਿਰਫ 55 ਦਿਨਾਂ 'ਚ ਘੱਟ ਪਾਣੀ ਦੇ ਉਪਯੋਗ ਨਾਲ ਸੰਭਵ ਹਨ।
ਮੂੰਗੀ ਬੀਜਣ ਵਾਲੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੂੰਗੀ ਦੀ ਫਸਲ ਦਾ ਇਕ-ਇਕ ਦਾਣਾ ਸਮਰਥਨ ਮੁੱਲ ਉਤੇ ਖਰੀਦੇਗੀ ਪਰ ਕਿਸਾਨਾਂ ਲਈ ਇਹ ਸ਼ਰਤ ਹੋਵੇਗੀ ਕਿ ਉਨ੍ਹਾਂ ਨੂੰ ਮੂੰਗੀ ਵੱਢਣ ਤੋਂ ਬਾਅਦ ਉਸੇ ਖੇਤ ਵਿਚ ਝੋਨੇ ਦੀ ਕਿਸਮ 126 ਜਾਂ ਬਾਸਮਤੀ ਦੀ ਫਸਲ ਲਾਉਣੀ ਹੋਵੇਗੀ, ਕਿਉਂਕਿ ਇਹ ਦੋਵੇਂ ਫਸਲਾਂ ਪਾਣੀ ਦੀ ਘੱਟ ਖਪਤ ਅਤੇ ਥੋੜ੍ਹੇ ਸਮੇਂ ਵਿੱਚ ਤਿਆਰ ਹੋਣ ਵਾਲੀਆਂ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ, “ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕੋਈ ਸਰਕਾਰ ਕਿਸਾਨਾਂ ਨੂੰ ਮੂੰਗੀ ਦੀ ਪੈਦਾਵਾਰ ਸਮਰਥਨ ਮੁੱਲ ਉਤੇ ਖਰੀਦਣ ਦਾ ਪੱਕਾ ਭਰੋਸਾ ਦੇ ਰਹੀ ਹੋਵੇ। ਇਸ ਨਾਲ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਦਰਮਿਆਨ ਇਕ ਹੋਰ ਫਸਲ ਬੀਜਣ ਦਾ ਮੌਕਾ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਆਰਥਿਕ ਤੌਰ ਉਤੇ ਵੀ ਲਾਭ ਹੋਵੇਗਾ।”
ਜਿਕਰਯੋਗ ਹੈ ਕਿ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਪੰਜਾਬ ਵਿੱਚ ਮੌਜੂਦਾ ਸਾਲ ਵਿੱਚ ਹੁਣ ਤੱਕ ਲਗਪਗ 77,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਆ ਚੁਕਿਆ ਹੈ, ਜਦੋਂਕਿ ਬੀਤੇ ਵਰ੍ਹੇ ਲਗਪਗ 50,000 ਏਕੜ ਰਕਬਾ ਇਸ ਦੀ ਕਾਸ਼ਤ ਹੇਠ ਸੀ।
ਇਹ ਵੀ ਪੜ੍ਹੋ : ਮਾਨ ਕੈਬਨਿਟ ਨੇ ਲਏ ਕਈ ਵੱਡੇ ਫੈਸਲੇ! 26 ਹਜ਼ਾਰ ਤੋਂ ਵੱਧ ਨੌਕਰੀਆਂ ਨੂੰ ਮਿਲੀ ਮਨਜ਼ੂਰੀ!
ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਲਾਹੇਵੰਦ ਭਾਅ ਉਤੇ ਬਾਸਮਤੀ ਦੀ ਖਰੀਦ ਕਰੇਗੀ, ਤਾਂ ਕਿ ਕਿਸਾਨਾਂ ਨੂੰ ਕਿਸੇ ਘਾਟੇ ਤੋਂ ਬਚਾਉਣ ਲਈ ਮਾਰਕੀਟ ਦੀਆਂ ਕੀਮਤਾਂ ਵਿੱਚ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਰੁਝਾਨ ਨੂੰ ਪ੍ਰਫੁੱਲਤ ਕਰਨ ਲਈ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ, ਤਾਂ ਕਿ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ।
Summary in English: Gift to farmers by CM Mann! MSP will be given on mungi and basmati!