ਪੰਜਾਬ `ਚ ਕੀਟਨਾਸ਼ਕ ਦਵਾਈਆਂ ਤੇ ਖਾਦਾਂ ਦੀ ਭਰਪੂਰ ਕਾਲਾ ਬਾਜ਼ਾਰੀ ਹੋ ਰਹੀ ਹੈ, ਜਿਸ ਦਾ ਨੁਕਸਾਨ ਕਿਸਾਨਾਂ ਨੂੰ ਝੱਲਣਾ ਪੈਂਦਾ ਹੈ। ਕੀਟਨਾਸ਼ਕ ਦਵਾਈਆਂ ਤੇ ਖਾਦ ਵਿਕਰੇਤਾਵਾਂ ਕਿਸਾਨਾਂ ਨੂੰ ਫ਼ਸਲਾਂ ਦੀਆਂ ਗਲਤ ਦਵਾਈਆਂ ਦੇ ਦਿੰਦੇ ਹਨ ਤੇ ਇਸਤੋਂ ਅਣਜਾਣ ਕਿਸਾਨ ਇਨ੍ਹਾਂ ਦਵਾਈਆਂ ਨੂੰ ਆਪਣੀਆਂ ਫਸਲਾਂ ਲਈ ਵਰਤ ਲੈਂਦੇ ਹਨ। ਇਸ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਬਹੁਤ ਨੁਕਸਾਨ ਝੱਲਣਾ ਪੈਂਦਾ ਹੈ।
ਕਿਸਾਨਾਂ ਨੂੰ ਇਨ੍ਹਾਂ ਵਿਕਰੇਤਾਵਾਂ ਤੋਂ ਬਚਾਉਣ ਲਈ ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਾਈਡ੍ਰੋਲੋਜੀ) ਡਾ: ਜਸਵੰਤ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫਿਰੋਜ਼ਪਰ ਵਿੱਚ ਵੱਖ-ਵੱਖ ਕੀਟਨਾਸ਼ਕਾਂ ਦਵਾਈਆਂ ਅਤੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਚੈਕਿੰਗ ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੀ ਗਈ।
ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਡਾ. ਤੇਜਪਾਲ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਮੁੱਖ ਤੌਰ 'ਤੇ ਖਾਦ ਅਤੇ ਕੀੜੇਮਾਰ ਦਵਾਈਆਂ ਦੇ ਸੈਂਪਲ ਲਏ ਗਏ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਕਿਸਾਨਾਂ ਨੂੰ ਮਿਆਰੀ ਖਾਦ ਅਤੇ ਕੀੜੇਮਾਰ ਦਵਾਈਆਂ ਮੁਹੱਈਆਂ ਕਰਵਾਉਣ ਦੇ ਸਬੰਧ ਵਿੱਚ ਕੀਤੀ ਜਾ ਰਹੀਂ ਹੈ।
ਇਸ ਅਚਨਚੇਤ ਚੈਕਿੰਗ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਕੀੜੇਮਾਰ ਦਵਾਈਆਂ ਦੇ 24 ਅਤੇ ਖਾਦਾਂ ਦੇ 21 ਸੈਂਪਲ ਜ਼ਿਲ੍ਹੇ ਦੇ ਵੱਖ-ਵੱਖ ਖਾਦ ਅਤੇ ਦਵਾਈ ਵਿਕਰੇਤਾਵਾਂ ਪਾਸੋਂ ਲਏ ਗਏ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਸ਼ੇਸ਼ ਤੌਰ ਤੇ ਕੀੜੇਮਾਰ ਦਵਾਈਆਂ ਅਤੇ ਖਾਦਾਂ ਦੀ ਅਡੀਸ਼ਨਾਂ, ਗਡਾਊਨ ਦੀ ਅਡੀਸ਼ਨ, ਡੀਲਰਾਂ ਵੱਲੋਂ ਕਿਸਾਨਾਂ ਦੁਆਰਾ ਖਰੀਦੀ ਗਈ ਦਵਾਈ ਅਤੇ ਖਾਦ ਦੇ ਕੱਟੇ ਜਾ ਰਹੇ ਬਿੱਲਾਂ ਦੀ ਵੀ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ: ਖਾਦਾਂ ਦੀ ਕਾਲਾਬਜ਼ਾਰੀ `ਤੇ ਲੱਗੇਗੀ ਰੋਕ, ਖੇਤੀ ਸਮੇਂ ਖਾਦਾਂ ਦੀ ਘਾਟ ਦੀ ਸਮੱਸਿਆ ਹੋਵੇਗੀ ਦੂਰ
ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਤੇਜਪਾਲ ਸਿੰਘ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਸ਼ ਕੀਤੀਆਂ ਗਈਆਂ ਕੀੜੇਮਾਰ ਦਵਾਈਆਂ ਅਤੇ ਖਾਦਾਂ ਦੀ ਹੀ ਵਰਤੋਂ ਆਪਣੇ ਖੇਤ ਵਿੱਚ ਕਰਨ ਅਤੇ ਜਦ ਵੀ ਉਨ੍ਹਾਂ ਵੱਲੋਂ ਕੀੜੇਮਾਰ ਦਵਾਈਆਂ ਜਾਂ ਖਾਦਾਂ ਦੀ ਖਰੀਦ ਕੀਤੀ ਜਾਂਦੀ ਹੈ ਤਾਂ ਉਸ ਖਾਦ ਜਾਂ ਦਵਾਈ ਦਾ ਪੱਕਾ ਬਿੱਲ ਜਰੂਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਖਾਦ ਅਤੇ ਕੀੜੇਮਾਰ ਦਵਾਈ ਵਿਕਰੇਤਾ ਪਾਸੋਂ ਪੱਕਾ ਬਿੱਲ ਦੇਣ ਤੋਂ ਇਨਕਾਰ ਕੀਤਾ ਜਾਂਦਾ ਹੈ ਤਾਂ ਇਸ ਸਬੰਧੀ ਬਲਾਕ ਜਾਂ ਜ਼ਿਲ੍ਹੇ ਦੇ ਖੇਤੀਬਾੜੀ ਅਧਿਕਾਰੀ ਨਾਲ ਤਾਲਮੇਲ ਕੀਤਾ ਜਾਵੇ।
Summary in English: Inspection on shops of fertilizer sellers, appeal to farmers to adopt PAU recommendations