ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਵੱਲੋਂ ਸੂਬੇ ਭਰ ਦੇ ਕਿਸਾਨਾਂ ਤੋਂ ਮਾਰਚ 2024 ਵਿੱਚ ਦਿੱਤੇ ਜਾਣ ਵਾਲੇ ਐਵਾਰਡਾਂ ਲਈ ਬਿਨੈ-ਪੱਤਰਾਂ ਦੀ ਮੰਗ ਕੀਤੀ ਹੈ। ਇਹ ਐਵਾਰਡ ਮਾਰਚ 2024 ਦੇ ਪੀ.ਏ.ਯੂ. ਕਿਸਾਨ ਮੇਲੇ ਦੌਰਾਨ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਦਿੱਤੇ ਜਾਣਗੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਪੀ ਐੱਸ ਸੋਢੀ ਨੇ ਦੱਸਿਆ ਕਿ ਪਹਿਲਾ ਮੁੱਖ ਮੰਤਰੀ ਖੇਤੀ ਐਵਾਰਡ ਹੈ। ਇਸ ਐਵਾਰਡ ਵਿੱਚ 25,000 ਰੁਪਏ ਅਤੇ ਪ੍ਰਸ਼ੰਸਾ ਪੱਤਰ ਪੰਜਾਬ ਦੇ ਉਸ ਕਿਸਾਨ ਨੂੰ ਦਿੱਤਾ ਜਾਵੇਗਾ ਜੋ ਮੁੱਖ ਫ਼ਸਲਾਂ ਦੀ ਖੇਤੀ ਕਰਨ ਵਿੱਚ ਮੋਹਰੀ ਹੈ। ਦੂਜਾ, ਮੁੱਖ ਮੰਤਰੀ ਬਾਗਬਾਨੀ ਐਵਾਰਡ, ਬਾਗਬਾਨੀ ਦੇ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਉੱਦਮੀ ਕਿਸਾਨ ਨੂੰ ਦਿੱਤਾ ਜਾਵੇਗਾ। ਇਸ ਵਿੱਚ ਵੀ 25000 ਰੁਪਏ ਦੀ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ ਸ਼ਾਮਲ ਹੈ।
ਸੀ ਆਰ ਆਈ ਪੰਪਸ ਵੱਲੋਂ ਤਿੰਨ ਹੋਰ ਇਨਾਮ ਦਿੱਤੇ ਜਾਣਗੇ ਜਿਨ੍ਹਾਂ ਵਿੱਚੋਂ ਇੱਕ ਇਨਾਮ ਵਿਕਸਿਤ ਪਾਣੀ ਪ੍ਰਬੰਧ ਤਕਨੀਕ ਅਪਨਾਉਣ ਵਾਲੇ ਕਿਸਾਨ ਲਈ ਹੈ। ਇਸ ਵਿੱਚ 10,000 ਰੁਪਏ ਦੀ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ ਸ਼ਾਮਲ ਹੋਵੇਗਾ। ਇਸੇ ਕੜੀ ਵਿੱਚ ਅਗਲਾ ਇਨਾਮ ਵਿਕਸਿਤ ਖੇਤ ਮਸ਼ੀਨਰੀ ਅਪਨਾਉਣ ਵਾਲੇ ਕਿਸਾਨ ਲਈ ਅਤੇ ਜੈਵਿਕ ਖੇਤੀ ਨਾਲ ਜੁੜੇ ਕਿਸਾਨ ਲਈ ਹੈ। ਇਨ੍ਹਾਂ ਇਨਾਮਾਂ ਵਿੱਚ ਵੀ ਪ੍ਰਸ਼ੰਸ਼ਾ ਪੱਤਰ ਤੋਂ ਬਿਨਾਂ 10-10 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।
ਇਸ ਵਿੱਚ ਛੇਵਾਂ ਸਰਦਾਰਨੀ ਪ੍ਰਕਾਸ਼ ਕੌਰ ਸਰਾ ਯਾਦਗਾਰੀ ਐਵਾਰਡ ਖੇਤੀ, ਬਾਗਬਾਨੀ, ਫੁੱਲਾਂ ਦੀ ਖੇਤੀ ਅਤੇ ਸਹਾਇਕ ਧੰਦਿਆਂ ਵਿੱਚ ਮੋਹਰੀ ਉੱਦਮੀ ਕਿਸਾਨ/ਕਿਸਾਨ ਬੀਬੀ ਨੂੰ ਦਿੱਤਾ ਜਾਵੇਗਾ ਇਸ ਵਿੱਚ ਪ੍ਰਸ਼ੰਸ਼ਾ ਪੱਤਰ ਦੇ ਨਾਲ 5000 ਰੁਪਏ ਦਾ ਨਕਦ ਇਨਾਮ ਸ਼ਾਮਲ ਹੋਵੇਗਾ।
ਇਹ ਵੀ ਪੜ੍ਹੋ: Good News: ਪੰਜਾਬ ਦਾ ਪਹਿਲਾ ਡੇਅਰੀ ਪ੍ਰਫੁੱਲਤਾ ਕੇਂਦਰ ਡੇਅਰੀ ਉਦਯੋਗਿਕ ਤਕਨਾਲੋਜੀ ਕ੍ਰਾਂਤੀ ਦਾ ਬਣੇਗਾ ਧੁਰਾ
ਮਾਰਚ 2024 ਵਿੱਚ ਦਿੱਤੇ ਜਾਣ ਵਾਲੇ ਇਹਨਾਂ ਇਨਾਮਾਂ ਲਈ ਜਿਹੜੇ ਕਿਸਾਨ ਫਾਰਮ ਭਰਨਾ ਚਾਹੁੰਦੇ ਹਨ ਉਹ ਪੀ.ਏ.ਯੂ. ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਡਿਪਟੀ ਡਾਇਰੈਕਟਰ, ਖੇਤਰੀ ਖੋਜ ਸਟੇਸ਼ਨ ਦੇ ਨਿਰਦੇਸ਼ਕ, ਜ਼ਿਲ੍ਹਾ ਪਸਾਰ ਮਾਹਿਰ, ਮੁੱਖ ਖੇਤੀਬਾੜੀ ਅਫ਼ਸਰ, ਬਾਗਬਾਨੀ ਦੇ ਡਿਪਟੀ ਡਾਇਰੈਕਟਰ ਅਤੇ ਪੀ.ਏ.ਯੂ. ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਤੋਂ ਇਹ ਫਾਰਮ ਹਾਸਲ ਕਰ ਸਕਦੇ ਹਨ। ਇਹਨਾਂ ਫਾਰਮਾਂ ਨੂੰ ਨਿਰਦੇਸ਼ਕ ਪਸਾਰ ਸਿੱਖਿਆ ਪੀਏਯੂ ਦੇ ਦਫ਼ਤਰ ਪਹੁੰਚਾਉਣ ਦੀ ਆਖਰੀ ਮਿਤੀ 29 ਦਸੰਬਰ 2023 ਹੈ, ਜੇ ਕੋਈ ਕਿਸਾਨ ਇੱਕ ਤੋਂ ਵੱਧ ਐਵਾਰਡ ਲਈ ਅਰਜ਼ੀ ਦੇਣਾ ਚਾਹੁੰਦਾ ਹੈ ਤਾਂ ਉਸ ਲਈ ਵੱਖਰਾ ਫਾਰਮ ਭਰਨਾ ਜ਼ਰੂਰੀ ਹੈ।
ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)
Summary in English: Request for applications from enterprising farmers and women farmer of Punjab, last date 29th December