ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 23 ਹਜ਼ਾਰ ਤੋਂ ਵੱਧ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਦੇ ਨਾਲ ਹੀ ਬੁਕਿੰਗ ਮਸ਼ੀਨਾਂ ਲਈ ਆਈ-ਖੇਤ ਐਪ ਵੀ ਜਾਰੀ ਕੀਤੀ ਗਈ ਹੈ।
ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਖੇਤੀਬਾੜੀ ਵਿਭਾਗ ਵੱਲੋਂ ਸ਼ੁਰੂ ਕੀਤੇ ਇਨ੍ਹਾਂ ਉਪਰਾਲਿਆਂ ਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ 23 ਤੋਂ ਵੱਧ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ। ਵਧੇਰੇ ਜਾਣਕਾਰੀ ਲਈ ਲੇਖ ਨੂੰ ਪੂਰਾ ਪੜ੍ਹਿਓ...
ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ 'ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ 'ਤੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ' ਸਬੰਧੀ ਸਕੀਮ ਅਧੀਨ ਕਿਸਾਨਾਂ, ਸੂਬੇ ਦੀਆਂ ਕਿਸਾਨ ਉਤਪਾਦਕ ਸੰਸਥਾਵਾਂ (ਐੱਫਪੀਓਜ਼), ਪੰਚਾਇਤਾਂ, ਪ੍ਰਾਇਮਰੀ ਐਗਰੀਕਲਚਰਲ ਸੁਸਾਇਟੀਆਂ (ਪੀਏਸੀਐੱਸ) ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਲਈ 23200 ਤੋਂ ਵੱਧ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਠੋਸ ਉਪਰਾਲਿਆਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫ਼ੀਸਦੀ ਕਮੀ ਆਈ ਹੈ। ਇਸ ਸਕੀਮ ਤਹਿਤ ਹੁਣ ਤੱਕ 1,13,622 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।
ਅਰਜ਼ੀਆਂ ਆਨਲਾਈਨ ਪੋਰਟਲ ਰਾਹੀਂ ਮੰਗੀਆਂ: ਧਾਲੀਵਾਲ
ਅੱਗੇ ਬੋਲਦਿਆਂ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਭਾਗ ਨੇ ਇਸ ਸਕੀਮ ਤਹਿਤ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਕਰਮਵਾਰ 50 ਫ਼ੀਸਦੀ ਅਤੇ 80 ਫ਼ੀਸਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਲਈ ਅਰਜ਼ੀਆਂ ਆਨਲਾਈਨ ਪੋਰਟਲ ਰਾਹੀਂ ਮੰਗੀਆਂ ਗਈਆਂ ਹਨ, ਤਾਂ ਜੋ ਇਸ ਸਬਸਿਡੀ ਦਾ ਲਾਭ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾ ਸਕੇ।
ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਦੀ ਕੋਸ਼ਿਸ਼: ਧਾਲੀਵਾਲ
ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਭਾਗ ਵੱਲੋਂ ਹਰੇਕ ਬਲਾਕ ਵਿੱਚ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿੱਥੇ ਖ਼ਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸੀਆਰਐਮ ਮਸ਼ੀਨਾਂ (CRM Machines) ਉਪਲਬਧ ਹੋਣਗੀਆਂ, ਜਿਸ ਲਈ 7.4 ਕਰੋੜ ਰੁਪਏ ਦੀ ਰਾਸ਼ੀ ਉਪਲਬਧ ਕਰਵਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਨੀਤੀ ਆਯੋਗ ਦਾ ਸਹਿਯੋਗ ਜ਼ਰੂਰੀ: ਧਾਲੀਵਾਲ
ਮਸ਼ੀਨਾਂ ਦੀ ਬੁਕਿੰਗ ਲਈ ਆਈ-ਖੇਤ ਐਪ: ਧਾਲੀਵਾਲ
ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਫਾਇਦਾ ਦੇਣ ਲਈ ਵਿਭਾਗ ਵੱਲੋਂ ਸੀਆਰਐੱਮ ਮਸ਼ੀਨਾਂ (CRM Machines) ਦੀ ਬੁਕਿੰਗ ਲਈ ਆਈ-ਖੇਤ ਐਪ ਵੀ ਜਾਰੀ ਕੀਤੀ ਗਈ ਹੈ।
Summary in English: More than 23,000 machines for crop residue management provided to farmers, i-Khet app for booking machines also launched