Flood: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਭਾਰੀ ਮੀਂਹ ਕਾਰਨ ਬਰਬਾਦ ਹੋਈਆਂ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਬਚਾਅ ਤੇ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੜਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਾਰਿਸ਼ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਗਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਮਾਨ ਨੇ ਭਰੋਸਾ ਦਿੱਤਾ ਕਿ ਸਰਕਾਰ ਇਸ ਕੁਦਰਤੀ ਕਰੋਪੀ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਆਪਕ ਯਤਨ ਕੀਤੇ ਗਏ ਹਨ ਅਤੇ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ।
ਇਹ ਵੀ ਪੜ੍ਹੋ: ਹੜ੍ਹਾਂ 'ਚ Dairy Animals ਦੀ ਸਿਹਤ ਸੰਭਾਲ ਲਈ ਹਿਦਾਇਤਨਾਮਾ
ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਈਂ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 15 ਜ਼ਿਲ੍ਹੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ, ਜਿੱਥੇ ਲੋੜ ਪੈਣ 'ਤੇ ਇਹ ਪਨੀਰੀ ਅੰਨਦਾਤਿਆਂ ਨੂੰ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਇਹ ਵੀ ਪੜ੍ਹੋ: ਹੜ੍ਹ ਪ੍ਰਭਾਵਿਤ ਕਿਸਾਨਾਂ ਲਈ GOOD NEWS, ਬਾਸਮਤੀ ਬੀਜ ਦੇਣ ਦੀ ਯੋਜਨਾ ਤਿਆਰ
ਮੁੱਖ ਮੰਤਰੀ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜ ਤੇਜ਼ ਹੋ ਰਹੇ ਹਨ। ਉਨ੍ਹਾਂ ਨੇ ਬੀਐਸਐਫ/ਐਨਡੀਆਰਐਫ ਨੂੰ ਰਾਹਤ ਕਾਰਜਾਂ ਵਿੱਚ ਸੂਬਾ ਸਰਕਾਰ ਦੀ ਸਹਾਇਤਾ ਕਰਨ ਲਈ ਧੰਨਵਾਦ ਕੀਤਾ ਅਤੇ ਟੀਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਔਖੇ ਹਾਲਾਤਾਂ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨੂੰ ਵੀ ਪਾਰ ਕਰ ਲਵਾਂਗੇ।
ਇਹ ਵੀ ਪੜ੍ਹੋ : ਸੰਭਾਵਿਤ ਹੜ੍ਹਾਂ ਲਈ Agriculture Department ਵੱਲੋਂ ਸੰਪਰਕ ਨੰਬਰ ਜਾਰੀ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ ਇਸ ਸੰਕਟ ਨਾਲ ਲੜਨ ਲਈ ਦਲੇਰੀ ਅਤੇ ਬੇਮਿਸਾਲ ਸਾਹਸ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਟਾਕਰਾ ਕਰਨ ਦਾ ਅਦਭੁਤ ਜਜ਼ਬਾ ਹੈ, ਜਿਸ ਕਾਰਨ ਪੰਜਾਬੀ ਹਰੇਕ ਮੁਸ਼ਕਲ ਵਿੱਚੋਂ ਨਿਕਲ ਕੇ ਅੱਜ ਇੱਥੋਂ ਤੱਕ ਪੁੱਜੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਦਭੁਤ ਭਾਈਚਾਰਾ ਅਤੇ ਸਦਭਾਵਨਾ ਦਿਖਾ ਕੇ ਇੱਕ ਦੂਜੇ ਦੀ ਮਦਦ ਕੀਤੀ ਹੈ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਫਿਰੋਜ਼ਪੁਰ (District Public Relations Office Ferozepur)
Summary in English: Paddy crop destroyed due to flood, decision by CM Mann in favor of farmers