Stubble Burning: ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਪਸਾਰ ਕਰਮੀਆਂ ਨੂੰ ਪੰਜਾਬ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ। ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿਖੇ ਹੋਈ ਪਸਾਰ ਕਰਮੀਆਂ ਦੀ ਮਾਸਿਕ ਸਮੀਖਿਆ ਮੀਟਿੰਗ ਦੌਰਾਨ ਖੋਜ ਅਤੇ ਪਸਾਰ ਦੇ ਵਿਗਿਆਨੀਆਂ ਨਾਲ ਗੱਲਬਾਤ ਕਰਦੇ ਹੋਏ ਡਾ. ਭੁੱਲਰ ਨੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਕਮੀ 'ਤੇ ਤਸੱਲੀ ਪ੍ਰਗਟਾਈ।
ਇਸ ਦੇ ਨਾਲ ਹੀ ਉਨ੍ਹਾਂ ਵਿਗਿਆਨੀਆਂ ਨੂੰ ਅਪੀਲ ਕੀਤੀ ਕਿ ਉਹ ਮਾਣਯੋਗ ਸਰਵਉਚ ਅਦਾਲਤ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਕਿਸਾਨਾਂ ਪਰਾਲੀ ਸਾੜਨ ਨੂੰ ਰੋਕਣ ਲਈ ਆਪਣੇ ਠੋਸ ਯਤਨ ਜਾਰੀ ਰੱਖਣ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੂਰੇ ਖੇਤਰ ਨੂੰ ਧੂੰਆਂ ਆਪਣੀ ਲਪੇਟ ਵਿੱਚ ਲੈ ਲੈਂਦਾ ਹੈ, ਜਿਸ ਨਾਲ ਮਨੁੱਖੀ ਅਤੇ ਪਸ਼ੂਆਂ ਦੀ ਸਿਹਤ 'ਤੇ ਗੰਭੀਰ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਹਵਾ ਦੇ ਪ੍ਰਦੂਸ਼ਿਤ ਹੋਣ ਕਰਕੇ ਸੜਕਾਂ 'ਤੇ ਭਾਰੀ ਵਾਹਨਾਂ ਦੀ ਆਵਾਜਾਈ ਵਿੱਚ ਵਿਘਨ ਵੀ ਪੈਂਦਾ ਹੈ। ਡਾ. ਭੁੱਲਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਇਸ ਦੇ ਖੇਤਾਂ ਦੇ ਅੰਦਰ ਅਤੇ ਬਾਹਰ ਖੇਤ ਪ੍ਰਬੰਧਨ ਲਈ ਪੀਏਯੂ ਦੀਆਂ ਸਿਫ਼ਾਰਿਸ਼ ਕੀਤੀਆਂ ਤਕਨੀਕਾਂ ਨੂੰ ਅਪਣਾਉਣ ਦੀ ਅਪੀਲ ਵੀ ਕੀਤੀ।
ਆਪਣੇ ਸੁਆਗਤੀ ਭਾਸ਼ਣ ਵਿੱਚ ਪਸਾਰ ਸਿੱਖਿਆ ਦੇ ਵਧੀਕ ਨਿਰਦੇਸ਼ਕ ਡਾ. ਜੀ ਪੀ ਐੱਸ ਸੋਢੀ ਨੇ ਕਿਹਾ ਕਿ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘੱਟ ਕਰਨ ਲਈ ਪੀ ਏ ਯੂ ਦੀਆਂ ਤਕਨੀਕਾਂ ਕਾਫੀ ਕਾਰਗਰ ਸਿੱਧ ਹੋਈਆਂ ਹਨ। ਪੀਏਯੂ ਹੈਪੀ ਸੀਡਰ, ਸਰਫੇਸ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਬੇਲਰ, ਕਟਰ-ਕਮ-ਸਪ੍ਰੇਡਰ, ਉਲਟਾਵੇਂ ਹਲ ਆਦਿ ਵਰਗੀਆਂ ਤਕਨੀਕਾਂ ਨੂੰ ਅਪਣਾਉਣ ਲਈ ਰਾਜ ਸਰਕਾਰ ਦੇ ਅਧਿਕਾਰੀਆਂ ਅਤੇ ਪੀਏਯੂ ਦੇ ਵਿਗਿਆਨੀਆਂ ਲਈ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਵੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਾਖ ਦਾਅ 'ਤੇ ਲੱਗ ਗਈ ਹੈ ਅਤੇ ਸੂਬੇ ਨੂੰ ਹਵਾ ਪ੍ਰਦੂਸ਼ਣ ਦੇ ਸ਼ਿਕਾਰ ਹੋਣ ਤੋਂ ਬਚਾਉਣ ਦਾ ਸਮਾਂ ਆ ਗਿਆ ਹੈ।
ਇਹ ਵੀ ਪੜ੍ਹੋ: ALERT! ਪੰਜਾਬ ਵਿੱਚ ਪਰਾਲੀ ਸਾੜਨ ਵਾਲਿਆਂ ਦੀ ਹੁਣ ਖੈਰ ਨਹੀਂ, ਉਡਣ ਦਸਤਾ ਰੱਖੇਗਾ ਕਿਸਾਨਾਂ 'ਤੇ ਤਿੱਖੀ ਨਜ਼ਰ
ਵਧੀਕ ਨਿਰਦੇਸ਼ਕ ਖੋਜ (ਖੇਤੀ ਇੰਜਨੀਅਰਿੰਗ) ਡਾ. ਗੁਰਸਾਹਿਬ ਸਿੰਘ ਮਨੇਸ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਪੀਏਯੂ ਦੇ ਵਿਗਿਆਨੀਆਂ ਅਤੇ ਵਿਦਿਆਰਥੀ ਭਾਈਚਾਰੇ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਥਿਤੀ ਕਾਬੂ ਹੇਠ ਹੈ ਪਰ ਫਿਰ ਵੀ ਯੂਨੀਵਰਸਿਟੀ ਹਰ ਪਿੰਡ ਨੂੰ ਅੱਗ ਲਾਉਣ ਤੋਂ ਮੁਕਤ ਰਕਬਾ ਬਣਾਉਣ ਲਈ ਕਿਸਾਨਾਂ ਨਾਲ ਸਹਿਯੋਗ ਕਰਨਾ ਜਾਰੀ ਰੱਖੇਗੀ।
ਇਸ ਤੋਂ ਇਲਾਵਾ, ਨਰਮੇ ਦੀ ਸਥਿਤੀ ਅਤੇ ਗੁਲਾਬੀ ਸੁੰਡੀ ਦੀਆਂ ਘਟਨਾਵਾਂ, ਕੀੜੇ-ਮਕੌੜਿਆਂ ਦੇ ਪ੍ਰਬੰਧਨ ਅਤੇ ਝੋਨੇ ਅਤੇ ਬਾਸਮਤੀ ਦੀਆਂ ਬਿਮਾਰੀਆਂ ਦੇ ਨਾਲ-ਨਾਲ ਮੱਕੀ ਦੇ ਫਾਲ ਆਰਮੀ ਵਰਮ ਕੀੜੇ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਅਦ ਵਿੱਚ ਉਨ੍ਹਾਂ ਨੇ ਸਭ ਦਾ ਧੰਨਵਾਦ ਕੀਤਾ।
ਵੱਖ ਵੱਖ ਵਿਭਾਗਾਂ ਦੇ ਮੁਖੀਆਂ, ਕ੍ਰਿਸ਼ੀ ਵਿਗਿਆਨ ਕੇਂਦਰਾਂ, ਫਾਰਮ ਸਲਾਹਕਾਰ ਸੇਵਾ ਕੇਂਦਰਾਂ ਅਤੇ ਖੇਤਰੀ ਖੋਜ ਕੇਂਦਰਾਂ ਦੇ ਵਿਗਿਆਨੀਆਂ ਤੋਂ ਇਲਾਵਾ ਪੀਏਯੂ ਦੇ ਮਾਹਿਰਾਂ ਨੇ ਇਸ ਮੀਟਿੰਗ ਵਿੱਚ ਭਾਗ ਲਿਆ।
Summary in English: PAU's appeal to farmers, Dr. Bhullar gave a message to adopt recommended techniques for farm management