Short Duration Rice Varieties: ਪੀ.ਏ.ਯੂ. ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿਚ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਹੋਈ। ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਵਿਚ ਹੋਈ ਇਸ ਮੀਟਿੰਗ ਵਿਚ ਪੀ.ਏ.ਯੂ. ਤੋਂ ਇਲਾਵਾ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਕਿਸਾਨ ਸਲਾਹਕਾਰ ਸੇਵਾ ਕੇਂਦਰਾਂ ਦੇ ਵੱਖ-ਵੱਖ ਮਾਹਿਰਾਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਸਾਉਣੀ ਦੀਆਂ ਫਸਲਾਂ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰਾ ਹੋਇਆ। ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਪੀ.ਏ.ਯੂ. ਵੱਲੋਂ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਕਿਸਾਨਾਂ ਵਿਚ ਫੈਲਾਈ ਜਾ ਰਹੀ ਜਾਗਰੂਕਤਾ ਦੇ ਮੱਦੇਨਜ਼ਰ ਮੋਗਾ, ਲੁਧਿਆਣਾ, ਮਾਨਸਾ, ਸੰਗਰੂਰ, ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਘੱਟ ਮਿਆਦ ਵਿਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਲਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ।
ਵਾਈਸ ਚਾਂਸਲਰ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਪਾਣੀ ਨੂੰ ਬਚਾਉਣ ਲਈ ਸਿੰਚਾਈ ਯੋਗ ਪਾਣੀ ਦੀ ਸੰਜਮ ਨਾਲ ਵਰਤੋਂ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਉੱਪਰ ਵੀ ਜ਼ੋਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪੀ.ਏ.ਯੂ. ਦੀਆਂ ਝੋਨੇ ਦੀਆਂ ਕਿਸਮਾਂ ਦੇ ਬੀਜਾਂ ਦੀ ਸਭ ਤੋਂ ਵੱਧ ਵਿਕਰੀ ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ (ਲੁਧਿਆਣਾ) ਨੇ ਕੀਤੀ। ਇਸ ਤੋਂ ਬਾਅਦ ਕੇ ਵੀ ਕੇ ਹੁਸ਼ਿਆਰਪੁਰ ਦਾ ਨਾਮ ਆਉਂਦਾ ਹੈ। ਉਹਨਾਂ ਕਿਹਾ ਕਿ ਪਸਾਰ ਮਾਹਿਰਾਂ ਵੱਲੋਂ ਇਸ ਦਿਸ਼ਾ ਵਿਚ ਕੀਤੀਆਂ ਗਈਆਂ ਕੋਸ਼ਿਸ਼ਾਂ ਨੂੰ ਸਾਰਥਕ ਯਤਨਾਂ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਪਾਣੀ ਬਚਾਉਣ ਲਈ ਝੋਨੇ ਦੀਆਂ ਪੀ ਆਰ ਕਿਸਮਾਂ ਦੀ ਲੁਆਈ ਪੂਰੇ ਸੂਬੇ ਵਿਚ ਕਰਨੀ ਬੇਹੱਦ ਲਾਜ਼ਮੀ ਹੈ।
ਉਹਨਾਂ ਨੇ ਸਾਉਣੀ ਦੀਆਂ ਫਸਲਾਂ ਵਿਸ਼ੇਸ਼ ਤੌਰ ਤੇ ਮੱਕੀ ਦੇ ਕੀੜਿਆਂ ਦੀ ਰੋਕਥਾਮ ਲਈ ਲਗਾਤਾਰ ਸਰਵੇਖਣ ਕਰਨ ਅਤੇ ਮਾਹਿਰਾ ਦੀ ਸਲਾਹ ਅਨੁਸਾਰ ਜ਼ਰੂਰੀ ਕਦਮ ਪੁੱਟਣ ਲਈ ਕਿਸਾਨਾਂ ਨੂੰ ਅਪੀਲ ਕੀਤੀ। ਇਸ ਤੋਂ ਇਲਾਵਾ ਵਾਈਸ ਚਾਂਸਲਰ ਨੇ ਕਿਸਾਨਾਂ ਨੂੰ ਬਸੰਤ ਰੁੱਤ ਦੀ ਮੱਕੀ ਦੀ ਬਿਜਾਈ ਤੋਂ ਗੁਰੇਜ਼ ਕਰਨ ਲਈ ਵੀ ਕਿਹਾ। ਉਹਨਾਂ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਜੀਵਾਣੂੰ ਖਾਦਾਂ ਦੀ ਵਰਤੋਂ ਕਰਨ। ਵਾਈਸ ਚਾਂਸਲਰ ਨੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਨੂੰ ਹਦਾਇਤ ਦਿੱਤੀ ਕਿ ਉਹ ਆਪਣੇ ਕੈਂਪਸ ਵਿਚ ਹਰਿਆਲੀ ਅਤੇ ਸਫਾਈ ਦਾ ਖਾਸ ਧਿਆਨ ਰੱਖਣ ਲਈ ਹੋਰ ਰੁੱਖ ਲਗਾਉਣ ਤੇ ਨਾਲ ਹੀ ਰੁੱਖ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਵੀ ਕਰਨ।
ਇਹ ਵੀ ਪੜ੍ਹੋ : ਕੇਂਦਰੀ ਮੰਤਰੀ Shivraj Singh Chouhan ਨੇ ਲਾਂਚ ਕੀਤਾ Web Portal, ਭਾਰਤੀ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ Krishi Katha Blogsite ਵੀ ਸ਼ੁਰੂ
ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਗਰਮ ਰੁੱਤ ਦੀ ਮੂੰਗੀ ਵਿਚ ਚਿੱਟੀ ਮੱਖੀ ਦੀ ਰੋਕਥਾਮ, ਟਮਾਟਰਾਂ ਵਿਚ ਫਲਾਂ ਦੇ ਕੀੜੇ ਦਾ ਹੱਲ ਅਤੇ ਸਰਫੇਸ ਸੀਡਿੰਗ ਤਕਨੀਕ ਨਾਲ ਬੀਜੀ ਕਣਕ ਤੋਂ ਬਾਅਦ ਮਿੱਟੀ ਪਰਖ ਦੇ ਨਾਲ-ਨਾਲ ਪਸ਼ੂ ਪਾਲਕਾਂ ਨੂੰ ਪੋਸ਼ਣ ਉਤਪਾਦਾਂ ਦੀ ਵਿਕਰੀ ਬਾਰੇ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਨਦੀਨ ਨਾਸ਼ਕਾਂ ਦੀ ਵਰਤੋਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਡਾ. ਭੁੱਲਰ ਨੇ ਗਰਮ ਰੁੱਤ ਦੀ ਮੂੰਗੀ ਦੀ ਬਿਜਾਈ ਦੇ ਤਰੀਕਿਆਂ, ਸਤੰਬਰ ਵਿਚ ਸੁਰੱਖਿਅਤ ਖੇਤੀ ਤਕਨੀਕਾਂ ਅਧੀਨ ਖੀਰੇ ਦੀ ਬਿਜਾਈ ਅਤੇ ਗੋਭੀ ਸਰ੍ਹੋਂ ਦੀ ਕਾਸ਼ਤ ਬਾਰੇ ਵੀ ਨਵੀਆਂ ਤਜ਼ਵੀਜ਼ਾਂ ਸਾਂਝੀਆਂ ਕੀਤੀਆਂ। ਉਹਨਾਂ ਨੇ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਵੀ ਸਭ ਦੇ ਸਾਹਮਣੇ ਪੇਸ਼ ਕੀਤੀ।
ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਇਸ ਮੀਟਿੰਗ ਵਿਚ ਸ਼ਾਮਿਲ ਹੋਣ ਵਾਲੇ ਖੋਜ ਅਤੇ ਪਸਾਰ ਮਾਹਿਰਾਂ ਦਾ ਸਵਾਗਤ ਕੀਤਾ। ਅੰਤ ਵਿਚ ਡਾ. ਗੁਰਸਾਹਿਬ ਸਿੰਘ ਮਨੇਸ ਨੇ ਸਭ ਦਾ ਧੰਨਵਾਦ ਕੀਤਾ।
Summary in English: PAU recommends Short Duration Rice Varieties in these 6 water-scarce districts of Punjab