KVK Sangrur: ਕ੍ਰਿਸ਼ੀ ਵਿਗਆਨ ਕੇਂਦਰ ਵੱਲੋਂ ਸਮੇਂ-ਸਮੇਂ 'ਤੇ ਕਿੱਤਾ ਮੁੱਖੀ ਸਿਖਲਾਈ ਕੋਰਸਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣਾ ਅਤੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਤਮ-ਨਿਰਭਰ ਬਣ ਸਕਣ।
ਇਸ ਲੜੀ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ 'ਤੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਆਓ ਜਾਣਦੇ ਹਾਂ ਕੀ ਕੁਝ ਰਿਹਾ ਖ਼ਾਸ...
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਦੀ ਯੋਗ ਅਗਵਾਈ ਹੇਠ ਅਗਾਂਹਵਧੂ ਕਿਸਾਨ ਸ. ਸੁਖਪਾਲ ਸਿੰਘ, ਪਿੰਡ ਢੰਡਿਆਲ ਜ਼ਿਲ੍ਹਾ ਸੰਗਰੂਰ ਦੇ ਖੇਤ ਵਿੱਚ ਸਿੱਧੀ ਬਿਜਾਈ ਵਾਲੇ ਝੋਨੇ ਉੱਤੇ ਖੇਤ ਦਿਵਸ ਦਾ ਆਯੋਜਨ ਕੀਤਾ। ਜਿਸ ਵਿੱਚ ਲਗਭਗ 40 ਕਿਸਾਨਾਂ ਨੇ ਭਾਗ ਲਿਆ।
ਇਸ ਮੋਕੇ ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ), ਨੇ ਕੇ.ਵੀ.ਕੇ., ਸੰਗਰੂਰ ਵੱਲੋਂ ਕਿਸਾਨਾਂ ਲਈ ਲਗਾਈਆਂ ਜਾਣ ਵਾਲੀਆਂ ਕਿੱਤਾ-ਮੁਖੀ ਸਿਖਲਾਈਆਂ ਅਤੇ ਕੇਵੀਕੇ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਉਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਵਾਲੇ ਕਿਸਾਨਾਂ ਦੀ ਸਰਾਹਨਾ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਦੇ ਫਾਇਦਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਵੱਖ-ਵੱਖ ਤਕਨੀਕਾਂ ਰਾਹੀਂ ਖੇਤ ਵਿੱਚ ਹੀ ਮਿਲਾਉਣ ਲਈ ਪ੍ਰੇਰਿਤ ਵੀ ਕੀਤਾ।
ਡਾ. ਰੁਕਿੰਦਰ ਪ੍ਰੀਤ ਸਿੰਘ ਧਾਲੀਵਾਲ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਨਦੀਨ ਅਤੇ ਸਿੰਚਾਈ ਪ੍ਰਬੰਧ ਬਾਰੇ ਯੂਨੀਵਰਸਿਟੀ ਵੱਲੋਂ ਕੀਤੀਆਂ ਗਈਆਂ ਸਿਫਾਰਿਸ਼ਾਂ ਉੱਪਰ ਚਾਨਣਾ ਪਾਇਆ। ਇਸ ਦੇ ਨਾਲ ਹੀ ਉਨਾਂ ਝੋਨੇ ਅਤੇ ਬਾਸਮਤੀ ਵਿੱਚ ਆਉਣ ਵਾਲੀਆਂ ਬਿਮਾਰੀਆਂ ਅਤੇ ਕੀੜੇ-ਮਕੌੜਿਆਂ ਦੀ ਰੋਕਥਾਮ ਅਤੇ ਲੱਛਣਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਅਗਾਂਹਵਧੂ ਕਿਸਾਨ ਸ. ਸੁਖਪਾਲ ਸਿੰਘ ਨੇ ਤਜ਼ਰਬੇ ਸਾਂਝੇ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਸਿੱਧੀ ਬਿਜਾਈ ਵਿੱਚ ਬਾਸਮਤੀ ਦੀਆਂ ਕਿਸਮਾਂ ਦੀ ਬਿਜਾਈ ਕਰਕੇ ਬਿਮਾਰੀਆਂ ਅਤੇ ਕੀੜੇ-ਮਕੌੜਿਆਂ ਦੀ ਰੋਕਥਾਮ ਲਈ ਵਰਤੇ ਜਾਂਦੇ ਰਸਾਇਣਾਂ ‘ਤੇ ਹੋਣ ਵਾਲੇ ਖਰਚੇ ਨੂੰ ਘਟਾਇਆ ਜਾ ਸਕਦਾ ਹੈ ਅਤੇ ਨਾਲ ਹੀ ਨਿਰਯਾਤ ਪੱਧਰ ਦੀ ਬਾਸਮਤੀ ਪੈਦਾ ਕਰਕੇ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ ਹੈ। ਅਖੀਰ ਵਿੱਚ ਇਸ ਪ੍ਰੋਗਰਾਮ ਵਿੱਚ ਪਹੁੰਚੇ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਿੱਧੀ ਬਿਜਾਈ ਦੀ ਪ੍ਰਦਰਸ਼ਨੀ ਦਾ ਮੁਆਇਨਾ ਕੀਤਾ ਗਿਆ।
Summary in English: Organized field day on direct sowing of paddy in the field of progressive farmer Sukhpal Singh of Sangrur district