ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਬਿੱਲਾਂ ਦੇ ਵਿਰੋਧ ‘ਚ ਕੀਤੇ ਜਾ ਰਹੇ ਰੋਸ-ਪ੍ਰਦਰਸ਼ਨਾਂ ‘ਚ ਟ੍ਰੈਫਿਕ ਜਾਮ ਨਾ ਕੀਤਾ ਜਾਵੇ ਅਤੇ ਨਾ ਹੀ ਧਾਰਾ-144 ਦੀ ਉਲੰਘਣਾ ਕੀਤੀ ਜਾਵੇ।ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਇਹ ਸਪੱਸ਼ਟ ਕੀਤਾ ਕਿ ਧਾਰਾ-144 ਦੀ ਉਲੰਘਣਾ ਦੇ ਮਾਮਲੇ ‘ਚ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ ਕਿਉਂਕਿ ਉਹ ਆਪਣੀ ਜ਼ਿੰਦਗੀ ਅਤੇ ਰੋਜ਼ੀ-ਰੋਟੀ ਲਈ ਸੰਘਰਸ਼ ਕਰ ਰਹੇ ਹਨ।
ਪੰਜਾਬ ਕਾਂਗਰਸ ਵੱਲੋਂ ਖੇਤੀਬਾੜੀ ਵਿਰੋਧੀ ਬਿੱਲਾਂ ਖਿਲਾਫ਼ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰਾਜ ਭਵਨ ਦੇ ਬਾਹਰਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ਼ ਧਾਰਾ-144 ਦੀ ਉਲੰਘਣਾ ਦੇ ਪਹਿਲਾ ਹੀ ਕੇਸ ਦਰਜ ਹੋ ਚੁੱਕੇ ਹਨ, ਉਹ ਵਾਪਸ ਲਏ ਜਾਣਗੇ।
ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਕਿਸਾਨ ਇਸ ਲਈ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਕਿਉਂਕਿ ਇਹ ਆਰਡੀਨੈਂਸ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ।ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਸੂਬਾ ਕਾਂਗਰਸ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਹੈ।ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਨੂੰਨ ਪੰਜਾਬ ਅਤੇ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ, ਜੋ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।
ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਘੱਟੋ-ਘੱਟ ਸਮੱਰਥਨ ਮੁੱਲ ਦੇ ਖਾਤਮੇ ਦਾ ਰਾਹ ਪੱਧਰਾ ਕਰਨਗੇ,ਜੋ ਪੰਜਾਬ ਅਤੇ ਸਮੁੱਚੇ ਦੇਸ਼ ਲਈ ਬਹੁਤ ਘਾਤਕ ਸਿੱਧ ਹੋਣਗੇ।ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਸ ਪ੍ਰਦਰਸ਼ਨਾਂ ਨੂੰ ਦਿੱਲੀ ਕੇਂਦਰ ਸਰਕਾਰ ਦੀਆਂ ਬਰੂਹਾਂ ‘ਤੇ ਲੈ ਕੇ ਜਾਣ ਅਤੇਕਾਂਗਰਸ ਪਾਰਟੀ ਉਨ੍ਹਾਂ ਨੂੰ ਭਰੋਸਾ ਦਿਵਾਉਂਦੀ ਹੈ ਕਿ ਇਸ ਸੰਘਰਸ਼ ‘ਚ ਉਹ ਉਨ੍ਹਾਂ ਦੇ ਨਾਲ ਹੈ।
Summary in English: Punjab govt made a big announcement for agitated farmers.