KVK, Sangrur: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਧਰਤੀ ਹੇਠਲੇ ਪਾਣੀ ਅਤੇ ਲੇਬਰ ਦੀ ਬੱਚਤ ਲਈ ਚਲਾਈ ਮੁਹਿੰਮ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਦੀਆਂ ਪ੍ਰਦਰਸ਼ਨੀਆਂ ਲਗਵਾਈਆਂ ਗਈਆਂ ਹਨ।
ਦੱਸ ਦੇਈਏ ਕਿ ਇਨ੍ਹਾਂ ਪ੍ਰਦਰਸ਼ਨੀਆਂ ਦਾ ਕੇ ਵੀ ਕੇ, ਸੰਗਰੂਰ ਦੀ ਟੀਮ ਵੱਲੋਂ ਪਿੰਡ ਬੀਰ ਕਲਾਂ ਅਤੇ ਢੱਡਰੀਆਂ ਪਹੁੰਚ ਕੇ ਮੁਆਇਨਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਇਸ ਵਿੱਚ ਖਾਦ ਅਤੇ ਨਦੀਨ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ 10-20% ਤੱਕ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਇਸ ਤਕਨੀਕ ਨਾਲ ਜ਼ਮੀਨ ਵਿੱਚ 10-12% ਵੱਧ ਪਾਣੀ ਰੀਚਾਰਜ਼ ਹੁੰਦਾ ਹੈ ਅਤੇ ਅਗਲੀ ਕਣਕ ਦੀ ਫਸਲ ਦਾ ਪ੍ਰਤੀ ਏਕੜ ਇੱਕ ਕੁਇੰਟਲ ਤੱਕ ਝਾੜ ਵੱਧ ਨਿਕਲਦਾ ਹੈ।
ਅੱਗੇ ਉਹਨਾਂ ਦੱਸਿਆ ਕਿ ਜੂਨ ਦਾ ਦੂਜਾ ਪੰਦਰਵਾੜਾ ਬਾਸਮਤੀ ਕਿਸਮਾਂ ਦੀ ਸਿੱਧੀ ਬਿਜਾਈ ਲਈ ਬਹੁਤ ਢੁਕਵਾਂ ਹੁੰਦਾ ਹੈ। ਇਹਨਾਂ ਪ੍ਰਦਰਸ਼ਨੀਆਂ ਦੇ ਮੁਆਇਨਾ ਕਰਨ ਮੌਕੇ ਡਾ. ਰੁਕਿੰਦਰ ਪ੍ਰੀਤ ਸਿੰਘ ਧਾਲੀਵਾਲ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਸੁਚੱਜੇ ਖਾਦ ਅਤੇ ਨਦੀਨ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਸਿੱਧੀ ਬਿਜਾਈ ਵਾਲੇ ਝੋਨੇ ਦੀਆਂ ਪਰਮਲ ਕਿਸਮਾਂ ਨੂੰ ਬਿਜਾਈ ਤੋਂ 4, 6 ਅਤੇ 9 ਹਫ਼ਤਿਆਂ ਦੇ ਵਕਫੇ ਤੇ 130 ਕਿਲੋ ਯੂਰੀਆ ਪ੍ਰਤੀ ਏਕੜ ਤਿੰਨ ਬਰਾਬਰ ਕਿਸ਼ਤਾਂ ਵਿੱਚ ਪਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Krishi Vigyan Kendra ਬਠਿੰਡਾ ਵਿਖੇ Dairy Farming ਸੰਬੰਧੀ ਸਿਖਲਾਈ ਦਾ ਆਯੋਜਨ
ਨਦੀਨਾਂ ਦੀ ਰੋਕਥਾਮ ਲਈ ਨਦੀਨਾਂ ਦੀ ਕਿਸਮ ਦੇ ਹਿਸਾਬ ਨਾਲ 1-4 ਪੱਤਿਆਂ ਦੀ ਅਵਸਥਾ ਵਿੱਚ ਸਿਫਾਰਸ਼ ਨਦੀਨਨਾਸ਼ਕਾਂ ਦਾ ਛਿੜਕਾਉ ਕਰਨਾ ਚਾਹੀਦਾ ਹੈ। ਡਾ. ਸੁਨੀਲ ਕੁਮਾਰ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਨੇ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਦੀ ਵਰਤੋਂ ਨੂੰ ਤਰਜ਼ੀਹ ਦੇਣ ਲਈ ਕਿਹਾ, ਕਿਉਂਕਿ ਇਸ ਮਸ਼ੀਨ ਨਾਲ ਬਿਜਾਈ ਦੇ ਨਾਲ਼-ਨਾਲ਼ ਨਦੀਨਨਾਸ਼ਕ ਦਾ ਸਪਰੇਅ ਕਰਨ ਦੀ ਵੀ ਵਿਵਸਥਾ ਹੈ। ਸਮੂਹ ਕਿਸਾਨਾਂ ਨੇ ਕੇ ਵੀ ਕੇ, ਸੰਗਰੂਰ ਦੇ ਤਕਨੀਕੀ ਸਹਿਯੋਗ ਨਾਲ ਲਗਾਈਆਂ ਝੋਨੇ ਦੀ ਸਿੱਧੀ ਬਿਜਾਈ ਦੀਆਂ ਪ੍ਰਦਰਸ਼ਨੀਆਂ ਪ੍ਰਤੀ ਸੰਤੁਸ਼ਟੀ ਅਤੇ ਖੁਸ਼ੀ ਜ਼ਾਹਿਰ ਕੀਤੀ।
Summary in English: Krishi Vigyan Kendra, Sangrur Team Inspection of Direct Seeding Paddy Demonstrations