ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਸ. ਜੋਗਿੰਦਰ ਸਿੰਘ ਮਾਨ ਨੇ ਕਲ ਕਿਹਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀ ਅਧਾਰਤ ਉਦਯੋਗ ਨੂੰ ਹੁਲਾਰਾ ਦੇ ਕੇ ਕਿਸਾਨਾਂ ਦੀ ਤਕਦੀਰ ਬਦਲੇਗੀ। ਇੱਥੇ ਨਿਗਮ ਦੇ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ 245ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੀ.ਏ.ਆਈ.ਸੀ. ਦੇ ਚੇਅਰਮੈਨ ਜਿਨਾਂ ਨਾਲ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ ਵੀ ਮੌਜੂਦ ਸਨ, ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਪੋਰੇਸ਼ਨ ਸੂਬੇ ਵਿੱਚ ਖੇਤੀਬਾੜੀ ਉਦਯੋਗ ਨੂੰ ਹੁਲਾਰਾ ਦੇਣ ਲਈ ਅਣਥੱਕ ਮਿਹਨਤ ਕਰ ਰਹੀ ਹੈ।
ਉਨਾਂ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਤਾਂ ਜੋ ਇਹ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਉਨਾਂ ਦੀਆਂ ਵਸਤਾਂ ਦੇ ਲਾਹੇਵੰਦ ਭਾਅ ਮਿਲਣ ਅਤੇ ਉਹ ਸੂਬੇ ਦੀ ਆਰਥਿਕ ਖੁਸ਼ਹਾਲੀ ਵਿੱਚ ਸਰਗਰਮ ਭਾਗੀਦਾਰ ਬਣ ਸਕਣ। ਮਾਨ ਨੇ ਕਿਹਾ ਕਿ ਕਾਰਪੋਰੇਸ਼ਨ ਸਿਰ ਪੰਜਾਬ ਨੂੰ ਅਨਾਜ ਪੈਦਾ ਕਰਨ ਵਾਲੇ ਸੂਬੇ ਤੋਂ ਖੇਤੀਬਾੜੀ ਉਦਯੋਗ ਦਾ ਧੁਰਾ ਬਣਾਉਣ ਦਾ ਜ਼ਿੰਮਾ ਹੈ।ਚੇਅਰਮੈਨ ਨੇ ਕਿਹਾ ਕਿ ਕਾਰਪੋਰੇਸ਼ਨ ਖੇਤੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰੇਗੀ। ਉਨਾਂ ਕਿਹਾ ਕਿ ਸੂਬੇ ਵਿੱਚ ਖੇਤੀ ਉਦਯੋਗ ਸੈਕਟਰ ਨੂੰ ਹੁਲਾਰਾ ਦੇਣ ਲਈ ਕਾਰਪੋਰੇਸ਼ਨ ਇੱਕ ਨੋਡਲ ਏਜੰਸੀ ਹੈ।
ਮਾਨ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਦੇਸ਼ ਵਿੱਚ ਹਰੀ, ਚਿੱਟੀ ਅਤੇ ਨੀਲੀ ਕ੍ਰਾਂਤੀ ਲਿਆਂਦੀ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਨਾਂ ਦੀ ਉੱਦਮੀ ਭਾਵਨਾ ਨੂੰ ਖੇਤੀ ਉਦਯੋਗ ਵਿੱਚ ਉਭਾਰਿਆ ਜਾਏ ਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਠੋਸ ਯਤਨ ਕਰ ਰਹੀ ਹੈ। ਚੇਅਰਮੈਨ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਉਦਯੋਗ ਦੀ ਵੱਡੀ ਸੰਭਾਵਨਾ ਹੈ ਜਿਸਦੀ ਵਰਤੋਂ ਪੰਜਾਬ ਦੇ ਕਿਸਾਨਾਂ ਦੀ ਕਿਸਮਤ ਬਦਲਣ ਲਈ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਕਿਸਾਨਾਂ ਦੀ ਤਕਦੀਰ ਬਦਲਣ ਦੇ ਸੁਪਨੇ ਨੂੰ ਜਲਦੀ ਸਾਕਾਰ ਕਰਨ ਨੂੰ ਯਕੀਨੀ ਬਣਾਉਣ ਲਈ ਕਾਰਪੋਰੇਸ਼ਨ ਵੱਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ।
Summary in English: Good news for farmers! Punjab government will give impetus to agriculture industry