Weather Forecast: ਦੇਸ਼ ਭਰ 'ਚ ਜ਼ਿਆਦਾਤਰ ਥਾਵਾਂ 'ਤੇ ਪਾਰਾ ਲਗਾਤਾਰ ਵਧ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਕੁਝ ਵੱਡੇ ਸ਼ਹਿਰਾਂ 'ਚ ਹੀਟਵੇਵ ਦੀ ਸਥਿਤੀ ਦੇਖਣ ਨੂੰ ਮਿਲ ਰਹੀ ਹੈ। ਅਜਿਹੇ 'ਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੇਸ਼ ਵਾਸੀਆਂ ਨੂੰ ਜਲਦ ਹੀ ਇਸ ਭਿਆਨਕ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਕਿਉਂਕਿ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਮੈਦਾਨੀ ਇਲਾਕਿਆਂ 'ਚ ਜਲਦ ਹੀ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦਿੱਲੀ ਦਾ ਮੌਸਮ
ਅੱਜ ਸਵੇਰ ਤੋਂ ਹੀ ਦਿੱਲੀ ਵਿੱਚ ਤੇਜ਼ ਧੁੱਪ ਲੋਕਾਂ ਦਾ ਪਸੀਨਾ ਵਹਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਦਿੱਲੀ 'ਚ ਪਾਰਾ ਤੇਜ਼ੀ ਨਾਲ ਵੱਧ ਰਿਹਾ ਹੈ। ਅਜਿਹੇ 'ਚ ਲੋਕਾਂ ਦਾ ਮੰਨਣਾ ਹੈ ਕਿ ਦਿੱਲੀ 'ਚ ਗਰਮੀ ਹੋਰ ਵੀ ਵਧਣ ਵਾਲੀ ਹੈ। ਪਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਸ਼ਾਮ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਇਹ ਵੀ ਭਵਿੱਖਬਾਣੀ ਕੀਤੀ ਗਈ ਹੈ ਕਿ ਦਿੱਲੀ ਵਿੱਚ ਅੱਜ ਅਤੇ ਭਲਕੇ ਮੀਂਹ ਜਾਰੀ ਰਹਿ ਸਕਦਾ ਹੈ। ਦੂਜੇ ਪਾਸੇ ਅੱਜ ਦਿੱਲੀ ਦਾ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ : Heat Wave ਦੀ ਲਪੇਟ 'ਚ ਸਮੁੱਚਾ ਉੱਤਰ ਭਾਰਤ, ਤਾਪਮਾਨ 43 Degree ਤੋਂ ਪਾਰ
ਪੰਜਾਬ ਦਾ ਮੌਸਮ
ਪੰਜਾਬ ਵਿੱਚ ਪਿਛਲੇ ਇਕ ਹਫ਼ਤੇ ਤੋਂ ਅੱਤ ਦੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰਨ ਦਾ ਕੰਮ ਕਰ ਰਹੀ ਹੈ। ਸੂਬੇ 'ਚ ਤਾਪਮਾਨ ਲਗਾਤਾਰ ਵਧ ਰਿਹਾ ਹੈ, ਨਤੀਜਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਮੁੜ ਤੋਂ ਮੌਸਮ 'ਚ ਤਬਦੀਲੀ ਆਉਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਮੁਤਾਬਕ 18 ਤੋਂ 21 ਅਪ੍ਰੈਲ ਤੱਕ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ ਕਈ ਥਾਵਾਂ 'ਤੇ ਗੜੇ ਵੀ ਪੈ ਸਕਦੇ ਹਨ।
ਫਿਲਹਾਲ, ਮੌਸਮ ਵਿਭਾਗ ਨੇ ਪੰਜਾਬ 'ਚ 18 ਤੇ 19 ਅਪ੍ਰੈਲ ਨੂੰ ਔਰੇਂਜ ਅਲਰਟ ਅਤੇ 20 ਤੇ 21 ਅਪ੍ਰੈਲ ਨੂੰ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿੱਚ ਤਬਦੀਲੀ ਆਉਣ ਦੇ ਨਾਲ ਹੀ ਸੂਬੇ ਦੇ ਤਾਪਮਾਨ ਵਿੱਚ ਵੀ 5 ਤੋਂ 6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ, ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ : Weather Today: ਪੰਜਾਬ 'ਚ ਪਾਰਾ 40 ਡਿਗਰੀ ਤੋਂ ਪਾਰ, ਇਸ ਦਿਨ ਤੋਂ ਮਿਲੇਗਾ ਗਰਮੀ ਤੋਂ ਰਾਹਤ
ਪੰਜਾਬ 'ਚ ਤਾਪਮਾਨ ਦੀ ਸਥਿਤੀ
● ਫਰੀਦਕੋਟ 'ਚ ਤਾਪਮਾਨ 42.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਚੰਡੀਗੜ੍ਹ 'ਚ 40.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
● ਲੁਧਿਆਣਾ 'ਚ 40.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
● ਪਟਿਆਲਾ 'ਚ 40.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
● ਪਠਾਨਕੋਟ 'ਚ 40.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
● ਬਠਿੰਡਾ 'ਚ 41.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
● ਬਰਨਾਲਾ 'ਚ 40.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
● ਫਤਿਹਗੜ੍ਹ ਸਾਹਿਬ 'ਚ 40.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
● ਹੁਸ਼ਿਆਰਪੁਰ 'ਚ 41.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
● ਮੁਹਾਲੀ 'ਚ 40.5ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
ਅਧਿਕਤਮ ਤਾਪਮਾਨ
ਮੌਸਮ ਵਿਭਾਗ ਅਨੁਸਾਰ ਕੱਲ੍ਹ ਮੈਦਾਨੀ ਇਲਾਕਿਆਂ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40-43 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਅੱਜ, ਉੱਤਰ ਪੱਛਮੀ ਭਾਰਤ, ਮੱਧ ਅਤੇ ਪੂਰਬੀ ਭਾਰਤ, ਗੁਜਰਾਤ ਅਤੇ ਮਹਾਰਾਸ਼ਟਰ, ਤੇਲੰਗਾਨਾ ਅਤੇ ਆਂਧਰਾ ਦੇ ਅੰਦਰੂਨੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਰਿਕਾਰਡ ਕੀਤਾ ਜਾ ਸਕਦਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਰਾਜ ਅਤੇ ਪੱਛਮੀ ਹਿਮਾਲੀਅਨ ਖੇਤਰ ਨੂੰ ਛੱਡ ਕੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਤਾਪਮਾਨ 35-40 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
ਹੀਟ ਵੇਵ ਚੇਤਾਵਨੀ
ਉੱਤਰ-ਪੱਛਮੀ ਭਾਰਤ ਅਤੇ ਪੂਰਬੀ-ਉੱਤਰ ਦੇ ਵੱਖ-ਵੱਖ ਖੇਤਰਾਂ ਵਿੱਚ ਅੱਜ "ਲੂ" ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਪੂਰਬੀ ਭਾਰਤ ਗੰਗਾ ਪੱਛਮੀ ਬੰਗਾਲ ਅਤੇ ਬਿਹਾਰ ਦੇ ਅਲੱਗ-ਥਲੱਗ / ਕੁਝ ਖੇਤਰਾਂ ਵਿੱਚ "ਲੂ" ਦੀ ਸੰਭਾਵਨਾ ਹੈ। ਝਾਰਖੰਡ, ਸਿੱਕਮ ਅਤੇ ਉੜੀਸਾ 'ਚ ਅੱਜ ਅਗਲੇ 24 ਘੰਟਿਆਂ ਦੌਰਾਨ ਗਰਮ ਹਵਾਵਾਂ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਸਕਦੀਆਂ ਹਨ। ਇਸ ਦੇ ਨਾਲ ਹੀ ਅਗਲੇ 2 ਦਿਨਾਂ ਦੌਰਾਨ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ 'ਚ ਗਰਮੀ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ। ਜੇਕਰ ਦੇਖਿਆ ਜਾਵੇ ਤਾਂ ਗੰਗਾ ਪੱਛਮੀ ਬੰਗਾਲ ਦੇ ਵੱਖ-ਵੱਖ ਖੇਤਰਾਂ 'ਚ ਪਿਛਲੇ 6 ਦਿਨਾਂ ਤੋਂ ਤੇਜ਼ ਗਰਮ ਹਵਾਵਾਂ ਚੱਲ ਰਹੀਆਂ ਹਨ।
ਮੀਂਹ ਦੀ ਭਵਿੱਖਬਾਣੀ ਅਤੇ ਚੇਤਾਵਨੀਆਂ
ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿੱਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਦੌਰਾਨ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਦੇ ਪੱਛਮੀ ਹਿਮਾਲੀਅਨ ਖੇਤਰ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਤੋਂ 20 ਤਰੀਕ ਦੇ ਦੌਰਾਨ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ 'ਚ ਗੜ੍ਹੇਮਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
Summary in English: Rain and strong winds in PUNJAB from April 18 to 21, ALERT by IMD