Punjab News: ਨਰਮੇ ਦੀ ਫ਼ਸਲ 'ਤੇ ਕੀਟਾਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਨੈਕਸਟ ਜਨਰੇਸ਼ਨ ਬੀ.ਜੀ.-3 ਨਰਮੇ ਦੇ ਬੀਜਾਂ ਸੰਬੰਧੀ ਖੋਜ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਪ੍ਰਵਾਨਗੀ ਦੇਣ ਲਈ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਸਟੇਟ ਐਗਰੀਕਲਚਰਲ ਸਟੈਟਿਸਟਿਕਸ ਅਥਾਰਟੀ (ਐੱਸ.ਏ.ਐੱਸ.ਏ.) ਨੂੰ ਪ੍ਰਵਾਨਗੀ ਦੇਣ ਲਈ ਸ਼ਿਵਰਾਜ ਸਿੰਘ ਚੌਹਾਨ ਦਾ ਧੰਨਵਾਦ ਕੀਤਾ।
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਸਕੀਮ ਨੂੰ ਲਾਗੂ ਕਰਨ, ਆਰ.ਕੇ.ਵੀ.ਵਾਈ. ਤਹਿਤ ਫੰਡ ਜਾਰੀ ਕਰਨ, ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਰਿਆਇਤਾਂ ਅਤੇ ਖਾਦਾਂ ਦੀ ਨਿਰੰਤਰ ਸਪਲਾਈ ਅਤੇ ਕਣਕ ਦੇ ਬੀਜ ਨੂੰ ਬਦਲਣ ਸਬੰਧੀ ਸਕੀਮ 'ਤੇ ਸਬਸਿਡੀ ਸਮੇਤ ਖੇਤੀਬਾੜੀ ਸੈਕਟਰ ਵਿੱਚ ਸੂਬੇ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ।
ਸੀ.ਆਰ.ਐੱਮ. ਸਕੀਮ ਬਾਰੇ ਸੂਬੇ ਦੀ ਵੱਡੀ ਚਿੰਤਾ ਨੂੰ ਉਜਾਗਰ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿੱਤੀ ਸਾਲ 2023-24 ਦੌਰਾਨ ਸੀ.ਆਰ.ਐਮ. ਸਕੀਮ ਅਧੀਨ ਫੰਡ ਮੁਹੱਈਆਂ ਕਰਵਾਉਣ ਸਬੰਧੀ ਹਿੱਸੇ ਨੂੰ 60:40 (ਕੇਂਦਰ:ਸੂਬਾ) ਕਰ ਦਿੱਤਾ ਗਿਆ ਹੈ, ਪਹਿਲਾਂ ਇਸ ਵਿੱਚ ਕੇਂਦਰ ਦਾ 100 ਫ਼ੀਸਦੀ ਹਿੱਸਾ ਹੁੰਦਾ ਸੀ।
ਇਹ ਵੀ ਪੜ੍ਹੋ: ਕਿਸਾਨਾਂ ਨੂੰ ਉਸਾਰੂ ਅਤੇ ਸੁਚਾਰੂ ਸਾਹਿਤ ਪਹੁੰਚਾਉਣਾ ਪੀ.ਏ.ਯੂ. ਦਾ ਉਦੇਸ਼: Dr. T.S. Riar
ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੇ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਸੀ.ਆਰ.ਐਮ. ਸਕੀਮ ਵਿੱਚ ਕੇਂਦਰ ਦੇ 100 ਫ਼ੀਸਦੀ ਹਿੱਸੇ ਨੂੰ ਬਹਾਲ ਕਰਨ।
Summary in English: Punjab Agriculture Minister meets Shivraj Singh Chouhan, demands speed up research and approval for BG-3 cotton seeds